For the best experience, open
https://m.punjabitribuneonline.com
on your mobile browser.
Advertisement

ਪੰਜਾਬ ਸਰਕਾਰ ਪ੍ਰਭਾਵਿਤ ਇਲਾਕਿਆਂ ਵਿੱਚ ਬਿਮਾਰੀਆਂ ਫੈਲਣ ਤੋਂ ਰੋਕਣ ਲਈ ਤਿਆਰ: ਡਾ. ਬਲਬੀਰ ਸਿੰਘ

10:43 AM Jul 16, 2023 IST
ਪੰਜਾਬ ਸਰਕਾਰ ਪ੍ਰਭਾਵਿਤ ਇਲਾਕਿਆਂ ਵਿੱਚ ਬਿਮਾਰੀਆਂ ਫੈਲਣ ਤੋਂ ਰੋਕਣ ਲਈ ਤਿਆਰ  ਡਾ  ਬਲਬੀਰ ਸਿੰਘ
ਸਰਕਾਰ ਵੱਲੋਂ ਮੁਹੱਈਆ ਕਰਵਾਈਆਂ ਜਾ ਰਹੀਆਂ ਸਿਹਤ ਸੇਵਾਵਾਂ ਦੀ ਸਮੀਖਿਆ ਕਰਦੇ ਹੋਏ ਸਿਹਤ ਮੰਤਰੀ ਡਾ. ਬਲਬੀਰ ਸਿੰਘ। -ਫੋਟੋ: ਸਰਬਜੀਤ ਸਿੰਘ
Advertisement

