ਪੰਜਾਬ ਭਰ ’ਚ ਟਰੱਕਾਂ ਦੀ ਹੜਤਾਲ ਕਾਰਨ ਰੁਕੀ ਜ਼ਿੰਦਗੀ ਦੀ ਰਫ਼ਤਾਰ
ਆਤਿਸ਼ ਗੁਪਤਾ
ਚੰਡੀਗੜ੍ਹ, 2 ਜਨਵਰੀ
ਕੇਂਦਰ ਸਰਕਾਰ ਵੱਲੋਂ ਲਿਆਂਦੇ ਨਵੇਂ ਹਿੱਟ ਐਂਡ ਰਨ ਕਾਨੂੰਨ ਖਿਲਾਫ ਪੰਜਾਬ ਦੇ ਟਰੱਕ ਚਾਲਕ ਹੜਤਾਲ ’ਤੇ ਚਲੇ ਗਏ ਹਨ। ਟਰੱਕ ਚਾਲਕਾਂ ਦੇ ਨਾਲ ਟੈਂਕਰ ਚਾਲਕ ਤੇ ਹੋਰ ਕਮਰਸ਼ੀਅਲ ਵਾਹਨਾਂ ਦੇ ਚਾਲਕ ਵੀ ਹੜਤਾਲ ’ਤੇ ਚਲੇ ਗਏ ਹਨ ਜਿਸ ਕਾਰਨ ਪੈਟਰੋਲ, ਡੀਜ਼ਲ ਸਣੇ ਹੋਰਨਾਂ ਵਸਤੂਆਂ ਦੀ ਸਪਲਾਈ ਪ੍ਰਭਾਵਿਤ ਹੋ ਗਈ ਹੈ, ਜਿਸ ਕਰਕੇ ਆਮ ਜਨ-ਜੀਵਨ ਪ੍ਰਭਾਵਿਤ ਹੋ ਗਿਆ ਹੈ। ਉੱਧਰ ਪੈਟਰੋਲ ਤੇ ਡੀਜ਼ਲ ਦੀ ਸਪਲਾਈ ਬੰਦ ਹੋਣ ਦੀ ਜਾਣਕਾਰੀ ਮਿਲਦਿਆਂ ਹੀ ਪੰਜਾਬ ਭਰ ਦੇ ਸਾਰੇ ਪੈਟਰੋਲ ਪੰਪਾਂ ’ਤੇ ਤੇਲ ਪਵਾਉਣ ਲਈ ਸਵੇਰ ਤੋਂ ਹੀ ਲੋਕਾਂ ਦੀਆਂ ਕਤਾਰਾਂ ਲੱਗੀਆਂ ਰਹੀਆਂ।
ਸੂਬੇ ਭਰ ਦੇ ਪੈਟਰੋਲ ਪੰਪਾਂ ’ਤੇ ਵੱਡੀ ਗਿਣਤੀ ਵਿੱਚ ਲੋਕਾਂ ਦੇ ਪਹੁੰਚਣ ਕਰਕੇ ਹਰ ਪੈਟਰੋਲ ਪੰਪ ਦੇ ਬਾਹਰ ਅੱਧੇ ਤੋਂ ਇਕ ਕਿਲੋਮੀਟਰ ਤੱਕ ਜਾਮ ਲੱਗੇ ਰਹੇ। ਲੋਕਾਂ ਨੇ ਆਪਣੇ ਦੋ ਪਹੀਆ ਤੇ ਚਾਰ ਪਹੀਆ ਵਾਹਨਾਂ ਦੀਆਂ ਟੈਂਕੀਆਂ ਭਰਵਾਉਣ ਨੂੰ ਤਰਜੀਹ ਦਿੱਤੀ ਜਿਸ ਕਾਰਨ ਸੂਬੇ ਦੇ 80 ਫ਼ੀਸਦ ਦੇ ਕਰੀਬ ਪੈਟਰੋਲ ਪੰਪਾਂ ਵਿੱਚ ਤੇਲ ਮੁੱਕ ਗਿਆ। ਦੂਜੇ ਪਾਸੇ ਸੂਬਾ ਸਰਕਾਰ ਵੱਲੋਂ ਤੇਲ ਖਤਮ ਨਾ ਹੋਣ ਦਾ ਦਾਅਵਾ ਕੀਤਾ ਜਾ ਰਿਹਾ ਹੈ। ਟਰੱਕ ਡਰਾਈਵਰਾਂ ਦੀ ਹੜਤਾਲ ਕਰਕੇ ਪੰਜਾਬ ਦੇ ਕਾਰੋਬਾਰ ’ਤੇ ਵੀ ਵੱਡਾ ਅਸਰ ਦੇਖਣ ਨੂੰ ਮਿਲ ਰਿਹਾ ਹੈ। ਇਸ ਹੜਤਾਲ ਕਰਕੇ ਟਰੱਕਾਂ ਰਾਹੀ ਹੋਣ ਵਾਲੀ ਸਾਰੀ ਸਪਲਾਈ ਠੱਪ ਹੋ ਗਈ ਹੈ। ਟਰੱਕਾਂ ਡਰਾਈਵਰਾਂ ਦੀ ਹੜਤਾਲ ਤੋਂ ਬਾਅਦ ਸੂਬੇ ਵਿੱਚ ਸਬਜ਼ੀਆਂ ਦੀਆਂ ਕੀਮਤਾਂ ਵਿੱਚ ਇਜ਼ਾਫਾ ਹੋ ਗਿਆ ਹੈ। ਕਈ ਥਾਵਾਂ ’ਤੇ ਸਬਜ਼ੀਆਂ ਦੀਆਂ ਕੀਮਤਾਂ ਦੁੱਗਣੀਆਂ ਹੋ ਗਈਆਂ ਹਨ। ਟਰੱਕ ਯੂਨੀਅਨ ਦੇ ਪ੍ਰਧਾਨ ਹੈਪੀ ਸੰਧੂ ਨੇ ਕਿਹਾ ਕਿ ਕੱਲ੍ਹ ਸਵੇਰੇ 10 ਵਜੇ ਤੋਂ ਸਾਰੇ ਟਰੱਕ ਆਪਣਾ ਕੰਮ ਬੰਦ ਕਰ ਦੇਣਗੇ। ਉਨ੍ਹਾਂ ਕਿਹਾ ਕਿ ਕੇਂਦਰੀ ਕਾਨੂੰਨਾਂ ਦੇ ਖਿਲਾਫ 3 ਜਨਵਰੀ ਨੂੰ ਸਵੇਰੇ 11 ਵਜੇ ਜਲੰਧਰ ਤੋਂ ਅੰਮ੍ਰਿਤਸਰ ਬਾਈਪਾਸ ਤੇ ਪਿੰਡ ਸੁੱਚੀ ਵਿਖੇ ਇੰਡੀਅਨ ਆਇਲ ਦੇ ਸਾਹਮਣੇ ਧਰਨਾ ਦਿੱਤਾ ਜਾਵੇਗਾ। ਉਨ੍ਹਾਂ ਕਿਹਾ ਕਿ ਜਦੋਂ ਤੱਕ ਟਰੱਕ ਯੂਨੀਅਨ ਦੀਆਂ ਮੰਗਾਂ ਨੂੰ ਨਹੀਂ ਮੰਨਿਆ ਜਾਂਦਾ, ਉਸ ਸਮੇਂ ਤੱਕ ਇਹ ਧਰਨਾ ਜਾਰੀ ਰਹੇਗਾ। ਪੈਟਰੋਲ ਪੰਪ ਡੀਲਰ ਐਸੋਸੀਏਸ਼ਨ ਪੰਜਾਬ ਦੇ ਬੁਲਾਰੇ ਗੁਰਮੀਤ ਮੌਂਟੀ ਸਹਿਗਲ ਨੇ ਕਿਹਾ ਕਿ ਸੂਬੇ ਦੇ 80 ਫ਼ੀਸਦ ਦੇ ਕਰੀਬ ਪੈਟਰੋਲ ਪੰਪਾਂ ’ਤੇ ਤੇਲ ਖਤਮ ਹੋ ਚੁੱਕਿਆ ਹੈ।
