ਕਬੱਡੀ ਖਿਡਾਰੀਆਂ ਖ਼ਿਲਾਫ਼ ਕੇਸ ਦਰਜ ਕਰਨ ਦਾ ਮਾਮਲਾ ਭਖਿਆ
ਪੱਤਰ ਪ੍ਰੇਰਕ
ਮਹਿਲ ਕਲਾਂ, 8 ਫਰਵਰੀ
ਚਾਰ ਕੌਮਾਂਤਰੀ ਕਬੱਡੀ ਖਿਡਾਰੀਆਂ ਖਿਲਾਫ ਦਰਜ ਕਤਲ ਕੇਸ ਰੱਦ ਕਰਵਾਉਣ ਦੀ ਮੰਗ ਲਈ ਸੰਘਰਸ਼ ਕਰ ਰਹੀ ਐਕਸ਼ਨ ਕਮੇਟੀ ਵੱਲੋਂ ਕੈਬਨਿਟ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਦੀ ਬਰਨਾਲਾ ਰਿਹਾਇਸ਼ ਅੱਗੇ 10 ਫਰਵਰੀ ਨੂੰ ਦਿੱਤੇ ਜਾ ਰਹੇ ਧਰਨੇ ਦੀ ਤਿਆਰੀ ਲਈ ਪਿੰਡਾਂ ’ਚ ਲਾਮਬੰਦੀ ਕੀਤੀ ਜਾ ਰਹੀ ਹੈ। ਐਕਸ਼ਨ ਕਮੇਟੀ ਇਹ ਵੀ ਮੰਗ ਕਰ ਰਹੀ ਹੈ ਕਿ ਕੌਮਾਂਤਰੀ ਕਬੱਡੀ ਖਿਡਾਰੀ ਅਤੇ ਸਿਹਤ ਵਿਭਾਗ ਪੰਜਾਬ ਦੇ ਮੁਲਾਜ਼ਮ ਪਰਮਜੀਤ ਸਿੰਘ ਪੰਮਾ ਦੀ ਲੱਤ ਵਿੱਚ ਗੋਲੀ ਮਾਰਨ ਦੇ ਮਾਮਲੇ ਦੀ ਜਾਂਚ ਕਰਕੇ ਕਸੂਰਵਾਰ ਪੁਲੀਸ ਮੁਲਾਜ਼ਮਾਂ ਖਿਲਾਫ ਕਾਰਵਾਈ ਕੀਤੀ ਜਾਵੇ। ਅੱਜ ਨੇੜਲੇ ਪਿੰਡਾਂ ਵਜ਼ੀਦਕੇ ਕਲਾਂ, ਹਮੀਦੀ, ਸਹਿਜੜ੍ਹਾ, ਵਜ਼ੀਦਕੇ ਖੁਰਦ ਆਦਿ ਵਿੱਚ ਕੀਤੀਆਂ ਰੈਲੀਆਂ ਨੂੰ ਸੰਬੋਧਨ ਕਰਦਿਆਂ ਸਾਬਕਾ ਡੀਐਸਪੀ ਬਲਵਿੰਦਰ ਸਿੰਘ ਸੇਖੋਂ, ਸਾਬਕਾ ਵਿਧਾਇਕ ਤਰਸੇਮ ਯੋਧਾਂ, ਕ੍ਰਾਂਤੀਕਾਰੀ ਕਿਸਾਨ ਯੂਨੀਅਨ ਦੇ ਜ਼ਿਲ੍ਹਾ ਪ੍ਰੈੱਸ ਸਕੱਤਰ ਗੁਰਪ੍ਰੀਤ ਸਿੰਘ ਰਾਏਸਰ,ਬੀਕੇਯੂ (ਡਕੌਂਦਾ) ਦੇ ਆਗੂ ਨਾਨਕ ਸਿੰਘ ਅਮਲਾ ਸਿੰਘ ਵਾਲਾ, ਬੀਕੇਯੂ (ਰਾਜੇਵਾਲ) ਦੇ ਜ਼ਿਲ੍ਹਾ ਪ੍ਰਧਾਨ ਨਿਰਭੈ ਸਿੰਘ ਛੀਨੀਵਾਲ ਨੇ ਕਿਹਾ ਕਿ ਚਾਰੇ ਕਬੱਡੀ ਖਿਡਾਰੀਆਂ ਨਾਲ ਪੁਲੀਸ ਵੱਲੋਂ ਕੀਤੀ ਗਈ ਵਧੀਕੀ ਖਿਲਾਫ 10 ਫਰਵਰੀ ਨੂੰ ਬਰਨਾਲਾ ਵਿੱਚ ਇਕੱਤਰਤਾ ਕਰਕੇ ਸ਼ਹਿਰ ਵਿੱਚ ਮਾਰਚ ਕੀਤਾ ਜਾਵੇਗਾ ਤੇ ਕੈਬਨਿਟ ਮੰਤਰੀ ਮੀਤ ਹੇਅਰ ਦੀ ਕੋਠੀ ਅੱਗੇ ਧਰਨਾ ਦਿੱਤਾ ਜਾਵੇਗਾ। ਜ਼ਿਕਰਯੋਗ ਹੈ ਕਿ ਤਿੰਨ ਮਹੀਨੇ ਪਹਿਲਾਂ ਬਰਨਾਲਾ ਵਿੱਚ ਇੱਕ ਹੋਟਲ ਮਾਲਕ ਦੇ ਕਬੱਡੀ ਖਿਡਾਰੀਆਂ ਨਾਲ ਹੋਏ ਝਗੜੇ ਕਾਰਨ ਮੌਕੇ ’ਤੇ ਪੁਲੀਸ ਟੀਮ ਪਹੁੰਚੀ ਸੀ ਅਤੇ ਇਸ ਦੌਰਾਨ ਹੋਏ ਝਗੜੇ ਵਿੱਚ ਇੱਕ ਮੁਲਾਜ਼ਮ ਦੀ ਮੌਤ ਹੋ ਗਈ ਸੀ, ਜਿਸ ਤੋਂ ਬਾਅਦ ਪੁਲੀਸ ਵੱਲੋਂ ਕਬੱਡੀ ਖਿਡਾਰੀਆਂ ਖਿਲਾਫ ਕਤਲ ਦਾ ਮਾਮਲਾ ਦਰਜ ਕੀਤਾ ਗਿਆ ਸੀ। ਕਬੱਡੀ ਖਿਡਾਰੀ ਪਰਮਜੀਤ ਸਿੰਘ ਪੰਮਾ ਵੱਲੋਂ ਮਾਮਲੇ ਦੀ ਸੀਬੀਆਈ ਜਾਂਚ ਦੀ ਮੰਗ ਲਈ ਪੰਜਾਬ ਤੇ ਹਰਿਆਣਾ ਹਾਈ ਕੋਰਟ ਦਾ ਰੁਖ ਵੀ ਕੀਤਾ ਹੋਇਆ ਹੈ।