ਕਿਸਾਨ ਯੂਨੀਅਨ ਦੋਆਬਾ ਦਾ ਜਥਾ ਹਰਿਆਣਾ ਰਵਾਨਾ
ਪੱਤਰ ਪ੍ਰੇਰਕ
ਫਗਵਾੜਾ, 12 ਜੂਨ
ਹਰਿਆਣਾ ‘ਚ ਐਮਐਸਪੀ ਦੀ ਮੰਗ ਨੂੰ ਲੈ ਕੇ ਸੰਘਰਸ਼ ਕਰ ਰਹੇ ਕਿਸਾਨਾਂ ‘ਤੇ ਲਾਠੀਚਾਰਜ ਕਰਨ ਤੇ ਗੁਰਨਾਮ ਸਿੰਘ ਚੜੂਨੀ ਕਿਸਾਨ ਆਗੂ ‘ਤੇ ਧਾਰਾ 307 ਦਾ ਕੇਸ ਦਰਜ ਕਰਨ ਤੋਂ ਖਫ਼ਾ ਹੋਏ ਕਿਸਾਨਾਂ ਨੇ ਅੱਜ ਹਰਿਆਣਾ ਸਰਕਾਰ ਖਿਲਾਫ਼ ਸੰਘਰਸ਼ ਕਰਨ ਲਈ ਕਿਸਾਨਾਂ ਦਾ ਜਥਾ ਭਾਰਤੀ ਕਿਸਾਨ ਯੂਨੀਅਨ ਦੋਆਬਾ ਦੇ ਪ੍ਰਧਾਨ ਮਨਜੀਤ ਸਿੰਘ ਰਾਏ ਤੇ ਜਨਰਲ ਸਕੱਤਰ ਸਤਨਾਮ ਸਿੰਘ ਸਾਹਨੀ ਦੀ ਅਗਵਾਈ ‘ਚ ਰਵਾਨਾ ਹੋਇਆ।
ਕਿਸਾਨ ਆਗੂ ਮਨਜੀਤ ਸਿੰਘ ਰਾਏ ਤੇ ਸਾਹਨੀ ਨੇ ਦੱਸਿਆ ਕਿ ਲਾਠੀਚਾਰਜ ਦੌਰਾਨ ਕਈ ਕਿਸਾਨ ਫੱਟੜ ਵੀ ਹੋਏ ਹਨ ਜਦਕਿ ਕਿਸਾਨ ਸਿਰਫ਼ ਆਪਣੀਆਂ ਜਾਇਜ਼ ਮੰਗਾਂ ਲਈ ਸੰਘਰਸ਼ ਕਰ ਰਹੇ ਸਨ। ਉਨ੍ਹਾਂ ਹਰਿਆਣਾ ਸਰਕਾਰ ਤੇ ਕੇਂਦਰ ਦੀ ਭਾਜਪਾ ਸਰਕਾਰ ‘ਤੇ ਤਿੱਖੇ ਹਮਲੇ ਕਰਦਿਆਂ ਕਿਹਾ ਕਿ ਸਰਕਾਰਾਂ ਕਿਸਾਨਾਂ ਨੂੰ ਜਬਰੀ ਦਬਾਉਣਾ ਚਾਹੁੰਦੀਆਂ ਹਨ ਜਿਸ ਨੂੰ ਕਦੇ ਸਹਿਣ ਨਹੀਂ ਕੀਤਾ ਜਾਵੇਗਾ।
ਉਨ੍ਹਾਂ ਕਿਹਾ ਕਿ ਜਥੇ ਦੇ ਨਾਲ ਰਸਤੇ ‘ਚੋਂ ਹੋਰ ਕਿਸਾਨ ਆਗੂ ਰਲਣਗੇ ਤੇ ਹਰਿਆਣਾ ਪੁੱਜ ਤੇ ਸਰਬਸੰਮਤੀ ਨਾਲ ਅਗਲਾ ਸੰਘਰਸ਼ ਪ੍ਰੋਗਰਾਮ ਉਲੀਕਿਆ ਜਾਵੇਗਾ। ਇਸ ਮੌਕੇ ਵੱਡੀ ਗਿਣਤੀ ‘ਚ ਕਿਸਾਨ ਸ਼ਾਮਿਲ ਸਨ।