ਮੰਨਣਹਾਣਾ ਵਾਸੀਆਂ ਨੇ ‘ਆਪ’ ਉਮੀਦਵਾਰ ਨੂੰ ਲੱਡੂਆਂ ਨਾਲ ਤੋਲਿਆ
ਹਰਪ੍ਰੀਤ ਕੌਰ
ਹੁਸ਼ਿਆਰਪੁਰ, 4 ਨਵੰਬਰ
ਵਿਧਾਨ ਸਭਾ ਹਲਕਾ ਚੱਬੇਵਾਲ ਤੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਡਾ. ਇਸ਼ਾਂਕ ਨੂੰ ਪਿੰਡ ਮੰਨਣਹਾਣਾ ਵਿਖੇ ਉਨ੍ਹਾਂ ਦੇ ਸਮਰਥਕਾਂ ਵੱਲੋਂ ਲੱਡੂਆਂ ਨਾਲ ਤੋਲਿਆ ਗਿਆ। ਇਸ ਦੌਰਾਨ ਉੱਥੇ ਮੌਜੂਦ ਨੌਜਵਾਨਾਂ ਅਤੇ ਔਰਤਾਂ ਨੇ ਵੀ ਡਾ. ਇਸ਼ਾਂਕ ਦਾ ਸਾਥ ਦੇਣ ਦੀ ਵਚਨਬੱਧਤਾ ਪ੍ਰਗਟਾਈ। ਪਿੰਡ ਦੇ ਲੋਕਾਂ ਨੇ ਕਿਹਾ ਕਿ ਉਨ੍ਹਾਂ ਨੂੰ ਆਮ ਆਦਮੀ ਪਾਰਟੀ ਅਤੇ ਡਾ. ਇਸ਼ਾਕ ਤੋਂ ਵੱਡੀਆਂ ਉਮੀਦਾਂ ਹਨ ਅਤੇ ਵਿਸ਼ਵਾਸ਼ ਹੈ ਕਿ ਉਨ੍ਹਾਂ ਦੀ ਲੀਡਰਸ਼ਿਪ ਚੱਬੇਵਾਲ ਦੀਆਂ ਸਮੱਸਿਆਵਾਂ ਦਾ ਹੱਲ ਜ਼ਰੂਰ ਕਰੇਗੀ।
ਪਿੰਡ ਵਾਸੀਆਂ ਦਾ ਧੰਨਵਾਦ ਕਰਦਿਆਂ ਡਾ. ਇਸ਼ਾਂਕ ਨੇ ਕਿਹਾ ਕਿ ਉਹ ਚੱਬੇਵਾਲ ਹਲਕੇ ਦੇ ਲੋਕਾਂ ਦੀ ਸੇਵਾ ਕਰਨ ਲਈ ਵਚਨਬੱਧ ਹਨ। ਉਨ੍ਹਾਂ ਵਾਅਦਾ ਕੀਤਾ ਕਿ ਜੇਕਰ ਮੌਕਾ ਮਿਲਿਆ ਤਾਂ ਉਹ ਖੇਤਰ ਦੇ ਵਿਕਾਸ, ਬੇਰੁਜ਼ਗਾਰੀ ਅਤੇ ਬੁਨਿਆਦੀ ਢਾਂਚੇ ਦੀ ਘਾਟ ਨੂੰ ਦੂਰ ਕਰਨ ਲਈ ਕੰਮ ਕਰਨਗੇ। ਉਨ੍ਹਾਂ ਪਿੰਡ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਚੋਣਾਂ ਵਿੱਚ ਪੂਰੇ ਉਤਸ਼ਾਹ ਨਾਲ ਭਾਗ ਲੈਣ ਅਤੇ ਆਪਣੀ ਵੋਟ ਦਾ ਸਹੀ ਇਸਤੇਮਾਲ ਕਰਨ।
ਸੀਨੀਅਰ ਪਾਰਟੀ ਆਗੂ ਸੋਨੀਆ ਨੇ ਕਿਹਾ ਕਿ ਜੇਕਰ ਡਾ. ਇਸ਼ਾਂਕ ਨੂੰ ਜਨਤਾ ਦਾ ਸਹਿਯੋਗ ਮਿਲਦਾ ਹੈ ਤਾਂ ਉਹ ਚੱਬੇਵਾਲ ਵਿੱਚ ਇੱਕ ਨਵੇਂ ਦੌਰ ਦੀ ਸ਼ੁਰੂਆਤ ਕਰਨਗੇ ਜਿੱਥੇ ਹਰ ਵਰਗ ਦੇ ਲੋਕਾਂ ਨੂੰ ਇਨਸਾਫ਼ ਅਤੇ ਬਰਾਬਰ ਮੌਕੇ ਮਿਲਣਗੇ। ਇਸ ਮੌਕੇ ਕੇਵਲ ਸਿੰਘ, ਕਿਰਪਾਲ ਸਿੰਘ, ਡਾ. ਵਿਪਨ, ਰਵੀ ਕੁਮਾਰ, ਅਮਰਜੀਤ ਕੌਰ, ਸੁਦੇਸ਼ ਕੁਮਾਰੀ, ਊਸ਼ਾ ਰਾਣੀ, ਕੁਲਦੀਪ ਕੌਰ, ਬਰਿੰਦਰ ਕੁਮਾਰ ਤੇ ਜਸਵਿੰਦਰ ਸਿੰਘ ਆਦਿ ਹਾਜ਼ਿਰ ਸਨ।