ਮੇਅਰ ਨੇ ਨਿਗਮ ਦੀ ਆਮਦਨ ਦੇ ਸਰੋਤ ਵਧਾਉਣ ’ਤੇ ਦਿੱਤਾ ਜ਼ੋਰ
ਮੁਕੇਸ਼ ਕੁਮਾਰ
ਚੰਡੀਗੜ੍ਹ, 4 ਨਵੰਬਰ
ਹੁਣ ਤੱਕ ਦੇ ਇਤਿਹਾਸ ਵਿੱਚ ਸਭ ਤੋਂ ਗੰਭੀਰ ਆਰਥਿਕ ਸੰਕਟ ’ਚੋਂ ਲੰਘ ਰਹੀ ਚੰਡੀਗੜ੍ਹ ਨਗਰ ਨਿਗਮ ਦੀ ਮਾਲੀ ਹਾਲਤ ਸੁਧਾਰਨ ਲਈ ਪ੍ਰਸ਼ਾਸਨ ਵੱਲੋਂ ਹੱਥ ਖੜ੍ਹੇ ਕੀਤੇ ਜਾਣ ਤੋਂ ਬਾਅਦ ਮੇਅਰ ਕੁਲਦੀਪ ਕੁਮਾਰ ਢਲੋੜ ਨੇ ਨਿਗਮ ਦੀ ਆਮਦਨ ਵਧਾਉਣ ਲਈ ਆਪਣੇ ਪੱਧਰ ’ਤੇ ਚਾਰਾਜੋਈ ਸ਼ੁਰੂ ਕਰ ਦਿੱਤੀ ਹੈ। ਮੇਅਰ ਨੇ ਅੱਜ ਨਿਗਮ ਦੇ ਵੱਖ-ਵੱਖ ਵਿੰਗਾਂ ਦੇ ਸਮੂਹ ਵਿਭਾਗਾਂ ਦੇ ਮੁਖੀਆਂ ਦੀ ਮੀਟਿੰਗ ਸੱਦੀ, ਜਿਸ ਵਿੱਚ ਨਗਰ ਨਿਗਮ ਨੂੰ ਵਿੱਤੀ ਸੰਕਟ ਤੋਂ ਬਚਣ ਲਈ ਮਾਲੀਏ ਦੇ ਸਰੋਤ ਪੈਦਾ ਕਰਨ ਅਤੇ ਬਕਾਇਆ ਰਾਸ਼ੀ ਵਸੂਲਣ ਲਈ ਚਰਚਾ ਕੀਤੀ ਗਈ। ਮੀਟਿੰਗ ਦੌਰਾਨ ਮੇਅਰ ਕੁਲਦੀਪ ਕੁਮਾਰ ਨੇ ਸਾਰੇ ਵਿੰਗਾਂ ਦੇ ਮੁਖੀਆਂ ਨੂੰ ਹਦਾਇਤ ਕੀਤੀ ਕਿ ਉਹ ਆਪੋ-ਆਪਣੇ ਵਿਭਾਗ ਦੀ ਆਮਦਨ ਦੇ ਸਰੋਤਾਂ ਦਾ ਪਤਾ ਲਾਉਣ ਅਤੇ ਬਕਾਇਆ ਰਾਸ਼ੀ ਦੀ ਵਸੂਲੀ ਲਈ ਡਿਫਾਲਟਰਾਂ ਖ਼ਿਲਾਫ਼ ਜਲਦੀ ਤੋਂ ਜਲਦੀ ਕਾਰਵਾਈ ਸ਼ੁਰੂ ਕਰਨ। ਮੇਅਰ ਨੇ ਨਿਗਮ ਅਧਿਕਾਰੀਆਂ ਨੂੰ ਕਿਹਾ ਕਿ ਪਾਣੀ ਦੇ ਬਿੱਲਾਂ ਦੇ ਬਕਾਏ ਦੀ ਵਸੂਲੀ ਕੀਤੀ ਜਾਵੇ ਅਤੇ ਡਿਫਾਲਟਰਾਂ ਕੋਲੋਂ ਨਿਯਮਾਂ ਅਨੁਸਾਰ ਜੁਰਮਾਨਾ ਵਸੂਲਿਆ ਜਾਵੇ। ਉਨ੍ਹਾਂ ਨੁਕਸਦਾਰ ਮੀਟਰ ਹਟਾਉਣ ਅਤੇ ਪਾਣੀ ਦੀ ਲੀਕੇਜ ਤੁਰੰਤ ਠੀਕ ਕਰਨ ਦੀ ਹਦਾਇਤ ਵੀ ਕੀਤੀ।
