ਡੀਨ ਦਫ਼ਤਰ ਅੱਗੇ ਗੈਸਟ ਫੈਕਲਟੀ ਪ੍ਰੋਫੈਸਰਾਂ ਦਾ ਧਰਨਾ ਜਾਰੀ
ਪੱਤਰ ਪ੍ਰੇਰਕ
ਪਟਿਆਲਾ, 28 ਜੁਲਾਈ
ਪੰਜਾਬੀ ਯੂਨੀਵਰਸਿਟੀ ਵਿੱਚ ਡੀਨ ਅਕਾਦਮਿਕ ਮਾਮਲਿਆਂ ਦੇ ਦਫ਼ਤਰ ਅੱਗੇ ਗੈਸਟ ਫੈਕਲਟੀ ਅਧਿਆਪਕਾਂ ਦਾ ਧਰਨਾ ਅੱਜ 7ਵੇਂ ਦਿਨ ਵੀ ਜਾਰੀ ਰਿਹਾ। ਇਸ ਦੌਰਾਨ ਅਧਿਆਪਕਾਂ ਨੇ ਕਾਰਜਕਾਰੀ ਵਾਈਸ ਚਾਂਸਲਰ ਖ਼ਿਲਾਫ਼ ਜ਼ੋਰਦਾਰ ਨਾਅਰੇਬਾਜ਼ੀ ਕੀਤੀ। ਇਸ ਦੌਰਾਨ ਜਥੇਬੰਦੀ ਪ੍ਰਧਾਨ ਤਰਨਜੀਤ ਕੌਰ ਨੇ ਕਿਹਾ ਕਿ ਪੰਜਾਬੀ ਯੂਨੀਵਰਸਿਟੀ ਦੇ ਕਾਰਜਕਾਰੀ ਵਾਈਸ ਚਾਂਸਲਰ ਕੇਕੇ ਯਾਦਵ ਨੇਬਰਹੁੱਡ ਕੈਂਪਸ ਅਤੇ ਕਾਸਟੀਚੂਐਂਟ ਕਾਲਜਾਂ ਵਿੱਚ ਕੰਮ ਕਰਦੇ ਸਹਾਇਕ ਪ੍ਰੋਫੈਸਰਾਂ (ਗੈਸਟ ਫੈਕਲਟੀ) ਦੀਆਂ ਮੰਗਾਂ ਵੱਲ ਗ਼ੌਰ ਕਰਨ ਲਈ ਬਿਲਕੁਲ ਤਿਆਰ ਨਹੀਂ ਹਨ। ਉਨ੍ਹਾਂ ਕਿਹਾ ਕਿ ਕਾਰਜਕਾਰੀ ਵੀਸੀ ਨੇ ਸਿੱਧੇ ਤੌਰ ’ਤੇ ਗੈਸਟ ਫੈਕਲਟੀ ਅਧਿਆਪਕਾਂ ਨੂੰ ਕਹਿ ਦਿੱਤਾ ਹੈ ਕਿ ਉਹ ਹਰ ਹਾਲਤ ਵਿਚ ਨਵੀਂ ਭਰਤੀ ਲਈ ਇੰਟਰਵਿਊ ਕਰਾਉਣਗੇ। ਉਨ੍ਹਾਂ ਨੇ ਇਹ ਵੀ ਕਹਿ ਦਿੱਤਾ ਹੈ ਕਿ ਜੇਕਰ ਪੁਰਾਣੇ ਅਧਿਆਪਕ ਕੰਮ ਨਹੀਂ ਕਰਨਗੇ ਤਾਂ ਉਨ੍ਹਾਂ ਕੋਲ 100 ਅਧਿਆਪਕ ਉਡੀਕ ਵਿੱਚ ਬੈਠੇ ਹਨ। ਜਨਰਲ ਸਕੱਤਰ ਡਾ. ਦਲਬੀਰ ਸਿੰਘ ਨੇ ਕਿਹਾ ਕਿ ਉਹ ਹੁਣ ਅਗਲੇ ਸੰਘਰਸ਼ ਨੂੰ ਤੇਜ਼ ਕਰਨ ਬਾਰੇ ਵਿਚਾਰ ਰਹੇ ਹਨ। ਧਰਨਾਕਾਰੀ ਅਧਿਆਪਕ ਗੁਰਸੇਵਕ ਸਿੰਘ ਨੇ ਕਿਹਾ ਕਿ ਇੰਟਰਵਿਊ ਲੈਣ ਵਾਲੀਆਂ ਕਮੇਟੀਆਂ ਦੇ ਨਾਮ ਪਹਿਲਾਂ ਹੀ ਨਸ਼ਰ ਕਰ ਦਿੱਤੇ ਹਨ। ਆਗੂਆਂ ਨੇ ਕਿਹਾ ਕਿ ਪੰਜਾਬ ਦੀਆਂ ਬਹੁਤ ਸਾਰੀਆਂ ਕਿਸਾਨ, ਮਜ਼ਦੂਰ, ਅਤੇ ਮੁਲਾਜ਼ਮ ਜਥੇਬੰਦੀਆਂ ਇਸ ਧਰਨੇ ਦੀ ਡਟਵੀਂ ਹਮਾਇਤ ਕਰ ਰਹੀਆਂ ਹਨ। ਇਸ ਮੌਕੇ ਡਾ. ਕੁਲਦੀਪ ਸਿੰਘ, ਬੇਅੰਤ ਸਿੰਘ, ਡਾ. ਹਰਵਿੰਦਰ ਸਿੰਘ, ਡਾ. ਬਲਵਿੰਦਰ ਸਿੰਘ, ਡਾਕਟਰ ਸ਼ਾਹਬਾਜ ਸਿੰਘ, ਸੁਖਦੀਪ ਸਿੰਘ ਅਤੇ ਡਾ. ਰਮਨਦੀਪ ਕੌਰ ਆਦਿ ਹਾਜ਼ਰ ਸਨ।