ਵਿਧਾਇਕ ਨੇ ਲੋਕਾਂ ਦੀਆਂ ਸ਼ਿਕਾਇਤਾਂ ਦਾ ਨਿਬੇਡ਼ਾ ਕੀਤਾ
ਹਰਪ੍ਰੀਤ ਕੌਰ
ਹੁਸ਼ਿਆਰਪੁਰ, 30 ਜੂਨ
‘ਸਰਕਾਰ ਤੁਹਾਡੇ ਦੁਆਰ’ ਤਹਿਤ ਅੱਜ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਪਿੰਡ ਕਪਾਹਟ ਵਿੱਚ ਜਨਤਕ ਸ਼ਿਕਾਇਤ ਨਿਵਾਰਨ ਕੈਂਪ ਲਗਾਇਆ ਗਿਆ। ਇਸ ਦੌਰਾਨ ਵਿਧਾਇਕ ਡਾ. ਰਵਜੋਤ ਸਿੰਘ ਅਤੇ ਡਿਪਟੀ ਕਮਿਸ਼ਨਰ ਕੋਮਲ ਮਿੱਤਲ ਨੇ ਪ੍ਰਸ਼ਾਸਨਿਕ ਅਧਿਕਾਰੀਆਂ ਨਾਲ ਬੈਠ ਕੇ ਪਿੰਡਾਂ ਦੇ ਲੋਕਾਂ ਦੀਆਂ ਸ਼ਿਕਾਇਤਾਂ ਸੁਣੀਆਂ ਅਤੇ ਜ਼ਿਆਦਾਤਰ ਦਾ ਮੌਕੇ ’ਤੇ ਹੀ ਨਿਪਟਾਰਾ ਕੀਤਾ। ਇਨ੍ਹਾਂ ਪਿੰਡਾਂ ਵਿਚ ਕਪਾਹਟ ਤੋਂ ਇਲਾਵਾ ਮੁਸਤਾਪੁਰ, ਅਰਨਿਆਲਾ ਸ਼ਾਹਪੁਰ, ਮਹਿੰਗਰੋਵਾਲ, ਤੱਖਣੀ, ਰਹਿਮਾਪੁਰ, ਜਨੌਡ਼ੀ, ਸ਼ਾਹਪੁਰ, ਡੰਡੋਹ ਤੇ ਢੱਕੀ ਸ਼ਾਮਲ ਸਨ। ਡਾ. ਰਵਜੋਤ ਨੇ ਕਿਹਾ ਕਿ ਸੂਬੇ ਦੇ ਵੱਖ-ਵੱਖ ਪਿੰਡਾਂ ਵਿਚ ਇਸ ਤਰ੍ਹਾਂ ਦੇ ਸ਼ਿਕਾਇਤ ਨਿਵਾਰਨ ਕੈਂਪ ਲਗਾਏ ਜਾ ਰਹੇ ਹਨ ਜਿੱਥੇ ਆਲੇ-ਦੁਆਲੇ ਪਿੰਡਾਂ ਦੇ ਲੋਕਾਂ ਦੀਆਂ ਸਮੱਸਿਆਵਾਂ ਦਾ ਮੌਕੇ ’ਤੇ ਹੀ ਨਿਪਟਾਰਾ ਕੀਤਾ ਜਾਂਦਾ ਹੈ। ਇਸੇ ਲਡ਼ੀ ਵਿਚ ਅੱਜ ਇੱਥੇ ਲਗਾਏ ਗਏ ਕੈਂਪ ਵਿਚ ਵੱਖ-ਵੱਖ ਪਿੰਡਾਂ ਦੇ ਲੋਕਾਂ ਦੀਆਂ ਸ਼ਿਕਾਇਤਾਂ ਸੁਣਨ ਲਈ ਜ਼ਿਲ੍ਹੇ ਦੇ ਸਾਰੇ ਵਿਭਾਗ ਮੌਜੂਦ ਸਨ। ਡੀਸੀ ਨੇ ਦੱਸਿਆ ਕਿ ਅੱਜ ਦੇ ਕੈਂਪ ਵਿਚ ਜ਼ਿਆਦਾਤਰ ਸ਼ਿਕਾਇਤਾਂ ਦਾ ਮੌਕੇ ’ਤੇ ਹੀ ਨਿਪਟਾਰਾ ਕੀਤਾ ਗਿਆ ਤੇ ਬਾਕੀ ਸ਼ਿਕਾਇਤਾਂ ਨੂੰ ਵਿਭਾਗਾਂ ਵਲੋਂ ਹੱਲ ਕੀਤਾ ਜਾਵੇਗਾ। ਇਸ ਮੌਕੇ ਐਸ.ਡੀ.ਐਮ ਪ੍ਰੀਤ ਇੰਦਰ ਸਿੰਘ ਬੈਂਸ, ਜ਼ਿਲ੍ਹਾ ਵਿਕਾਸ ਤੇ ਪੰਚਾਇਤ ਅਫ਼ਸਰ ਭੁਪਿੰਦਰ ਸਿੰਘ ਮੁਲਤਾਨੀ, ਤਹਿਸੀਲਦਾਰ ਰਾਜਿੰਦਰ ਸਿੰਘ, ਸਰਪੰਚ ਮੀਨਾ ਆਦਿ ਮੌਜੂਦ ਸਨ।