ਪਰਾਲੀ ਸਾੜਨ ਵਾਲਿਆਂ ਖ਼ਿਲਾਫ਼ ਸਖ਼ਤੀ ਵਰਤਣ ਲੱਗੀ ਪੁਲੀਸ
ਟ੍ਰਿਬਿਊਨ ਨਿਊਜ਼ ਸਰਵਿਸ
ਚੰਡੀਗੜ੍ਹ, 21 ਅਕਤੂਬਰ
ਸੁਪਰੀਮ ਕੋਰਟ ਅਤੇ ਹਵਾ ਗੁਣਵੱਤਾ ਪ੍ਰਬੰਧਨ ਕਮਿਸ਼ਨ ਦੀਆਂ ਹਦਾਇਤਾਂ ’ਤੇ ਪੰਜਾਬ ਪੁਲੀਸ ਪਰਾਲੀ ਸਾੜਨ ਦੀਆਂ ਘਟਨਾਵਾਂ ਰੋਕਣ ਲਈ ਸਖ਼ਤੀ ਵਰਤਣ ਲੱਗੀ ਹੈ। ਪੁਲੀਸ ਨੇ ਸੂਬੇ ਵਿੱਚ ਪਰਾਲੀ ਸਾੜਨ ਵਾਲਿਆਂ ਖ਼ਿਲਾਫ਼ 874 ਕੇਸ ਦਰਜ ਕਰ ਕੇ 10.55 ਲੱਖ ਰੁਪਏ ਦਾ ਜੁਰਮਾਨਾ ਕੀਤਾ ਹੈ। ਇਸ ਸਬੰਧੀ ਵਿਸ਼ੇਸ਼ ਡੀਜੀਪੀ ਕਾਨੂੰਨ ਤੇ ਵਿਵਸਥਾ ਅਰਪਿਤ ਸ਼ੁਕਲਾ ਨੇ ਕਿਹਾ ਕਿ ਸੂਬੇ ’ਚ ਪਰਾਲੀ ਸਾੜਨ ’ਤੇ ਮੁਕੰਮਲ ਰੋਕ ਲਾਉਣ ਲਈ ਪੁਲੀਸ ਨੇ ਸਿਵਲ ਪ੍ਰਸ਼ਾਸਨ ਨਾਲ ਮਿਲ ਕੇ ਕਿਸਾਨਾਂ ਨੂੰ ਪਰਾਲੀ ਸਾੜਨ ਦੇ ਮਾੜੇ ਪ੍ਰਭਾਵਾਂ ਬਾਰੇ ਜਾਗਰੂਕ ਕਰਨ ਲਈ ਇੱਕ ਵਿਸ਼ਾਲ ਮੁਹਿੰਮ ਸ਼ੁਰੂ ਕੀਤੀ ਹੈ। ਇਸ ਦੌਰਾਨ ਝੋਨੇ ਦੀ ਪਰਾਲੀ ਨੂੰ ਅੱਗ ਲਗਾਉਣ ਵਾਲੇ ਵਿਅਕਤੀਆਂ ਵਿਰੁੱਧ ਕਾਨੂੰਨੀ ਕਾਰਵਾਈ ਕੀਤੀ ਜਾ ਰਹੀ ਹੈ। ਸ੍ਰੀ ਸ਼ੁਕਲਾ ਨੇ ਦੱਸਿਆ ਕਿ ਹੁਣ ਤੱਕ ਸੂਬੇ ਵਿੱਚ ਸੈਟੇਲਾਈਟ ਰਾਹੀਂ 1393 ਖੇਤਾਂ ਵਿੱਚ ਪਰਾਲੀ ਸਾੜਨ ਦੀਆਂ ਘਟਨਾਵਾਂ ਦਾ ਪਤਾ ਲਾ ਕੇ 874 ਪੁਲੀਸ ਕੇਸ ਦਰਜ ਕੀਤੇ ਹਨ, ਜਦੋਂ ਕਿ 471 ਥਾਵਾਂ ’ਤੇ ਪਰਾਲੀ ਸਾੜਨ ਦਾ ਕੋਈ ਮਾਮਲਾ ਸਾਹਮਣੇ ਨਹੀਂ ਆਇਆ। ਇਸ ਤੋਂ ਇਲਾਵਾ 394 ਕਿਸਾਨਾਂ ਦੇ ਮਾਲ ਰਿਕਾਰਡ ’ਚ ਰੈੱਡ ਐਂਟਰੀਆਂ ਕੀਤੀਆਂ ਗਈਆਂ ਹਨ। ਉਨ੍ਹਾਂ ਦੱਸਿਆ ਕਿ ਪਿਛਲੇ ਕੁਝ ਦਿਨਾਂ ਵਿੱਚ ਡਿਪਟੀ ਕਮਿਸ਼ਨਰਾਂ ਤੇ ਜ਼ਿਲ੍ਹਾ ਪੁਲੀਸ ਮੁਖੀਆਂ ਵੱਲੋਂ 522 ਅਤੇ ਐਸਡੀਐਮਜ਼ ਤੇ ਡੀਐਸਪੀਜ਼ ਵੱਲੋਂ 