ਬਿਜਲੀ ਮੰਤਰੀ ਨੇ ਲੋਕਾਂ ਦੀਆਂ ਸਮੱਸਿਆਵਾਂ ਸੁਣੀਆਂ
ਨਿੱਜੀ ਪੱਤਰ ਪ੍ਰੇਰਕ
ਸਿਰਸਾ, 18 ਸਤੰਬਰ
ਹਰਿਆਣਾ ਦੇ ਬਿਜਲੀ ਮੰਤਰੀ ਰਣਜੀਤ ਸਿੰਘ ਚੌਟਾਲਾ ਨੇ ਪੀਡਬਲਿਊਡੀ ਰੈਸਟ ਹਾਊਸ ਵਿੱਚ ਆਮ ਲੋਕਾਂ ਦੀਆਂ ਸਮੱਸਿਆਵਾਂ ਸੁਣਦਿਆਂ ਕਿਹਾ ਕਿ ਹਰਿਆਣਾ ਸਰਕਾਰ ਸਿੱਧੇ ਤੌਰ ’ਤੇ ਜਨਤਾ ਨਾਲ ਸੰਪਰਕ ਕਰ ਰਹੀ ਹੈ। ਲੋਕਾਂ ਦੀਆਂ ਮੁਸ਼ਕਲਾਂ ਨੂੰ ਪਹਿਲ ਦੇ ਆਧਾਰ ’ਤੇ ਦੂਰ ਕੀਤਾ ਜਾ ਰਿਹਾ ਹੈ।
ਇਸ ਸਬੰਧੀ ਅਧਿਕਾਰੀਆਂ ਨੂੰ ਦਿਸ਼ਾ ਨਿਰਦੇਸ਼ ਦਿੱਤੇ ਗਏ ਹਨ। ਹਰਿਆਣਾ ਦੇ ਬਿਜਲੀ ਮੰਤਰੀ ਚੌਧਰੀ ਰਣਜੀਤ ਸਿੰਘ ਨੇ ਅੱਜ ਪੀਡਬਲਿਊਡੀ ਰੈਸਟ ਹਾਊਸ ’ਚ ਜ਼ਿਲ੍ਹੇ ਦੇ ਲੋਕਾਂ ਦੀਆਂ ਸਮੱਸਿਆਵਾਂ ਸੁਣੀਆਂ ਅਤੇ ਮੌਕੇ ’ਤੇ ਮੌਜੂਦ ਅਧਿਕਾਰੀਆਂ ਨੂੰ ਉਨ੍ਹਾਂ ਦੇ ਹੱਲ ਸਬੰਧੀ ਜ਼ਰੂਰੀ ਦਿਸ਼ਾ-ਨਿਰਦੇਸ਼ ਦਿੱਤੇ। ਇਸ ਦੌਰਾਨ ਉਨ੍ਹਾਂ ਨੇ ਕਿਹਾ ਕਿ ਸੂਰਜੀ ਊਰਜਾ ਦੇ ਖੇਤਰ ਵਿੱਚ ਹਰਿਆਣਾ ਦੇਸ਼ ਵਿੱਚ ਦੂਜੇ ਨੰਬਰ ’ਤੇ ਹੈ। ਉਨ੍ਹਾਂ ਨੇ ਦੱਸਿਆ ਕਿ ਕਿਸਾਨਾਂ ਤੋਂ ਇਲਾਵਾ ਧਰਮਸ਼ਾਲਾਵਾਂ ਵਿੱਚ ਵੀ ਸੋਲਰ ਪਲਾਂਟ ਲਗਾਉਣ ਲਈ ਵੀ ਸਬਸਿਡੀ ਦਿੱਤੀ ਜਾ ਰਹੀ ਹੈ। ਉਨ੍ਹਾਂ ਨੇ ਕਿਹਾ ਕਿ ਸੂਬੇ ਵਿੱਚ ਬਿਜਲੀ ਦੀ ਕੋਈ ਕਮੀ ਨਹੀਂ ਹੈ। ਇਸ ਮੌਕੇ ਉਨ੍ਹਾਂ ਬਿਜਲੀ, ਪਾਣੀ, ਗਲੀਆਂ ਦੀ ਉਸਾਰੀ, ਪੀਣ ਵਾਲੇ ਪਾਣੀ ਸਬੰਧੀ ਸਮੱਸਿਆਵਾਂ ਸੁਣੀਆਂ ਅਤੇ ਅਧਿਕਾਰੀਆਂ ਨੂੰ ਤੁਰੰਤ ਕਾਰਵਾਈ ਕਰਨ ਦੇ ਨਿਰਦੇਸ਼ ਦਿੱਤੇ।