ਪੱਤਰ ਪ੍ਰੇਰਕ
ਜਲੰਧਰ, 15 ਜੁਲਾਈ
ਸਿਹਤ ਮੰਤਰੀ ਡਾ. ਬਲਬੀਰ ਸਿੰਘ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਹੜ੍ਹ ਪ੍ਰਭਾਵਿਤ ਖੇਤਰਾਂ ਵਿੱਚ ਪਾਣੀ ਦਾ ਪੱਧਰ ਘਟਣ ਤੋਂ ਬਾਅਦ ਪਾਣੀ ਤੋਂ ਪੈਦਾ ਹੋਣ ਵਾਲੀਆਂ ਬਿਮਾਰੀਆਂ ਦੀ ਰੋਕਥਾਮ ਦੇ ਨਾਲ-ਨਾਲ ਹੜ੍ਹਾਂ ਦੀ ਮਾਰ ਹੇਠ ਆਏ ਖੇਤਰਾਂ ਵਿੱਚ ਲੋਕਾਂ ਨੂੰ ਸਿਹਤ ਸੇਵਾਵਾਂ ਮੁਹੱਈਆ ਕਰਵਾਉਣ ਲਈ ਵੱਡੇ ਪੱਧਰ ’ਤੇ ਇੰਤਜ਼ਾਮ ਅਮਲ ਵਿੱਚ ਲਿਆਂਦੇ ਗਏ ਹਨ ਤਾਂ ਜੋ ਕਿਸੇ ਵੀ ਤਰ੍ਹਾਂ ਦੀ ਬਿਮਾਰੀ ਨੂੰ ਫੈਲਣੋਂ ਰੋਕਿਆ ਜਾ ਸਕੇ। ਉਨ੍ਹਾਂ ਜ਼ਿਲ੍ਹਾ ਪ੍ਰਸ਼ਾਸਕੀ ਕੰਪਲੈਕਸ ਵਿੱਚ ਜਲੰਧਰ ਅਤੇ ਕਪੂਰਥਲਾ ਜ਼ਿਲ੍ਹੇ ਦੇ ਸਿਵਲ ਸਰਜਨਾਂ, ਸੀਨੀਅਰ ਮੈਡੀਕਲ ਅਫ਼ਸਰਾਂ, ਆਈ.ਐਮ.ਏ. ਦੇ ਨੁਮਾਇੰਦਿਆਂ ਅਤੇ ਨਿੱਜੀ ਹਸਪਤਾਲਾਂ ਦੇ ਡਾਕਟਰਾਂ ਨਾਲ ਹੜ੍ਹਾਂ ਕਾਰਨ ਪੈਦਾ ਹੋਈ ਮੌਜੂਦਾ ਸਥਿਤੀ ਬਾਰੇ ਵਿਚਾਰ ਕਰਦਿਆਂ ਉਨ੍ਹਾਂ ਨੂੰ ਤਾਕੀਦ ਕੀਤੀ ਕਿ ਪ੍ਰਭਾਵਿਤ ਇਲਾਕਿਆਂ ਵਿੱਚ ਲੋਕਾਂ ਨੂੰ ਹਰ ਸੰਭਵ ਸਿਹਤ ਸੇਵਾ ਮੁਹੱਈਆ ਕਰਵਾਈ ਜਾਵੇ। ਉਨ੍ਹਾਂ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਵੱਲੋਂ ਸਿਹਤ ਸੇਵਾਵਾਂ ਲਈ ਲੋੜੀਂਦੇ ਫੰਡ ਮੁਹੱਈਆ ਕਰਵਾਏ ਗਏ ਹਨ ਤਾਂ ਜੋ ਹੜ੍ਹ ਪ੍ਰਭਾਵਿਤ ਖੇਤਰਾਂ ਵਿੱਚ ਕਿਸੇ ਵੀ ਬਿਮਾਰੀ ਨੂੰ ਫੈਲਣ ਤੋਂ ਰੋਕਿਆ ਜਾ ਸਕੇ। ਉਨ੍ਹਾਂ ਇੰਡੀਅਨ ਮੈਡੀਕਲ ਐਸੋਸੀਏਸ਼ਨ, ਨਿੱਜੀ ਹਸਪਤਾਲਾਂ ਅਤੇ ਧਾਰਮਿਕ ਸੰਸਥਾਵਾਂ ਨੂੰ ਵੀ ਅਪੀਲ ਕੀਤੀ ਕਿ ਕੁਦਰਤੀ ਆਫ਼ਤ ਕਾਰਨ ਪੈਦਾ ਹੋਈ ਸਥਿਤੀ ਦੇ ਮੱਦੇਨਜ਼ਰ ਉਹ ਲੋਕ ਸੇਵਾ ਵਿੱਚ ਵਧ ਚੜ੍ਹ ਕੇ ਯੋਗਦਾਨ ਪਾਉਣ। ਇੰਡੀਅਨ ਮੈਡੀਕਲ ਐਸੋਸੀਏਸ਼ਨ ਵੱਲੋਂ ਸਿਹਤ ਮੰਤਰੀ ਡਾ. ਬਲਬੀਰ ਸਿੰਘ ਨੂੰ ਹੜ੍ਹ ਪ੍ਰਭਾਵਿਤ ਖੇਤਰਾਂ ਲਈ ਲੋੜੀਂਦੀਆਂ ਦਵਾਈਆਂ ਵੀ ਸਪੁਰਦ ਕੀਤੀਆਂ ਗਈਆਂ।
ਲੋਕ ਸਭਾ ਮੈਂਬਰ ਸੁਸ਼ੀਲ ਰਿੰਕੂ ਨੇ ਸਮੂਹ ਸੰਸਥਾਵਾਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਲੋਕਾਂ ਦੇ ਸਹਿਯੋਗ ਨਾਲ ਹਰ ਮੁਸ਼ਕਲ ਸਥਿਤੀ ’ਤੇ ਕਾਬੂ ਪਾ ਰਹੀ ਹੈ। ਜ਼ਿਲ੍ਹਾ ਜਲੰਧਰ ਵਿੱਚ ਹਾਲਾਤ ਸਬੰਧੀ ਸਿਵਲ ਸਰਜਨ ਡਾ. ਰਮਨ ਸ਼ਰਮਾ ਨੇ ਦੱਸਿਆ ਕਿ 25 ਮੈਡੀਕਲ ਅਤੇ 16 ਰੈਪਿਡ ਰਿਸਪਾਂਸ ਟੀਮਾਂ ਕੰਮ ਕਰ ਰਹੀਆਂ ਹਨ ਅਤੇ ਵੱਖ-ਵੱਖ ਹਸਪਤਾਲਾਂ ਵਿੱਚ 140 ਬੈੱਡ ਨਿਰਧਾਰਤ ਕੀਤੇ ਗਏ ਹਨ ਤਾਂ ਜੋ ਕਿਸੇ ਵੀ ਹੰਗਾਮੀ ਹਾਲਤ ਨੂੰ ਸੰਭਾਲਿਆ ਜਾ ਸਕੇ।
ਉਨ੍ਹਾਂ ਦੱਸਿਆ ਕਿ ਸਿਹਤ ਵਿਭਾਗ ਵੱਲੋਂ ਕੰਟਰੋਲ ਰੂਮ ਵੀ ਸਥਾਪਤ ਕੀਤਾ ਗਿਆ ਹੈ ਅਤੇ ਲੋੜ ਪੈਣ ’ਤੇ ਲੋਕ 0181-5007725 ’ਤੇ ਸੰਪਰਕ ਕਰ ਸਕਦੇ ਹਨ। ਇਸ ਮੌਕੇ ਕੈਬਨਿਟ ਮੰਤਰੀ ਬਲਕਾਰ ਸਿੰਘ, ਵਿਧਾਇਕ ਰਮਨ ਅਰੋੜਾ, ਡੀਸੀ ਵਿਸ਼ੇਸ਼ ਸਾਰੰਗਲ, ਨਗਰ ਨਿਗਮ ਕਮਿਸ਼ਨਰ ਅਭਿਜੀਤ ਕਪਲਿਸ਼, ਸਿਹਤ ਵਿਭਾਗ ਦੇ ਅਧਿਕਾਰੀਆਂ ਤੋਂ ਇਲਾਵਾ ਆਈ.ਐਮ.ਏ. ਦੇ ਨੁਮਾਇੰਦੇ ਆਦਿ ਮੌਜੂਦ ਸਨ।

