ਪੈਨਸ਼ਨਰਾਂ ਵੱਲੋਂ ਸਰਕਾਰ ਨੂੰ ਮੰਗਾਂ ਨਾ ਮੰਨਣ ’ਤੇ ਸੰਘਰਸ਼ ਦੀ ਚਿਤਾਵਨੀ
ਨਿੱਜੀ ਪੱਤਰ ਪ੍ਰੇਰਕ
ਸੰਗਰੂਰ, 10 ਜੁਲਾਈ
ਆਲ ਪੈਨਸ਼ਨਰਜ਼ ਵੈੱਲਫੇਅਰ ਐਸੋਸੀਏਸ਼ਨ ਦੇ ਬੈਨਰ ਹੇਠ ਸੈਂਕੜੇ ਪੈਨਸ਼ਨਰਾਂ ਵੱਲੋਂ ਡੀਸੀ ਦਫਤਰ ਅੱਗੇ ਮੀਟਿੰਗ ਕਰਕੇ ਪੈਨਸ਼ਨਰਾਂ ਦੀਆਂ ਮੰਗਾਂ ਬਾਰੇ ਵਿਚਾਰ-ਚਰਚਾ ਕੀਤੀ ਗਈ। ਮੀਟਿੰਗ ਵਿੱਚ ਸ਼ਾਮਲ ਜਗਦੀਸ ਸ਼ਰਮਾ, ਪ੍ਰਧਾਨ ਅਜਮੇਰ ਸਿੰਘ, ਜਨਰਲ ਸਕੱਤਰ ਬਿੱਕਰ ਸਿੰਘ ਸਿਬੀਆ, ਬਲਵੰਤ ਸਿੰਘ ਢਿੱਲੋਂ ਅਤੇ ਮੋਹਨ ਸਿੰਘ ਨੇ ਦੱਸਿਆ ਕਿ ਸਰਕਾਰ ਵੱਲੋਂ ਮੰਗਾਂ ਪ੍ਰਵਾਨ ਕਰਨ ਦੇ ਲਾਰਿਆਂ ਤੋਂ ਪੈਨਸ਼ਨਰ ਬਹੁਤ ਪ੍ਰੇਸ਼ਾਨ ਹਨ। ਬੁਲਾਰਿਆਂ ਨੇ ਦੱਸਿਆ ਕਿ ਪੈਨਸ਼ਨਰਾਂ ਦੇ ਕਰੋੜਾਂ ਰੁਪਏ ਦੇ ਬਕਾਏ ਸਮੇਤ 23 ਮਹੀਨੇ ਦੇ ਡੀਏ ਦੇ ਬਕਾਏ ਰਹਿੰਦੇ ਹਨ ਜਿਸ ਬਾਰੇ ਸਰਕਾਰ ਨੇ ਚੁੱਪ ਧਾਰੀ ਹੋਈ ਹੈ। ਇਸ ਦੌਰਾਨ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਵਕੀਲ ਅਤੇ ਕਾਨੂੰਨੀ ਸਲਾਹਕਾਰ ਗੀਤਾਂਜਲੀ ਵੱਲੋਂ ਮੀਟਿੰਗ ਵਿੱਚ ਸ਼ਾਮਲ ਹੋ ਕੇ ਅਦਾਲਤੀ ਫੈਸਲਿਆਂ ਬਾਰੇ ਪੈਨਸ਼ਨਰਾਂ ਨੂੰ ਜਾਗਰੂਕ ਕੀਤਾ ਗਿਆ। ਮੀਟਿੰਗ ਵਿੱਚ ਅਹਿਦ ਲਿਆ ਗਿਆ ਕਿ ਜੇਕਰ ਸਰਕਾਰ ਨੇ 25 ਜੁਲਾਈ ਦੀ ਮੀਟਿੰਗ ਵਿੱਚ ਮੰਗਾਂ ਦਾ ਫੈਸਲਾ ਨਾ ਕੀਤਾ ਤਾਂ ਸੰਘਰਸ਼ ਤੇਜ਼ ਕੀਤਾ ਜਾਵੇਗਾ। ਇਸ ਮੌਕੇ ਭਰਤਰੀ ਸਿੰਘ, ਜੈ ਸਿੰਘ, ਮੋਹਨ ਸਿੰਘ ਬਾਵਾ, ਜਸਪਾਲ ਸਿੰਘ, ਕੁਲਵੰਤ ਸਿੰਘ, ਜਗਦੇਵ ਸਿੰਘ, ਹਵਾ ਸਿੰਘ ਤੇ ਰਾਜਿੰਦਰ ਕੁਮਾਰ ਆਦਿ ਹਾਜ਼ਰ ਸਨ।