ਰਤੀਆ ’ਚ 40.88 ਕਰੋੜ ਰੁਪਏ ਦੀ ਲਾਗਤ ਨਾਲ ਵਿਛਾਈ ਜਾਵੇਗੀ ਪਾਈਪਲਾਈਨ
ਪੱਤਰ ਪ੍ਰੇਰਕ
ਰਤੀਆ, 25 ਜੁਲਾਈ
ਰਤੀਆ ਸ਼ਹਿਰ ਵਿੱਚ 40 ਕਰੋੜ 88 ਲੱਖ ਰੁਪਏ ਦੀ ਲਾਗਤ ਨਾਲ ਨਵੀਂ ਪਾਈਪਲਾਈਨ ਵਿਛਾਉਣ ਲਈ ਪ੍ਰਸ਼ਾਸਨਿਕ ਪ੍ਰਵਾਨਗੀ ਮਿਲ ਗਈ ਹੈ। ਵਿਧਾਇਕ ਲਛਮਣ ਨਾਪਾ ਨੇ ਕਿਹਾ ਕਿ ਜਨ ਸਿਹਤ ਵਿਭਾਗ ਦੇ ਸਹਿਯੋਗ ਨਾਲ ਪੂਰੇ ਸ਼ਹਿਰ ਵਿੱਚ 65 ਕਿਲੋਮੀਟਰ ਦੇ ਖੇਤਰ ਵਿੱਚ ਨਵੀਂ ਪਾਈਪਲਾਈਨ ਵਿਛਾਉਣ ਤੋਂ ਬਾਅਦ ਹਰ ਘਰ ਵਿੱਚ ਪਾਣੀ ਪਹੁੰਚੇਗਾ ਅਤੇ ਲੋਕਾਂ ਨੂੰ ਪੀਣ ਵਾਲਾ ਪਾਣੀ ਲੈਣ ਵਿੱਚ ਕੋਈ ਦਿੱਕਤ ਨਹੀਂ ਆਵੇਗੀ। ਉਨ੍ਹਾਂ ਦੱਸਿਆ ਕਿ ਪੂਰੇ ਸ਼ਹਿਰ ਦੀਆਂ ਨਵੀਆਂ ਅਤੇ ਪੁਰਾਣੀਆਂ ਕਲੋਨੀਆਂ ਵਿੱਚ 100 ਐੱਮਐੱਮ ਤੋਂ 500 ਐੱਮਐੱਮ ਲੋਹੇ ਦੀ ਪਾਈਪਲਾਈਨ ਵਿਛਾਈ ਜਾਵੇਗੀ। ਵਿਧਾਇਕ ਨਾਪਾ ਨੇ ਕਿਹਾ ਕਿ ਵੱਖ-ਵੱਖ ਲੋਕ ਭਲਾਈ ਸਕੀਮਾਂ, ਪ੍ਰਾਜੈਕਟਾਂ ਅਤੇ ਨੀਤੀਆਂ ਤਹਿਤ ਕਰੋੜਾਂ ਰੁਪਏ ਦੇ ਵਿਕਾਸ ਕਾਰਜ ਕਰਵਾ ਕੇ ਇਲਾਕੇ ਦੀ ਦਿਸ਼ਾ ਅਤੇ ਦਸ਼ਾ ਬਦਲਣ ਦਾ ਕੰਮ ਕੀਤਾ ਜਾ ਰਿਹਾ ਹੈ। ਹਲਕੇ ਵਿੱਚ ਗਲੀਆਂ ਵਿੱਚ ਸੀਵਰੇਜ ਦੀਆਂ ਪਾਈਪਾਂ ਵਿਛਾ ਕੇ ਪਾਣੀ ਦੀ ਨਿਕਾਸੀ ਦੇ ਪੁਖਤਾ ਪ੍ਰਬੰਧ ਕੀਤੇ ਜਾਣਗੇ। ਉਨ੍ਹਾਂ ਕਿਹਾ ਕਿ ਸਮੂਹ ਇਲਾਕਾ ਵਾਸੀਆਂ ਦੀਆਂ ਬੁਨਿਆਦੀ ਸਹੂਲਤਾਂ ਦਾ ਪੂਰਾ ਖਿਆਲ ਰੱਖਿਆ ਜਾ ਰਿਹਾ ਹੈ। ਵਿਧਾਇਕ ਨੇ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਮੁੱਖ ਮੰਤਰੀ ਨਾਇਬ ਸਿੰਘ ਦੇਸ਼ ਅਤੇ ਸੂਬੇ ’ਚ ‘ਸਬ ਕਾ ਸਾਥ-ਸਬ ਕਾ ਵਿਕਾਸ’ ਦੀ ਨੀਤੀ ਤਹਿਤ ਕੰਮ ਕਰ ਰਹੇ ਹਨ। ਇਸ ਨਾਲ ਆਮ ਲੋਕਾਂ ਦੀਆਂ ਸਮੱਸਿਆਵਾਂ ਦਾ ਹੱਲ ਹੋ ਰਿਹਾ ਹੈ। ਉਨ੍ਹਾਂ ਕਿਹਾ ਕਿ ਰਤੀਆ ਵਿਧਾਨ ਸਭਾ ਹਲਕੇ ਦਾ ਸਰਬਪੱਖੀ ਵਿਕਾਸ ਕਰਵਾਉਣਾ ਉਨ੍ਹਾਂ ਦਾ ਫਰਜ਼ ਹੈ।