ਕੋਟਫੱਤਾ ਦੇ ਸੀਵਰੇਜ ਦਾ ਮਾਮਲਾ ਪੰਜਾਬ ਸਰਕਾਰ ਦੇ ਦਰਬਾਰ ਪੁੱਜਾ
ਪੱਤਰ ਪ੍ਰੇਰਕ
ਬਠਿੰਡਾ, 20 ਅਗਸਤ
ਬਠਿੰਡਾ ਜ਼ਿਲ੍ਹੇ ਦੇ ਕਸਬੇ ਕੋਟਫੱਤਾ ਵਿਚਲੇ ਸੀਵਰੇਜ ਦੀ ਸਮੱਸਿਆ ਸ਼ਹਿਰ ਵਾਸੀਆਂ ਲਈ ਮੁਸੀਬਤ ਬਣ ਗਈ ਹੈ। ਮੀਂਹ ਦਾ ਮੌਸਮ ਹੋਣ ਕਾਰਨ ਪਹਿਲਾਂ ਤੋਂ ਸੀਵਰੇਜ ਦੀ ਸਮੱਸਿਆ ਨਾਲ ਜੂਝ ਰਹੇ ਇਸ ਕਸਬੇ ਦੀ ਹਾਲਤ ਹੋਰ ਵੀ ਮਾੜੀ ਹੋ ਜਾਂਦੀ ਹੈ। ਦੱਸਣਯੋਗ ਹੈ ਨਗਰ ਕੌਂਸਲ ਕੋਲ ਕੋਈ ਹੋਰ ਕਮਾਈ ਦੇ ਸਾਧਨ ਨਾ ਹੋਣ ਕਾਰਨ ਮੁਲਾਜ਼ਮਾਂ ਦੀਆਂ ਤਨਖ਼ਾਹਾਂ ਦੇਣ ਦੇ ਹੀ ਲਾਲੇ ਪਏ ਹੋਏ ਹਨ। ਉੱਤੋਂ ਸੀਵਰੇਜ ਵਿਭਾਗ ਵੱਲੋਂ ਸ਼ਹਿਰ ਦੀ ਇਸ ਸਮੱਸਿਆ ਨੂੰ ਹੱਲ ਕਰਨ ਲਈ 32.62 ਲੱਖ ਦੀ ਰਕਮ ਦਾ ਬਜਟ ਤਿਆਰ ਕਰ ਦਿੱਤਾ ਗਿਆ ਹੈ। ਅਜਿਹੀ ਸੂਰਤ ਵਿੱਚ ਨਗਰ ਕੌਂਸਲ ਦੀ 15ਵੇਂ ਵਿੱਤ ਕਮਿਸ਼ਨ ਵੱਲੋਂ ਭੇਜੀ ਗਈ 50 ਲੱਖ ਰੁਪਏ ਦੀ ਰਕਮ ’ਤੇ ਟੇਕ ਹੈ। ਪਰ ਵਿਭਾਗੀ ਪ੍ਰਵਾਨਗੀ ਨਾ ਮਿਲਣ ਕਾਰਨ ਨਗਰ ਕੌਂਸਲ ਦੀ ਹਾਲਤ ਸੱਪ ਦੇ ਮੂੰਹ ਵਿੱਚ ਕੋਹੜ ਕਿਰਲੀ ਵਰਗੀ ਹੋ ਗਈ।
ਨਗਰ ਕੌਂਸਲ ਦੀ ਮਾੜੀ ਮਾਲੀ ਹਾਲਤ ਨੂੰ ਦੇਖਦਿਆਂ ਆਮ ਆਦਮੀ ਦੇ ਕਿਸਾਨ ਵਿੰਗ ਦੇ ਜ਼ਿਲ੍ਹਾ ਪ੍ਰਧਾਨ ਪਰਮਜੀਤ ਸਿੰਘ ਕੋਟਫੱਤਾ ਨੇ ਐਡੀਸ਼ਨਲ ਚੀਫ ਸੈਕਟਰੀ ਸਥਾਨਕ ਸਰਕਾਰਾਂ ਵਿਭਾਗ ਚੰਡੀਗੜ੍ਹ ਨੂੰ ਮੰਗ ਪੱਤਰ ਦਿੱਤਾ ਹੈ। ਜ਼ਿਲ੍ਹੇ ਦੀ ਇਸ ਮੰਡੀ ਵਿੱਚ ਵਿਗੜੇ ਸੀਵਰੇਜ ਪ੍ਰਬੰਧਾਂ ਦੀ ਸਮੱਸਿਆ ਦੇ ਹੱਲ ਲਈ ਐਡੀਸ਼ਨਲ ਚੀਫ ਸੈਕਟਰੀ ਵੱਲੋਂ ਮਿਲਣ ਆਏ ਵਫ਼ਦ ਨੂੰ ਵਿਸ਼ਵਾਸ ਦਿਵਾਇਆ ਗਿਆ ਕਿ ਉਹ ਨਗਰ ਕੌਂਸਲ ਅਧੀਨ ਸੀਵਰੇਜ ਵਿਭਾਗ ਸਮੱਸਿਆਵਾਂ ਨੂੰ ਪਹਿਲ ਦੇ ਆਧਾਰ ’ਤੇ ਹੱਲ ਕਰਵਾਉਣ ਦੇ ਆਦੇਸ਼ ਜਾਰੀ ਕਰਨਗੇ।
ਇਸ ਮੌਕੇ ਪਰਮਜੀਤ ਸਿੰਘ ਕੋਟਫੱਤਾ ਨੇ ਨਗਰ ਕੌਂਸਲ ਦੇ ਅਧਿਕਾਰੀਆਂ ’ਤੇ ਗੁੱਸਾ ਜ਼ਾਹਿਰ ਕਰਦੇ ਹੋਏ ਉਨ੍ਹਾਂ ਵੱਲੋਂ ਬਣਦੀ ਜ਼ਿੰਮੇਵਾਰੀ ਨਾ ਨਿਭਾਉਣ ਕਰ ਕੇ ਨਗਰ ਵਾਸੀਆਂ ਨੂੰ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈਂਦਾ ਹੈ। ਇਸ ਮੌਕੇ ਕੌਂਸਲਰ ਅਤੇ ਹੋਰ ਮੈਂਬਰ ਵੀ ਹਾਜ਼ਰ ਸਨ