ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਪੁਲੀਸ ਨੇ ਕਿਸਾਨ ਜਥੇਬੰਦੀਆਂ ਦੀਆਂ ਮੰਗਾਂ ਮੰਨੀਆਂ

08:41 AM Jul 12, 2024 IST

ਗੁਰਦੀਪ ਸਿੰਘ ਲਾਲੀ
ਸੰਗਰੂਰ, 11 ਜੁਲਾਈ
ਦੋ ਦਲਿਤ ਨੌਜਵਾਨਾਂ ਦੀ ਬੇਰਹਿਮੀ ਨਾਲ ਕੁੱਟਮਾਰ ਕਰਨ ਦੇ ਮਾਮਲੇ ’ਚ ਸੰਗਰੂਰ ਪੁਲੀਸ ਵੱਲੋਂ ਕਿਸਾਨ ਆਗੂ ਮਨਜੀਤ ਸਿੰਘ ਘਰਾਚੋਂ ਅਤੇ ਜਗਤਾਰ ਸਿੰਘ ਲੱਡੀ ਖ਼ਿਲਾਫ਼ ਵੱਖ-ਵੱਖ ਧਾਰਾਵਾਂ ਤੇ ਐੱਸਸੀ/ਐੱਸਟੀ ਐਕਟ ਤਹਿਤ ਦਰਜ ਕੇਸ ਵਿਚੋਂ ਜਗਤਾਰ ਸਿੰਘ ਲੱਡੀ ਨੂੰ ਬਾਹਰ ਕਰਨ, ਐੱਸਸੀ/ਐੱਸਟੀ ਐਕਟ ਹਟਾਉਣ ਅਤੇ ਥਾਣਾ ਸਦਰ ਮੁਖੀ ਖ਼ਿਲਾਫ਼ ਵਿਭਾਗੀ ਕਾਰਵਾਈ ਕਰਨ ਦੀ ਮੰਗ ਲਈ ਭਾਕਿਯੂ ਏਕਤਾ ਉਗਰਾਹਾਂ ਵਲੋਂ ਉਲੀਕੇ ਸੰਘਰਸ਼ ਅੱਗੇ ਸੰਗਰੂਰ ਪੁਲੀਸ ਲਗਪਗ ਝੁਕਦੀ ਨਜ਼ਰ ਆ ਰਹੀ ਹੈ। ਭਾਕਿਯੂ ਏਕਤਾ ਉਗਰਾਹਾਂ ਦੇ ਸੂਬਾ ਪ੍ਰਧਾਨ ਜੋਗਿੰਦਰ ਸਿੰਘ ਉਗਰਾਹਾਂ ਦਾ ਕਹਿਣਾ ਹੈ ਕਿ ਸੰਗਰੂਰ ਪੁਲੀਸ ਨੇ ਜਗਤਾਰ ਸਿੰਘ ਲੱਡੀ ਨੂੰ ਕੇਸ ’ਚੋਂ ਬਾਹਰ ਕੱਢਣ ਅਤੇ ਥਾਣਾ ਸਦਰ ਸੰਗਰੂਰ ਦੇ ਐੱਸਐੱਚਓ ਖ਼ਿਲਾਫ਼ ਵਿਭਾਗੀ ਕਾਰਵਾਈ ਦੀ ਮੰਗ ਮੰਨ ਲਈ ਹੈ ਜਦੋਂ ਕਿ ਕੇਸ ਵਿਚੋਂ ਐੱਸਸੀ/ਐੱਸਟੀ ਐਕਟ ਹਟਾਉਣ ਦਾ ਭਰੋਸਾ ਦਿੱਤਾ ਹੈ।
ਭਾਵੇਂ ਕਿ ਭਾਕਿਯੂ ਏਕਤਾ ਉਗਰਾਹਾਂ ਵਲੋਂ ਇਨ੍ਹਾਂ ਤਿੰਨੋਂ ਮੰਗਾਂ ਨੂੰ ਲੈ ਕੇ ਅੱਜ 11 ਜੁਲਾਈ ਤੋਂ ਚਾਰ ਕੈਬਨਿਟ ਮੰਤਰੀਆਂ ਹਰਪਾਲ ਸਿੰਘ ਚੀਮਾ, ਅਮਨ ਅਰੋੜਾ, ਬਲਵੀਰ ਸਿੰਘ, ਗੁਰਮੀਤ ਸਿੰਘ ਖੁੱਡੀਆਂ ਅਤੇ ਇੱਕ ਸੰਸਦ ਮੈਂਬਰ ਗੁਰਮੀਤ ਸਿੰਘ ਮੀਤ ਹੇਅਰ ਦੇ ਘਰਾਂ ਅੱਗੇ ਅਣਮਿੱਥੇ ਸਮੇਂ ਲਈ ਪੱਕੇ ਮੋਰਚੇ ਲਗਾਉਣ ਦਾ ਐਲਾਨ ਕੀਤਾ ਹੋਇਆ ਸੀ ਪਰ ਉਸ ਤੋਂ ਪਹਿਲਾਂ ਹੀ ਬੀਤੀ ਦੇਰ ਸ਼ਾਮ ਪੰਜਾਬ ਪੁਲੀਸ ਦੇ ਇੱਕ ਉੱਚ ਅਧਿਕਾਰੀ ਅਤੇ ਜ਼ਿਲ੍ਹੇ ਦੇ ਸਿਵਲ ਤੇ ਪੁਲੀਸ ਅਧਿਕਾਰੀਆਂ ਨੇ ਭਾਕਿਯੂ ਏਕਤਾ ਉਗਰਾਹਾਂ ਦੇ ਸੱਤ ਮੈਂਬਰੀ ਵਫ਼ਦ ਨਾਲ ਮੀਟਿੰਗ ਕਰਕੇ ਦੋ ਮੰਗਾਂ ਮਨਜ਼ੂਰ ਕਰ ਲਈਆਂ ਹਨ ਜਿਸ ਮਗਰੋਂ ਭਾਕਿਯੂ ਏਕਤਾ ਉਗਰਾਹਾਂ ਨੇ ਪੱਕੇ ਮੋਰਚੇ ਲਗਾਉਣ ਦਾ ਸੰਘਰਸ਼ ਮੁਲਤਵੀ ਕਰ ਦਿੱਤਾ ਹੈ।
ਜੋਗਿੰਦਰ ਸਿੰਘ ਉਗਰਾਹਾਂ ਅਤੇ ਜਨਰਲ ਸਕੱਤਰ ਸੁਖਦੇਵ ਸਿੰਘ ਕੋਕਰੀ ਕਲਾਂ ਨੇ ਦੱਸਿਆ ਕਿ ਬੀਤੀ ਦੇਰ ਸ਼ਾਮ ਪੰਜਾਬ ਪੁਲੀਸ ਦੇ ਏਡੀਜੀਪੀ ਜਸਕਰਨ ਸਿੰਘ, ਐੱਸਐੱਸਪੀ ਸੰਗਰੂਰ ਸਰਤਾਜ ਸਿੰਘ ਚਾਹਲ, ਏਡੀਸੀ ਸੰਗਰੂਰ ਤੇ ਹੋਰ ਅਧਿਕਾਰੀਆਂ ਨਾਲ ਜਥੇਬੰਦੀ ਦੇ 7 ਮੈਂਬਰੀ ਸੂਬਾਈ ਵਫ਼ਦ ਦੀ ਮੀਟਿੰਗ ਹੋਈ ਜਿਸ ਵਿਚ ਦੋ ਮੰਗਾਂ ਪ੍ਰਵਾਨ ਕਰ ਲਈਆਂ ਹਨ। ਉਨ੍ਹਾਂ ਕਿਹਾ ਕਿ ਕੇਸ ਵਿਚ ਨਾਜਾਇਜ਼ ਲਾਈ ਗਈ ਐੱਸਸੀ/ਐੱਸਟੀ. ਐਕਟ ਦੀ ਧਾਰਾ ਹਟਾਉਣ ਬਾਰੇ ਅਨੁਸੂਚਿਤ ਜਾਤੀ ਕਮਿਸ਼ਨ ਪੰਜਾਬ ਦੀ 15 ਜੁਲਾਈ ਨੂੰ ਸੁਣਵਾਈ ਮੌਕੇ ਇਨਸਾਫ਼ ਦਿਵਾਉਣ ਦਾ ਭਰੋਸਾ ਦਿਵਾਇਆ ਗਿਆ ਹੈ। ਉਨ੍ਹਾਂ ਕਿਹਾ ਕਿ ਕਿਸਾਨ ਜਥੇਬੰਦੀ ਦੀਆਂ ਇਹ ਅਹਿਮ ਪ੍ਰਾਪਤੀਆਂ ਹਨ।
ਦੂਜੇ ਪਾਸੇ ਸੰਗਰੂਰ ਪੁਲੀਸ ਦਾ ਪੱਖ ਜਾਣਨ ਲਈ ਕਈ ਵਾਰ ਐੱਸਐੱਸਪੀ. ਸੰਗਰੂਰ ਅਤੇ ਹੋਰ ਪੁਲੀਸ ਅਧਿਕਾਰੀਆਂ ਨਾਲ ਸੰਪਰਕ ਕਰਨ ਦੀ ਕੋਸ਼ਿਸ਼ ਕੀਤੀ ਪਰ ਕਿਸੇ ਨੇ ਵੀ ਫੋਨ ਨਹੀਂ ਚੁੱਕਿਆ।

Advertisement

Advertisement
Advertisement