ਜਥੇਦਾਰਾਂ ਦੇ ਹੱਕ ਵਿੱਚ ਆਈਆਂ ਸਿੱਖ ਜਥੇਬੰਦੀਆਂ
ਟ੍ਰਿਬਿਊਨ ਨਿਊਜ਼ ਸਰਵਿਸ
ਅੰਮ੍ਰਿਤਸਰ, 16 ਅਕਤੂਬਰ
ਵੱਖ ਵੱਖ ਸਿੱਖ ਜਥੇਬੰਦੀਆਂ ਨੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਨੂੰ ਅਪੀਲ ਕੀਤੀ ਹੈ ਕਿ ਉਹ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਦਾ ਅਸਤੀਫਾ ਪ੍ਰਵਾਨ ਨਾ ਕਰਨ। ਸਿੱਖ ਜਥੇਬੰਦੀਆਂ ਨੇ ਜਥੇਦਾਰਾਂ ਨੂੰ ਵੀ ਅਪੀਲ ਕੀਤੀ ਕਿ ਅਸਤੀਫਾ ਦੇਣਾ ਮਸਲੇ ਦਾ ਹੱਲ ਨਹੀਂ ਹੈ। ਨਿਹੰਗ ਜਥੇਬੰਦੀ ਬੁੱਢਾ ਦਲ ਦੇ ਮੁਖੀ ਬਾਬਾ ਬਲਬੀਰ ਸਿੰਘ ਨੇ ਸ੍ਰੀ ਅਕਾਲ ਤਖਤ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਅਤੇ ਤਖਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਦੋਵਾਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਅਹੁਦਿਆਂ ਤੋਂ ਅਸਤੀਫਾ ਨਾ ਦੇਣ ਸਗੋਂ ਨਿਡਰਤਾ ਤੇ ਨਿਰਭੈ ਹੋ ਕੇ ਪੰਥ ਦੇ ਹਿੱਤ ਵਿੱਚ ਨਿਆਂਪੂਰਨ ਫੈਸਲੇ ਲੈਣ। ਉਨ੍ਹਾਂ ਅਪੀਲ ਕੀਤੀ ਹੈ ਕਿ ਇਸ ਮਾਮਲੇ ਵਿੱਚ ਤੁਰੰਤ ਸ੍ਰੀ ਅਕਾਲ ਤਖਤ ਵਿਖੇ ਸਮੁੱਚੀਆਂ ਜਥੇਬੰਦੀਆਂ ਦੀ ਮੀਟਿੰਗ ਸੱਦੀ ਜਾਵੇ।
ਇਸੇ ਤਰ੍ਹਾਂ ਸ਼੍ਰੋਮਣੀ ਅਕਾਲੀ ਦਲ ਸੁਧਾਰ ਲਹਿਰ ਨਾਲ ਸਬੰਧਿਤ ਸ਼੍ਰੋਮਣੀ ਕਮੇਟੀ ਮੈਂਬਰਾਂ ਜਸਵੰਤ ਸਿੰਘ ਪੂੜੈਨ , ਇੰਦਰ ਮੋਹਨ ਸਿੰਘ ਲਖਮੀਰਵਾਲਾ, ਬੀਬੀ ਮਲਕੀਤ ਕੌਰ ਕਮਾਲਪੁਰ ਆਦਿ ਨੇ ਸਾਂਝੇ ਬਿਆਨ ਵਿੱਚ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੂੰ ਅਪੀਲ ਕੀਤੀ ਕਿ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਦਾ ਅਸਤੀਫਾ ਮਨਜ਼ੂਰ ਨਾ ਕੀਤਾ ਜਾਵੇ।
ਸਿੱਖ ਜਥੇਬੰਦੀ ਦਲ ਖਾਲਸਾ ਦੇ ਆਗੂ ਕੰਵਰ ਪਾਲ ਸਿੰਘ ਨੇ ਆਖਿਆ ਕਿ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਦਾ ਅਸਤੀਫਾ ਕਿਸੇ ਵੀ ਸੂਰਤ ਵਿੱਚ ਪ੍ਰਵਾਨ ਨਹੀਂ ਕਰਨਾ ਚਾਹੀਦਾ। ਉਨ੍ਹਾਂ ਕਿਹਾ ਕਿ ਦਲ ਖਾਲਸਾ ਸ਼੍ਰੋਮਣੀ ਅਕਾਲੀ ਦਲ ਵਿਰੁੱਧ ਇਸ ਲੜਾਈ ਵਿੱਚ ਜਥੇਦਾਰਾਂ ਦਾ ਸਾਥ ਦੇਵੇਗੀ।