ਵਿਧਾਇਕ ਨੇ ਸੰਦੌੜ ਮੰਡੀ ਵਿੱਚ ਝੋਨੇ ਦੀ ਖਰੀਦ ਸ਼ੁਰੂ ਕਰਵਾਈ
ਮੁਕੰਦ ਸਿੰਘ ਚੀਮਾ
ਸੰਦੌੜ, 14 ਅਕਤੂਬਰ
ਹਲਕਾ ਵਿਧਾਇਕ ਡਾ. ਜਮੀਲ-ਉਰ ਰਹਿਮਾਨ ਨੇ ਅੱਜ ਅਨਾਜ ਮੰਡੀ ਸੰਦੌੜ ਵਿੱਚ ਝੋਨੇ ਦੀ ਸਰਕਾਰੀ ਖਰੀਦ ਸ਼ੁਰੂ ਕਰਵਾਈ ਅਤੇ ਮਾਰਕੀਟ ਕਮੇਟੀ ਸੰਦੌੜ ਵਲੋਂ ਕੀਤੇ ਗਏ ਖਰੀਦ ਪ੍ਰਬੰਧਾਂ ਦਾ ਜਾਇਜ਼ਾ ਵੀ ਲਿਆ। ਉਨ੍ਹਾਂ ਨੇ ਆੜ੍ਹਤੀ ਕੇਵਲਜੀਤ ਸਿੰਘ ਖੁਰਦ ਦੀ ਦੁਕਾਨ ਤੋਂ ਝੋਨੇ ਦੀ ਪਹਿਲੀ ਢੇਰੀ ਦੀ ਬੋਲੀ ਲਗਾ ਕੇ ਖਰੀਦ ਸ਼ੁਰੂ ਕਰਵਾਈ। ਵਿਧਾਇਕ ਡਾ. ਜਮੀਲ ਉਰ ਰਹਿਮਾਨ ਨੇ ਕਿਹਾ ਕਿ ਪੰਜਾਬ ਸਰਕਾਰ ਕਿਸਾਨਾਂ ਦੀ ਫਸਲ ਦਾ ਇਕ ਇਕ ਦਾਣਾ ਚੁੱਕਣ ਲਈ ਪਾਬੰਦ ਹੈ ਅਤੇ ਮੰਡੀਆਂ ਵਿੱਚ ਕਿਸਾਨਾਂ ਨੂੰ ਕੋਈ ਦਿੱਕਤ ਨਹੀਂ ਆਉਣ ਦਿੱਤੀ ਜਾਵੇਗੀ। ਉਨ੍ਹਾਂ ਕਿਸਾਨਾਂ ਨੂੰ ਅਪੀਲ ਕੀਤੀ ਕਿ ਸਰਕਾਰੀ ਮਾਪਦੰਡਾਂ ’ਤੇ ਖਰੀ ਉਤਰਦੀ 17 ਫੀਸਦੀ ਤੋਂ ਘੱਟ ਨਮੀ ਵਾਲੀ ਫਸਲ ਹੀ ਮੰਡੀਆਂ ਵਿੱਚ ਲਿਆਂਦੀ ਜਾਵੇ ਤਾਂ ਜੋ ਫਸਲ ਦੀ ਤੁਰੰਤ ਖਰੀਦ ਹੋ ਸਕੇ। ਇਸ ਮੌਕੇ ਪਨਗ੍ਰੇਨ ਏਜੰਸੀ ਦੇ ਖਰੀਦ ਅਧਿਕਾਰੀ ਜਸਪ੍ਰੀਤ ਸਿੰਘ, ਰਸ਼ਮਿੰਦਰ ਸਿੰਘ, ਸਕੱਤਰ ਵਰਿੰਦਰ ਸਿੰਘ, ਮਾਰਕੀਟ ਕਮੇਟੀ ਸੰਦੌੜ ਦੇ ਚੇਅਰਮੈਨ ਕਰਮਜੀਤ ਸਿੰਘ ਕੁਠਾਲਾ, ਆੜ੍ਹਤੀ ਬਾਰਾ ਸਿੰਘ ਖੁਰਦ, ਜਗਤਾਰ ਸਿੰਘ ਜੱਸਲ, ਆੜ੍ਹਤੀ ਕੇਵਲਜੀਤ ਸਿੰਘ ਖੁਰਦ, ਸਤਪਾਲ ਸਿੰਘ ਕਸਬਾ ਭੁਰਾਲ ਹਾਜ਼ਰ ਸਨ।
ਐੱਸਡੀਐੱਮ ਵੱਲੋਂ ਝੋਨੇ ਦੀ ਖ਼ਰੀਦ ਦਾ ਜਾਇਜ਼ਾ
