ਦਿੱਲੀ ਬਿਜਲੀ ਰੈਗੂਲੇਟਰੀ ਕਮਿਸ਼ਨ ਦੇ ਨਵੇਂ ਮੁਖੀ ਨੇ ਅਹੁਦਾ ਸੰਭਾਲਿਆ
ਪੱਤਰ ਪ੍ਰੇਰਕ
ਨਵੀਂ ਦਿੱਲੀ, 31 ਅਗਸਤ
ਦਿੱਲੀ ਬਿਜਲੀ ਰੈਗੂਲੇਟਰੀ ਕਮਿਸ਼ਨ ਦੇ ਨਵ-ਨਿਯੁਕਤ ਮੁਖੀ ਸਾਬਕਾ ਜਸਟਿਸ ਜੈਯੰਤ ਨਾਥ ਨੇ ਅੱਜ ਆਪਣਾ ਅਹੁਦਾ ਸੰਭਾਲ ਲਿਆ ਹੈ। ਸ੍ਰੀ ਨਾਥ ਨੂੰ ਅਹੁਦੇ ਦੇ ਭੇਦ ਗੁਪਤ ਰੱਖਣ ਦੀ ਸਹੁੰ ਦਿੱਲੀ ਦੇ ਬਿਜਲੀ ਮੰਤਰੀ ਆਤਿਸ਼ੀ ਨੇ ਚੁਕਾਈ। ਇਸ ਦੌਰਾਨ ਆਤਿਸ਼ੀ ਨੇ ਕਿਹਾ ਕਿ ਉਹ ਦਿੱਲੀ ਵਿੱਚ ਊਰਜਾ ਖੇਤਰ ਵਿੱਚ ਹੋਰ ਸੁਧਾਰ ਕਰਨ ਲਈ ਉਨ੍ਹਾਂ ਨਾਲ ਕੰਮ ਕਰਨ ਵਾਸਤੇ ਉਤਸ਼ਾਹਿਤ ਹਨ। ਉਧਰ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਦਿੱਲੀ ਬਿਜਲੀ ਰੈਗੂਲੇਟਰੀ ਕਮਿਸ਼ਨ ਦੇ ਨਵੇਂ ਮੁਖੀ ਨੂੰ ਵਧਾਈ ਦਿੰਦਿਆਂ ਸਰਕਾਰ ਤਰਫੋਂ ਹਰ ਤਰ੍ਹਾਂ ਦੇ ਸਹਿਯੋਗ ਦਾ ਭਰੋਸਾ ਦਿੱਤਾ ਹੈ। ਜ਼ਿਕਰਯੋਗ ਹੈ ਕਿ ਕੇਜਰੀਵਾਲ ਸਰਕਾਰ ਤੇ ਦਿੱਲੀ ਦੇ ਉਪ-ਰਾਜਪਾਲ ਵਿਚਾਲੇ ਅਧਿਕਾਰਾਂ ਦੀ ਜੰਗ ਦਰਮਿਆਨ ਇਹ ਅਹੁਦਾ ਕਈ ਮਹੀਨਿਆਂ ਤੋਂ ਖਾਲੀ ਪਿਆ ਸੀ। ਇਸ ਦੌਾਰਨ ਦਿੱਲੀ ਸਰਕਾਰ ਵੱਲੋਂ ਬਿਜਲੀ ਖਪਤਕਾਰਾਂ ਨੂੰ ਸਬਸਿਡੀ ਦੀ ਲਾਗੂ ਯੋਜਨਾ ਬੰਦ ਕਰਨ ਵਰਗੇ ਦੋਸ਼ ਮੁੱਖ ਮੰਤਰੀ ਨੇ ਕੇਂਦਰ ਸਰਕਾਰ ’ਤੇ ਲਾਏ ਸਨ। ਸੁਪਰੀਮ ਕੋਰਟ ਨੇ 4 ਅਗਸਤ ਨੂੰ ਦਿੱਲੀ ਹਾਈ ਕੋਰਟ ਦੇ ਸਾਬਕਾ ਜੱਜ ਜਸਟਿਸ ਨਾਥ ਨੂੰ ਦਿੱਲੀ ਇਲੈਕਟ੍ਰੀਸਿਟੀ ਰੈਗੂਲੇਟਰੀ ਕਮਿਸ਼ਨ (ਡੀਈਆਰਸੀ) ਦਾ ਅੰਤਰਿਮ ਚੇਅਰਮੈਨ ਨਿਯੁਕਤ ਕੀਤਾ ਸੀ। ਇਸ ਤੋਂ ਇਲਾਵਾ ਜਸਟਿਸ ਸ਼ਬੀਹੁਲ ਹਸਨੈ ਦੇ 9 ਜਨਵਰੀ 2023 ਨੂੰ ਅਹੁਦਾ ਛੱਡਣ ਤੋਂ ਬਾਅਦ ਡੀਈਆਰਸੀ ਦੇ ਚੇਅਰਪਰਸਨ ਦਾ ਅਹੁਦਾ ਖਾਲੀ ਹੋ ਗਿਆ ਸੀ।
ਇਸ ਦੌਰਾਨਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਡੀਈਆਰਸੀ ਦੇ ਚੇਅਰਪਰਸਨ ਵਜੋਂ ਅਹੁਦਾ ਸੰਭਾਲਣ ਵਾਲੇ ਜਸਟਿਸ ਜੈਅੰਤ ਨਾਥ (ਸੇਵਾਮੁਕਤ) ਨੂੰ ਦਿੱਲੀ ਸਰਕਾਰ ਵੱਲੋਂ ਪੂਰਨ ਸਹਿਯੋਗ ਦਾ ਭਰੋਸਾ ਦਿੱਤਾ ਹੈ।