For the best experience, open
https://m.punjabitribuneonline.com
on your mobile browser.
Advertisement

ਵਿਧਾਇਕ ਨੇ ਕੂੜੇ ਦੀ ਸਮੱਸਿਆ ਦਾ ਗੰਭੀਰ ਨੋਟਿਸ ਲਿਆ

06:27 AM Jun 28, 2024 IST
ਵਿਧਾਇਕ ਨੇ ਕੂੜੇ ਦੀ ਸਮੱਸਿਆ ਦਾ ਗੰਭੀਰ ਨੋਟਿਸ ਲਿਆ
ਕੂੜਾ ਪ੍ਰਬੰਧਨ ਲਈ ਅਧਿਕਾਰੀਆਂ ਨਾਲ ਮੀਟਿੰਗ ਕਰਦੇ ਹੋਏ ਵਿਧਾਇਕ ਕੁਲਵੰਤ ਸਿੰਘ।
Advertisement

ਪੱਤਰ ਪ੍ਰੇਰਕ
ਐੱਸਏਐੱਸ ਨਗਰ (ਮੁਹਾਲੀ), 27 ਜੂਨ
ਮੁਹਾਲੀ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਕੁਲਵੰਤ ਸਿੰਘ ਨੇ ਸ਼ਹਿਰ ਵਿੱਚ ਕੂੜੇ ਦੀ ਸਮੱਸਿਆ ਦਾ ਗੰਭੀਰ ਨੋਟਿਸ ਲੈਂਦਿਆਂ ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਦੀ ਮੌਜੂਦਗੀ ਵਿੱਚ ਨਗਰ ਨਿਗਮ ਅਤੇ ਗਮਾਡਾ ਦੇ ਅਧਿਕਾਰੀਆਂ ਨਾਲ ਸਾਂਝੀ ਮੀਟਿੰਗ ਕੀਤੀ ਅਤੇ ਦੋਵੇਂ ਵਿਭਾਗਾਂ ਨੂੰ ਕੂੜੇ ਦਾ ਪ੍ਰਬੰਧਨ ਕਰਨ ਲਈ ਕਿਹਾ ਤਾਂ ਜੋ ਸ਼ਹਿਰ ਵਾਸੀਆਂ ਨੂੰ ਕਿਸੇ ਤਰ੍ਹਾਂ ਦੀ ਮੁਸ਼ਕਿਲ ਦਾ ਸਾਹਮਣਾ ਨਾ ਕਰਨਾ ਪਵੇ। ਉਨ੍ਹਾਂ ਕਿਹਾ ਕਿ ਸ਼ਹਿਰ ਵਾਸੀ ਕੂੜੇ ਦਾ ਨਿਬੇੜਾ ਨਾ ਹੋਣ ਕਾਰਨ ਡਾਢੇ ਪ੍ਰੇਸ਼ਾਨ ਹਨ, ਇਸ ਲਈ ਦੋਵੇਂ ਵਿਭਾਗਾਂ ਦਾ ਨੈਤਿਕ ਫ਼ਰਜ਼ ਬਣਦਾ ਹੈ ਕਿ ਉਹ ਆਪੋ-ਆਪਣੇ ਖੇਤਰਾਂ ਵਿੱਚ ਠੋਸ ਰਹਿੰਦ-ਖੂੰਹਦ ਦਾ ਸਹੀ ਪ੍ਰਬੰਧਨ ਯਕੀਨੀ ਬਣਾਉਣ।
