For the best experience, open
https://m.punjabitribuneonline.com
on your mobile browser.
Advertisement

ਨਵੇਂ ਅਪਰਾਧਿਕ ਕਾਨੂੰਨ ਅੱਜ ਤੋਂ ਹੋਣਗੇ ਲਾਗੂ

07:28 AM Jul 01, 2024 IST
ਨਵੇਂ ਅਪਰਾਧਿਕ ਕਾਨੂੰਨ ਅੱਜ ਤੋਂ ਹੋਣਗੇ ਲਾਗੂ
Advertisement

ਨਵੀਂ ਦਿੱਲੀ, 30 ਜੂਨ
ਤਿੰਨ ਨਵੇਂ ਅਪਰਾਧਿਕ ਕਾਨੂੰਨ 1 ਜੁਲਾਈ ਤੋਂ ਦੇਸ਼ ਭਰ ’ਚ ਲਾਗੂ ਹੋਣਗੇ ਜਿਸ ਨਾਲ ਭਾਰਤ ਦੀ ਅਪਰਾਧਿਕ ਨਿਆਂ ਪ੍ਰਣਾਲੀ ’ਚ ਵੱਡੇ ਪੱਧਰ ’ਤੇ ਤਬਦੀਲੀ ਆਵੇਗੀ ਅਤੇ ਬਸਤੀਵਾਦੀ ਸਮੇਂ ਦੇ ਕਾਨੂੰਨਾਂ ਦਾ ਅੰਤ ਹੋ ਜਾਵੇਗਾ।
ਭਾਰਤੀ ਨਿਆਏ ਸੰਹਿਤਾ, ਭਾਰਤੀ ਨਾਗਰਿਕ ਸੁਰਕਸ਼ਾ ਸੰਹਿਤਾ ਤੇ ਭਾਰਤੀ ਸਾਕਸ਼ਯ ਅਧਿਨਿਯਮ ਬਰਤਾਨਵੀ ਕਾਲ ਦੇ ਕ੍ਰਮਵਾਰ ਇੰਡੀਅਨ ਪੀਨਲ ਕੋਡ, ਕੋਡ ਆਫ ਕ੍ਰਿਮੀਨਲ ਪ੍ਰੋਸੀਜ਼ਰ ਅਤੇ ਇੰਡੀਅਨ ਐਵੀਡੈਂਸ ਐਕਟ ਦੀ ਥਾਂ ਲੈਣਗੇ। ਨਵੇਂ ਕਾਨੂੰਨਾਂ ਨਾਲ ਇੱਕ ਆਧੁਨਿਕ ਨਿਆਂ ਪ੍ਰਣਾਲੀ ਸਥਾਪਤ ਹੋਵੇਗੀ ਜਿਸ ਵਿੱਚ ‘ਜ਼ੀਰੋ ਐੱਫਆਈਆਰ’, ਪੁਲੀਸ ’ਚ ਆਨਲਾਈਨ ਸ਼ਿਕਾਇਤ ਦਰਜ ਕਰਾਉਣਾ, ‘ਐੱਸਐੱਮਐੱਸ’ (ਮੋਬਾਈਲ ਫੋਨ ’ਤੇ ਸੰਦੇਸ਼) ਰਾਹੀਂ ਸੰਮਨ ਭੇਜਣ ਜਿਹੇ ਇਲੈਕਟ੍ਰੌਨਿਕ ਮਾਧਿਅਮਾਂ ਅਤੇ ਸਾਰੇ ਗੰਭੀਰ ਅਪਰਾਧਾਂ ਵਾਲੇ ਘਟਨਾ ਸਥਾਨ ਦੀ ਲਾਜ਼ਮੀ ਵੀਡੀਓਗ੍ਰਾਫੀ ਜਿਹੀਆਂ ਮੱਦਾਂ ਸ਼ਾਮਲ ਹੋਣਗੀਆਂ। ਅਧਿਕਾਰਤ ਸੂਤਰਾਂ ਨੇ ਦੱਸਿਆ ਕਿ ਇਨ੍ਹਾਂ ਕਾਨੂੰਨਾਂ ’ਚ ਕੁਝ ਮੌਜੂਦਾ ਸਮਾਜਿਕ ਸੱਚਾਈਆਂ ਤੇ ਅਪਰਾਧਾਂ ਨਾਲ ਨਜਿੱਠਣ ਦੀ ਕੋਸ਼ਿਸ਼ ਕੀਤੀ ਗਈ ਹੈ ਅਤੇ ਸੰਵਿਧਾਨ ਦੇ ਆਦਰਸ਼ਾਂ ਨੂੰ ਧਿਆਨ ’ਚ ਰਖਦਿਆਂ ਇਨ੍ਹਾਂ ਨਾਲ ਅਸਰਦਾਰ ਢੰਗ ਨਾਲ ਨਜਿੱਠਣ ਦਾ ਇੱਕ ਤੰਤਰ ਮੁਹੱਈਆ ਕੀਤਾ ਗਿਆ ਹੈ।
ਨਵੇਂ ਕਾਨੂੰਨਾਂ ਤਹਿਤ ਅਪਰਾਧਿਕ ਮਾਮਲਿਆਂ ’ਚ ਫ਼ੈਸਲਾ ਮੁਕੱਦਮਾ ਪੂਰਾ ਹੋਣ ਦੇ 45 ਦਿਨ ਅੰਦਰ ਆਵੇਗਾ ਅਤੇ ਪਹਿਲੀ ਸੁਣਵਾਈ ਦੇ 60 ਦਿਨ ਅੰਦਰ ਦੋਸ਼ ਤੈਅ ਕੀਤੇ ਜਾਣਗੇ। ਜਬਰ ਜਨਾਹ ਪੀੜਤਾਂ ਦਾ ਬਿਆਨ ਹੁਣ ਮਹਿਲਾ ਪੁਲੀਸ ਅਧਿਕਾਰੀ ਉਸ ਦੇ ਪਰਿਵਾਰਕ ਮੈਂਬਰਾਂ ਜਾਂ ਰਿਸ਼ਤੇਦਾਰਾਂ ਦੀ ਹਾਜ਼ਰੀ ’ਚ ਦਰਜ ਕਰੇਗੀ ਅਤੇ ਮੈਡੀਕਲ ਰਿਪੋਰਟ ਸੱਤ ਦਿਨ ਅੰਦਰ ਦੇਣੀ ਹੋਵੇਗੀ। ਨਵੇਂ ਕਾਨੂੰਨਾਂ ’ਚ ਸੰਗਠਿਤ ਅਪਰਾਧਾਂ ਤੇ ਅਤਿਵਾਦੀ ਗਤੀਵਿਧੀਆਂ ਨੂੰ ਪਰਿਭਾਸ਼ਤ ਕੀਤਾ ਗਿਆ ਹੈ, ਰਾਜ ਧਰੋਹ ਦੀ ਥਾਂ ਦੇਸ਼ ਧਰੋਹ ਲਿਆਂਦਾ ਗਿਆ ਹੈ ਅਤੇ ਸਾਰੀਆਂ ਤਲਾਸ਼ੀਆਂ ਤੇ ਜ਼ਬਤੀਆਂ ਦੀ ਕਾਰਵਾਈ ਦੀ ਵੀਡੀਓਗ੍ਰਾਫੀ ਕਰਾਉਣੀ ਲਾਜ਼ਮੀ ਕੀਤੀ ਗਈ ਹੈ। ਮਹਿਲਾਵਾਂ ਤੇ ਬੱਚਿਆਂ ਖ਼ਿਲਾਫ਼ ਅਪਰਾਧਾਂ ਦਾ ਇੱਕ ਨਵਾਂ ਅਧਿਆਏ ਜੋੜਿਆ ਗਿਆ ਹੈ। ਕਿਸੇ ਬੱਚੇ ਨੂੰ ਖਰੀਦਣਾ ਤੇ ਵੇਚਣਾ ਗੰਭੀਰ ਅਪਰਾਧ ਬਣਾਇਆ ਗਿਆ ਹੈ। -ਪੀਟੀਆਈ

