ਹਰਿਆਣਾ ਦੀ ਨਾਇਬ ਸਿੰਘ ਸੈਣੀ ਸਰਕਾਰ ਨੇ ਜਿੱਤਿਆ ਭਰੋਸੇ ਦਾ ਵੋਟ
ਆਤਿਸ਼ ਗੁਪਤਾ
ਚੰਡੀਗੜ੍ਹ, 13 ਮਾਰਚ
ਹਰਿਆਣਾ ਦੇ ਨਵੇਂ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਅੱਜ ਹਰਿਆਣਾ ਵਿਧਾਨ ਸਭਾ ਦੇ ਵਿਸ਼ੇਸ਼ ਸੈਸ਼ਨ ਵਿੱਚ ਭਰੋਸੇ ਦਾ ਵੋਟ ਜਿੱਤ ਲਿਆ। ਇਸ ਮੌਕੇ ਵਿਰੋਧੀ ਧਿਰ ਦੇ ਆਗੂ ਤੇ ਸਾਬਕਾ ਮੁੱਖ ਮੰਤਰੀ ਭੁਪਿੰਦਰ ਸਿੰਘ ਹੁੱਡਾ ਵੱਲੋਂ ਭਰੋਸੇ ਦੇ ਮਤੇ ’ਤੇ ਗੁਪਤ ਵੋਟਿੰਗ ਕਰਵਾਉਣ ਦੀ ਮੰਗ ਕੀਤੀ ਗਈ ਪਰ ਸਪੀਕਰ ਗਿਆਨ ਚੰਦ ਗੁਪਤਾ ਨੇ ਅਜਿਹਾ ਕੋਈ ਨਿਯਮ ਨਾ ਹੋਣ ਦਾ ਦਾਅਵਾ ਕਰਦਿਆਂ ਵਿਰੋਧੀ ਧਿਰ ਦੀ ਮੰਗ ਠੁਕਰਾ ਦਿੱਤੀ। ਵਿਧਾਨ ਸਭਾ ਸਪੀਕਰ ਵੱਲੋਂ ਇਹ ਮਤਾ ਜ਼ੁਬਾਨੀ ਵੋਟਾਂ ਰਾਹੀਂ ਪਾਸ ਕਰ ਦਿੱਤਾ ਗਿਆ। ਉਧਰ ਹਰਿਆਣਾ ਦੇ ਸਾਬਕਾ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਨੇ ਵਿਧਾਨ ਸਭਾ ਵਿੱਚ ਹੀ ਵਿਧਾਨ ਸਭਾ ਹਲਕਾ ਕਰਨਾਲ ਤੋਂ ਵਿਧਾਇਕ ਦੇ ਅਹੁਦੇ ਤੋਂ ਅਸਤੀਫ਼ਾ ਦੇਣ ਦਾ ਐਲਾਨ ਕਰ ਦਿੱਤਾ ਹੈ। ਉਨ੍ਹਾਂ ਨੇ ਹਰਿਆਣਾ ਦੇ ਨਵੇਂ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੂੰ ਕਰਨਾਲ ਹਲਕੇ ਦਾ ਧਿਆਨ ਰੱਖਣ ਦੀ ਅਪੀਲ ਕੀਤੀ।
ਅੱਜ ਸੈਸ਼ਨ ਸ਼ੁਰੂ ਹੁੰਦਿਆ ਹੀ ਵਿਰੋਧੀ ਧਿਰ ਕਾਂਗਰਸ ਨੇ ਵਿਧਾਨ ਸਭਾ ਸਪੀਕਰ ਵੱਲੋਂ ਵਿਸ਼ੇਸ਼ ਸੈਸ਼ਨ ਸੱਦਣ ਦੇ ਕਾਰਨ ਪੁੱਛੇ। ਇਸ ਦੌਰਾਨ ਕਾਂਗਰਸੀ ਵਿਧਾਇਕਾਂ ਨੇ ਸੈਸ਼ਨ ਸੱਦਣ ਦਾ ਵਿਰੋਧ ਕੀਤਾ ਅਤੇ ਹੰਗਾਮਾ ਕੀਤਾ। ਇਸੇ ਦੌਰਾਨ ਨਾਇਬ ਸਿੰਘ ਸੈਣੀ ਨੇ ਭਰੋਸੇ ਦਾ ਮਤਾ ਪੇਸ਼ ਕੀਤਾ ਤਾਂ ਜਨਨਾਇਕ ਜਨਤਾ ਪਾਰਟੀ (ਜਜਪਾ) ਦੇ ਵਿਧਾਇਕ ਦੇਵੇਂਦਰ ਸਿੰਘ ਬਬਲੀ, ਰਾਮ ਕੁਮਾਰ ਗੌਤਮ, ਈਸ਼ਵਰ ਸਿੰਘ, ਰਾਮ ਨਿਵਾਸ ਤੇ ਜੋਗੀ ਰਾਮ ਸਿਹਾਗ ਸਦਨ ’ਚੋਂ ਬਾਹਰ ਚਲੇ ਗਏ। ਜ਼ਿਕਰਯੋਗ ਹੈ ਕਿ ਜਜਪਾ ਨੇ ਅੱਜ ਵ੍ਹਿਪ ਜਾਰੀ ਕਰ ਕੇ ਆਪਣੇ 10 ਵਿਧਾਇਕਾਂ ਨੂੰ ਭਰੋਸੇ ਦੇ ਮਤੇ ’ਤੇ ਵੋਟਿੰਗ ਦੌਰਾਨ ਸਦਨ ’ਚੋਂ ਗੈਰਹਾਜ਼ਰ ਰਹਿਣ ਦੇ ਨਿਰਦੇਸ਼ ਦਿੱਤੇ ਸਨ। ਇਸ ਦੌਰਾਨ ਹਰਿਆਣਾ ਦੇ ਸਾਬਕਾ ਗ੍ਰਹਿ ਤੇ ਸਿਹਤ ਮੰਤਰੀ ਅਨਿਲ ਵਿਜ ਵੀ ਮੌਜੂਦ ਰਹੇ। ਇਸ ਮਗਰੋਂ ਹਰਿਆਣਾ ਦੇ ਨਵੇਂ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਭਾਜਪਾ ਦੇ ਸਾਢੇ 9 ਸਾਲਾਂ ਦੇ ਸ਼ਾਸਨ ਦੀਆਂ ਪ੍ਰਾਪਤੀਆਂ ਗਿਣਵਾਈਆਂ। ਉਨ੍ਹਾਂ ਕਿਹਾ ਕਿ ਸਾਬਕਾ ਮੁੱਖ ਮੰਤਰੀ ਮਨੋਹਰ ਲਾਲ ਦੀ ਅਗਵਾਈ ਹੇਠ ਪਿਛਲੇ ਸਾਢੇ 9 ਸਾਲਾਂ ਵਿਚ ਸੂਬੇ ਦਾ ਚਹੁੰਮੁਖੀ ਵਿਕਾਸ ਹੋਇਆ ਹੈ।
ਖੱਟਰ ਨੇ ਸਦਨ ਦੇ ਸਾਰੇ ਮੈਂਬਰਾਂ ਦਾ ਕੀਤਾ ਧੰਨਵਾਦ
ਹਰਿਆਣਾ ਦੇ ਸਾਬਕਾ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਨੇ ਵਿਧਾਇਕ ਦੇ ਅਹੁਦੇ ਤੋਂ ਅਸਤੀਫ਼ਾ ਦਿੰਦਿਆਂ ਕਿਹਾ ਕਿ ਕਰਨਾਲ ਹੀ ਸੀਐੱਮ ਸਿਟੀ ਰਹੇਗੀ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਨਾਇਬ ਸਿੰਘ ਲਈ ਉਨ੍ਹਾਂ ਕਰਨਾਲ ਵਿਧਾਨ ਸਭਾ ਤੋਂ ਅਸਤੀਫ਼ਾ ਦੇ ਦਿੱਤਾ ਹੈ। ਖੱਟਰ ਨੇ ਸਦਨ ਦੇ ਸਾਰੇ ਮੈਂਬਰਾਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਨ੍ਹਾਂ ਨੂੰ ਲਗਪਗ ਸਾਢੇ 9 ਸਾਲ ਸਦਨ ਦੀ ਅਗਵਾਈ ਕਰਨ ਦਾ ਮੌਕਾ ਮਿਲਿਆ। ਇਸ ਦੌਰਾਨ ਲੋਕ ਹਿੱਤ ਵਿੱਚ ਕੰਮ ਕੀਤੇ ਗਏ। ਉਨ੍ਹਾਂ ਕਿਹਾ ਕਿ ਪਾਰਟੀ ਉਨ੍ਹਾਂ ਲਈ ਜੋ ਵੀ ਜ਼ਿੰਮੇਵਾਰੀ ਤੈਅ ਕਰੇਗੀ, ਉਹ ਉਸ ਨੂੰ ਜ਼ਿੰਮੇਵਾਰੀ ਨਾਲ ਨਿਭਾਉਣਗੇ।
ਭਾਜਪਾ-ਜਜਪਾ ਦੇ ਕਿਰਦਾਰ ਨਵੇਂ, ਗੱਠਜੋੜ ਪੁਰਾਣਾ: ਹੁੱਡਾ
ਹਰਿਆਣਾ ਦੇ ਸਾਬਕਾ ਮੁੱਖ ਮੰਤਰੀ ਤੇ ਵਿਰੋਧੀ ਧਿਰ ਦੇ ਆਗੂ ਭੁਪਿੰਦਰ ਸਿੰਘ ਹੁੱਡਾ ਨੇ ਕਿਹਾ ਕਿ ਭਾਜਪਾ-ਜਜਪਾ ਦੇ ਸਿਰਫ਼ ਕਿਰਦਾਰ ਬਦਲੇ ਹਨ, ਗਠਜੋੜ ਉਹ ਹੀ ਹੈ। ਉਨ੍ਹਾਂ ਕਿਹਾ ਕਿ ਜੇ ਜਜਪਾ ਨੇ ਭਾਜਪਾ ਨਾਲੋਂ ਗੱਠਜੋੜ ਤੋੜ ਦਿੱਤਾ ਹੈ ਤਾਂ ਅੱਜ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਵੱਲੋਂ ਪੇਸ਼ ਕੀਤੇ ਗਏ ਭਰੋਸੇ ਦੇ ਮਤੇ ਸਮੇਂ ਉਸ ਦੇ ਵਿਧਾਇਕਾਂ ਨੂੰ ਹਾਜ਼ਰ ਰਹਿਣਾ ਚਾਹੀਦਾ ਸੀ। ਜਜਪਾ ਨੇ ਭਰੋਸੇ ਦੇ ਮਤੇ ’ਤੇ ਵੋਟਿੰਗ ਸਮੇਂ ਗੈਰ-ਹਾਜ਼ਰ ਰਹਿ ਕੇ ਸਪੱਸ਼ਟ ਕਰ ਦਿੱਤਾ ਕਿ ਦੋਵੇ ਪਾਰਟੀਆਂ ਅੰਦਰੋਂ ਹਾਲੇ ਵੀ ਇਕੱਠੀਆਂ ਹਨ।