981 ਸਾਂਝੇ ਦੌਰੇ ਕੀਤੇ ਗਏ ਹਨ। ਇਸ ਦੌਰਾਨ ਅਰਪਿਤ ਸ਼ੁਕਲਾ ਨੇ ਕਿਸਾਨਾਂ ਨੂੰ ਪਰਾਲੀ ਸਾੜਨ ਵਿਰੁੱਧ ਸਰਕਾਰ ਦੇ ਯਤਨਾਂ ਵਿੱਚ ਸਹਿਯੋਗ ਦੇਣ ਅਤੇ ਪਰਾਲੀ ਨੂੰ ਅੱਗ ਨਾ ਲਾਉਣ ਦੀ ਅਪੀਲ ਕੀਤੀ ਹੈ। ਉਨ੍ਹਾਂ ਕਿਹਾ ਕਿ ਪਰਾਲੀ ਸਾੜਨ ਨਾਲ ਵਾਤਾਵਰਨ ਪ੍ਰਦੂਸ਼ਿਤ ਹੁੰਦਾ ਹੈ ਅਤੇ ਬੱਚਿਆਂ ਅਤੇ ਬਜ਼ੁਰਗਾਂ ਦੀ ਸਿਹਤ ’ਤੇ ਵੀ ਮਾੜਾ ਅਸਰ ਪੈਂਦਾ ਹੈ।
ਹਰਿਆਣਾ: ਪਰਾਲੀ ਸਾੜਨ ਦੇ ਦੋਸ਼ ਹੇਠ 14 ਕਿਸਾਨ ਗ੍ਰਿਫ਼ਤਾਰ
ਚੰਡੀਗੜ੍ਹ:
ਕੌਮੀ ਰਾਜਧਾਨੀ ਦਿੱਲੀ ਅਤੇ ਹਰਿਆਣਾ ਸਮੇਤ ਹੋਰ ਥਾਈਂ ਵਧ ਰਹੇ ਪ੍ਰਦੂਸ਼ਣ ਵਿਚਾਲੇ ਪੁਲੀਸ ਨੇ ਕੈਥਲ ਜ਼ਿਲ੍ਹੇ ਵਿੱਚ ਖੇਤਾਂ ’ਚ ਪਰਾਲੀ ਸਾੜਨ ਦੇ ਦੋਸ਼ ਹੇਠ 14 ਕਿਸਾਨਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਕੈਥਲ ਜ਼ਿਲ੍ਹੇ ਦੇ ਡੀਐੱਸਪੀ (ਹੈੱਡਕੁਆਰਟਰ) ਬੀਰਭਾਨ ਨੇ ਕਿਹਾ, ‘ਪਿਛਲੇ ਕੁਝ ਦਿਨਾਂ ਵਿੱਚ 14 ਕਿਸਾਨਾਂ ਨੂੰ ਪਰਾਲੀ ਸਾੜਨ ਦੇ ਦੋਸ਼ ਹੇਠ ਗ੍ਰਿਫਤਾਰ ਕੀਤਾ ਗਿਆ ਸੀ ਪਰ ਬਾਅਦ ਵਿੱਚ ਉਨ੍ਹਾਂ ਨੂੰ ਜ਼ਮਾਨਤ ’ਤੇ ਰਿਹਾਅ ਕਰ ਦਿੱਤਾ ਗਿਆ।’ ਹਾਲ ਹੀ ਵਿੱਚ ਪਾਣੀਪਤ ਅਤੇ ਯਮੁਨਾਨਗਰ ਸਣੇ ਕੁਝ ਹੋਰ ਥਾਵਾਂ ’ਤੇ ਪਰਾਲੀ ਸਾੜਨ ਦੇ ਮਾਮਲੇ ਸਾਹਮਣੇ ਆਏ ਹਨ। ਮੁੱਖ ਸਕੱਤਰ ਟੀਵੀਐੱਸਐੱਨ ਪ੍ਰਸਾਦ ਨੇ ਇਸ ਸਬੰਧੀ ਡਿਪਟੀ ਕਮਿਸ਼ਨਰਾਂ ਨੂੰ ਨਿਰਦੇਸ਼ ਦਿੱਤੇ ਸਨ। ਬੁੱਧਵਾਰ ਨੂੰ ਸੁਪਰੀਮ ਕੋਰਟ ਨੇ ਪਰਾਲੀ ਸਾੜਨ ਦੇ ਮਾਮਲਿਆਂ ’ਚ ਉਲੰਘਣਾ ਕਰਨ ਵਾਲਿਆਂ ਖ਼ਿਲਾਫ਼ ਕਾਰਵਾਈ ਨਾ ਕਰਨ ’ਤੇ ਹਰਿਆਣਾ ਅਤੇ ਪੰਜਾਬ ਸਰਕਾਰ ਦੀ ਖਿਚਾਈ ਕੀਤੀ ਸੀ। -ਪੀਟੀਆਈ