ਉਨ੍ਹਾਂ ਕਿਹਾ ਕਿ ਨਗਰ ਨਿਗਮ ਅਤੇ ਗਮਾਡਾ ਦੇ ਖੇਤਰਾਂ ਵਿੱਚ ਪੈਂਦੇ ਆਰਐੱਮਸੀ (ਰਿਸੋਰਸ ਮੈਨੇਜਮੈਂਟ ਸੈਂਟਰ) ਨੂੰ ਸੰਭਾਲਿਆ ਜਾਵੇ ਤਾਂ ਜੋ ਲੋਕਾਂ ਨੂੰ ਵੱਡੀ ਰਾਹਤ ਮਿਲ ਸਕੇ। ਵਿਧਾਇਕ ਦੇ ਨਿੱਜੀ ਦਖ਼ਲ ਤੋਂ ਬਾਅਦ ਦੋਵੇਂ ਸੰਸਥਾਵਾਂ ਮੌਜੂਦਾ ਸਮੱਸਿਆ ਦੇ ਹੱਲ ਤੱਕ ਕੂੜੇ ਦਾ ਪ੍ਰਬੰਧਨ ਆਪੋ-ਆਪਣੀ ਸਾਲਿਡ ਵੇਸਟ ਮੈਨੇਜਮੈਂਟ ਏਜੰਸੀਆਂ ਰਾਹੀਂ ਕਰਨ ਲਈ ਸਹਿਮਤ ਹੋ ਗਈਆਂ ਹਨ। ਉਨ੍ਹਾਂ ਕਿਹਾ ਕਿ ਪਿੰਡ ਸਮਗੋਲੀ ਵਿੱਚ ਪ੍ਰਸਤਾਵਿਤ ਠੋਸ ਰਹਿੰਦ-ਖੂੰਹਦ ਪ੍ਰਬੰਧਨ ਯੋਜਨਾ ਲਈ ਤਕਨੀਕੀ ਅਤੇ ਕਾਨੂੰਨੀ ਅੜਚਨਾਂ ਨੂੰ ਦੂਰ ਕੀਤਾ ਜਾਵੇਗਾ। ਇਸ ਮੌਕੇ ਡੀਸੀ ਆਸ਼ਿਕਾ ਜੈਨ ਨੇ ਕਿਹਾ ਕਿ ਭਾਵੇਂ ਕਿ ਇਹ ਮਸਲਾ ਗੰਭੀਰ ਹੈ ਪਰ ਇਹ ਮੁਹਾਲੀ ਨਗਰ ਨਿਗਮ ਦੀ ਹੱਦ ਅਤੇ ਗਮਾਡਾ ਵੱਲੋਂ ਵਿਕਸਤ ਖੇਤਰਾਂ ਦੇ ਲੋਕਾਂ ਲਈ ਗੈਰਵਾਜ਼ਿਬ ਹੈ। ਉਨ੍ਹਾਂ ਕਿਹਾ ਕਿ ਲੋਕਾਂ ਨੂੰ ਦੋਵਾਂ ਸ਼ਹਿਰੀ ਸੰਸਥਾਵਾਂ ਤੋਂ ਵੱਡੀਆਂ ਆਸਾਂ ਹਨ, ਇਸ ਲਈ ਕੋਈ ਸਥਾਈ ਹੱਲ ਕੱਢਣ ਤੋਂ ਪਹਿਲਾਂ ਆਰਜ਼ੀ ਢੰਗ ਨਾਲ ਤੁਰੰਤ ਕੂੜਾ ਇਕੱਠਾ ਕਰਨਾ ਯਕੀਨੀ ਬਣਾਇਆ ਜਾਵੇ। ਉਨ੍ਹਾਂ ਦੋਵੇਂ ਸੰਸਥਾਵਾਂ ਵਿੱਚ ਆਪਸੀ ਤਾਲਮੇਲ ’ਤੇ ਜ਼ੋਰ ਦਿੱਤਾ। ਉਨ੍ਹਾਂ ਨਿਗਮ ਕਮਿਸ਼ਨਰ ਨਵਜੋਤ ਕੌਰ ਅਤੇ ਗਮਾਡਾ ਦੇ ਵਧੀਕ ਮੁੱਖ ਪ੍ਰਸ਼ਾਸਕ ਅਮਰਿੰਦਰ ਸਿੰਘ ਟਿਵਾਣਾ ਨੂੰ ਆਖਿਆ ਕਿ ਉਹ ਇਸ ਮਾਮਲੇ ’ਚ ਠੋਸ ਪ੍ਰਬੰਧਨ ਏਜੰਸੀਆਂ ਨੂੰ ਸ਼ਾਮਲ ਕਰਨ ਤਾਂ ਜੋ ਲੋਕਾਂ ਨੂੰ ਹੋਰ ਪ੍ਰੇਸ਼ਾਨੀ ਨਾ ਝੱਲਣੀ ਪਵੇ।

Advertisement

ਅੱਜ ਨਿਗਮ ਦਫ਼ਤਰ ਦੇ ਬਾਹਰ ਕੂੜਾ ਸੁੱਟ ਕੇ ਪ੍ਰਦਰਸ਼ਨ ਕਰਨਗੇ ਸਫ਼ਾਈ ਕਾਮੇ

ਐੱਸਏਐੱਸ ਨਗਰ (ਮੁਹਾਲੀ) (ਪੱਤਰ ਪ੍ਰੇਰਕ): ਸ਼ਹਿਰ ਵਿੱਚ ਕੂੜਾ ਪ੍ਰਬੰਧਨ ਦਾ ਮਾਮਲਾ ਕਾਫ਼ੀ ਭੱਖ ਗਿਆ ਹੈ। ਬੀਤੇ ਦਿਨੀਂ ਡਿਪਟੀ ਮੇਅਰ ਕੁਲਜੀਤ ਸਿੰਘ ਬੇਦੀ ਦੀ ਅਗਵਾਈ ਹੇਠ ਸ਼ਹਿਰ ਵਾਸੀਆਂ ਨੇ ਅਫ਼ਸਰਸ਼ਾਹੀ ਦਾ ਪੁਤਲਾ ਸਾੜ ਕੇ ਜ਼ਬਰਦਸਤ ਰੋਸ ਪ੍ਰਦਰਸ਼ਨ ਕੀਤਾ ਸੀ। ਉਸ ਤੋਂ ਬਾਅਦ ਹੁਣ ਸਫ਼ਾਈ ਸੇਵਕਾਂ ਨੇ ਵੀ ਸੜਕਾਂ ’ਤੇ ਆਉਣ ਦਾ ਐਲਾਨ ਕਰ ਦਿੱਤਾ ਹੈ। ਸਫ਼ਾਈ ਸੇਵਕ ਭਲਕੇ 28 ਜੂਨ ਨੂੰ ਨਗਰ ਨਿਗਮ ਦਫ਼ਤਰ ਦੇ ਬਾਹਰ ਕੂੜਾ ਸੁੱਟ ਕੇ ਰੋਸ ਮੁਜ਼ਾਹਰਾ ਕਰਨਗੇ। ਇਹ ਫ਼ੈਸਲਾ ਅੱਜ ਇੱਥੇ ਪੰਜਾਬ ਸਫ਼ਾਈ ਮਜ਼ਦੂਰ ਫੈਡਰੇਸ਼ਨ ਦੀ ਮੀਟਿੰਗ ਵਿੱਚ ਲਿਆ ਗਿਆ। ਜਥੇਬੰਦੀ ਦੇ ਸੀਨੀਅਰ ਮੀਤ ਪ੍ਰਧਾਨ ਮੋਹਣ ਸਿੰਘ, ਜਨਰਲ ਸਕੱਤਰ ਪਵਨ ਗੋਡਯਾਲ, ਮੁਹਾਲੀ ਦੇ ਪ੍ਰਧਾਨ ਸੋਭਾ ਰਾਮ, ਜਗਜੀਤ ਸਿੰਘ, ਰਾਜਨ ਚਾਵਰੀਆ, ਗੁਰਪ੍ਰੀਤ ਸਿੰਘ, ਅਨਿਲ ਕੁਮਾਰ, ਯਸ਼ਪਾਲ, ਇੰਦਰਜੀਤ ਸਿੰਘ, ਰਾਜੂ ਸੰਗੇਲਿਆ, ਰੋਸ਼ਨ ਲਾਲ, ਸਚਿਨ ਕੁਮਾਰ ਅਤੇ ਬ੍ਰਿਜ ਮੋਹਨ ਤੇ ਹੋਰਨਾਂ ਆਗੂਆਂ ਨੇ ਦੱਸਿਆ ਕਿ ਸਫ਼ਾਈ ਸੇਵਕਾਂ ਵੱਲੋਂ ਮਾਰਕੀਟਾਂ ਤੇ ਸੜਕਾਂ ਦੀ ਸਫ਼ਾਈ ਕੀਤੀ ਜਾ ਰਹੀ ਹੈ ਪ੍ਰੰਤੂ ਟਰਾਲੀਆਂ/ਗੱਡੀਆਂ ਕੂੜੇ ਦੀਆਂ ਭਰੀਆਂ ਖੜ੍ਹੀਆਂ ਹਨ ਕਿਉਂਕਿ ਡੰਪਿੰਗ ਗਰਾਊਂਡ ਵਿੱਚ ਕੂੜਾ ਸੁੱਟਣ ਤੋਂ ਰੋਕ ਦਿੱਤਾ ਗਿਆ ਹੈ ਜਿਸ ਕਾਰਨ ਕੂੜਾ ਹੁਣ ਸੜਕਾਂ ਕਿਨਾਰੇ ਖਿੱਲਰਨਾ ਸ਼ੁਰੂ ਹੋ ਗਿਆ ਹੈ ਅਤੇ ਸ਼ਹਿਰ ਵਿੱਚ ਚਾਰੋਂ ਪਾਸੇ ਗੰਦਗੀ ਫੈਲ ਰਹੀ ਹੈ। ਉਨ੍ਹਾਂ ਕਿਹਾ ਕਿ ਗਮਾਡਾ ਅਤੇ ਨਗਰ ਨਿਗਮ ਦੇ ਅਧਿਕਾਰੀ ਕੂੜੇ ਦੀ ਸੰਭਾਲ ਕਰਨ ਵਿੱਚ ਅਸਫ਼ਲ ਸਾਬਿਤ ਹੋ ਰਹੇ ਹਨ। ਸੂਬਾ ਜਨਰਲ ਸਕੱਤਰ ਪਵਨ ਗੋਡਯਾਲ ਨੇ ਕਿਹਾ ਕਿ ਅੱਜ ਕੂੜਾ ਪ੍ਰਬੰਧਨ ਦੀ ਸਖ਼ਤ ਲੋੜ ਹੈ। ਹਰੇਕ ਸ਼ਹਿਰ ਵਿੱਚ ਕੂੜਾ ਸੁੱਟਣ ਲਈ ਨਿਰਧਾਰਤ ਥਾਂ ਹੈ ਪ੍ਰੰਤੂ ਮੁਹਾਲੀ ਵਿੱਚ ਬਦਲਵੇਂ ਪ੍ਰਬੰਧ ਕੀਤੇ ਬਿਨਾ ਹੀ ਡੰਪਿੰਗ ਗਰਾਊਂਡ ਵਿੱਚ ਕੂੜਾ ਸੁੱਟਣਾ ਬੰਦ ਕਰ ਦਿੱਤਾ ਗਿਆ ਹੈ। ਕੂੜੇ ਦਾ ਪ੍ਰਬੰਧ ਨਾ ਹੋਣ ਕਾਰਨ ਸਫ਼ਾਈ ਸੇਵਕ ਹੜਤਾਲ ’ਤੇ ਜਾਣ ਲਈ ਮਜਬੂਰ ਹਨ। ਉਨ੍ਹਾਂ ਕਿਹਾ ਕਿ ਆਰਐੱਮਸੀ ਪੁਆਇੰਟਾਂ ’ਤੇ ਗਿੱਲੇ ਕੂੜੇ ਦੀ ਪ੍ਰੋਸੈਸਿੰਗ ਸਹੀ ਤਰੀਕੇ ਨਾਲ ਨਹੀਂ ਹੋ ਰਹੀ ਹੈ। ਮੌਨਸੂਨ ਨੇ ਦਸਤਕ ਦੇ ਦਿੱਤੀ ਹੈ, ਜਿਸ ਕਾਰਨ ਹਾਲਾਤ ਹੋਰ ਬਦਤਰ ਹੋ ਜਾਣਗੇ।

Advertisement
Author Image

joginder kumar

View all posts

Advertisement
Advertisement
×