ਡੀਨ ਦਫ਼ਤਰ ਅੱਗੇ ਗੈਸਟ ਫੈਕਲਟੀ ਪ੍ਰੋਫੈਸਰਾਂ ਦਾ ਧਰਨਾ ਜਾਰੀ
ਪੱਤਰ ਪ੍ਰੇਰਕ
ਪਟਿਆਲਾ, 24 ਜੁਲਾਈ
ਪੰਜਾਬੀ ਯੂਨੀਵਰਸਿਟੀ ਪਟਿਆਲਾ ਦੇ ਨੇਬਰਹੁੱਡ ਕੈਂਪਸ ਅਤੇ ਕਾਂਸਟੀਚੂਐਂਟ ਕਾਲਜਾਂ ਵਿੱਚ ਕੰਮ ਕਰਦੇ ਸਹਾਇਕ ਪ੍ਰੋਫੈਸਰਾਂ (ਗੈਸਟ ਫੈਕਲਟੀ) ਵੱਲੋਂ ਆਪਣੀਆਂ ਮੰਗਾਂ ਮੰਨਵਾਉਣ ਲਈ ਡੀਨ ਦਫ਼ਤਰ ਅੱਗੇ ਲਾਇਆ ਪੱਕਾ ਧਰਨਾ ਅੱਜ ਤੀਜੇ ਦਿਨ ਵੀ ਜਾਰੀ ਰਿਹਾ। ਇਸ ਦੌਰਾਨ ਅਧਿਆਪਕਾਂ ਨੇ ਡੀਨ ਦਫ਼ਤਰ ਨੂੰ ਬੰਦ ਕਰ ਦਿੱਤਾ। ਆਗੂਆਂ ਦਾ ਦੋਸ਼ ਹੈ ਕਿ ਯੂਨੀਵਰਸਿਟੀ ਪ੍ਰਸ਼ਾਸਨ ਵੱਲੋਂ ਪੁਲੀਸ ਬੁਲਾ ਕੇ ਗੈਸਟ ਪ੍ਰੋਫੈਸਰਾਂ ਨੂੰ ਧਮਕਾਇਆ ਗਿਆ ਹੈ। ਦੂਜੇ ਪਾਸੇ ਪੰਜਾਬੀ ਯੂਨੀਵਰਸਿਟੀ ਦੀ ਨਾਨ ਟੀਚਿੰਗ ਯੂਨੀਅਨ ਦੇ ਪ੍ਰਧਾਨ ਰਾਜਿੰਦਰ ਸਿੰਘ ਬਾਗੜੀਆਂ ਨੇ ਗੈਸਟ ਪ੍ਰੋਫੈਸਰਾਂ ਦੇ ਧਰਨੇ ਦੀ ਹਮਾਇਤ ਕੀਤੀ। ਗੁਰਸੇਵਕ ਸਿੰਘ ਨੇ ਕਿਹਾ ਕਿ ਯੂਨੀਵਰਸਿਟੀ ਨੇ ਗੈਸਟ ਪ੍ਰੋਫੈਸਰਾਂ ਨੇਬਰਹੁੱਡ ਕੈਂਪਸ ਦੀ ਇੰਟਰਵਿਊ ਦਾ ਇਸ਼ਤਿਹਾਰ ਜਾਰੀ ਕਰ ਦਿੱਤਾ ਹੈ ਅਤੇ ਕੰਸਟੀਚੂਐਂਟ ਕਾਲਜਾਂ ਦੀ ਇੰਟਰਵਿਊ ਦੇ ਇਸ਼ਤਿਹਾਰ ਜਲਦੀ ਜਾਰੀ ਕਰਨ ਜਾ ਰਹੀ ਹੈ। ਯੂਨੀਵਰਸਿਟੀ ਵਿਚ ਪਹਿਲਾਂ ਕੰਮ ਕਰਦੀ ਸਾਰੀ ਫੈਕਲਟੀ ਯੂਜੀਸੀ ਦੇ ਨਿਯਮ ਪੂਰੀ ਕਰਦੀ ਹੈ ਅਤੇ ਸਾਰੇ ਪ੍ਰੋਫੈਸਰ ਨੈੱਟ ਪਾਸ ਹਨ ਅਤੇ 100 ਤੋਂ ਜ਼ਿਆਦਾ ਪ੍ਰੋਫੈਸਰ ਪੀਐੱਚਡੀ ਅਤੇ ਐਮਫਿੱਲ ਵਰਗੀਆਂ ਵੱਡੀਆਂ ਡਿਗਰੀਆਂ ਕਰ ਚੁੱਕੇ ਹਨ। ਬਹੁਤ ਸਾਰੇ ਪ੍ਰੋਫੈਸਰ ਇਨ੍ਹਾਂ ਕਾਲਜਾਂ ਵਿੱਚ 10-10 ਸਾਲਾਂ ਤੋਂ ਪੜ੍ਹਾ ਰਹੇ ਹਨ, ਜੋ ਹੁਣ ਹੋਰ ਨੌਕਰੀਆਂ ’ਚ ਵੀ ਨਹੀਂ ਜਾ ਸਕਦੇ। ਆਗੂਆਂ ਨੇ ਕਿਹਾ ਕਿ ਇਕ ਪਾਸੇ ‘ਆਪ’ ਸਰਕਾਰ ਪੰਜਾਬ ਦੇ ਸਰਕਾਰੀ ਕਾਲਜਾਂ ਦੀ ਗੈਸਟ ਫੈਕਲਟੀ ਨੂੰ ਸਹੂਲਤਾਂ ਦੇ ਰਹੀ ਹੈ ਪਰ ਪੰਜਾਬੀ ਯੂਨੀਵਰਸਿਟੀ ਦੇ ਪ੍ਰੋਫੈਸਰਾਂ ਨੂੰ ਨੌਕਰੀਆਂ ਤੋਂ ਕੱਢ ਰਹੀ ਹੈ। ਜਾਣਕਾਰੀ ਅਨੁਸਾਰ ਅੱਜ ਯੂਨੀਵਰਸਿਟੀ ਪ੍ਰਸ਼ਾਸਨ ਨੇ ਭਲਕੇ ਵਾਈਸ ਚਾਂਸਲਰ ਨਾਲ ਮੀਟਿੰਗ ਕਰਵਾਉਣ ਦਾ ਦਾਅਵਾ ਕੀਤਾ ਹੈ। ਇਸ ਮੌਕੇ ਗੁਰਵਿੰਦਰ ਸਿੰਘ, ਗੁਰਪ੍ਰੀਤ ਸਿੰਘ, ਬੇਅੰਤ ਸਿੰਘ, ਕੁਲਵਿੰਦਰ ਕੌਰ ਸਮੇਤ ਭਾਰੀ ਗਿਣਤੀ ਵਿੱਚ ਸਹਾਇਕ ਪ੍ਰੋਫੈਸਰ ਹਾਜ਼ਰ ਸਨ।