ਚੰਡੀਗੜ੍ਹ ਪ੍ਰਸ਼ਾਸਨ ਨੇ ਪੈਟਰੋਲ ਪਵਾਉਣ ਦੀ ਹੱਦ ਸੀਮਤ ਕੀਤੀ
ਚੰਡੀਗੜ੍ਹ ਪ੍ਰਸ਼ਾਸਨ ਨੇ ਪੈਟਰੋਲ ਪੰਪਾਂ ’ਤੇ ਤੇਲ ਖਤਮ ਹੋਣ ਦੀ ਜਾਣਕਾਰੀ ਮਿਲਦਿਆਂ ਦੀ ਦੋ ਪਹੀਆ ਵਾਹਨਾਂ ਨੂੰ ਦੋ ਲਿਟਰ (200 ਰੁਪਏ ਤੱਕ) ਤੇ ਚਾਰ ਪਹੀਆ ਵਾਹਨਾਂ ਨੂੰ 5 ਲਿਟਰ (500 ਰੁਪਏ ਤੱਕ) ਤੇਲ ਪਾਉਣ ਦੇ ਹੁਕਮ ਦਿੱਤੇ ਹਨ। ਪੰਜਾਬ ਵਿੱਚ ਪੈਟਰੋਲ ਪੰਪਾਂ ’ਤੇ ਲੱਗੀਆਂ ਕਤਾਰਾਂ ਬਾਰੇ ਜਾਣਕਾਰੀ ਮਿਲਦਿਆਂ ਹੀ ਮੁੱਖ ਮੰਤਰੀ ਭਗਵੰਤ ਮਾਨ ਦੇ ਦਿਸ਼ਾ ਨਿਰਦੇਸ਼ਾਂ ’ਤੇ ਉੱਚ ਅਧਿਕਾਰੀਆਂ ਨੇ ਮੀਟਿੰਗ ਕੀਤੀ। ਮੀਟਿੰਗ ਤੋਂ ਬਾਅਦ ਗ੍ਰਹਿ ਸਕੱਤਰ ਗੁਰਕੀਰਤ ਕ੍ਰਿਪਾਲ ਸਿੰਘ ਨੇ ਕਿਹਾ ਕਿ ਲੋਕਾਂ ਨੂੰ ਘਬਰਾਉਣ ਦੀ ਲੋੜ ਨਹੀਂ ਹੈ, ਸੂਬੇ ਵਿੱਚ ਪੈਟਰੋਲ ਤੇ ਡੀਜ਼ਲ ਦਾ ਢੁਕਵਾਂ ਸਟਾਕ ਹੈ।
ਬਠਿੰਡਾ ਤੇਲ ਡਿੱਪੂ ਤੋਂ ਪੈਟਰੋਲ ਤੇ ਡੀਜ਼ਲ ਦੀ ਸਪਲਾਈ ਪ੍ਰਭਾਵਿਤ
ਬਠਿੰਡਾ (ਮਨੋਜ ਸ਼ਰਮਾ): ਹੜਤਾਲ ਕਾਰਨ ਪੈਟਰੋਲ-ਡੀਜ਼ਲ, ਗੈਸ ਤੇ ਹੋਰ ਸਾਮਾਨ ਦੀ ਸਪਲਾਈ ਪ੍ਰਭਾਵਿਤ ਹੋਈ ਹੈ। ਇੰਡੀਅਨ ਆਇਲ, ਬੀਪੀਸੀਐਲ ਅਤੇ ਐੱਚਪੀਸੀਐਲ ਕੰਪਨੀਆਂ ਦੇ ਤੇਲ ਭੰਡਾਰ ਹਨ। ਇੰਡੀਅਨ ਆਇਲ ਕਾਰਪੋਰੇਸ਼ਨ ਲਿਮਟਿਡ ਅਤੇ ਭਾਰਤ ਪੈਟਰੋਲੀਅਮ ਕਾਰਪੋਰੇਸ਼ਨ ਲਿਮਟਿਡ ਜ਼ਿਲ੍ਹਾ ਬਠਿੰਡਾ, ਮਾਨਸਾ, ਫਰੀਦਕੋਟ, ਮੋਗਾ, ਫਾਜ਼ਿਲਕਾ, ਫਿਰੋਜ਼ਪੁਰ ਨੂੰ ਪੈਟਰੋਲ ਅਤੇ ਡੀਜ਼ਲ ਦੀ ਸਪਲਾਈ ਦਿੰਦਾ ਹੈ। ਇੰਡੀਅਨ ਆਇਲ ਕਾਰਪੋਰੇਸ਼ਨ ਬਠਿੰਡਾ ਡਿਪੂ ਤੋਂ ਆਰਮੀ, ਏਅਰ ਬੇਸ, ਪੀਆਰਟੀਸੀ ਅਤੇ ਰੇਲਵੇ ਨੂੰ ਮਿਲਣ ਵਾਲੀ ਤੇਲ ਦੀ ਸਪਲਾਈ ਵੀ ਪ੍ਰਭਾਵਿਤ ਹੋਣ ਬਾਰੇ ਪਤਾ ਲੱਗਿਆ ਹੈ। ਬਠਿੰਡਾ ਪੈਟਰੋਲੀਅਮ ਡੀਲਰ ਐਸੋਸੀਏਸ਼ਨ ਦੇ ਪ੍ਰਧਾਨ ਵਿਨੋਦ ਬਾਂਸਲ ਨੇ ਦੱਸਿਆ ਕਿ ਬਠਿੰਡਾ ਵਿੱਚ ਐੱਚਪੀਸੀਐਲ ਤੇਲ ਡਿਪੂ ਤੋਂ ਪੰਜਾਬ, ਹਿਮਾਚਲ ਅਤੇ ਜੰਮੂ ਕਸ਼ਮੀਰ ਨੂੰ ਦਿੱਤੀ ਜਾਣ ਵਾਲੀ ਸਪਲਾਈ ਨੂੰ ਡਰਾਈਵਰਾਂ ਦੀ ਹੜਤਾਲ ਕਾਰਨ ਇੱਕ ਵਾਰ ਵਿਰਾਮ ਚਿੰਨ੍ਹ ਲੱਗ ਗਿਆ ਹੈ।
ਪੇਂਡੂ ਮਜ਼ਦੂਰ ਯੂਨੀਅਨ ਤੇ ਜ਼ਮੀਨ ਪ੍ਰਾਪਤੀ ਸੰਘਰਸ਼ ਕਮੇਟੀ ਵਲੋਂ ਸੰਘਰਸ਼ ਦੀ ਹਮਾਇਤ
ਚੰਡੀਗੜ੍ਹ (ਟ੍ਰਿਬਿਊਨ ਨਿਊਜ਼ ਸਰਵਿਸ): ਪੇਂਡੂ ਮਜ਼ਦੂਰ ਯੂਨੀਅਨ ਪੰਜਾਬ ਤੇ ਜ਼ਮੀਨ ਪ੍ਰਾਪਤੀ ਸੰਘਰਸ਼ ਕਮੇਟੀ ਨੇ ਟਰੱਕ ਚਾਲਕਾਂ ਦੀ ਹਮਾਇਤ ਕਰਨ ਦਾ ਐਲਾਨ ਕੀਤਾ ਹੈ। ਯੂਨੀਅਨ ਦੇ ਸੂਬਾ ਪ੍ਰਧਾਨ ਤਰਸੇਮ ਪੀਟਰ, ਸੂਬਾ ਪ੍ਰੈੱਸ ਸਕੱਤਰ ਕਸ਼ਮੀਰ ਸਿੰਘ ਘੁੱਗਸ਼ੋਰ ਅਤੇ ਕਮੇਟੀ ਦੇ ਪ੍ਰਧਾਨ ਮੁਕੇਸ਼ ਮਲੌਦ ਤੇ ਸੂਬਾ ਆਗੂ ਬਿੱਕਰ ਸਿੰਘ ਹਥੋਆ ਨੇ ਕਿਹਾ ਕਿ ਹਿੱਟ ਐਂਡ ਰਨ ਹਾਦਸਿਆਂ ਦੇ ਮਾਮਲੇ ਵਿੱਚ ਡਰਾਈਵਰਾਂ ਨੂੰ 10 ਸਾਲ ਦੀ ਕੈਦ ਅਤੇ ਜੁਰਮਾਨਾ ਭਰਨਾ ਪਵੇਗਾ। ਪੇਂਡੂ ਮਜ਼ਦੂਰ ਯੂਨੀਅਨ ਪੰਜਾਬ ਅਤੇ ਜ਼ਮੀਨ ਪ੍ਰਾਪਤੀ ਸੰਘਰਸ਼ ਕਮੇਟੀ ਨੇ ਮੰਗ ਕੀਤੀ ਕਿ ਟਰਾਂਸਪੋਰਟ ਕਾਮਿਆਂ ਲਈ ਕਿਰਤ ਕਾਨੂੰਨਾਂ ਵਿੱਚ ਨਿਰਧਾਰਤ ਕੰਮ ਦੇ ਘੰਟੇ, ਸੁਰੱਖਿਆ ਪ੍ਰਬੰਧਾਂ ਅਤੇ ਹੋਰ ਸਹੂਲਤਾਂ ਨੂੰ ਸਖ਼ਤੀ ਨਾਲ ਲਾਗੂ ਕੀਤਾ ਜਾਵੇ। ਸਬੰਧਤ ਸਰਕਾਰੀ ਵਿਭਾਗਾਂ ਨੂੰ ਸੜਕਾਂ ਆਦਿ ਵਰਗੀਆਂ ਬੁਨਿਆਦੀ ਸਹੂਲਤਾਂ ਦੀ ਸਾਂਭ-ਸੰਭਾਲ ਨਾ ਕਰਨ ਦੀ ਸਜ਼ਾ ਦਿੱਤੀ ਜਾਵੇ।
ਪੀਆਰਟੀਸੀ ਦੇ ਸੱਤ ਡਿੱਪੂਆਂ ਕੋਲ ਅੱਜ ਦੁਪਹਿਰ ਅਤੇ ਦੋ ਕੋਲ ਸ਼ਾਮ ਤੱਕ ਦਾ ਡੀਜ਼ਲ
ਸਰਬਜੀਤ ਸਿੰਘ ਭੰਗੂ
ਪਟਿਆਲਾ, 2 ਜਨਵਰੀ
ਹਿੱਟ ਅਤੇ ਰਨ ਸਬੰਧੀ ਵਾਹਨ ਚਾਲਕ ਲਈ ਪਹਿਲਾਂ ਨਾਲ਼ੋਂ ਵੱਧ ਕੈਦ ਦੀ ਸਜ਼ਾ ਵਾਲੀ ਵਿਵਸਥਾ ’ਤੇ ਆਧਾਰਤ ਨਵੇਂ ਕਾਨੂੰਨ ਦੇ ਖਿਲਾਫ਼ ਦੇਸ਼ ਭਰ ਦੇ ਟਰੱਕ ਡਰਾਈਵਰਾਂ ਵੱਲੋਂ ਕੀਤੀ ਗਈ ਹੜਤਾਲ ਦੇ ਚੱਲਦਿਆਂ ਪੈਟਰੋਲ ਪੰਪਾਂ ’ਤੇ ਤੇਲ ਦੀ ਸਪਲਾਈ ਨਾ ਹੋ ਸਕਣ ਕਰਕੇ 1150 ਬੱਸਾਂ ਦੀ ਮਾਲਕੀ ਵਾਲੀ ਪੀਆਰਟੀਸੀ ਵੀ ਡੀਜ਼ਲ ਦੀ ਕਮੀ ਨਾਲ ਜੂਝਣ ਲੱਗੀ ਹੈ। ਪੀਆਰਟੀਸੀ ਦੇ ਕੁੱਲ ਨੌਂ ਵਿੱਚੋਂ ਸੱਤ ਡਿੱਪੂਆਂ ਕੋਲ ਤਾਂ 3 ਜਨਵਰੀ ਦੀ ਦੁਪਹਿਰ ਤੱਕ ਦੀ ਹੀ ਡੀਜ਼ਲ ਬਚਿਆ ਹੈ ਜਦਕਿ ਦੋ ਡਿੱਪੂਆਂ ਕੋਲ 3 ਜਨਵਰੀ ਦੀ ਸ਼ਾਮ ਤੱਕ ਦਾ ਹੀ ਡੀਜ਼ਲ ਹੈ। ਜੇ ਇਸ ਅਦਾਰੇ ਲਈ ਡੀਜ਼ਲ ਦਾ ਪ੍ਰਬੰਧ ਨਾ ਹੋ ਸਕਿਆ ਤਾਂ ਕੱਲ੍ਹ ਦੁਪਹਿਰ ਤੱਕ ਅੱਠ ਸੌ ਅਤੇ 4 ਦਸੰਬਰ ਦੀ ਸਵੇਰ ਤੱਕ ਸਾਰੀਆਂ ਦੀਆਂ ਸਾਰੀਆਂ ਬੱਸਾਂ ਹੀ ਰੋਕਣੀਆਂ ਪੈ ਜਾਣਗੀਆਂ। ਪੀਆਰਟੀਸੀ ਦੇ ਚੇਅਰਮੈਨ ਰਣਜੋਧ ਸਿੰਘ ਹਡਾਣਾ ਨੂੰ ਭਾਵੇਂ ਇਸ ਸਮੱਸਿਆ ਦੇ ਹੱਲ ਹੋਣ ਦਾ ਭਰੋਸਾ ਹੈ ਪਰ ਉਨ੍ਹਾਂ ਮੰਨਿਆ ਕਿ ਉਨ੍ਹਾਂ ਦੇ ਸੱਤ ਡਿੱਪੂਆਂ ਕੋਲ ਕੱਲ੍ਹ ਦੁਪਹਿਰ ਅਤੇ ਦੋ ਕੋਲ ਕੱਲ੍ਹ ਸ਼ਾਮ ਤੱਕ ਦਾ ਹੀ ਡੀਜ਼ਲ ਬਚਿਆ ਹੈ।
ਪੀਆਰਟੀਸੀ ਮੁਲਾਜ਼ਮ ਵੀ ਅੱਜ ਦੋ ਘੰਟੇ ਰੱਖਣਗੇ ਚੱਕਾ ਜਾਮ
ਪੀਆਰਟੀਸੀ ਦੇ ਮੁਲਾਜ਼ਮਾਂ ਵੱਲੋਂ ਵੀ ਤਿੰਨ ਜਨਵਰੀ ਨੂੰ ਦਸ ਤੋਂ ਬਾਰਾਂ ਵਜੇ ਤੱਕ ਦੋ ਘੰਟੇ ਪੰਜਾਬ ਭਰ ’ਚ ਬੱਸਾਂ ਦਾ ਚੱਕਾ ਜਾਮ ਕੀਤਾ ਜਾਵੇਗਾ। ਇਹ ਫੈਸਲਾ ਅੱਜ ‘ਪੰਜਾਬ ਰੋਡਵੇਜ਼, ਪਨਬੱਸ ਤੇ ਪੀਆਰਟੀਸੀ ਕੰਟਰੈਕਟ ਵਰਕਰਜ਼ ਯੂਨੀਅਨ ਪੰਜਾਬ’ ਦੇ ਸੂਬਾਈ ਪ੍ਰਧਾਨ ਰੇਸ਼ਮ ਸਿੰਘ ਗਿੱਲ ਦੀ ਅਗਵਾਈ ਹੇਠਾਂ ਹੋਈ ਸੂਬਾਈ ਮੀਟਿੰਗ ਦੌਰਾਨ ਲਿਆ ਗਿਆ।