ਮਨਿਸਟੀਰੀਅਲ ਕਾਮਿਆਂ ਵੱਲੋਂ ਸਰਕਾਰ ਵਿਰੁੱਧ ਨਾਅਰੇਬਾਜ਼ੀ
ਜਸਬੀਰ ਸਿੰਘ ਸੱਗੂ
ਅੰਮ੍ਰਿਤਸਰ, 22 ਅਕਤੂਬਰ
ਪੰਜਾਬ ਸਟੇਟ ਮਨਿਸਟੀਰੀਅਲ ਸਰਵਸਿਜ਼ ਯੂਨੀਅਨ ਦੀ ਸੂਬਾ ਬਾਡੀ ਵੱਲੋਂ ਮੰਗਾਂ ਮਨਵਾਉਣ ਲਈ ਸੰਘਰਸ਼ ਸਬੰਧੀ ਕੀਤੇ ਫ਼ੈਸਲੇ ਤਹਿਤ ਮੈਡੀਕਲ ਕਾਲਜ ਅੰਮ੍ਰਿਤਸਰ ਦੇ ਬਾਹਰ ਗੇਟ ਰੈਲੀ ਕਰਕੇ ਰੋਸ ਪ੍ਰਦਰਸ਼ਨ ਕੀਤਾ ਗਿਆ। ਪੀਐੱਸਐੱਮਐੱਸ ਦੇ ਜ਼ਿਲਾ ਜਨਰਲ ਸਕੱਤਰ ਜਗਦੀਸ਼ ਠਾਕੁਰ ਅਤੇ ਮਨਦੀਪ ਸਿੰਘ ਚੌਹਾਨ ਜ਼ਿਲ੍ਹਾ ਵਿੱਤ ਸਕੱਤਰ ਨੇ ਦੱਸਿਆ ਭਗਵੰਤ ਸਿੰਘ ਮਾਨ ਵਲੋਂ ਜਥੇਬੰਦੀ ਨਾਲ 18 ਦਸੰਬਰ 2023 ਨੂੰ ਹੋਈ ਮੀਟਿੰਗ ਵਿੱਚ ਮੰਨੀਆਂ ਮੰਗਾਂ ਦੀ ਪ੍ਰੋਸੀਡਿੰਗ 29/01/24 ਨੂੰ ਜਾਰੀ ਹੋਣ ਉਪਰੰਤ ਵੀ ਮੰਗਾਂ ਦਾ ਕੋਈ ਨੋਟੀਫਿਕੇਸ਼ਨ ਨਾ ਹੋਣ ਕਰਕੇ ਸੰਘਰਸ਼ ਦੁਬਾਰਾ ਤੋਂ ਸ਼ੁਰੂ ਕਰਨਾ ਪਿਆ ਹੈ। ਉਨ੍ਹਾਂ ਕਿਹਾ ਕਿ ਜਥੇਬੰਦੀ ਵਲੋਂ ਮਜ਼ਬੂਰੀ ਵੱਸ ਸੂਬਾ ਕਮੇਟੀ ਦੇ ਸੱਦੇ ‘ਤੇ 28/10/24 ਨੂੰ ਕਾਲੀਆਂ ਝੰਡੀਆਂ ਲੈ ਕੇ ਬਾਜ਼ਾਰਾਂ ਵਿੱਚ ਰੋਸ ਮਾਰਚ ਕੀਤਾ ਜਾਵੇਗਾ। 29, 30 ਅਕਤੂਬਰ ਨੂੰ ਸਮੂਹ ਵਿਭਾਗਾਂ ਦੇ ਮਨਿਸਟੀਰੀਅਲ ਸਮੂਹਿਕ ਛੁੱਟੀ ’ਤੇ ਜਾਣਗੇ ਅਤੇ ਸਰਕਾਰ ਦਾ ਕੰਮ ਪੂਰੀ ਤਰਾਂ ਠੱਪ ਕਰਨਗੇ। ਜੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਸੂਬਾ ਕਮੇਟੀ ਨਾਲ ਮੀਟਿੰਗ ਨਹੀਂ ਕੀਤੀ ਜਾਂਦੀ ਅਤੇ ਮੰਗਾਂ ਦੇ ਨੋਟੀਫਿਕੇਸ਼ਨ ਨਾ ਹੋਣ ’ਤੇ ਮੁਲਾਜ਼ਮ ਕਾਲੀ ਦੀਵਾਲੀ ਮਨਾਉਣ ਲਈ ਮਜਬੂਰ ਹੋਣਗੇ ਅਤੇ ਚਾਰ ਜ਼ਿਮਨੀ ਚੋਣਾਂ ਵਿੱਚ ਸਰਕਾਰ ਖਿਲਾਫ ਸਖਤ ਐਕਸ਼ਨ ਕੀਤੇ ਜਾਣਗੇ ਅਤੇ 8 ਨਵੰਬਰ 2024 ਨੂੰ ਬਰਨਾਲਾ ਵਿੱਚ ਸਮੂਹ ਭਰਾਤਰੀ ਜਥੇਬੰਦੀਆਂ ਦੇ ਸਹਿਯੋਗ ਨਾਲ ਸੂਬਾ ਪੱਧਰੀ ਰੈਲੀ ਕਰਨ ਉਪਰੰਤ ਆਮ ਆਦਮੀ ਪਾਰਟੀ ਦੇ ਉਮੀਦਵਾਰ ਦੇ ਦਫ਼ਤਰ ਦਾ ਘਿਰਾਓ ਕਰਨਗੇ। ਪੰਜਾਬ ਸਰਕਾਰ ਖਜ਼ਾਨਾ ਵਿਭਾਗ ਵਲੋਂ 165 ਦੇ ਕਰੀਬ ਕਰਮਚਾਰੀਆਂ ਨੂੰ ਘਰੋਂ ਬੇਘਰ ਕਰਕੇ ਵੱਡੇ ਪੱਧਰ ’ਤੇ ਕੀਤੀਆਂ ਬਦਲੀਆਂ ਰੱਦ ਕਰਨ ਦੀ ਵੀ ਮੰਗ ਕੀਤੀ ਗਈ।