ਪੰਜਾਂ ਤਖ਼ਤਾਂ ਦੇ ਦਰਸ਼ਨਾਂ ਲਈ ਚੱਲਿਆ ਜਥਾ ਦਿੱਲੀ ਪੁੱਜਾ
ਪੱਤਰ ਪ੍ਰੇਰਕ
ਨਵੀਂ ਦਿੱਲੀ, 30 ਅਗਸਤ
ਦੇਸ਼ ਭਰ ਵਿਚ ਸਿੱਖਾਂ ਦੇ ਪੰਜਾਂ ਤਖ਼ਤਾਂ ਦੇ ਦਰਸ਼ਨਾਂ ਵਾਸਤੇ ਤਖ਼ਤ ਸ੍ਰੀ ਹਜ਼ੂਰ ਸਾਹਿਬ (ਸ੍ਰੀ ਨਾਂਦੇੜ ਸਾਹਿਬ) ਤੋਂ ਰਵਾਨਾ ਹੋਇਆ 1300 ਸਿੰਘਾਂ ਦਾ ਜਥਾ ਦਿੱਲੀ ਦੇ ਗੁਰਦੁਆਰਾ ਰਕਾਬਗੰਜ ਸਾਹਿਬ ਪੁੱਜ ਗਿਆ ਹੈ। ਕਮੇਟੀ ਦੇ ਪ੍ਰਧਾਨ ਹਰਮੀਤ ਸਿੰਘ ਕਾਲਕਾ ਤੇ ਜਨਰਲ ਸਕੱਤਰ ਜਗਦੀਪ ਸਿੰਘ ਕਾਹਲੋਂ ਨੇ ਜੱਥੇ ਅਤੇ ਇਸਦੀ ਅਗਵਾਈ ਕਰਨ ਵਾਲੇ ਸਿੰਘਾਂ ਦਾ ਗੁਰਦੁਆਰਾ ਰਕਾਬਗੰਜ ਸਾਹਿਬ ਵਿੱਚ ਸਿਰੋਪਾਓ ਬਖ਼ਸ਼ਿਸ਼ ਕਰ ਕੇ ਸਨਮਾਨਿਤ ਕੀਤਾ।
ਇਹ ਜਥਾ ਤਖ਼ਤ ਸ੍ਰੀ ਹਜ਼ੂਰ ਸਾਹਿਬ ਸ੍ਰੀ ਨਾਂਦੇੜ ਸਾਹਿਬ ਤੋਂ ਰਵਾਨਾ ਹੋਇਆ ਹੈ ਤੇ ਤਖ਼ਤ ਸ੍ਰੀ ਪਟਨਾ ਸਾਹਿਬ ਦੇ ਦਰਸ਼ਨਾਂ ਮਗਰੋਂ ਦਿੱਲੀ ਦੇ ਗੁਰਦੁਆਰਾ ਰਕਾਬਗੰਜ ਸਾਹਿਬ ਵਿਖੇ ਪੁੱਜਾ ਹੈ। ਇੱਥੋਂ ਅਗਲੇ ਪੜਾਅ ਲਈ ਪੰਜਾਬ ਵਾਸਤੇ ਰਵਾਨਾ ਹੋਵੇਗਾ। ਜਥਾ ਵੱਲੋਂ ਪੰਜਾਬ ਵਿਚ ਤਖ਼ਤ ਸ੍ਰੀ ਦਮਦਮਾ ਸਾਹਿਬ ਤਲਵੰਡੀ, ਤਖਤ ਸ੍ਰੀ ਕੇਸਗੜ੍ਹ ਸਾਹਿਬ ਤੇ ਸ੍ਰੀ ਅਕਾਲ ਤਖਤ ਸਾਹਿਬ ਦੇ ਦਰਸ਼ਨਾਂ ਵਾਸਤੇ ਰਵਾਨਾ ਹੋਵੇਗਾ।
ਉਨ੍ਹਾਂ ਕਿਹਾ ਕਿ ਇਸ ਯਾਤਰਾ ਲਈ ਭਾਈ ਗੁਰਮੀਤ ਸਿੰਘ ਮੀਤ ਗ੍ਰੰਥੀ ਸ੍ਰੀ ਹਜ਼ੂਰ ਸਾਹਿਬ, ਭਾਈ ਰਵਿੰਦਰ ਸਿੰਘ ਬੁੰਗਾਈ ਪ੍ਰਧਾਨ ਸ਼ਹੀਦ ਬਾਬਾ ਭੁਜੰਗ ਸਿੰਘ ਟਰੱਸਟ ਹਜ਼ੂਰ ਸਾਹਿਬ ਨੇ ਇਹ ਉਪਰਾਲਾ ਕੀਤਾ ਹੈ। ਉਨ੍ਹਾਂ ਦੱਸਿਆ ਕਿ ਇਸ ਯਾਤਰਾ ਦੀ ਸਮਾਪਤੀ 4 ਸਤੰਬਰ ਨੂੰ ਹੋਣੀ ਹੈ। ਉਨ੍ਹਾਂ ਕਿਹਾ ਕਿ ਉਹ ਸੰਗਤਾਂ ਵੱਡਭਾਗੀ ਹਨ ਜਿਨ੍ਹਾਂ ਨੂੰ ਪੰਜਾਂ ਤਖ਼ਤਾਂ ਦੇ ਦਰਸ਼ਨਾਂ ਦਾ ਸੁਭਾਗ ਪ੍ਰਾਪਤ ਹੋਇਆ ਹੈ। ਉਨ੍ਹਾਂ ਕਿਹਾ ਕਿ ਵੱਡੀ ਗੱਲ ਇਹ ਹੈ ਕਿ ਤਖਤ ਸ੍ਰੀ ਹਜ਼ੂਰ ਸਾਹਿਬ ਦੀ ਮਰਿਆਦਾ ਅਨੁਸਾਰ ਸ੍ਰੀ ਗੁਰੂ ਗ੍ਰੰਥ ਸਾਹਿਬ ਦਾ ਸਰੂਪ ਲੈ ਕੇ ਹੀ ਜੱਥਾ ਨਾਲ ਚੱਲ ਰਿਹਾ ਹੈ। ਉਨ੍ਹਾਂ ਕਿਹਾ ਕਿ ਰਵਾਇਤਾਂ ਦੀ ਪਾਲਣਾ ਬਹੁਤ ਵੱਡੀ ਗੱਲ ਹੈ। ਸੰਗਤ ਵੱਲੋਂ ਨਾਲ ਲਿਆਂਦੇ ਘੋੜਿਆਂ ਨੂੰ ਵੀ ਦੇਖਿਆ ਜੋ ਗੁਰਦੁਆਰਾ ਰਕਾਬਗੰਜ ਸਾਹਿਬ ਵਿਖੇ ਰੱਖੇ ਗਏ ਹਨ।