For the best experience, open
https://m.punjabitribuneonline.com
on your mobile browser.
Advertisement

ਨਰਸਾਂ ਨੇ ‘ਆਪ’ ਉਮੀਦਵਾਰ ਦੇ ਕਾਫ਼ਲੇ ਨੂੰ ਕਾਲੀਆਂ ਝੰਡੀਆਂ ਦਿਖਾਈਆਂ

08:25 AM Mar 18, 2024 IST
ਨਰਸਾਂ ਨੇ ‘ਆਪ’ ਉਮੀਦਵਾਰ ਦੇ ਕਾਫ਼ਲੇ ਨੂੰ ਕਾਲੀਆਂ ਝੰਡੀਆਂ ਦਿਖਾਈਆਂ
ਸੰਗਰੂਰ ਨੇੜੇ ਪੀਜੀਆਈ ਘਾਬਦਾਂ ਅੱਗੇ ਕਾਲੀਆਂ ਝੰਡੀਆਂ ਨਾਲ ਰੋਸ ਪ੍ਰਗਟ ਕਰ ਰਹੀਆਂ ਸੰਘਰਸ਼ਕਾਰੀ ਨਰਸਾਂ। ਫੋਟੋ: ਲਾਲੀ
Advertisement

ਖੇਤਰੀ ਪ੍ਰਤੀਨਿਧ
ਸੰਗਰੂਰ, 17 ਮਾਰਚ
ਨੌਕਰੀ ’ਤੇ ਮੁੜ ਬਹਾਲੀ ਦੀ ਮੰਗ ਨੂੰ ਲੈ ਕੇ ਪਿਛਲੇ ਕਰੀਬ ਛੇ ਮਹੀਨਿਆਂ ਤੋਂ ਪੀ.ਜੀ.ਆਈ. ਘਾਬਦਾਂ ਦੇ ਮੁੱਖ ਗੇਟ ਅੱਗੇ ਪੱਕਾ ਮੋਰਚਾ ਲਗਾ ਕੇ ਸੰਘਰਸ਼ ਕਰ ਰਹੀਆਂ ਨਰਸਾਂ ਅੱਜ ਜ਼ੀਰਕਪੁਰ-ਬਠਿੰਡਾ ਕੌਮੀ ਹਾਈਵੇਅ ਕਿਨਾਰੇ ਕਾਲੀਆਂ ਝੰਡੀਆਂ ਲੈ ਕੇ ਖੜ੍ਹੀਆਂ ਜਿਨ੍ਹਾਂ ਨੇ ਕੌਮੀ ਹਾਈਵੇਅ ਉਪਰੋਂ ਲੰਘਣ ਵਾਲੇ ਸਿਆਸੀ ਪਾਰਟੀਆਂ ਦੇ ਲੀਡਰਾਂ ਨੂੰ ਕਾਲੀਆਂ ਝੰਡੀਆਂ ਦਿਖਾਉਣ ਦਾ ਐਲਾਨ ਕੀਤਾ ਹੈ। ਨਰਸਾਂ ਨੇ ਦਾਅਵਾ ਕੀਤਾ ਕਿ ਅੱਜ ਕੌਮੀ ਹਾਈਵੇਅ ਤੋਂ ਲੰਘਣ ਮੌਕੇ ਸੱਤਾਧਾਰੀ ਪਾਰਟੀ ਦੇ ਉਮੀਦਵਾਰ ਮੀਤ ਹੇਅਰ ਦੇ ਕਾਫ਼ਲੇ ਨੂੰ ਕਾਲੀਆਂ ਝੰਡੀਆਂ ਦਿਖਾਈਆਂ ਗਈਆਂ ਹਨ। ਪੀਜੀਆਈ ਘਾਬਦਾਂ ਵਿੱਚ ਨੌਕਰੀ ਤੋਂ ਫਾਰਗ ਕੀਤੀਆਂ ਨਰਸਾਂ ਪਿਛਲੇ ਕਰੀਬ ਛੇ ਮਹੀਨਿਆਂ ਤੋਂ ਪੀਜੀਆਈ ਘਾਬਦਾਂ ਦੇ ਮੁੱਖ ਗੇਟ ਅੱਗੇ ਪੱਕੇ ਮੋਰਚੇ ’ਤੇ ਬੈਠੀਆਂ ਹਨ। ਇਸ ਮੌਕੇ ਨਰਸਾਂ ਦੇ ਸੰਘਰਸ਼ ਦੀ ਅਗਵਾਈ ਕਰ ਰਹੀ ਨਿੰਦਰਜੀਤ ਕੌਰ ਨੇ ਕਿਹਾ ਕਿ ਪਿਛਲੇ ਛੇ ਮਹੀਨਿਆਂ ਦੌਰਾਨ ਕਿਸੇ ਨੇ ਉਨ੍ਹਾਂ ਦੀ ਸਾਰ ਨਹੀਂ ਲਈ। ਸਿਰਫ਼ ਕਿਸਾਨ-ਮਜ਼ਦੂਰ ਜਥੇਬੰਦੀਆਂ ਉਨ੍ਹਾਂ ਦੇ ਸੰਘਰਸ਼ ਦੀ ਹਮਾਇਤ ਕਰ ਰਹੀਆਂ ਹਨ। ਉਨ੍ਹਾਂ ਕਿਹਾ ਕਿ ਦਿਨ-ਰਾਤ ਦੇ ਪੱਕੇ ਮੋਰਚੇ ਨੂੰ ਛੇ ਮਹੀਨੇ ਬੀਤ ਚੁੱਕੇ ਹਨ ਪਰ ਦਿਨ-ਰਾਤ ਹਾਈਵੇਅ ਕਿਨਾਰੇ ਬੈਠੀਆਂ ਪੰਜਾਬ ਦੀਆਂ ਧੀਆਂ ਦੀ ਕਿਸੇ ਨੇ ਸੁਣਵਾਈ ਨਹੀਂ ਕੀਤੀ। ਉਨ੍ਹਾਂ ਕਿਹਾ ਕਿ ਪੀਜੀਆਈ ਘਾਬਦਾਂ ਪੰਜਾਬ ਦੀ ਜ਼ਮੀਨ ’ਤੇ ਬਣਿਆ ਹੈ ਪਰ ਪੰਜਾਬ ਦੀਆਂ ਲੜਕੀਆਂ ਨਾਲ ਵਿਤਕਰੇਬਾਜ਼ੀ ਕੀਤੀ ਜਾ ਰਹੀ ਹੈ। ਉਨ੍ਹਾਂ ਨੂੰ ਬਿਨਾਂ ਕਿਸੇ ਕਾਰਨ ਨੌਕਰੀ ਤੋਂ ਫਾਰਗ ਕਰ ਦਿੱਤਾ ਗਿਆ ਸੀ। ਨੌਕਰੀ ’ਤੇ ਮੁੜ ਬਹਾਲੀ ਲਈ ਉਹ ਛੇ ਮਹੀਨਿਆਂ ਤੋਂ ਸੰਘਰਸ਼ ਕਰ ਰਹੀਆਂ ਹਨ। ਉਨ੍ਹਾਂ ਕਿਹਾ ਕਿ ਕੌਮੀ ਹਾਈਵੇਅ ਤੋਂ ਲੰਘਣ ਵਾਲੇ ਸੱਤਾਧਾਰੀ ਅਤੇ ਹੋਰ ਸਿਆਸੀ ਪਾਰਟੀਆਂ ਦੇ ਲੀਡਰਾਂ ਨੂੰ ਕਾਲੀਆਂ ਝੰਡੀਆਂ ਵਿਖਾ ਕੇ ਰੋਸ ਪ੍ਰਗਟਾਉਣ ਦਾ ਫੈਸਲਾ ਲਿਆ ਹੈ। ਉਨ੍ਹਾਂ ਕਿਹਾ ਕਿ ਜਦੋਂ ਤੱਕ ਨੌਕਰੀ ’ਤੇ ਮੁੜ ਬਹਾਲੀ ਦੀ ਮੰਗ ਪੂਰੀ ਨਹੀਂ ਹੁੰਦੀ ਉਦੋਂ ਤੱਕ ਸੰਘਰਸ਼ ਜਾਰੀ ਰਹੇਗਾ। ਇਸ ਮੌਕੇ ਨਰਸਿੰਗ ਸਟਾਫ਼ ’ਚੋਂ ਰਾਜਿੰਦਰ ਕੌਰ, ਤਨੂੰ ਰਾਣੀ, ਜਸਵੀਰ ਕੌਰ, ਗੁਰਪ੍ਰੀਤ ਕੌਰ, ਹਰਪ੍ਰੀਤ ਕੌਰ ਆਦਿ ਸ਼ਾਮਲ ਸਨ।

Advertisement

Advertisement
Author Image

sanam grng

View all posts

Advertisement
Advertisement
×