ਸੌਲਿਡ ਵੇਸਟ ਪ੍ਰੋਸੈਸਿੰਗ ਪਲਾਂਟ ਦੇ ਵਿਰੋਧ ਦਾ ਸੇਕ ਰਾਜ ਭਵਨ ਤੱਕ ਪੁੱਜਿਆ
ਖੇਤਰੀ ਪ੍ਰਤੀਨਿਧ
ਚੰਡੀਗੜ੍ਹ, 11 ਜੂਨ
ਪੰਜਾਬ ਦੇ ਰਾਜਪਾਲ ਅਤੇ ਚੰਡੀਗੜ੍ਹ ਦੇ ਪ੍ਰਸ਼ਾਸਕ ਬਨਵਾਰੀ ਲਾਲ ਪੁਰੋਹਿਤ ਨੇ ਨਗਰ ਨਿਗਮ ਵੱਲੋਂ ਇੱਥੇ ਡੱਡੂ ਮਾਜਰਾ ਵਿੱਚ ਲਗਾਏ ਜਾਣ ਵਾਲੇ ਏਕੀਕ੍ਰਿਤ ਮਿਉਂਸਿਪਲ ਸੌਲਿਡ ਵੇਸਟ ਪ੍ਰੋਸੈਸਿੰਗ ਪਲਾਂਟ ਨੂੰ ਲੈ ਕੇ ਭਲਕੇ ਸੋਮਵਾਰ ਨੂੰ ਸਾਰੀਆਂ ਪਾਰਟੀਆਂ ਦੇ ਕੌਂਸਲਰਾਂ ਨਾਲ ਮੀਟਿੰਗ ਸੱਦੀ ਹੈ। ਇੱਥੇ ਚੰਡੀਗੜ੍ਹ ਸਕੱਤਰੇਤ ਵਿੱਚ ਸੱਦੀ ਗਈ ਮੀਟਿੰਗ ਵਿੱਚ ਸਾਰੀਆਂ ਪਾਰਟੀਆਂ ਦੇ ਕੌਂਸਲਰਾਂ ਨੂੰ ਇਸ ਮਸਲੇ ‘ਤੇ ਚਰਚਾ ਕਰਨ ਲਈ ਸੱਦਿਆ ਗਿਆ ਹੈ। ਨਗਰ ਨਿਗਮ ਵੱਲੋਂ ਇੱਥੇ ਡੱਡੂ ਮਾਜਰਾ ਵਿੱਚ ਲਗਾਏ ਜਾ ਰਹੇ ਚਾਰ ਸੌ ਕਰੋੜ ਰੁਪਏ ਦੇ ਇਸ ਪ੍ਰਾਜੈਕਟ ਨੂੰ ਲੈ ਕੇ ਨਿਗਮ ਵਿੱਚ ਵਿਰੋਧੀ ਧਿਰ ਦੀਆਂ ਪਾਰਟੀਆਂ ਕਾਂਗਰਸ ਅਤੇ ਆਮ ਆਦਮੀ ਪਾਰਟੀ ਵਿਰੋਧ ਕਰ ਰਹੀਆਂ ਹਨ। ਦੋਵੇ ਪਾਰਟੀਆਂ ਦਾ ਦੋਸ਼ ਹੈ ਕਿ ਇਸ ਪ੍ਰਾਜੈਕਟ ਨੂੰ ਲੈ ਕੇ ਨਿਗਮ ਹਾਊਸ ਮੀਟਿੰਗ ਵਿੱਚ ਇੱਕ ਵਿਉਂਤਬੰਦੀ ਕਰ ਕੇ ਇਸ ਚਾਰ ਸੌ ਕਰੋੜ ਰੁਪਏ ਦੇ ਪ੍ਰਾਜੈਕਟ ਨੂੰ ਬਿਨਾਂ ਚਰਚਾ ਤੋਂ ਧੱਕੇ ਨਾਲ ਪ੍ਰਵਾਨਗੀ ਦੇ ਦਿੱਤੀ ਗਈ। ਇਸ ਤੋਂ ਬਾਅਦ ਨਿਗਮ ਨੇ ਬੀਤੇ ਸ਼ੁੱਕਰਵਾਰ ਨੂੰ ਹੀ ਇਸ 550 ਟੀਡੀਪੀ ਸਮਰੱਥਾ ਦੇ ਏਕੀਕ੍ਰਿਤ ਮਿਉਂਸਿਪਲ ਸੌਲਿਡ ਵੇਸਟ ਦੀ ਸਥਾਪਨਾ ਬਾਰੇ ਆਰਐੱਫਪੀ ਵੀ ਜਾਰੀ ਕਰ ਦਿੱਤਾ, ਜਦੋਂਕਿ 6 ਜੂਨ ਨੂੰ ਨਿਗਮ ਹਾਊਸ ਦੀ ਮੀਟਿੰਗ ਦੌਰਾਨ ਇਹ ਪ੍ਰਸਤਾਵ ਪਾਸ ਕੀਤਾ ਗਿਆ ਸੀ।
ਵਿਰੋਧੀ ਧਿਰ ਕਾਂਗਰਸ ਨੇ ਨਿਗਮ ਵੱਲੋਂ ਇਸ ਪਲਾਂਟ ਨੂੰ ਲੈ ਕੇ ਜਾਰੀ ਕੀਤੇ ਗਏ ਆਰਐੱਫਪੀ ਨੂੰ ਵੀ ਕਾਹਲੀ ਵਾਲਾ ਕਦਮ ਕਰਾਰ ਦਿੱਤਾ ਹੈ। ਕਾਂਗਰਸ ਪ੍ਰਧਾਨ ਹਰਮੋਹਿੰਦਰ ਸਿੰਘ ਲੱਕੀ ਨੇ ਚੰਡੀਗੜ੍ਹ ਦੇ ਪ੍ਰਸ਼ਾਸਕ ਨੂੰ ਬਾਕਾਇਦਾ ਇੱਕ ਪੱਤਰ ਲਿਖ ਕੇ ਨਗਰ ਨਿਗਮ ਵਿੱਚ ਪਾਸ ਕੀਤੇ ਗਏ ਇਸ ਮਤੇ ਨੂੰ ਰੱਦ ਕਰਨ ਦੀ ਮੰਗ ਕੀਤੀ ਹੈ। ਸੂਤਰਾਂ ਅਨੁਸਾਰ ਪ੍ਰਸ਼ਾਸਕ ਨਾਲ ਹੋਣ ਵਾਲੀ ਮੀਟਿੰਗ ਵਿੱਚ ਵੀ ਵਿਰੋਧੀ ਪਾਰਟੀ ਦੇ ਕੌਂਸਲਰਾਂ ਵੱਲੋਂ ਇਸ ਪ੍ਰਾਜੈਕਟ ਦਾ ਵਿਰੋਧ ਕੀਤੇ ਦੀ ਸੰਭਾਵਨਾ ਹੈ। ਸਿਆਸੀ ਪਾਰਟੀਆਂ ਪਲਾਂਟ ਦੇ ਮੁੱਦੇ ‘ਤੇ ਮੁੜ ਵਿਚਾਰ ਕਰਨ ਦੀ ਮੰਗ ਕਰ ਰਹੀਆਂ ਸਨ। ਨਗਰ ਨਿਗਮ ਦੀਆਂ ਵਿਰੋਧੀ ਪਾਰਟੀਆਂ ਵੱਲੋਂ ਇਸ ਪਲਾਂਟ ਦੇ ਕੀਤੇ ਜਾ ਰਹੇ ਵਿਰੋਧ ਨੂੰ ਦੇਖਦੇ ਹੋਏ ਪ੍ਰਸ਼ਾਸਕ ਨੇ ਇਹ ਮਹੱਤਵਪੂਰਨ ਮੀਟਿੰਗ ਸੱਦੀ ਹੈ।