ਰਾਜਸੀ ਆਗੂਆਂ ਨੇ ਜ਼ਖਮੀ ਕਿਸਾਨਾਂ ਦਾ ਹਾਲ-ਚਾਲ ਪੁੱਛਿਆ
ਖੇਤਰੀ ਪ੍ਰਤੀਨਿਧ
ਪਟਿਆਲਾ, 22 ਫਰਵਰੀ
ਸ਼ੰਭੂ ਬੈਰੀਅਰ ’ਤੇ ਬੀਤੇ ਦਿਨੀਂ ਤਬੀਅਤ ਵਿਗੜਨ ਉਪਰੰਤ ਹਸਪਤਾਲ ਦਾਖਲ ਕਰਵਾਏ ਗਏ ਕਿਸਾਨ ਯੂਨੀਅਨ ਸਿੱਧੂਪੁਰ ਦੇ ਪ੍ਰਧਾਨ ਜਗਜੀਤ ਸਿੰਘ ਡੱਲੇਵਾਲ ਦਾ ਹਾਲ-ਚਾਲ ਪੁੱਛਣ ਲਈ ਅੱਜ ਕਈ ਰਾਜਸੀ ਆਗੂ ਹਸਪਤਾਲ ਪਹੁੰਚੇ। ਇਨ੍ਹਾਂ ਵਿੱਚ ਸਿਹਤ ਮੰਤਰੀ ਡਾ.ਬਲਬੀਰ ਸਿੰਘ, ਚੇਤਨ ਸਿੰਘ ਜੌੜਾਮਾਜਰਾ ਤੇ ਡਾ. ਬਲਜੀਤ ਕੌਰ ਸਮੇਤ ਅਕਾਲੀ ਆਗੂ ਪ੍ਰੇਮ ਸਿੰਘ ਚੰਦੂਮਾਜਰਾ, ਬਿਕਰਮ ਸਿੰਘ ਮਜੀਠੀਆ, ਸੁਰਜੀਤ ਸਿੰਘ ਰੱਖੜਾ, ਗੁਰਪ੍ਰੀਤ ਸਿੰਘ ਰਾਜੂਖੰਨਾ, ਬਿੱਟੂ ਚੱਠਾ, ਭੁਪਿੰਦਰ ਸ਼ੇਖੂਪੁਰ, ਜਗਜੀਤ ਸਿੰਘ ਕੋਹਲੀ, ਸ਼੍ਰੋਮਣੀ ਕਮੇਟੀ ਮੈਂਬਰ ਜਸਮੇਰ ਲਾਛੜੂ ਤੇ ਜਰਨੈਲ ਕਰਤਾਰਪੁਰ ਤੇ ਕਈ ਹੋਰ ਸ਼ਾਮਲ ਸਨ। ਸ਼ੰਭੂ ਅਤੇ ਖਨੌਰੀ ਬਾਰਡਰਾਂ ’ਤੇ ਹਰਿਆਣਾ ਪੁਲੀਸ ਵੱਲੋਂ ਵਰਸਾਏ ਗਏ ਅੱਥਰੂ ਗੈਸ ਦੇ ਗੋਲਿਆਂ ਅਤੇ ਰਬੜ ਦੀਆਂ ਗੋਲ਼ੀਆਂ ਨਾਲ ਜ਼ਖ਼ਮੀ ਹੋਏ ਕਈ ਕਿਸਾਨ ਵੀ ਇਸੇ ਹੀ ਹਸਪਤਾਲ ’ਚ ਜ਼ੇਰੇ ਇਲਾਜ ਹਨ ਜਿਨ੍ਹਾਂ ਦਾ ਵੀ ਇਨ੍ਹਾਂ ਰਾਜਸੀ ਆਗੂਆਂ ਨੇ ਹਾਲ ਚਾਲ ਜਾਣਿਆ। ਆਗੂਆਂ ਨੇ ਹਰਿਆਣਾ ਸਰਕਾਰ ਦੀ ਨਿੰਦਾ ਵੀ ਕੀਤੀ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਨੂੰ ਇਸ ਮਾਮਲੇ ’ਤੇ ਸਖਤ ਕਾਰਵਾਈ ਕਰਨੀ ਚਾਹੀਦੀ ਹੈ ਤਾਂ ਕਿ ਪੰਜਾਬ ਦੇ ਕਿਸਾਨਾਂ ਨੂੰ ਇਨਸਾਫ ਮਿਲ ਸਕੇ। ਕੇਂਦਰ ਦੀ ਕਿਸਾਨੀ ਮੰਗਾਂ ’ਤੇ ਸਹਿਮਤੀ ਨਾ ਬਣਨ ਕਾਰਨ ਹਾਲੇ ਤਣਾਅ ਦਾ ਮਾਹੌਲ ਬਣਿਆ ਹੋਇਆ ਹੈ।