ਪਟਿਆਲਾ(ਖੇਤਰੀ ਪ੍ਰਤੀਨਿਧ): ਐੱਸਡੀਐੱਮ ਪਟਿਆਲਾ ਮਨਜੀਤ ਕੌਰ ਨੇ ਅੱਜ ਪਿੰਡ ਸ਼ੇਰਮਾਜਰਾ ਵਿੱਚ ਬੇਲਰ ਨਾਲ ਪਰਾਲੀ ਦੀਆਂ ਗੰਢਾ ਬਣਾ ਰਹੇ ਕਿਸਾਨ ਦੀ ਖੇਤ ਵਿੱਚ ਜਾ ਕੇ ਹੌਸਲਾ ਅਫ਼ਜ਼ਾਈ ਕੀਤੀ ਅਤੇ ਕਿਸਾਨ ਨੂੰ ਸਨਮਾਨਿਤ ਕੀਤਾ। ਉਨ੍ਹਾਂ ਕਿਹਾ ਕਿ ਕਿਸਾਨਾਂ ਵੱਲੋਂ ਆਪਣੀਆਂ ਆਉਣ ਵਾਲੀਆਂ ਪੀੜੀਆਂ ਦੇ ਸੁਰੱਖਿਅਤ ਭਵਿੱਖ ਲਈ ਫ਼ਸਲਾਂ ਦੀ ਰਹਿੰਦ-ਖੂੰਹਦ ਦੇ ਨਿਪਟਾਰੇ ਲਈ ਨਵੀਨਤਮ ਤਕਨੀਕਾਂ ਅਪਣਾਈਆਂ ਜਾ ਰਹੀਆਂ ਹਨ, ਜੋ ਕਿ ਸ਼ਲਾਘਾਯੋਗ ਉਪਰਾਲਾ ਹੈ। ਉਨ੍ਹਾਂ ਕਿਹਾ ਕਿ ਸਬ-ਡਿਵੀਜ਼ਨ ਪਟਿਆਲਾ ਦੇ ਜਿਹੜੇ ਕਿਸਾਨਾਂ ਵੱਲੋਂ ਪਰਾਲੀ ਪ੍ਰਬੰਧਨ ਲਈ ਇੰਨ ਸੀਟੂ ਤੇ ਐਕਸ ਸੀਟੂ ਤਕਨੀਕਾਂ ਅਪਣਾਈਆਂ ਜਾ ਰਹੀਆਂ ਹਨ ਉਨ੍ਹਾਂ ਦਾ ਪ੍ਰਸ਼ਾਸਨ ਵੱਲੋਂ ਖੁਦ ਖੇਤਾਂ ਵਿੱਚ ਜਾ ਕੇ ਸਨਮਾਨ ਕੀਤਾ ਜਾ ਰਿਹਾ ਹੈ। ਇਸ ਮੌਕੇ ਐੱਸਡੀਐੱਮ ਮਨਜੀਤ ਕੌਰ ਵੱਲੋਂ ਪਿੰਡ ਸ਼ੇਰਮਾਜਰਾ ਦੀ ਮੰਡੀ ਵਿੱਚ ਚੱਲ ਰਹੀ ਝੋਨੇ ਦੀ ਖ਼ਰੀਦ ਦਾ ਜਾਇਜ਼ਾ ਲਿਆ ਗਿਆ ਅਤੇ ਮੰਡੀ ਵਿੱਚ ਆ ਰਹੀ ਜਿਣਸ ਦੀ ਨਾਲੋਂ ਨਾਲ ਖ਼ਰੀਦ ਕਰਨ ਲਈ ਖ਼ਰੀਦ ਏਜੰਸੀਆਂ ਦੇ ਅਧਿਕਾਰੀਆਂ ਨੂੰ ਹਦਾਇਤੀ ਕੀਤੀ। ਇਸ ਤੋਂ ਇਲਾਵਾ ਉਨ੍ਹਾਂ ਵੱਖ ਵੱਖ ਮੰਡੀਆਂ ਦਾ ਦੌਰਾ ਵੀ ਕੀਤਾ। ਇਸ ਤੋਂ ਪਹਿਲਾਂ ਉਨ੍ਹਾਂ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਪਰਾਲੀ ਪ੍ਰਬੰਧਨ ਲਈ ਪਿੰਡ ਪੱਧਰ ’ਤੇ ਲਗਾਏ ਨੋਡਲ ਤੇ ਕਲੱਸਟਰ ਅਫ਼ਸਰਾਂ ਨਾਲ ਬੈਠਕ ਕੀਤੀ ਅਤੇ ਹਦਾਇਤ ਕੀਤੀ ਕਿ ਜੇਕਰ ਸਬ ਡਵੀਜ਼ਨ ਅੰਦਰ ਕਿਸੇ ਖੇਤ ਵਿੱਚ ਪਰਾਲੀ ਨੂੰ ਅੱਗ ਲਗਾਈ ਜਾਂਦੀ ਹੈ ਤਾਂ ਉਸ ਦੀ ਤੁਰੰਤ ਰਿਪੋਰਟ ਕਰਨੀ ਯਕੀਨੀ ਬਣਾਈ ਜਾਵੇ।