ਵੈਟਰਨਰੀ ਡਾਕਟਰਾਂ ਵੱਲੋਂ ਜ਼ਿਲ੍ਹਾ ਪੱਧਰੀ ਧਰਨੇ ਦੇਣ ਦਾ ਪ੍ਰੋਗਰਾਮ ਮੁਲਤਵੀ
ਪੱਤਰ ਪ੍ਰੇਰਕ
ਐਸਏਐਸ ਨਗਰ (ਮੁਹਾਲੀ), 20 ਅਕਤੂਬਰ
ਪਸ਼ੂ ਪਾਲਣ, ਮੱਛੀ ਪਾਲਣ ਤੇ ਡੇਅਰੀ ਵਿਕਾਸ ਦੇ ਪ੍ਰਮੁੱਖ ਸਕੱਤਰ ਰਾਹੁਲ ਭੰਡਾਰੀ ਦੇ ਨਿੱਜੀ ਦਖ਼ਲ ਅਤੇ ਮੈਡੀਕਲ ਅਫ਼ਸਰਾਂ ਨਾਲ ਵੈਟਰਨਰੀ ਅਫ਼ਸਰਾਂ ਦੀ ਤਨਖ਼ਾਹ ਬਰਾਬਰੀ ਦੀ ਮੰਗ ਬਹਾਲ ਕਰਨ ਦੇ ਮਸਲੇ ਨੂੰ ਜਲਦੀ ਹੱਲ ਕਰਨ ਦਾ ਭਰੋਸਾ ਦੇਣ ਨਾਲ ‘ਜੁਆਇੰਟ ਐਕਸ਼ਨ ਕਮੇਟੀ ਫਾਰ ਪੇਅ ਪੈਰਿਟੀ’ ਨੇ ਭਲਕੇ 21 ਅਕਤੂਬਰ ਨੂੰ ਮੁਹਾਲੀ ਸਥਿਤ ਮੁੱਖ ਦਫ਼ਤਰ ਦੇ ਬਾਹਰ ਅਤੇ ਜ਼ਿਲ੍ਹਾ ਪੱਧਰ ’ਤੇ ਦਿੱਤੇ ਜਾਣ ਵਾਲੇ ਧਰਨਿਆਂ ਦਾ ਪ੍ਰੋਗਰਾਮ ਫ਼ਿਲਹਾਲ ਮੁਲਤਵੀ ਕਰ ਦਿੱਤਾ ਹੈ। ਇਹ ਫ਼ੈਸਲਾ ਅੱਜ ਇੱਥੇ ਜਥੇਬੰਦੀ ਦੀ ਸੂਬਾ ਕਮੇਟੀ ਦੀ ਮੀਟਿੰਗ ਵਿੱਚ ਲਿਆ ਗਿਆ। ਵੈਟਰਨਰੀ ਡਾਕਟਰਾਂ ਵੱਲੋਂ ਸੋਮਵਾਰ ਨੂੰ ਪੰਜਾਬ ਭਰ ਵਿੱਚ ਵੈਟਰਨਰੀ ਪੌਲੀ-ਕਲੀਨਿਕਾਂ ਵਿੱਚ ਸਾਰੇ ਇਲਾਜ, ਚੋਣਵੇਂ ਸਰਜਰੀਆਂ, ਖੂਨ ਦੀ ਜਾਂਚ/ਇਕਤਰਨ ਅਤੇ ਹੋਰ ਨਮੂਨਿਆਂ ਨੂੰ ਇਕ ਦਿਨ ਲਈ ਮੁਅੱਤਲ ਕਰ ਕੇ ਸਰਕਾਰ ਵਿਰੁੱਧ ਰੋਸ ਮੁਜ਼ਾਹਰੇ ਕੀਤੇ ਜਾਣੇ ਸਨ।
ਜਥੇਬੰਦੀ ਦੇ ਕਨਵੀਨਰ ਡਾ. ਗੁਰਚਰਨ ਸਿੰਘ ਨੇ ਦੱਸਿਆ ਕਿ 22 ਅਕਤੂਬਰ ਨੂੰ ਪੰਜਾਬ ਭਵਨ ਵਿਖੇ ਵੈਟਰਨਰੀ ਅਫ਼ਸਰਾਂ ਦੀਆਂ ਜਾਇਜ਼ ਮੰਗਾਂ ਬਾਰੇ ਵਿਚਾਰ ਕਰਨ ਲਈ ਕੈਬਨਿਟ ਸਬ-ਕਮੇਟੀ ਨਾਲ ਪੈਨਲ ਮੀਟਿੰਗ ਦਾ ਸੱਦਾ ਦਿੱਤਾ ਗਿਆ ਹੈ। ਉਨ੍ਹਾਂ ਅਫ਼ਸੋਸ ਪ੍ਰਗਟ ਕੀਤਾ ਕਿ ਪੰਜਾਬ ਸਰਕਾਰ ਜਾਣਬੁੱਝ ਕੇ ਮਸਲਿਆਂ ਨੂੰ ਲੰਮਾ ਲਮਕਾ ਰਹੀ ਹੈ, ਜਿਸ ਕਾਰਨ ਵੈਟਰਨਰੀ ਡਾਕਟਰਾਂ ਦੇ ਕਾਡਰ ਵਿੱਚ ਭਾਰੀ ਰੋਸ ਅਤੇ ਨਿਰਾਸ਼ ਦਾ ਆਲਮ ਹੈ। ਉਨ੍ਹਾਂ ਮੰਗ ਕੀਤੀ ਕਿ ਡਾਕਟਰਾਂ ਨਾਲ ਉਨ੍ਹਾਂ ਦੀ ਚਾਰ ਦਹਾਕਿਆਂ ਤੋਂ ਪੁਰਾਣੀ ਸਮਾਨਤਾ ਤੁਰੰਤ ਬਹਾਲ ਕੀਤੀ ਜਾਵੇ।