ਮੋਦੀ ਦੀ ਅਗਵਾਈ ’ਚ ਐੱਨਡੀਏ ਦੇ ਮੁੱਖ ਮੰਤਰੀਆਂ ਦੀ ਮੀਟਿੰਗ ਚੰਡੀਗੜ੍ਹ ਵਿੱਚ ਮੀਟਿੰਗ ਭਲਕੇ
ਹਰਿਆਣਾ ਦੇ ਮੁੱਖ ਮੰਤਰੀ ਦੇ ਹਲਫ਼ਦਾਰੀ ਸਮਾਗਮ ਤੋਂ ਤੁਰੰਤ ਬਾਅਦ ਚੰਡੀਗੜ੍ਹ ਵਿੱਚ 17 ਅਕਤੂਬਰ ਦਿਨ ਵੀਰਵਾਰ ਨੂੰ ਰਾਸ਼ਟਰੀ ਜਮਹੂਰੀ ਗੱਠਜੋੜ (ਐੱਨਡੀਏ) ਦੀ ਮੀਟਿੰਗ ਹੋਵੇਗੀ। ਇਹ ਮੀਟਿੰਗ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਹੇਠ ਹੋਵੇਗੀ, ਜਿਸ ਵਿੱਚ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ, ਭਾਜਪਾ ਪ੍ਰਧਾਨ ਜੇਪੀ ਨੱਢਾ ਸਣੇ ਦੇਸ਼ ਦੇ ਇਕ ਦਰਜਨ ਤੋਂ ਵੱਧ ਸੂਬਿਆਂ ਦੇ ਮੁੱਖ ਮੰਤਰੀ, ਉਪ ਮੁੱਖ ਮੰਤਰੀ ਤੇ ਹੋਰ ਆਗੂ ਸ਼ਾਮਲ ਹੋਣਗੇ। ਪ੍ਰਾਪਤ ਜਾਣਕਾਰੀ ਅਨੁਸਾਰ ਚੰਡੀਗੜ੍ਹ ਵਿੱਚ ਹੋਣ ਵਾਲੀ ਐੱਨਡੀਏ ਦੀ ਮੀਟਿੰਗ ਵਿੱਚ ਦੇਸ਼ ਦੇ ਵਿਕਾਸ ਸਬੰਧੀ ਵੱਖ-ਵੱਖ ਮੁੱਦਿਆਂ ਅਤੇ ਸਾਲ 1975 ਵਿੱਚ ਲੱਗੀ ਐਮਰਜੈਂਸੀ ਦੀ 50ਵੀਂ ਵਰ੍ਹੇਗੰਢ ਸਬੰਧੀ ਵਿਚਾਰ-ਚਰਚਾ ਕੀਤੀ ਜਾਵੇਗੀ।
ਜ਼ਿਕਰਯੋਗ ਹੈ ਕਿ 17 ਅਕਤੂਬਰ ਨੂੰ ਪੰਚਕੂਲਾ ਵਿੱਚ ਹਰਿਆਣਾ ਦੇ ਮੁੱਖ ਮੰਤਰੀ ਵਜੋਂ ਨਾਇਬ ਸਿੰਘ ਸੈਣੀ ਹਲਫ਼ ਲੈਣਗੇ। ਉਨ੍ਹਾਂ ਦੇ ਹਲਫ਼ਦਾਰੀ ਸਮਾਗਮ ਵਿੱਚ ਐੱਨਡੀਏ ਨਾਲ ਜੁੜੀਆਂ ਵੱਖ-ਵੱਖ ਸਿਆਸੀ ਪਾਰਟੀਆਂ ਦੇ 13 ਮੁੱਖ ਮੰਤਰੀ ਤੇ 16 ਉਪ ਮੁੱਖ ਮੰਤਰੀਆਂ ਸਣੇ ਦੇਸ਼ ਭਰ ਤੋਂ ਵੱਡੀ ਗਿਣਤੀ ਵਿੱਚ ਸਿਆਸੀ ਆਗੂ ਸ਼ਾਮਲ ਹੋ ਰਹੇ ਹਨ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਹਰਿਆਣਾ ਦੇ ਮੁੱਖ ਮੰਤਰੀ ਦੇ ਹਲਫ਼ਦਾਰੀ ਸਮਾਗਮ ਵਿੱਚ ਵੱਡੀ ਗਿਣਤੀ ਵਿੱਚ ਮੁੱਖ ਮੰਤਰੀਆਂ ਦੇ ਪਹੁੰਚਣ ’ਤੇ ਐੱਨਡੀਏ ਦੇ ਮੁੱਖ ਮੰਤਰੀਆਂ ਵੱਲੋਂ ਚੰਡੀਗੜ੍ਹ ਵਿੱਚ ਵਿਸ਼ੇਸ਼ ਮੀਟਿੰਗ ਸੱਦੀ ਗਈ ਹੈ।
ਮਹਾਰਾਸ਼ਟਰ ਤੇ ਝਾਰਖੰਡ ਦੀਆਂ ਚੋਣਾਂ ਬਾਰੇ ਵੀ ਹੋ ਸਕਦੀ ਹੈ ਚਰਚਾ
ਦੇਸ਼ ਵਿੱਚ ਮਹਾਰਾਸ਼ਟਰ ਤੇ ਝਾਰਖੰਡ ਦੀਆਂ ਚੋਣਾਂ ਦਾ ਐਲਾਨ ਹੋ ਚੁੱਕਾ ਹੈ। ਐੱਨਡੀਏ ਦੀ ਮੀਟਿੰਗ ਵਿੱਚ ਇਨ੍ਹਾਂ ਦੋਵਾਂ ਸੂਬਿਆਂ ਵਿੱਚ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਬਾਰੇ ਵੀ ਵਿਚਾਰ-ਚਰਚਾ ਹੋ ਸਕਦੀ ਹੈ। ਹਾਲਾਂਕਿ ਇਸ ਮੀਟਿੰਗ ਨੂੰ ਲੈ ਕੇ ਕੋਈ ਵੀ ਰਾਜਸੀ ਆਗੂ ਗੱਲ ਕਰਨ ਲਈ ਤਿਆਰ ਨਹੀਂ ਹੈ।