ਪ੍ਰਾਪਰਟੀ ਟੈਕਸ ਦੇ ਮੁੱਦੇ ’ਤੇ ਮੇਅਰ ਨੇ ਸਬੰਧਤ ਅਧਿਕਾਰੀਆਂ ਨੂੰ ਪਾਣੀ ਅਤੇ ਬਿਜਲੀ ਦੇ ਕੁਨੈਕਸ਼ਨਾਂ ਮੁਕਾਬਲੇ ਪ੍ਰਾਪਰਟੀ ਟੈਕਸ ਅਦਾ ਕਰਨ ਵਾਲੇ ਲੋਕਾਂ ਦੀ ਗਿਣਤੀ ਚੈੱਕ ਕਰਨ ਲਈ ਕਿਹਾ। ਉਨ੍ਹਾਂ ਕਿਹਾ ਕਿ ਡਿਫਾਲਟਰਾਂ ਨੂੰ ਤੁਰੰਤ ਰਿਕਵਰੀ ਨੋਟਿਸ ਦਿੱਤੇ ਜਾਣ ਅਤੇ ਨਿਯਮਾਂ ਅਨੁਸਾਰ ਸਖ਼ਤ ਕਾਰਵਾਈ ਕੀਤੀ ਜਾਵੇ। ਮੇਅਰ ਨੇ ਕਿਹਾ ਕਿ ਸ਼ਹਿਰ ਵਿੱਚ ਠੋਸ ਰਹਿੰਦ-ਖੂੰਹਦ ਦੇ ਪ੍ਰਬੰਧਨ ਵਿੱਚ ਕਮੀ ਸਣੇ ਮਾਲੀਆ ਪੈਦਾਵਾਰ ਦਾ ਦਾਇਰਾ ਤੈਅ ਕੀਤਾ ਜਾਣਾ ਚਾਹੀਦਾ ਹੈ ਅਤੇ ਦੇਸ਼ ਭਰ ਦੀਆਂ ਵੱਖ-ਵੱਖ ਨਗਰ ਨਿਗਮਾਂ ਨਾਲ ਤਾਲਮੇਲ ਕਰ ਕੇ ਵਿਸਥਾਰ ’ਚ ਰਿਪੋਰਟ ਇਕੱਠੀ ਕੀਤੀ ਜਾਵੇ ਕਿ ਕਿਵੇਂ ਹੋਰ ਨਗਰ ਨਿਗਮਾਂ ਸਵੈ-ਨਿਰਭਰ ਹਨ। ਮੇਅਰ ਨੇ ਕਿਹਾ ਕਿ ਨਗਰ ਨਿਗਮ ਦੀਆਂ ਖਾਲੀ ਪਈਆਂ ਜਾਇਦਾਦਾਂ ਦੀ ਸੂਚੀ ਤਿਆਰ ਕੀਤੀ ਜਾਵੇ ਤਾਂ ਜੋ ਇਨ੍ਹਾਂ ਨੂੰ ਕਿਰਾਏ ’ਤੇ ਦਿੱਤਾ ਜਾ ਸਕੇ ਅਤੇ ਡਿਫਾਲਟਰਾਂ ਖ਼ਿਲਾਫ਼ ਰਿਕਵਰੀ ਦੀ ਕਾਰਵਾਈ ਸ਼ੁਰੂ ਕੀਤੀ ਜਾਵੇ। ਮੇਅਰ ਨੇ ਕਿਹਾ ਕਿ ਮੋਬਾਈਲ ਟਾਵਰ ਦੀ ਬਕਾਇਆ ਫੀਸ ਡਿਫਾਲਟਰਾਂ ਤੋਂ ਜਲਦੀ ਤੋਂ ਜਲਦੀ ਵਸੂਲੀ ਜਾਵੇ ਅਤੇ ਡਿਸਪਲੇਅ ਇਸ਼ਤਿਹਾਰਾਂ ਤੋਂ ਆਮਦਨੀ ਪੈਦਾ ਕਰਨ ਲਈ ਇੱਕ ਮਾਲ ਮਾਡਲ ਤਿਆਰ ਕੀਤਾ ਜਾਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਸ਼ਹਿਰ ਭਰ ਦੇ ਕਮਿਊਨਿਟੀ ਸੈਂਟਰਾਂ ਵਿੱਚ ਜਿੰਮ ਤੋਂ ਚੰਗਾ ਮਾਲੀਆ ਪ੍ਰਾਪਤ ਕੀਤਾ ਜਾ ਸਕਦਾ ਹੈ। ਮੀਟਿੰਗ ਦੌਰਾਨ ਮਾਲੀਆ ਵਧਾਉਣ ਲਈ ਵੱਖ-ਵੱਖ ਮੁੱਦਿਆਂ ਤੇ ਉਪਾਵਾਂ ਬਾਰੇ ਚਰਚਾ ਕੀਤੀ ਗਈ। ਮੇਅਰ ਦੀ ਪ੍ਰਧਾਨਗੀ ਹੇਠ ਹੋਈ ਮੀਟਿੰਗ ’ਚ ਨਿਗਮ ਦੇ ਕਮਿਸ਼ਨਰ ਅਮਿਤ ਕੁਮਾਰ ਤੇ ਹੋਰ ਅਧਿਕਾਰੀ ਵੀ ਹਾਜ਼ਰ ਸਨ।