Advertisement

ਨਵੇਂ ਕਾਨੂੰਨ ਨਿਆਂ ਮੁਹੱਈਆ ਕਰਾਉਣ ਨੂੰ ਤਰਜੀਹ ਦੇਣਗੇ: ਸ਼ਾਹ

ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਕਿਹਾ ਕਿ ਨਵੇਂ ਕਾਨੂੰਨ ਨਿਆਂ ਮੁਹੱਈਆ ਕਰਾਉਣ ਨੂੰ ਤਰਜੀਹ ਦੇਣਗੇ ਜਦਕਿ ਅੰਗਰੇਜ਼ਾਂ (ਦੇਸ਼ ’ਤੇ ਬਰਤਾਨਵੀ ਰਾਜ) ਦੇ ਸਮੇਂ ਦੇ ਕਾਨੂੰਨਾਂ ’ਚ ਸਜ਼ਾਯੋਗ ਕਾਰਵਾਈ ਨੂੰ ਤਰਜੀਹ ਦਿੱਤੀ ਗਈ ਸੀ। ਉਨ੍ਹਾਂ ਕਿਹਾ, ‘ਇਨ੍ਹਾਂ ਕਾਨੂੰਨਾਂ ਨੂੰ ਭਾਰਤੀਆਂ, ਭਾਰਤੀਆਂ ਲਈ ਤੇ ਭਾਰਤੀ ਸੰਸਦ ਵੱਲੋਂ ਬਣਾਇਆ ਗਿਆ ਹੈ ਅਤੇ ਇਹ ਬਸਤੀਵਾਦੀ ਕਾਲ ਦੇ ਨਿਆਂਇਕ ਕਾਨੂੰਨਾਂ ਨੂੰ ਖਤਮ ਕਰਦੇ ਹਨ।’

