ਪੰਥ ਵਿਰੋਧੀ ਤਾਕਤਾਂ ਦੇ ਮਨਸੂਬੇ ਕਾਮਯਾਬ ਨਹੀਂ ਹੋਣ ਦਿਆਂਗੇ: ਧਾਮੀ
ਰਾਜਵਿੰਦਰ ਰੌਂਤਾ
ਨਿਹਾਲ ਸਿੰਘ ਵਾਲਾ, 12 ਨਵੰਬਰ
ਇਤਿਹਾਸਕ ਗੁਰਦੁਆਰਾ ਨਾਨਕਸਰ ਤਖ਼ਤੂਪਰਾ ਸਾਹਿਬ ਵਿੱਚ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਧਾਰਮਿਕ ਸਮਾਗਮ ਕਰਵਾਇਆ ਗਿਆ ਜਿਸ ਵਿੱਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਚੌਥੀ ਵਾਰ ਪ੍ਰਧਾਨ ਚੁਣੇ ਜਾਣ ’ਤੇ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦਾ ਗੁਰਦੁਆਰਾ ਪ੍ਰਬੰਧਕ ਕਮੇਟੀ, ਸ਼੍ਰੋਮਣੀ ਅਕਾਲੀ ਦਲ ਅਤੇ ਸੰਗਤ ਵੱਲੋਂ ਸਨਮਾਨ ਕੀਤਾ ਗਿਆ। ਸੰਗਤ ਨੂੰ ਸੰਬੋਧਨ ਕਰਦਿਆਂ ਸ੍ਰੀ ਧਾਮੀ ਨੇ ਕਿਹਾ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਵਿਰੋਧੀ ਤਾਕਤਾਂ ਨੂੰ ਸਿਰ ਨਹੀਂ ਚੁੱਕਣ ਦਿੱਤਾ ਜਾਵੇਗਾ। ਉਨ੍ਹਾਂ ਕਿਹਾ ਕਿ ਪੰਥ ਵਿਰੋਧੀ ਤਾਕਤਾਂ ਜਾਤ-ਪਾਤ ਦੀਆਂ ਵੰਡੀਆਂ ਪਾਉਣ ਦੀਆਂ ਕੋਸ਼ਿਸ਼ਾਂ ਕਰ ਰਹੀ ਹੈ ਪਰ ਸਿੱਖ ਪੰਥ ਅਜਿਹੀਆਂ ਤਾਕਤਾਂ ਨੂੰ ਕਾਮਯਾਬ ਨਹੀਂ ਹੋਣ ਦਿਆਂਗੇ। ਇਸ ਮੌਕੇ ਅਕਾਲੀ ਆਗੂ ਬਰਜਿੰਦਰ ਸਿੰਘ ਬਰਾੜ ਮੱਖਣ, ਸ਼੍ਰੋਮਣੀ ਕਮੇਟੀ ਦੇ ਜਨਰਲ ਸਕੱਤਰ ਸ਼ੇਰ ਸਿੰਘ ਮੰਡ, ਸ਼੍ਰੋਮਣੀ ਕਮੇਟੀ ਮੈਂਬਰ ਗੁਰਮੇਲ ਸਿੰਘ ਸੰਗਤਪੁਰਾ, ਜ਼ਿਲ੍ਹਾ ਪ੍ਰਧਾਨ ਅਕਾਲੀ ਦਲ ਅਮਰਜੀਤ ਸਿੰਘ ਲੰਢੇਕੇ, ਬੂਟਾ ਸਿੰਘ ਦੌਲਤਪੁਰਾ ਸਾਬਕਾ ਮੈਂਬਰ ਜ਼ਿਲ੍ਹਾ ਪਰਿਸ਼ਦ, ਸਾਬਕਾ ਸਰਪੰਚ ਗੁਰਮੇਲ ਸਿੰਘ ਤਖ਼ਤੂਪੁਰਾ ਆਦਿ ਨੇ ਸੰਬੋਧਨ ਕੀਤਾ। ਇਸ ਮੌਕੇ ਸ਼੍ਰੋਮਣੀ ਕਮੇਟੀ ਮੈਂਬਰਾਂ ਤੇ ਸ਼੍ਰੋਮਣੀ ਅਕਾਲੀ ਦਲ ਦੇ ਆਗੂਆਂ ਵੱਲੋਂ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦਾ ਵਿਸ਼ੇਸ਼ ਸਨਮਾਨ ਕੀਤਾ ਗਿਆ। ਇਸ ਮੌਕੇ ਸ਼੍ਰੋਮਣੀ ਕਮੇਟੀ ਮੈਂਬਰ ਬਾਬਾ ਟੇਕ ਸਿੰਘ ਧਨੌਲਾ, ਸ਼੍ਰੋਮਣੀ ਕਮੇਟੀ ਮੈਂਬਰ ਜਥੇਦਾਰ ਬਲਦੇਵ ਸਿੰਘ ਚੂੰਘਾ, ਚੇਅਰਮੈਨ ਖਣਮੁੱਖ ਭਾਰਤੀ ਪੱਤੋ, ਗੁਰਪ੍ਰੀਤ ਸਿੰਘ ਕਾਕਾ ਬਰਾੜ ਤੇ ਹੋਰ ਮੌਜੂਦ ਸਨ।