ਪੰਪ ਅਪਰੇਟਰਾਂ ਵੱਲੋਂ ਮੁੱਖ ਮੰਤਰੀ ਦੀ ਕੋਠੀ ਦਾ ਘਿਰਾਓ
ਗੁਰਦੀਪ ਸਿੰਘ ਲਾਲੀ
ਸੰਗਰੂਰ, 10 ਜੂਨ
ਵਾਟਰ ਸਪਲਾਈ ਪੰਪ ਅਪਰੇਟਰ ਐਸੋਸੀਏਸ਼ਨ ਪੰਜਾਬ ਦੀ ਅਗਵਾਈ ਹੇਠ ਸੈਂਕੜੇ ਪੰਪ ਅਪਰੇਟਰਾਂ ਨੇ ਇੱਥੇ ਮੁੱਖ ਮੰਤਰੀ ਭਗਵੰਤ ਮਾਨ ਦੀ ਕੋਠੀ ਅੱਗੇ ਰੋਸ ਧਰਨਾ ਦਿੱਤਾ। ਇਸ ਤੋਂ ਪਹਿਲਾਂ ਹੱਥਾਂ ਵਿਚ ਕਾਲੀਆਂ ਝੰਡੀਆਂ ਫੜ ਕੇ ਸ਼ਹਿਰ ਵਿਚ ਸੂਬਾ ਸਰਕਾਰ ਖ਼ਿਲਾਫ਼ ਰੋਸ ਮਾਰਚ ਕੱਢਿਆ ਗਿਆ ਅਤੇ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕੀਤੀ।
ਅੱਜ ਸ਼ਹਿਰ ਦੇ ਬਨਾਸਰ ਬਾਗ ਵਿਚ ਪੰਪ ਅਪਰੇਟਰ ਇਕੱਠੇ ਹੋਏ, ਜਿੱਥੇ ਸਰਕਾਰ ਖ਼ਿਲਾਫ਼ ਰੋਸ ਰੈਲੀ ਕੀਤੀ ਗਈ। ਉਪਰੰਤ ਰੋਸ ਮਾਰਚ ਕਰਦਿਆਂ ਮੁੱਖ ਮੰਤਰੀ ਦੀ ਕੋਠੀ ਅੱਗੇ ਪੁੱਜੇ ਪ੍ਰਦਰਸ਼ਨਕਾਰੀਆਂ ਨੂੰ ਪੁਲੀਸ ਨੇ ਨਾਕਾ ਲਗਾ ਕੇ ਰੋਕ ਲਿਆ। ਪੰਪ ਅਪਰੇਟਰਾਂ ਨੇ ਮੁੱਖ ਮੰਤਰੀ ਦੀ ਰਿਹਾਇਸ਼ ਵਾਲੀ ਕਲੋਨੀ ਦੇ ਮੁੱਖ ਗੇਟ ਅੱਗੇ ਆਵਾਜਾਈ ਠੱਪ ਕਰਕੇ ਰੋਸ ਧਰਨਾ ਲਗਾ ਦਿੱਤਾ।
ਰੋਸ ਧਰਨੇ ਨੂੰ ਸੰਬੋਧਨ ਕਰਦਿਆਂ ਐਸੋਸੀਏਸ਼ਨ ਦੇ ਸੂਬਾ ਪ੍ਰਧਾਨ ਸੁਖਜੀਤ ਸਿੰਘ ਨੇ ਕਿਹਾ ਕਿ ਪੰਪ ਅਪਰੇਟਰ ਪਿਛਲੇ ਕਈ ਸਾਲਾਂ ਤੋਂ ਪਿੰਡਾਂ ‘ਚ ਵਾਟਰ ਸਪਲਾਈ ਸਕੀਮਾਂ ‘ਤੇ ਸੇਵਾਵਾਂ ਨਿਭਾ ਰਹੇ ਹਨ ਪਰ ਪੰਜਾਬ ਸਰਕਾਰ ਵੱਲੋਂ ਪੰਪ ਅਪਰੇਟਰਾਂ ਦੀਆਂ ਮੰਗਾਂ ਨੂੰ ਲਗਾਤਾਰ ਅਣਗੌਲਿਆ ਕੀਤਾ ਜਾ ਰਿਹਾ ਹੈ, ਜਿਸ ਕਾਰਨ ਹੀ ਉਨ੍ਹਾਂ ਨੂੰ ਸੰਘਰਸ਼ ਲਈ ਮਜਬੂਰ ਹੋਣਾ ਪਿਆ ਹੈ। ਉਨ੍ਹਾਂ ਦੋਸ਼ ਲਾਇਆ ਕਿ ਪੰਜਾਬ ਸਰਕਾਰ ਦੇ ਮੰਗਾਂ ਪ੍ਰਤੀ ਨਾਂਹ-ਪੱਖੀ ਰਵੱਈਏ ਕਾਰਨ ਪੰਪ ਅਪਰੇਟਰਾਂ ਵਿਚ ਭਾਰੀ ਰੋੋਸ ਪਾਇਆ ਜਾ ਰਿਹਾ ਹੈ। ਬੁਲਾਰਿਆਂ ਨੇ ਮੰਗ ਕੀਤੀ ਕਿ ਪੰਪ ਅਪਰੇਟਰਾਂ ਦੀ ਸੇਵਾਵਾਂ ਤੋਂ ਛਾਂਟੀ ਕਰਨੀ ਬੰਦ ਕੀਤੀ ਜਾਵੇ, ਪੰਦਰਵੇਂ ਵਿੱਤ ਕਮਿਸ਼ਨ ਅਨੁਸਾਰ ਤਨਖਾਹ ਦਿੱਤੀ ਜਾਵੇ, ਪੰਚਾਇਤ ਸਕੀਮ ਅਧੀਨ ਸੇਵਾਵਾਂ ਨਿਭਾ ਰਹੇ ਪੰਪ ਅਪਰੇਟਰਾਂ ਨੂੰ ਵਿਭਾਗ ਵਿਚ ਤਬਦੀਲ ਕੀਤਾ ਜਾਵੇ, ਪੰਚਾਇਤਾਂ ਵਲੋਂ ਸੇਵਾਵਾਂ ਤੋਂ ਫਾਰਗ ਕੀਤੇ ਗਏ ਪੰਪ ਅਪਰੇਟਰਾਂ ਨੂੰ ਬਹਾਲ ਕੀਤਾ ਜਾਵੇ। ਉਨ੍ਹਾਂ ਚਿਤਾਵਨੀ ਦਿੰਦਿਆਂ ਕਿਹਾ ਕਿ ਜੇਕਰ ਮੰਗਾਂ ਜਲਦੀ ਨਾ ਮੰਨੀਆਂ ਗਈਆਂ ਤਾਂ ਤਿੱਖਾ ਸੰਘਰਸ਼ ਉਲੀਕਿਆ ਜਾਵੇਗਾ। ਰੋਸ ਧਰਨੇ ਦੌਰਾਨ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨਾਲ 16 ਜੂਨ ਦੀ ਮੀਟਿੰਗ ਤੈਅ ਕਰਵਾਈ ਗਈ, ਜਿਸ ਮਗਰੋਂ ਧਰਨਾ ਸਮਾਪਤ ਹੋਇਆ। ਧਰਨੇ ਨੂੰ ਸੂਬਾ ਮੀਤ ਪ੍ਰਧਾਨ ਬੇਅੰਤ ਸਿੰਘ, ਸੂਬਾ ਸਕੱਤਰ ਬੋਹੜ ਸਿੰਘ, ਸੂਬਾ ਖਜ਼ਾਨਚੀ ਹਰਪ੍ਰੀਤ ਸਿੰਘ, ਅਵਤਾਰ ਸਿੰਘ, ਗੁਰਪ੍ਰੀਤ ਸਿੰਘ, ਜਗਦੀਪ ਸਿੰਘ, ਮੇਹਰ ਸਿੰਘ, ਅਮਰਿੰਦਰ ਸਿੰਘ ਅਤੇ ਮਹਿੰਦਰ ਸਿੰਘ ਨੇ ਵੀ ਸੰਬੋਧਨ ਕੀਤਾ।