ਫਰੀਦਾਬਾਦ ਦੇ ਲੋਕਾਂ ਨੇ ਹਮੇਸ਼ਾ ਭਾਈਚਾਰਕ ਸਾਂਝ ਤੇ ਏਕਤਾ ਦਿਖਾਈ: ਗੁੱਜਰ
ਕੁਲਵਿੰਦਰ ਕੌਰ ਦਿਓਲ
ਫਰੀਦਾਬਾਦ, 4 ਅਗਸਤ
ਕੇਂਦਰੀ ਊਰਜਾ ਤੇ ਭਾਰੀ ਉਦਯੋਗ ਰਾਜ ਮੰਤਰੀ ਕ੍ਰਿਸ਼ਨਪਾਲ ਗੁੱਜਰ ਨੇ ਕਿਹਾ ਕਿ ਨੂਹ ਵਿੱਚ ਦੋ ਧਿਰਾਂ ਦਰਮਿਆਨ ਤਣਾਅ ਤੋਂ ਬਾਅਦ ਫਰੀਦਾਬਾਦ ਦੇ ਹਾਲਾਤ ਖ਼ਰਾਬ ਹੋ ਗਏ ਸਨ। ਪਿਛਲੇ ਕੁਝ ਦਿਨਾਂ ਤੋਂ ਸ਼ਾਂਤਮਈ ਰਿਹਾ ਅਤੇ ਸਥਿਤੀ ਪੂਰੀ ਤਰ੍ਹਾਂ ਆਮ ਵਾਂਗ ਹੈ। ਸਾਰਿਆਂ ਨੇ ਭਾਈਚਾਰਕ ਸਾਂਝ ਅਤੇ ਏਕਤਾ ਦਿਖਾਈ ਹੈ ਅਤੇ ਇਹ ਉਨ੍ਹਾਂ ਸਮਾਜ ਵਿਰੋਧੀ ਅਨਸਰਾਂ ਨੂੰ ਕਰਾਰਾ ਜਵਾਬ ਹੈ ਜੋ ਸ਼ਹਿਰ ਅਤੇ ਜ਼ਿਲ੍ਹੇ ਦੀ ਸ਼ਾਂਤੀ ਨੂੰ ਕਿਸੇ ਵੀ ਤਰੀਕੇ ਨਾਲ ਭੰਗ ਕਰਨਾ ਚਾਹੁੰਦੇ ਹਨ। ਉਹ ਸ਼ੁੱਕਰਵਾਰ ਨੂੰ ਮਿੰਨੀ ਸਕੱਤਰੇਤ ਸਥਿਤ ਜ਼ਿਲ੍ਹਾ ਡਿਪਟੀ ਕਮਿਸ਼ਨਰ ਦਫ਼ਤਰ ਵਿਖੇ ਸ਼ਹਿਰ ਦੀ ਅਮਨ-ਕਾਨੂੰਨ ਦੀ ਸਥਿਤੀ ਦਾ ਜਾਇਜ਼ਾ ਲੈ ਰਹੇ ਸਨ। ਇਸ ਦੌਰਾਨ ਉਨ੍ਹਾਂ ਦੇ ਨਾਲ ਰਾਜ ਦੇ ਟਰਾਂਸਪੋਰਟ ਮੰਤਰੀ ਮੂਲਚੰਦ ਸ਼ਰਮਾ, ਫਰੀਦਾਬਾਦ ਦੇ ਵਿਧਾਇਕ ਨਰਿੰਦਰ ਗੁਪਤਾ, ਤਿਗਾਂਵ ਦੇ ਵਿਧਾਇਕ ਰਾਜੇਸ਼ ਨਾਗਰ, ਵਿਕਰਮ ਸਿੰਘ, ਵਧੀਕ ਡਿਪਟੀ ਕਮਿਸ਼ਨਰ ਆਨੰਦ ਏਸੀਯੂਟੀ ਸੋਨੂੰ ਭੱਟ ਵੀ ਮੌਜੂਦ ਸਨ। ਮੀਟਿੰਗ ਵਿੱਚ ਕੇਂਦਰੀ ਰਾਜ ਮੰਤਰੀ ਨੇ ਕਿਹਾ ਕਿ ਸਾਨੂੰ ਕਿਸੇ ਤੋਂ ਵੀ ਗੁੰਮਰਾਹ ਹੋ ਕੇ ਆਪਣੇ ਸ਼ਹਿਰ ਦੀ ਸ਼ਾਂਤੀ ਭੰਗ ਨਹੀਂ ਕਰਨੀ ਚਾਹੀਦੀ। ਉਨ੍ਹਾਂ ਪ੍ਰਸ਼ਾਸਨਿਕ ਅਧਿਕਾਰੀਆਂ ਨਾਲ ਸ਼ਹਿਰ ਦੀ ਸੁਰੱਖਿਆ ਵਿਵਸਥਾ ਅਤੇ ਪਿਛਲੇ ਦਿਨਾਂ ਵਿੱਚ ਨੂਹ ਕਾਂਡ ਤੋਂ ਬਾਅਦ ਪੈਦਾ ਹੋਈ ਸਥਿਤੀ ਬਾਰੇ ਵਿਸਥਾਰ ਵਿੱਚ ਚਰਚਾ ਕੀਤੀ। ਉਨ੍ਹਾਂ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਸਾਨੂੰ ਲਗਾਤਾਰ ਚੌਕਸ ਰਹਿਣਾ ਪਵੇਗਾ ਅਤੇ ਜੇਕਰ ਕੋਈ ਸ਼ਹਿਰ ਦੀ ਅਮਨ-ਕਾਨੂੰਨ ਨੂੰ ਭੰਗ ਕਰਨ ਦੀ ਕੋਸ਼ਿਸ਼ ਕਰਦਾ ਹੈ ਤਾਂ ਉਸ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾਵੇਗੀ। ਇਸ ਦੌਰਾਨ ਸੂਬੇ ਦੇ ਟਰਾਂਸਪੋਰਟ ਮੰਤਰੀ ਮੂਲਚੰਦ ਸ਼ਰਮਾ ਨੇ ਕਿਹਾ ਕਿ ਫਰੀਦਾਬਾਦ ਸ਼ਹਿਰ ‘ਚ ਪਿਛਲੇ 5 ਦਿਨਾਂ ‘ਚ ਲੋਕਾਂ ਨੇ ਪੂਰੀ ਤਰ੍ਹਾਂ ਨਾਲ ਏਕਤਾ ਅਤੇ ਭਾਈਚਾਰਾ ਦਿਖਾਇਆ ਹੈ।