ਨਰਮ ਪਏ ਆੜ੍ਹਤੀਆਂ ਦੇ ਤੇਵਰ, ਚਾਰ ਦਿਨਾਂ ਤੋਂ ਬੰਦ ਬਾਸਮਤੀ ਦੀ ਖ਼ਰੀਦ ਸ਼ੁਰੂ
ਗੁਰਦੀਪ ਸਿੰਘ ਲਾਲੀ
ਸੰਗਰੂਰ, 4 ਅਕਤੂਬਰ
ਪਿਛਲੇ ਕਰੀਬ ਚਾਰ ਦਿਨਾਂ ਤੋਂ ਹੜਤਾਲ ’ਤੇ ਚੱਲ ਰਹੇ ਆੜ੍ਹਤੀਆਂ ਨੇ ਆਪਣੇ ਤੇਵਰ ਅੱਜ ਕੁੱਝ ਨਰਮ ਕਰ ਲਏ ਹਨ। ਪਹਿਲੀ ਅਕਤੂਬਰ ਤੋਂ ਝੋਨੇ ਦੀ ਸਰਕਾਰੀ ਅਤੇ ਪ੍ਰਾਈਵੇਟ ਖ਼ਰੀਦ ਦਾ ਮੁਕੰਮਲ ਬਾਈਕਾਟ ਕਰਕੇ ਆੜ੍ਹਤੀਆਂ ਨੇ ਹੜਤਾਲ ਸ਼ੁਰੂ ਕਰ ਦਿੱਤੀ ਸੀ ਪਰ ਅੱਜ ਚੌਥੇ ਦਿਨ ਆੜ੍ਹਤੀਆਂ ਨੇ ਸਿਰਫ਼ ਬਾਸਮਤੀ ਝੋਨੇ ਦੀ ਖ਼ਰੀਦ ਲਈ ਹੜਤਾਲ ਵਾਪਸ ਲੈ ਲਈ ਹੈ ਜਦੋਂਕਿ ਝੋਨੇ ਦੀ ਖ਼ਰੀਦ ਸਬੰਧੀ ਹੜਤਾਲ ਹਾਲੇ ਵੀ ਜਾਰੀ ਹੈ। ਪਿਛਲੇ ਕਈ ਦਿਨਾਂ ਤੋਂ ਬਾਸਮਤੀ ਦੀ ਆਮਦ ਅਤੇ ਖ਼ਰੀਦ ਹਲਕਾ ਵਿਧਾਇਕ ਨਰਿੰਦਰ ਕੌਰ ਭਰਾਜ ਦੇ ਯਤਨਾਂ ਸਦਕਾ ਅੱਜ ਮੁੜ ਸ਼ੁਰੂ ਹੋ ਗਈ ਹੈ। ਅਨਾਜ ਮੰਡੀ ਵਿਚ ਪੁੱਜ ਕੇ ਵਿਧਾਇਕ ਨਰਿੰਦਰ ਕੌਰ ਭਰਾਜ ਨੇ ਬਾਸਮਤੀ ਦੀ ਬੋਲੀ ਸ਼ੁਰੂ ਕਰਵਾਈ।
ਵਿਧਾਇਕ ਨਰਿੰਦਰ ਕੌਰ ਭਰਾਜ ਨੇ ਮੀਡੀਆ ਨਾਲ ਗੱਲਬਾਤ ਕਰਦਿਆਂ ਦੱਸਿਆ ਕਿ ਆੜ੍ਹਤੀਆਂ ਅਤੇ ਮਜ਼ਦੂਰਾਂ ਵਿੱਚ ਬਾਸਮਤੀ ਝੋਨੇ ਦੀ ਖ਼ਰੀਦ ਨੂੰ ਲੈ ਕੇ ਹੋਏ ਮਸਲੇ ਨੂੰ ਸਾਰੀਆਂ ਧਿਰਾਂ ਦੀ ਸਹਿਮਤੀ ਨਾਲ ਸੁਲਝਾ ਲਿਆ ਗਿਆ ਹੈ। ਵਿਧਾਇਕ ਭਰਾਜ ਨੇ ਕਿਹਾ ਕਿ ਮੌਜੂਦਾ ਸੀਜ਼ਨ ਦੌਰਾਨ ਕਿਸਾਨਾਂ ਨੂੰ ਮੰਡੀਆਂ ਵਿੱਚ ਕੋਈ ਮੁਸ਼ਕਲ ਪੇਸ਼ ਨਹੀਂ ਆਵੇਗੀ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਝੋਨੇ ਦੇ ਦਾਣੇ-ਦਾਣੇ ਦੀ ਖ਼ਰੀਦ ਅਤੇ ਚੁਕਾਈ ਕਰਨ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਮਾਰਕਿਟ ਕਮੇਟੀ ਦੇ ਅਧਿਕਾਰੀਆਂ ਨੂੰ ਝੋਨੇ ਦੀ ਖ਼ਰੀਦ, ਬਿਜਲੀ, ਪੀਣ ਲਈ ਸਾਫ਼ ਪਾਣੀ, ਸਾਫ਼ ਸਫ਼ਾਈ, ਪਖਾਨਿਆਂ ਦੀ ਸੁਵਿਧਾ ਸਬੰਧੀ ਕੋਈ ਵੀ ਲਾਪ੍ਰਵਾਹੀ ਨਾ ਵਰਤਣ ਲਈ ਸਪੱਸ਼ਟ ਦਿਸ਼ਾ-ਨਿਰਦੇਸ਼ ਦਿੱਤੇ ਗਏ ਹਨ। ਇਸ ਮੌਕੇ ਆੜ੍ਹਤੀਆ ਐਸੋਸ਼ੀਏਸ਼ਨ ਸੰਗਰੂਰ ਦੇ ਪ੍ਰਧਾਨ ਸਿਸ਼ਨ ਕੁਮਾਰ ਤੁੰਗਾਂ ਨੇ ਦੱਸਿਆ ਕਿ ਸਿਰਫ਼ ਬਾਸਮਤੀ ਦੀ ਖ਼ਰੀਦ ਸ਼ੁਰੂ ਕੀਤੀ ਗਈ ਹੈ ਜਦੋਂ ਕਿ ਝੋਨੇ ਦੀ ਖ਼ਰੀਦ ਸਬੰਧੀ ਹੜਤਾਲ ਜਾਰੀ ਹੈ। ਭਲਕੇ 5 ਅਕਤੂਬਰ ਨੂੰ ਸਰਕਾਰ ਨਾਲ ਆੜ੍ਹਤੀਆ ਐਸੋਸੀਏਸ਼ਨ ਦੀ ਸੂਬਾ ਕਮੇਟੀ ਦੀ ਮੀਟਿੰਗ ਹੋ ਰਹੀ ਹੈ ਜਿਸ ਵਿਚ ਮੰਗਾਂ ਦਾ ਹੱਲ ਹੋਣ ਦੀ ਉਮੀਦ ਹੈ। ਜ਼ਿਲ੍ਹਾ ਮੰਡੀ ਅਫ਼ਸਰ ਜਸਪਾਲ ਸਿੰਘ ਨੇ ਦੱਸਿਆ ਕਿ ਆੜ੍ਹਤੀਆਂ ਦੀ ਹੜਤਾਲ ਕਾਰਨ ਪਿਛਲੇ ਚਾਰ ਦਿਨਾਂ ਤੋਂ ਬਾਸਮਤੀ ਦੀ ਖ਼ਰੀਦ ਨਹੀਂ ਹੋਈ ਸੀ। ਅੱਜ ਜ਼ਿਲ੍ਹਾ ਭਰ ਦੀਆਂ ਮੰਡੀਆਂ ਵਿਚ ਬਾਸਮਤੀ ਦੀ ਖ਼ਰੀਦ ਸ਼ੁਰੂ ਹੋ ਗਈ ਹੈ।
ਲਹਿਰਾਗਾਗਾ (ਪੱਤਰ ਪ੍ਰੇਰਕ): ਲਹਿਰਾਗਾਗਾ ਅਨਾਜ ਮੰਡੀ ਵਿੱਚ ਮਜ਼ਦੂਰ ਯੂਨੀਅਨ, ਆੜ੍ਹਤੀਏ ਤੇ ਸ਼ੈੱਲਰ ਵਾਲਿਆਂ ਵੱਲੋਂ ਮੁਕੰਮਲ ਹੜਤਾਲ ਰੱਖੀ ਗਈ। ਮਜ਼ਦੂਰ ਯੂਨੀਅਨ ਨੇ ਮੰਗ ਕੀਤੀ ਕਿ ਉਨ੍ਹਾਂ ਦਾ ਮਿਹਨਤਾਨਾ ਹਰਿਆਣਾ ਦੇ ਤਰਜ ’ਤੇ ਬਰਾਬਰ ਕੀਤਾ ਜਾਵੇ। ਮਜ਼ਦੂਰਾਂ ਦਾ ਸੀਜ਼ਨ ਟਾਈਮ ’ਤੇ ਬੀਮਾ ਕੀਤੇ ਜਾਵੇ ਤਾਂ ਜੋ ਕਿਸੇ ਮਜ਼ਦੂਰ ਦੇ ਬਿਮਾਰ ਜਾਂ ਹਾਦਸੇ ਦਾ ਸ਼ਿਕਾਰ ਹੋਣ ਦੀ ਸੂਰਤ ਵਿੱਚ ਉਸਦੇ ਪਰਿਵਾਰ ਨੂੰ ਮੁਆਵਜ਼ਾ ਮਿਲ ਸਕੇ।
ਧੂਰੀ (ਨਿੱਜੀ ਪੱਤਰ ਪ੍ਰੇਰਕ): ਆੜ੍ਹਤੀਆ ਭਾਈਚਾਰੇ ਵੱਲੋਂ ਮਾਰਕੀਟ ਕਮੇਟੀ ਧੂਰੀ ਵਿਖੇ ਆੜ੍ਹਤੀਆ ਐਸੋਸੀਏਸ਼ਨ ਧੂਰੀ ਦੇ ਪ੍ਰਧਾਨ ਜਗਤਾਰ ਸਿੰਘ ਸਮਰਾ ਦੀ ਅਗਵਾਈ ਹੇਠ ਆਪਣੀਆਂ ਮੰਗਾਂ ਨੂੰ ਲੈ ਕੇ ਚੌਥੇ ਦਿਨ ਧਰਨਾ ਲਾਇਆ ਗਿਆ ਅਤੇ ਸਰਕਾਰਾਂ ਖ਼ਿਲਾਫ਼ ਨਾਅਰੇਬਾਜ਼ੀ ਕੀਤੀ ਗਈ । ਪ੍ਰਧਾਨ ਜਗਤਾਰ ਸਿੰਘ ਸਮਰਾ ਨੇ ਸਾਰੀਆਂ ਫਸਲਾਂ ਦੀ ਆੜ੍ਹਤ ’ਚ 2.5 ਫ਼ੀਸਦ ਦਾ ਵਾਧਾ ਕਰਨ ਦੀ ਮੰਗ ਕੀਤੀ। ਕਿਸਾਨ ਜੱਥੇਬੰਦੀਆਂ ਨੇ ਵੀ ਸੰਘਰਸ਼ ਦਾ ਸਮਰਥਨ ਕੀਤਾ।