ਨਵੀਆਂ ਚੁਣੀਆਂ ਪੰਚਾਇਤਾਂ ਨੇ ‘ਆਪ’ ਦਾ ਪੱਲਾ ਫੜਿਆ
ਦਰਸ਼ਨ ਸਿੰਘ ਸੋਢੀ
ਐਸ.ਏ.ਐਸ. ਨਗਰ (ਮੁਹਾਲੀ), 17 ਅਕਤੂਬਰ
ਮੁਹਾਲੀ ਹਲਕੇ ਵਿੱਚ ਜ਼ਿਆਦਾਤਰ ਨਵੀਆਂ ਚੁਣੀਆਂ ਗਈਆਂ ਗਰਾਮ ਪੰਚਾਇਤਾਂ ਨੇ ਆਮ ਆਦਮੀ ਪਾਰਟੀ (ਆਪ) ਦਾ ਪੱਲਾ ਫੜਿਆ। ਪਿੰਡਾਂ ਦੇ ਸਰਬਪੱਖੀ ਵਿਕਾਸ ਲਈ ਅੱਜ ਦੋ ਦਰਜਨ ਪਿੰਡਾਂ ਦੇ ਨਵੇਂ ਚੁਣੇ ਗਏ ਪੰਚਾਂ-ਸਰਪੰਚਾਂ ਅਤੇ ਨਗਰ ਨਿਵਾਸੀਆਂ ਨੇ ‘ਆਪ’ ਵਿਧਾਇਕ ਕੁਲਵੰਤ ਸਿੰਘ ਦਾ ਥਾਪੜਾ ਲਿਆ। ਪਹਿਲੀ ਵਾਰ ਸਰਪੰਚ ਬਣੇ ਨੌਜਵਾਨਾਂ ਅਤੇ ਔਰਤਾਂ ਵਿੱਚ ਭਾਰੀ ਉਤਸ਼ਾਹ ਸੀ।
ਇਸ ਮੌਕੇ ਵਿਧਾਇਕ ਕੁਲਵੰਤ ਸਿੰਘ ਨੇ ਜੇਤੂ ਪੰਚਾਂ-ਸਰਪੰਚਾਂ ਨੂੰ ਵਧਾਈ ਦਿੱਤੀ ਅਤੇ ਉਨ੍ਹਾਂ ਨੂੰ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ। ਉਨ੍ਹਾਂ ਨੇ ਪਿੰਡਾਂ ਵਿੱਚ ਅਮਨ-ਸ਼ਾਂਤੀ ਬਣਾਈ ਰੱਖਣ ਲਈ ਸਮੂਹ ਵੋਟਰਾਂ ਅਤੇ ਆਮ ਨਾਗਰਿਕਾਂ ਦਾ ਵੀ ਧੰਨਵਾਦ ਕੀਤਾ। ਉਨ੍ਹਾਂ ਦੱਸਿਆ ਕਿ 70 ’ਚੋਂ 63 ਪੰਚਾਇਤਾਂ ‘ਆਪ’ ਪੱਖੀ ਚੁਣੀਆਂ ਗਈਆਂ ਹਨ। ਉਨ੍ਹਾਂ ਨੇ ‘ਆਪ’ ਦਫ਼ਤਰ ਪਹੁੰਚੇ ਵੱਡੀ ਗਿਣਤੀ ਸਰਪੰਚਾਂ-ਪੰਚਾਂ ਨੂੰ ਪਿੰਡਾਂ ਦੇ ਵਿਕਾਸ ਅਤੇ ਲੋਕ ਭਲਾਈ ਕੰਮਾਂ ਨੂੰ ਤਰਜੀਹ ਦੇਣ ਲਈ ਪ੍ਰੇਰਿਆ। ਉਨ੍ਹਾਂ ਕਿਹਾ ਕਿ ਪੰਚਾਇਤ ਕਿਸੇ ਇੱਕ ਪਾਰਟੀ ਦਾ ਨਹੀਂ ਹੁੰਦੀ ਸਗੋਂ ਉਹ ਪੂਰੇ ਪਿੰਡ ਦੀ ਨੁਮਾਇੰਦਾ ਜਮਾਤ ਹੁੰਦੀ ਹੈ। ਇਸ ਲਈ ਨਿਰਪੱਖ ਅਤੇ ਪਾਰਦਰਸ਼ਤਾ ਨਾਲ ਵਿਕਾਸ ਦੇ ਨਾਲ-ਨਾਲ ਆਪਸੀ ਭਾਈਚਾਰੇ ਨੂੰ ਕਾਇਮ ਰੱਖਿਆ ਜਾਵੇ।
ਕੁਲਵੰਤ ਸਿੰਘ ਨੇ ਨਵੀਆਂ ਪੰਚਾਇਤਾਂ ਨੂੰ ਭਰੋਸਾ ਦਿੱਤਾ ਕਿ ਪਿੰਡਾਂ ਦੇ ਸਰਬਪੱਖੀ ਵਿਕਾਸ ਲਈ ਦਿਲ ਖੋਲ੍ਹ ਕੇ ਗਰਾਂਟਾਂ ਦਿੱਤੀਆਂ ਜਾਣਗੀਆਂ ਅਤੇ ਮੌਜੂਦਾ ਸਮੇਂ ਵਿੱਚ ਚੱਲ ਰਹੇ ਕਾਰਜਾਂ ਨੂੰ ਮਿਥੇ ਸਮੇਂ ਵਿੱਚ ਮੁਕੰਮਲ ਕੀਤਾ ਜਾਵੇਗਾ ਅਤੇ ਨਵੇਂ ਕੰਮਾਂ ਦੇ ਐਸਟੀਮੇਟ ਤਿਆਰ ਕਰਕੇ ਲੋੜੀਂਦੇ ਫੰਡ ਜੁਟਾਉਣ ਲਈ ਸਰਕਾਰ ਨੂੰ ਪ੍ਰਸਤਾਵ ਭੇਜਿਆ ਜਾਵੇਗਾ। ਉਨ੍ਹਾਂ ਦੱਸਿਆ ਕਿ 11 ਪੰਚਾਇਤਾਂ ਸਰਬਸੰਮਤੀ ਨਾਲ ਚੁਣੀਆਂ ਗਈਆਂ ਹਨ। ਇਹ ਗਿਣਤੀ ਹੋਰ ਵੀ ਵੱਧ ਹੋਣੀ ਸੀ ਪਰ ਵਿਰੋਧੀ ਪਾਰਟੀਆਂ ਦੇ ਆਗੂਆਂ ਨੇ ਸਾਜ਼ਿਸ਼ ਤਹਿਤ ਕਈ ਪਿੰਡਾਂ ਵਿੱਚ ਸਰਬਸੰਮਤੀ ਨਹੀਂ ਹੋ ਦਿੱਤੀ।
ਵਿਧਾਇਕ ਰੰਧਾਵਾ ਵੱਲੋਂ ਪਿੰਡਾਂ ਦੇ ਵਿਕਾਸ ਲਈ ਪੂਰੀ ਗਰਾਂਟ ਦੇਣ ਦਾ ਭਰੋਸਾ
ਡੇਰਾਬੱਸੀ (ਹਰਜੀਤ ਸਿੰਘ): ਡੇਰਾਬੱਸੀ ਬਲਾਕ ਦੀਆਂ ਚੋਣਾਂ ਸ਼ਾਂਤੀ ਪੂਰਵਕ ਸੰਪੰਨ ਹੋਣ ਤੋਂ ਬਾਅਦ ਅੱਜ ਨਵੀਆਂ ਬਣੀਆਂ ਪੰਚਾਇਤਾਂ ਦੇ ਪੰਚ-ਸਰਪੰਚ ਵੱਡੇ ਪੱਧਰ ਤੇ ਹਲਕਾ ਵਿਧਾਇਕ ਕੁਲਜੀਤ ਸਿੰਘ ਰੰਧਾਵਾ ਨੂੰ ਮਿਲਣ ਲਈ ਉਨ੍ਹਾਂ ਦੇ ਘਰ ਰੰਧਾਵਾ ਫਾਰਮ ਬਾਕਰਪੁਰ ਵਿਚ ਪਹੁੰਚੇ। ਇਸ ਮੌਕੇ ਵਿਧਾਇਕ ਰੰਧਾਵਾ ਨੇ ਮੂੰਹ ਮਿੱਠਾ ਕਰਵਾ ਕੇ ਮੁਬਾਰਕਬਾਦ ਦਿੰਦਿਆਂ ਸਰਪੰਚਾਂ ਪੰਚਾਂ ਦਾ ਸਨਮਾਨ ਕੀਤਾ ਅਤੇ ਪੰਚਾਇਤਾਂ ਨੂੰ ਪਿੰਡਾਂ ਦੇ ਵਿਕਾਸ ਲਈ ਦਿਲ ਖੋਲ੍ਹ ਕੇ ਗਰਾਂਟ ਸਣੇ ਹਰ ਹਰ ਤਰ੍ਹਾਂ ਦਾ ਸਹਿਯੋਗ ਦੇਣ ਦਾ ਭਰੋਸਾ ਦਿੱਤਾ। ਵਿਧਾਇਕ ਰੰਧਾਵਾ ਨੇ ਦਾਅਵਾ ਕੀਤਾ ਕਿ ਬਲਾਕ ਦੇ 93 ਪਿੰਡਾਂ ਵਿੱਚੋਂ 82 ਪਿੰਡਾਂ ਵਿੱਚ ਆਮ ਆਦਮੀ ਪਾਰਟੀ ਦੀਆਂ ਪੰਚਾਇਤਾਂ ਬਣੀਆਂ ਹਨ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦਾ ਆਧਾਰ ਲਗਾਤਾਰ ਵੱਧ ਰਿਹਾ ਹੈ ਅਤੇ ਜੋ ਪੰਚਾਇਤੀ ਚੋਣਾਂ ਵਿੱਚ ਸਪੱਸ਼ਟ ਨਜ਼ਰ ਵੀ ਆਇਆ ਹੈ। ਰੰਧਾਵਾ ਨੇ ਕਿਹਾ ਕਿ ਜਿੱਤ ਹਾਰ ਲੋਕਤੰਤਰੀ ਕਦਰਾਂ ਕੀਮਤਾਂ ਦਾ ਇੱਕ ਖੂਬਸੂਰਤ ਹਿੱਸਾ ਹੈ। ਚੁਣੇ ਹੋਏ ਸਰਪੰਚ ਨੂੰ ਆਪਣੇ ਪਿੰਡ ਵਾਸੀਆਂ ਵੱਲੋਂ ਪ੍ਰਗਟਾਏ ਵਿਸ਼ਵਾਸ ਨੂੰ ਪਿੰਡ ਦੇ ਬਿਹਤਰੀਨ ਵਿਕਾਸ ਨਾਲ ਹੋਰ ਪ੍ਰਪੱਕ ਕਰਨਾ ਚਾਹੀਦਾ ਹੈ।