Advertisement

ਦਿੱਲੀ ਤੇ ਬਿਹਾਰ ਪੁਲੀਸ ਨਵੇਂ ਕਾਨੂੰਨਾਂ ਲਈ ਤਿਆਰ

ਨਵੀਂ ਦਿੱਲੀ/ਪਟਨਾ: ਦਿੱਲੀ ਪੁਲੀਸ ਤੇ ਬਿਹਾਰ ਪੁਲੀਸ ਨੇ 1 ਜੁਲਾਈ ਤੋਂ ਲਾਗੂ ਹੋਣ ਵਾਲੇ ਨਵੇਂ ਫੌਜਦਾਰੀ ਕਾਨੂੰਨਾਂ ਲਈ ਪੂਰੀ ਤਿਆਰੀ ਕਰ ਲਈ ਹੈ। ਦਿੱਲੀ ਪੁਲੀਸ ਦੇ ਇੱਕ ਸੀਨੀਅਰ ਅਧਿਕਾਰੀ ਨੇ ਦੱਸਿਆ, ‘ਨਵੇਂ ਕਾਨੂੰਨਾਂ ਸਮਝਣ ਲਈ ਢੁੱਕਵੀਂ ਸਿਖਲਾਈ ਦਿੱਤੀ ਜਾ ਰਹੀ ਹੈ ਅਤੇ ਸਿਖਲਾਈ ਹਾਸਲ ਕਰਨ ਵਾਲਿਆਂ ਨੂੰ ਨਵੇਂ ਕਾਨੂੰਨਾਂ ਨੂੰ ਸਮਝਣ ਲਈ ਕਿਤਾਬਚਾ ਦਿੱਤਾ ਗਿਆ ਹੈ।’ ਅਧਿਕਾਰੀ ਨੇ ਦੱਸਿਆ ਕਿ ਪਿਛਲੇ 15 ਦਿਨਾਂ ’ਚ ਦਿੱਲੀ ਦੇ ਪੁਲੀਸ ਮੁਲਾਜ਼ਮਾਂ ਲਈ ਇੱਕ ਸਿਖਲਾਈ ਪ੍ਰਕਿਰਿਆ ਸ਼ੁਰੂ ਕੀਤੀ ਗਈ ਹੈ ਜਿਸ ਤਹਿਤ ਉਨ੍ਹਾਂ ‘ਡਮੀ ਐੱਫਆਈਆਰ’ ਦਰਜ ਕੀਤੀਆਂ ਹਨ। ਦੂਜੇ ਪਾਸੇ ਬਿਹਾਰ ਪੁਲੀਸ ਤੇ ਸੂਬਾ ਸਰਕਾਰ ਦੀਆਂ ਹੋਰ ਸਬੰਧਤ ਸ਼ਾਖਾਵਾਂ ਨੇ ਵੀ ਨਵੇਂ ਕਾਨੂੰਨਾਂ ਲਈ ਸਾਰੀਆਂ ਤਿਆਰੀਆਂ ਪੂਰੀਆਂ ਕਰ ਲਈਆਂ ਹਨ। ਅਧਿਕਾਰੀਆਂ ਨੇ ਦੱਸਿਆ ਕਿ ਨਵੇਂ ਕਾਨੂੰਨਾਂ ਬਾਰੇ 1 ਜੁਲਾਈ ਤੋਂ ਸੂਬੇ ਦੇ ਹਰ ਥਾਣੇ ’ਚ ਵਿਸ਼ੇਸ਼ ਪ੍ਰੋਗਰਾਮ ਕਰਵਾਏ ਜਾਣਗੇ ਜਿਸ ਦੌਰਾਨ ਥਾਣਾ ਮੁਖੀ ਸਥਾਨਕ ਲੋਕਾਂ ਨੂੰ ਸੱਦ ਕੇ ਉਨ੍ਹਾਂ ਨੂੰ ਨਵੇਂ ਫੌਜਦਾਰੀ ਕਾਨੂੰਨਾਂ ਬਾਰੇ ਜਾਣਕਾਰੀ ਦੇਣਗੇ। -ਪੀਟੀਆਈ

Advertisement
Author Image

sukhwinder singh

View all posts

Advertisement