ਵਿਰੋਧੀ ਧਿਰ ਨੇ ਜਿਨਸੀ ਸ਼ੋਸ਼ਣ ਦੇ ਮਾਮਲੇ ’ਤੇ ਸਰਕਾਰ ਘੇਰੀ
ਅਭੈ ਚੌਟਾਲਾ ਨੇ ਸਰਕਾਰੀ ਨੌਕਰੀਆਂ ’ਚ ਫਰਜ਼ੀਵਾੜੇ ਦੇ ਲਾਏ ਦੋਸ਼
ਆਤਿਸ਼ ਗੁਪਤਾ
ਚੰਡੀਗੜ੍ਹ, 19 ਦਸੰਬਰ
ਹਰਿਆਣਾ ਵਿਧਾਨ ਸਭਾ ਦੇ ਸਰਦ ਰੁੱਤ ਸੈਸ਼ਨ ਦੇ ਤੀਜੇ ਤੇ ਆਖਰੀ ਦਿਨ ਵਿਰੋਧੀ ਧਿਰ ਨੇ ਜੀਂਦ ਦੇ ਇਕ ਸਰਕਾਰੀ ਸਕੂਲ ਵਿੱਚ ਪ੍ਰਿੰਸੀਪਲ ਵੱਲੋਂ ਵਿਦਿਆਰਥਣਾਂ ਨਾਲ ਕਥਿਤ ਜਿਨਸੀ ਸ਼ੋਸ਼ਣ ਦੇ ਮਾਮਲੇ ’ਤੇ ਸੂਬਾ ਸਰਕਾਰ ਨੂੰ ਘੇਰਿਆ। ਇਸ ਮੌਕੇ ਵਿਰੋਧੀ ਧਿਰ ਦੇ ਆਗੂਆਂ ਨੇ ਭਾਜਪਾ ਸਰਕਾਰ ਨੂੰ ਭਵਿੱਖ ਵਿੱਚ ਅਜਿਹੀਆਂ ਘਟਨਾਵਾਂ ਨੂੰ ਰੋਕਣ ਲਈ ਉੱਚਿਤ ਕਦਮ ਚੁੱਕਣ ਦੀ ਅਪੀਲ ਕੀਤੀ। ਇਸੇ ਦੌਰਾਨ ਸਿੱਖਿਆ ਮੰਤਰੀ ਕੰਵਰ ਪਾਲ ਗੁੱਜਰ ਨੇ ਕਿਹਾ ਕਿ ਸੂਬਾ ਸਰਕਾਰ ਵਿਦਿਆਰਥਣਾਂ ਦੀ ਸੁਰੱਖਿਆ ਯਕੀਨੀ ਬਣਾਉਣ ਲਈ ਵਚਨਬੱਧ ਹੈ। ਜੀਂਦ ਸਕੂਲ ਵਿੱਚ ਵਾਪਰੀ ਘਟਨਾ ਸਬੰਧੀ ਸਕੂਲ ਪ੍ਰਿੰਸੀਪਲ ਵਿਰੁੱਧ ਕੇਸ ਦਰਜ ਕਰਕੇ ਬਰਖਾਸਤ ਕਰ ਦਿੱਤਾ ਗਿਆ ਹੈ ਅਤੇ ਸਕੂਲ ਦੇ 17 ਸਟਾਫ਼ ਮੈਂਬਰਾਂ ਦਾ ਤਬਾਦਲਾ ਕਰ ਦਿੱਤਾ ਗਿਆ ਹੈ। ਇਸੇ ਦੌਰਾਨ ਵਿਧਾਇਕ ਅਭੈ ਚੌਟਾਲਾ ਨੇ ਕਿਹਾ ਕਿ ਜਿਨਸੀ ਸ਼ੋਸ਼ਣ ਦੇ ਸਾਰੇ ਕੇਸਾਂ ਦੀ ਸੁਣਵਾਈ ਫਾਸਟ ਟਰੈਕ ਅਦਾਲਤਾਂ ਵਿੱਚ ਹੋਣੀ ਚਾਹੀਦੀ ਹੈ। ਇਨ੍ਹਾਂ ਮਾਮਲਿਆਂ ਵਿੱਚ ਦੋਸ਼ੀ ਪਾਏ ਜਾਣ ਵਾਲਿਆਂ ਵਿਰੁੱਧ ਸਖਤ ਕਾਰਵਾਈ ਕੀਤੀ ਜਾਣੀ ਚਾਹੀਦੀ ਹੈ। ਵਿਧਾਇਕ ਬਲਰਾਜ ਕੁੰਡੂ ਨੇ ਕਿਹਾ ਕਿ ਸਕੂਲ ਵਿੱਚ ਵਿਦਿਆਰਥੀਆਂ ਦੀ ਰਾਖੀ ਕਰਨ ਦੀ ਜ਼ਿੰਮੇਵਾਰੀ ਪ੍ਰਿੰਸੀਪਲ ਦੀ ਹੁੰਦੀ ਹੈ ਅਤੇ ਜੇ ਪ੍ਰਿੰਸੀਪਲ ਹੀ ਵਿਦਿਆਰਥਣਾਂ ਦਾ ਜਿਨਸੀ ਸ਼ੋਸ਼ਣ ਕਰਨ ਵਿੱਚ ਸ਼ਾਮਲ ਹੈ ਤਾਂ ਇਹ ਬਹੁਤ ਮਾੜੀ ਹੱਲ ਹੈ। ਇਸੇ ਦੌਰਾਨ ਕਾਂਗਰਸੀ ਵਿਧਾਇਕ ਬੀਬੀ ਬੱਤਰਾ ਤੇ ਕਿਰਨ ਚੌਧਰੀ ਨੇ ਸੂਬੇ ਦੇ ਸਕੂਲਾਂ ਵਿੱਚ ਲੜਕੀਆਂ ਲਈ ਵੱਖਰੇ ਪਖਾਨੇ ਤੇ ਪੀਣ ਵਾਲੇ ਪਾਣੀ ਦਾ ਪ੍ਰਬੰਧ ਨਾ ਹੋਣ ਦਾ ਦੋਸ਼ ਲਗਾਇਆ। ਕਾਂਗਰਸੀ ਵਿਧਾਇਕ ਵਰੁਣ ਚੌਧਰੀ ਨੇ ਸਕੂਲਾਂ ਵਿੱਚ ਲੜਕੀਆਂ ਦੇ ਮਾਮਲਿਆਂ ਦੀ ਸੁਣਵਾਈ ਲਈ ਵਿਸ਼ੇਸ਼ ਮਹਿਲਾ ਅਧਿਕਾਰੀ ਦੀ ਤਾਇਨਾਤ ਕਰਨ ਦੀ ਮੰਗ ਕੀਤੀ।
ਇਸੇ ਦੌਰਾਨ ਜੀਂਦ ’ਚ ਪ੍ਰਿੰਸੀਪਲ ਵੱਲੋਂ ਵਿਦਿਆਰਥਣਾਂ ਨਾਲ ਛੇੜਛਾੜ ਦੇ ਮਾਮਲੇ ਸਬੰਧੀ ਉਪ ਮੁੱਖ ਮੰਤਰੀ ਦੁਸ਼ਿਅੰਤ ਚੌਟਾਲਾ ਨੇ ਕਿਹਾ ਕਿ ਸਾਲ 2011 ਵਿਚ ਵੀ ਅਜਿਹੇ ਮਾਮਲੇ ਵਿਚ ਇਸ ਪ੍ਰਿੰਸੀਪਲ ਨੂੰ ਕਾਂਗਰਸੀ ਵਿਧਾਇਕਾ ਗੀਤਾ ਭੁੱਕਲ ਨੇ ਬਚਾਇਆ ਸੀ। ਇਸ ਸਬੰਧੀ ਬਿਜ਼ਨਸ ਐਡਵਾਇਜ਼ਰੀ ਕਮੇਟੀ (ਬੀਏਸੀ) ਦੀ ਮੀਟਿੰਗ ਸੱਦੀ ਗਈ। ਵਿਚਾਰ-ਚਰਚਾ ਤੋਂ ਬਾਅਦ ਫੈਸਲਾ ਕੀਤਾ ਗਿਆ ਕਿ ਉਪ ਮੁੱਖ ਮੰਤਰੀ ਦੁਸ਼ਿਅੰਤ ਚੌਟਾਲਾ ਵੱਲੋਂ ਕਾਂਗਰਸੀ ਵਿਧਾਇਕ ਗੀਤਾ ਭੁੱਕਲ ’ਤੇ ਲਾਏ ਦੋਸ਼ਾਂ ਦੀ ਜਾਂਚ ਹਾਈਕੋਰਟ ਦੇ ਜੱਜ ਤੋਂ ਕਰਵਾਉਣ ਦੀ ਥਾਂ ਵਿਧਾਨ ਸਭਾ ਦੀ ਤਿੰਨ ਮੈਂਬਰੀ ਕਮੇਟੀ ਕਰੇਗੀ। ਸਰਦ ਰੁੱਤ ਸੈਸ਼ਨ ਦੌਰਾਨ ਵਿਧਾਇਕ ਅਭੈ ਚੌਟਾਲਾ ਨੇ ਸੂਬਾ ਸਰਕਾਰ ’ਤੇ ਸਰਕਾਰੀ ਨੌਕਰੀਆਂ ਵਿੱਚ ਫਰਜ਼ੀਵਾੜੇ ਦੇ ਦੋਸ਼ ਲਗਾਏ।
ਮਹਿਲਾ ਕੋਚ ਵੱਲੋਂ ਵਿਧਾਨ ਸਭਾ ਬਾਹਰ ਪ੍ਰਦਰਸ਼ਨ
ਲੋਕ ਸਭਾ ਤੋਂ ਬਾਅਦ ਅੱਜ ਵਿਧਾਨ ਸਭਾ ਵਿਚ ਸੁਰੱਖਿਆ ਪ੍ਰਬੰਧਾਂ ਵਿੱਚ ਸੰਨ੍ਹ ਲਗਾਉਣ ਦੀ ਕੋਸ਼ਿਸ਼ ਕੀਤੀ ਗਈ। ਹਰਿਆਣਾ ਦੇ ਕੈਬਨਿਟ ਮੰਤਰੀ ਸੰਦੀਪ ਸਿੰਘ ਵਿਰੁੱਧ ਜਿਨਸੀ ਸ਼ੋਸ਼ਣ ਦੇ ਦੋਸ਼ ਲਗਾਉਣ ਵਾਲੀ ਮਹਿਲਾ ਕੋਚ ਸਕੱਤਰੇਤ ਦਾ ਪਾਸ ਬਣਵਾ ਕੇ ਹਰਿਆਣਾ ਵਿਧਾਨ ਸਭਾ ਦੇ ਬਾਹਰੀ ਗੇਟ ’ਤੇ ਪਹੁੰਚ ਗਈ ਜਿੱਥੇ ਉਸ ਵੱਲੋਂ ਵਿਧਾਨ ਸਭਾ ਬਾਹਰ ਪ੍ਰਦਰਸ਼ਨ ਕੀਤਾ ਗਿਆ। ਮਹਿਲਾ ਕੋਚ ਨੇ ਕਿਹਾ ਕਿ ਉਸ ਦੇ ਕਿਤੇ ਵੀ ਸੁਣਵਾਈ ਨਹੀਂ ਹੋ ਰਹੀ ਹੈ। ਇਸ ਦੌਰਾਨ ਪੁਲੀਸ ਨੇ ਮਹਿਲਾ ਕੋਚ ਨੂੰ ਹਿਰਾਸਤ ਵਿੱਚ ਲੈ ਲਿਆ। ਦੂਜੇ ਪਾਸੇ ਮਹਿਲਾ ਕੋਚ ਨੇ ਕਿਹਾ ਕਿ ਉਸ ਨੂੰ ਲਗਾਤਾਰ ਡਰਾਇਆ ਤੇ ਧਮਕਾਇਆ ਜਾ ਰਿਹਾ ਹੈ। ਜ਼ਿਕਰਯੋਗ ਹੈ ਕਿ ਮਹਿਲਾ ਕੋਚ ਦੀ ਸ਼ਿਕਾਇਤ ’ਤੇ ਚੰਡੀਗੜ੍ਹ ਦੇ ਥਾਣਾ ਸੈਕਟਰ-26 ਦੀ ਪੁਲੀਸ ਨੇ ਕੇਸ ਦਰਜ ਕਰਕੇ ਅਦਾਲਤ ਵਿੱਚ ਚਾਲਾਨ ਪੇਸ਼ ਕਰ ਦਿੱਤਾ ਹੈ।