ਵਿਧਾਇਕ ਵੱਲੋਂ ਆਧੁਨਿਕ ਸਹੂਲਤਾਂ ਨਾਲ ਲੈਸ ਲਾਇਬਰੇਰੀ ਦਾ ਉਦਘਾਟਨ
ਪੱਤਰ ਪ੍ਰੇਰਕ
ਮਾਨਸਾ, 28 ਨਵੰਬਰ
ਮਾਨਸਾ ਦੇ ਜ਼ਿਲ੍ਹਾ ਅੰਬੇਡਕਰ ਭਵਨ ਵਿਚ ਵਿਧਾਇਕ ਗੁਰਪ੍ਰੀਤ ਸਿੰਘ ਬਣਾਂਵਾਲੀ ਅਤੇ ਡਿਪਟੀ ਕਮਿਸ਼ਨਰ ਕੁਲਵੰਤ ਸਿੰਘ ਨੇ ਵਿਦਿਆਰਥੀਆਂ ਨੂੰ ਕਿਤਾਬਾਂ ਨਾਲ ਜੋੜਨ ਅਤੇ ਉਨ੍ਹਾਂ ਨੂੰ ਮੁਕਾਬਲੇ ਦੀਆਂ ਪ੍ਰੀਖਿਆਵਾਂ ਲਈ ਉੱਚ ਪੱਧਰ ਦਾ ਗਿਆਨ ਦੇਣ ਲਈ ਮਾਨਸਾ ਯੂਥ ਲਾਇਬਰੇਰੀ ਦਾ ਉਦਘਾਟਨ ਕੀਤਾ।ਵਿਧਾਇਕ ਗੁਰਪ੍ਰੀਤ ਸਿੰਘ ਬਣਾਂਵਾਲੀ ਨੇ ਕਿਹਾ ਕਿ ਕਿਸੇ ਉੱਚ ਸੰਸਥਾਵਾਂ ਵਿੱਚ ਦਾਖ਼ਲਿਆਂ, ਮੁਕਾਬਲੇ ਦੀਆਂ ਪ੍ਰੀਖਿਆਵਾਂ ਅਤੇ ਨੌਕਰੀਆਂ ਵਿੱਚ ਇਹ ਲਾਇਬਰੇਰੀਆਂ ਵਿਦਿਆਰਥੀਆਂ ਲਈ ਬਹੁਤ ਲਾਹੇਵੰਦ ਸਾਬਤ ਹੋਣਗੀਆਂ। ਉਨ੍ਹਾਂ ਕਿਹਾ ਕਿ ਮਾਨਸਾ ਵਿੱਚ ਜ਼ਿਲ੍ਹਾ ਪੱਧਰ ’ਤੇ ਖੁੱਲ੍ਹੀ ਇਹ ਲਾਇਬਰੇਰੀ ਬਹੁਤ ਹੀ ਸੁੰਦਰ ਢੰਗ ਨਾਲ ਬਣਾਈ ਗਈ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਪਿੰਡਾਂ ਵਿੱਚ ਵੀ ਲਾਇਬਰੇਰੀਆਂ ਸਥਾਪਿਤ ਕੀਤੀਆਂ ਜਾ ਰਹੀਆਂ ਹਨ। ਉਨ੍ਹਾਂ ਜ਼ਿਲ੍ਹਾ ਪ੍ਰਸ਼ਾਸਨ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਆਧੁਨਿਕ ਸਹੂਲਤਾਂ ਨਾਲ ਲੈਸ ਇਨ੍ਹਾਂ ਲਾਇਬਰੇਰੀਆਂ ਦਾ ਮੌਜੂਦਾ ਸਮੇਂ ਦੇ ਨਾਲ-ਨਾਲ ਆਉਣ ਵਾਲੀਆਂ ਪੀੜ੍ਹੀਆਂ ਨੂੰ ਵੀ ਕਾਫ਼ੀ ਫਾਇਦਾ ਹੋਵੇਗਾ। ਡਿਪਟੀ ਕਮਿਸ਼ਨਰ ਕੁਲਵੰਤ ਸਿੰਘ ਨੇ ਦੱਸਿਆ ਕਿ ਇਸ ਲਾਇਬਰੇਰੀ ਦੇ ਬੁਨਿਆਦੀ ਢਾਂਚੇ ਦੀ ਰੂਪ-ਰੇਖਾ, ਉਸ ਸਮੇਂ ਦੇ ਡੀਸੀ ਪਰਮਵੀਰ ਸਿੰਘ ਵੱਲੋਂ ਤਿਆਰ ਕੀਤੀ ਅਤੇ ਏਡੀਸੀ (ਜ) ਨਿਰਮਲ ਐੱਸ ਨੇ ਇਸਦਾ ਸਮੇਂ-ਸਮੇਂ ’ਤੇ ਨਿਰੀਖਣ ਕੀਤਾ, ਜਿਸ ਸਦਕਾ ਅੱਜ ਮਾਨਸਾ ਜ਼ਿਲ੍ਹੇ ਨੂੰ ਇਹ ਆਧੁਨਿਕ ਲਾਇਬਰੇਰੀ ਸਪੁਰਦ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਵਿਦਿਆਰਥੀਆਂ ਦੇ ਬੌਧਿਕ ਵਿਕਾਸ ਅਤੇ ਕਲਪਨਾ ਸ਼ਕਤੀ ਵਿੱਚ ਵਾਧੇ ਲਈ ਲਾਇਬਰੇਰੀਆਂ ਬਹੁਤ ਅਹਿਮ ਰੋਲ ਅਦਾ ਕਰਦੀਆਂ ਹਨ। ਉਨ੍ਹਾਂ ਪੜ੍ਹਨ ਦੇ ਸ਼ੌਕੀਨ ਵਿਅਕਤੀਆਂ ਨੂੰ ਇਸ ਲਾਇਬਰੇਰੀ ਵਿੱਚ ਰਜਿਸਟ੍ਰੇਸ਼ਨ ਕਰਵਾ ਕੇ ਇਸ ਨਾਲ ਜੁੜਨ ਦੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਇਸ ਹਾਈਟੈਕ ਲਾਇਬਰੇਰੀ ਵਿੱਚ ਰੈੱਡ ਕਰਾਸ ਦਾ ਵਿਸ਼ੇਸ਼ ਸਹਿਯੋਗ ਰਿਹਾ। ਇਸ ਮੌਕੇ ਰਜਿਸਟ੍ਰੇਸ਼ਨ ਕਰਵਾਉਣ ਵਾਲੇ ਵਿਦਿਆਰਥੀਆਂ ਨੂੰ ਸ਼ਨਾਖ਼ਤੀ ਕਾਰਡ ਵੰਡੇ ਗਏ ਅਤੇ ਲਾਇਬਰੇਰੀ ਵਿੱਚ ਵਿਸ਼ੇਸ਼ ਯੋਗਦਾਨ ਪਾਉਣ ਵਾਲੀਆਂ ਸਖ਼ਸ਼ੀਅਤਾਂ ਦਾ ਸਨਮਾਨ ਕੀਤਾ ਗਿਆ।