Advertisement

ਕਿਰਤੀ ਕਿਸਾਨ ਯੂਨੀਅਨ ਵੱਲੋਂ ਨੁਕਸਾਨ ਦਾ ਜਾਇਜ਼ਾ
ਨਵਾਂ ਸ਼ਹਿਰ: ਕਿਰਤੀ ਕਿਸਾਨ ਯੂਨੀਅਨ ਵੱਲੋਂ ਭਾਰੀ ਬਾਰਿਸ਼ ਅਤੇ ਹੜ੍ਹਾਂ ਨਾਲ ਹੋਏ ਨੁਕਸਾਨ ਦਾ ਮੁਆਵਜ਼ਾ ਲੈਣ ਲਈ ਮੁੱਖ ਮੰਤਰੀ ਦੇ ਨਾਮ ਡਿਪਟੀ ਕਮਿਸ਼ਨਰ ਨਵਜੋਤਪਾਲ ਸਿੰਘ ਰੰਧਾਵਾ ਨੂੰ ਮੰਗ ਪੱਤਰ ਦਿੱਤਾ ਗਿਆ। ਜ਼ਿਲ੍ਹਾ ਪ੍ਰਧਾਨ ਸੁਰਿੰਦਰ ਸਿੰਘ ਬੈਂਸ ਤੇ ਸੂਬਾ ਮੈਂਬਰ ਭੁਪਿੰਦਰ ਸਿੰਘ ਵੜੈਚ ਨੇ ਡਿਪਟੀ ਕਮਿਸ਼ਨਰ ਨੂੰ ਜਾਣੂ ਕਰਵਾਇਆ ਕਿ ਪਿੰਡਾਂ ਵਿੱਚ ਕਿਸਾਨਾਂ ਦੀਆਂ ਫਸਲਾਂ ਮੱਕੀ, ਝੋਨਾ, ਹਰਾ ਚਾਰਾ ਅਤੇ ਸਮੁੱਚੀਆਂ ਸਬਜ਼ੀਆਂ ਪੂਰੀ ਤਰ੍ਹਾਂ ਬਰਬਾਦ ਹੋ ਗਈਆਂ ਹਨ। ਉਨ੍ਹਾਂ ਪੱਤਰ ਰਾਹੀਂ ਮੱਕੀ ਤੇ ਝੋਨੇ ਦੀ ਬਰਬਾਦ ਹੋਈ ਫ਼ਸਲ ਦਾ ਮੁਆਵਜ਼ਾ ਕਿਸਾਨਾਂ ਦੇ ਖਾਤਿਆਂ ਵਿੱਚ 50,000 ਰੁਪਏ ਪ੍ਰਤੀ ਏਕੜ ਦੇ ਹਿਸਾਬ ਨਾਲ ਪਾਉਣ, ਨੁਕਸਾਨੇ ਅਤੇ ਢਹਿ ਗਈਆਂ ਇਮਾਰਤਾਂ ਦੇ ਹੋਏ ਨੁਕਸਾਨ ਦੀ ਭਰਪਾਈ, ਪਸ਼ੂਆਂ ਲਈ ਚਾਰੇ ਦਾ ਪ੍ਰਬੰਧ, ਬਿਮਾਰੀਆਂ ਦਾ ਫੈਲਾਅ ਰੋਕਣ ਦੇ ਪੁਖਤਾ ਪ੍ਰਬੰਧ ਅਤੇ ਫੌਰੀ ਗਿਰਦਾਵਰੀ ਕਰਵਾਉਣ ਦੀ ਮੰਗ ਕੀਤੀ। -ਪੱਤਰ ਪ੍ਰੇਰਕ

