ਮੇਅਰ ਨੇ ਕਜਹੇੜੀ ਵਿੱਚ ਲੋਕਾਂ ਦੀਆਂ ਸ਼ਿਕਾਇਤਾਂ ਸੁਣੀਆਂ
ਮੁਕੇਸ਼ ਕੁਮਾਰ
ਚੰਡੀਗੜ, 15 ਅਕਤੂਬਰ
ਚੰਡੀਗੜ੍ਹ ਦੇ ਮੇਅਰ ਕੁਲਦੀਪ ਕੁਮਾਰ ਨੇ ‘ਮੇਅਰ ਤੁਹਾਡੇ ਦੁਆਰ’ ਪ੍ਰੋਗਰਾਮ ਤਹਿਤ ਮੰਗਲਵਾਰ ਨੂੰ ਪਿੰਡ ਕਜਹੇੜੀ ਅਤੇ ਸੈਕਟਰ-52 ਦਾ ਦੌਰਾ ਕੀਤਾ ਅਤੇ ਨਗਰ ਨਿਗਮ ਨਾਲ ਸਬੰਧਤ ਸਥਾਨਕ ਵਾਸੀਆਂ ਦੀਆਂ ਸ਼ਿਕਾਇਤਾਂ ਸੁਣੀਆਂ। ਮੇਅਰ ਨੇ ਇਲਾਕਾ ਕੌਂਸਲਰ ਲਖਬੀਰ ਸਿੰਘ ਅਤੇ ਚੰਡੀਗੜ੍ਹ ਨਗਰ ਨਿਗਮ ਦੇ ਉੱਚ ਅਧਿਕਾਰੀਆਂ ਦੀ ਹਾਜ਼ਰੀ ਵਿੱਚ ਪਿੰਡ ਦਾ ਦੌਰਾ ਕੀਤਾ ਅਤੇ ਸਥਾਨਕ ਲੋਕਾਂ ਦੀਆਂ ਸਮੱਸਿਆਵਾਂ ਸੁਣੀਆਂ। ਇਸ ਦੌਰਾਨ ਵੱਖ-ਵੱਖ ਖੇਤਰੀ ਫੈਡਰੇਸ਼ਨਾਂ, ਰੈਜ਼ੀਡੈਂਟ ਵੈੱਲਫੇਅਰ ਐਸੋਸੀਏਸ਼ਨਾਂ ਦੇ ਨੁਮਾਇੰਦੇ ਅਤੇ ਇਲਾਕਾ ਵਾਸੀ ਹਾਜ਼ਰ ਸਨ। ਦੌਰੇ ਦੌਰਾਨ ਇਲਾਕਾ ਵਾਸੀਆਂ ਨੇ ਘਰ-ਘਰ ਜਾ ਕੇ ਕੂੜਾ ਇਕੱਠਾ ਕਰਨ, ਦਰੱਖਤਾਂ ਦੀ ਕਟਾਈ, ਪੇਵਰ ਬਲਾਕ ਲਗਾਉਣ, ਪਾਰਕਾਂ ਦੀ ਸਾਂਭ-ਸੰਭਾਲ, ਅੰਦਰੂਨੀ ਸੜਕਾਂ ਦੀ ਮੁਰੰਮਤ ਅਤੇ ਇਲਾਕੇ ਵਿੱਚ ਵਾਹਨਾਂ ਦੀ ਪਾਰਕਿੰਗ ਦੀ ਸਮੱਸਿਆ ਸਣੇ ਹੋਰ ਸ਼ਿਕਾਇਤਾਂ ਬਾਰੇ ਮੇਅਰ ਨੂੰ ਜਾਣੂ ਕਰਵਾਇਆ।
ਮੇਅਰ ਨੇ ਕਿਹਾ ਕਿ ਚੰਡੀਗੜ੍ਹ ਨਗਰ ਨਿਗਮ ਸਰਕਾਰ ਦੀਆਂ ਸਕੀਮਾਂ/ਪ੍ਰੋਗਰਾਮਾਂ ਦਾ ਲਾਭ ਸਹੀ ਲਾਭਪਾਤਰੀਆਂ ਤੱਕ ਪਹੁੰਚਣ ਨੂੰ ਯਕੀਨੀ ਬਣਾਉਣ ਲਈ ਢੁਕਵੇਂ ਪ੍ਰਬੰਧ ਕਰੇਗਾ। ਇਸ ਵਿੱਚ ਸ਼ਹਿਰ ਦੇ ਨਾਗਰਿਕਾਂ ਨੂੰ ਬੁਨਿਆਦੀ ਸਹੂਲਤਾਂ ਮੁਹੱਈਆ ਕਰਵਾਉਣਾ ਅਤੇ ਅਪਗ੍ਰੇਡ ਕਰਨਾ ਸ਼ਾਮਲ ਹੈ। ਇਸ ਦੌਰੇ ਦੌਰਾਨ ਮੇਅਰ ਨੇ ਪਬਲਿਕ ਹੈਲਥ ਵਿੰਗ ਦੇ ਸਬੰਧਤ ਇੰਜਨੀਅਰਾਂ ਨੂੰ ਪਿੰਡ ਕਜਹੇੜੀ ਵਿੱਚ ਸਟੋਰਮ ਵਾਟਰ ਡਰੇਨੇਜ ਸਿਸਟਮ ਨੂੰ ਮਜ਼ਬੂਤ ਕਰਨ ਅਤੇ ਸੀਵਰੇਜ ਸਿਸਟਮ ਦੇ ਓਵਰਫਲੋਅ ਨੂੰ ਹੱਲ ਕਰਨ ਲਈ ਐਸਟੀਮੇਟ ਤਿਆਰ ਕਰਨ ਲਈ ਕਿਹਾ। ਮੇਅਰ ਨੇ ਸਬੰਧਤ ਅਧਿਕਾਰੀਆਂ ਨੂੰ ਪਿੰਡ ਦੇ ਆਲੇ-ਦੁਆਲੇ ਸਾਫ਼-ਸਫ਼ਾਈ ਰੱਖਣ ਲਈ ਕਿਹਾ।