ਵਿਧਾਇਕ ਨੇ ਹੜ੍ਹ ਪੀੜਤਾਂ ਦੀਆਂ ਸਮੱਸਿਆਵਾਂ ਸੁਣੀਆਂ
ਪੱਤਰ ਪ੍ਰੇਰਕ
ਰਤੀਆ, 22 ਜੁਲਾਈ
ਵਿਧਾਇਕ ਲਛਮਣ ਨਾਪਾ ਨੇ ਹੜ੍ਹ ਪ੍ਰਭਾਵਿਤ ਪਿੰਡਾਂ ਅਯਾਲਕੀ, ਰਤਨਗੜ੍ਹ, ਬਾਹਮਣਵਾਲਾ, ਬਖੜਾ ਨਹਿਰ ਤੇ ਰੰਗੋਈ ਨਾਲਾ ਆਦਿ ਦਾ ਦੌਰਾ ਕਰਕੇ ਨੁਕਸਾਨ ਦਾ ਜਾਇਜ਼ਾ ਲਿਆ। ਇਸ ਦੌਰਾਨ ਉਨ੍ਹਾਂ ਕਿਹਾ ਕਿ ਸਰਕਾਰ ਪੀੜਤਾਂ ਨਾਲ ਖੜ੍ਹੀ ਹੈ। ਇਸ ਮੌਕੇ ਵਿਧਾਇਕ ਨੇ ਹੜ੍ਹ ਰਾਹਤ ਕੈਂਪਾਂ ਵਿੱਚ ਜਾ ਕੇ ਪੀੜਤਾਂ ਨਾਲ ਗੱਲਬਾਤ ਕੀਤੀ ਅਤੇ ਲੋੜੀਂਦਾ ਰਾਸ਼ਨ, ਦਵਾਈਆਂ ਤੇ ਪਾਣੀ ਆਦਿ ਵੰਡਿਆ। ਉਨ੍ਹਾਂ ਕਿਹਾ ਕਿ ਸਾਰੇ ਪੀੜਤਾਂ ਦੇ ਨੁਕਸਾਨ ਦੀ ਭਰਪਾਈ ਕੀਤੀ ਜਾਵੇਗੀ ਤੇ ਪਸ਼ੂਆਂ ਲਈ ਚਾਰੇ ਦੀ ਸਮੱਸਿਆ ਨਹੀਂ ਆਉਣ ਦਿੱਤੀ ਜਾਵੇਗੀ। ਜਨਿ੍ਹਾਂ ਨਾਗਰਿਕਾਂ ਦੇ ਘਰ ਅਤੇ ਖੇਤ ਨੁਕਸਾਨੇ ਗਏ ਹਨ, ਉਨ੍ਹਾਂ ਦਾ ਸਰਵੇ ਕੀਤਾ ਜਾਵੇਗਾ ਅਤੇ ਲੋਕਾਂ ਨੂੰ ਰਾਹਤ ਦਿੱਤੀ ਜਾਵੇਗੀ। ਵਿਧਾਇਕ ਨੇ ਕਿਹਾ ਕਿ ਪਿੰਡਾਂ ਵਿੱਚ ਫੌਗਿੰਗ ਕਰਵਾਈ ਜਾ ਰਹੀ ਹੈ, ਜੋ ਅੱਗ ਵੀ ਜਾਰੀ ਰਹੇਗੀ। ਇਸ ਮੌਕੇ ਵਿਧਾਇਕ ਨੇ ਹੜ੍ਹ ਪ੍ਰਭਾਵਿਤ ਲੋਕਾਂ ਦੀਆਂ ਸਮੱਸਿਆਵਾਂ ਵੀ ਸੁਣੀਆਂ ਤੇ ਸਬੰਧਤ ਅਧਿਕਾਰੀਆਂ ਨੂੰ ਉਨ੍ਹਾਂ ਦਾ ਜਲਦ ਤੋਂ ਜਲਦ ਹੱਲ ਕਰਨ ਦੇ ਨਿਰਦੇਸ਼ ਦਿੱਤੇ। ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਹੜ੍ਹ ਪੀੜਤਾਂ ਦੀ ਹਰ ਸੰਭਵ ਮਦਦ ਕੀਤੀ ਜਾਵੇਗੀ। ਲੋਕਾਂ ਦੀ ਸਿਹਤ ਨੂੰ ਧਿਆਨ ਵਿੱਚ ਰੱਖਦਿਆਂ ਡਾਕਟਰੀ ਸਹੂਲਤਾਂ ਲਈ ਟੀਮ ਬਣਾਈ ਗਈ ਹੈ, ਲੋੜੀਂਦੀ ਮਾਤਰਾ ਵਿੱਚ ਦਵਾਈਆਂ ਦਾ ਪ੍ਰਬੰਧ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਪਾਣੀ ਦੇ ਵਹਾਅ ਵਿੱਚ ਕਮੀ ਆ ਰਹੀ ਹੈ, ਪਰ ਫਿਰ ਸੁਚੇਤ ਰਹਿਣ ਦੀ ਲੋੜ ਹੈ। ਉੁਨ੍ਹਾਂ ਕਿਹਾ ਕਿ ਆਫ਼ਤ ਦੀ ਘੜੀ ਵਿੱਚ ਸਰਕਾਰ ਅਤੇ ਪ੍ਰਸ਼ਾਸਨ ਲੋਕਾਂ ਨਾਲ ਖੜ੍ਹਾ ਹੈ। ਇਸ ਮੌਕੇ ਜ਼ਿਲ੍ਹਾ ਪ੍ਰਧਾਨ ਬਲਦੇਵ ਸਿੰਘ ਗਰੋਹਾ, ਪੰਚਾਇਤ ਸਮਿਤੀ ਚੇਅਰਮੈਨ ਕੇਵਲ ਮਹਿਤਾ, ਤਹਿਸੀਲਦਾਰ ਵਿਜੇ ਕੁਮਾਰ, ਬੀਡੀਓ ਸੰਦੀਪ ਭਾਰਦਵਾਜ, ਕਾਨੂੰਗੋ ਜਗਦੀਸ਼ ਚੰਦਰ, ਹਰੀਸਿੰਘ ਦਫ਼ਤਰ ਕਾਨੂੰਗੋ, ਮਨੋਜ ਸਿੰਘ ਦਿਓੜਾ, ਸਰਪੰਚ ਰਾਕੇਸ਼ ਲਾਇਲ, ਰਾਜੀਵ, ਰਾਜੀਵ ਬੋਲਾ, ਬਾਬੂ ਸਿੰਘ ਅਤੇ ਹੋਰ ਅਧਿਕਾਰੀ ਅਤੇ ਪਤਵੰਤੇ ਹਾਜ਼ਰ ਸਨ।