ਹੜ੍ਹ ਪ੍ਰਭਾਵਿਤ ਇਲਾਕੇ ਲਈ ਚਾਰਾ ਭੇਜਿਆ
ਤਰਨ ਤਾਰਨ: ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਦੇ ਸਰਪ੍ਰਸਤ ਡਾ. ਐਸਪੀ ਸਿੰਘ ਓਬਰਾਏ ਨੇ ਹੜ੍ਹ ਪੀੜਤ ਇਲਾਕੇ ਦੇ ਪਸ਼ੂਆਂ ਲਈ 330 ਕੁਇੰਟਲ ਮੱਕੀ ਦਾ ਆਚਾਰ ਭੇਜਿਆ ਹੈ। ਇਹ ਅੱਜ ਕੈਬਨਿਟ ਮੰਤਰੀ ਲਾਲਜੀਤ ਸਿੰਘ ਭੁੱਲਰ ਵੱਲੋਂ ਪੀੜਤ ਕਿਸਾਨਾਂ ਨੂੰ ਵੰਡਿਆ ਗਿਆ| ਟਰੱਸਟ ਦੇ ਜ਼ਿਲ੍ਹਾ ਜਨਰਲ ਸਕੱਤਰ ਗੁਰਪ੍ਰੀਤ ਸਿੰਘ ਪਨਗੋਟਾ ਨੇ ਦੱਸਿਆ ਕਿ ਇਹ ਰਾਹਤ ਸਮਗਰੀ ਪੱਟੀ ਤਹਿਸੀਲ ਦੇ ਪਿੰਡ ਘੜੁੰਮ, ਗਦਾਈਕੇ, ਘੁੱਲੇਵਾਲਾ, ਕੋਟਬੁੱਢਾ, ਕੁੱਤੀਵਾਲਾ, ਡੂੰਮਣੀਵਾਲਾ ਆਦਿ ਪਿੰਡਾਂ ਦੇ ਕਿਸਾਨਾਂ ਨੂੰ ਤਕਸੀਮ ਕੀਤੀ ਗਈ| ਮੰਤਰੀ ਭੁੱਲਰ ਨੇ ਸਮਾਜ ਸੇਵੀ ਡਾ. ਓਬਰਾਏ ਵੱਲੋਂ ਕੀਤੇ ਉਪਰਾਲੇ ਲਈ ਉਨ੍ਹਾਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਤਰਨ ਤਾਰਨ ਜ਼ਿਲ੍ਹੇ ਨੂੰ ਪਸ਼ੂਆਂ ਦੀ ਖ਼ੁਰਾਕ ਦੀ ਲੋੜ ਸੀ ਜਿਹੜੀ ਡਾ. ਓਬਰਾਏ ਵਲੋਂ ਅੱਗੇ ਆ ਕੇ ਪੂਰੀ ਕੀਤੀ ਗਈ ਹੈ। ਇਸ ਲਈ ਉਹ ਪੰਜਾਬ ਸਰਕਾਰ ਵੱਲੋਂ ਉਨ੍ਹਾਂ ਦਾ ਧੰਨਵਾਦ ਕਰਦੇ ਹਨ| ਉਨ੍ਹਾਂ ਕਿਹਾ ਕਿ ਇਲਾਕੇ ਦੇ 31 ਪਿੰਡ ਹੜ੍ਹਾਂ ਤੋਂ ਪ੍ਰਭਾਵਿਤ ਹਨ| -ਪੱਤਰ ਪ੍ਰੇਰਕ

Advertisement
Tags :
Author Image

sukhwinder singh

View all posts

Advertisement
Advertisement
×