ਚੰਡੀਗੜ੍ਹੀਆਂ ਨੂੰ ਮੀਂਹ ਨੇ ਦਿਵਾਈ ਗਰਮੀ ਤੋਂ ਰਾਹਤ
ਟ੍ਰਿਬਿਊਨ ਨਿਊਜ਼ ਸਰਵਿਸ
ਚੰਡੀਗੜ੍ਹ, 29 ਅਗਸਤ
ਚੰਡੀਗੜ੍ਹ ਵਿੱਚ ਲੰਘੀ ਰਾਤ ਤੋਂ ਰੁਕ-ਰੁਕ ਕੇ ਪੈ ਰਹੇ ਮੀਂਹ ਨੇ ਮੌਸਮ ਖੁਸ਼ਗਵਾਰ ਕਰ ਦਿੱਤਾ ਹੈ। ਇਸ ਦੇ ਨਾਲ ਹੀ ਲੋਕਾਂ ਨੂੰ ਹੁੰਮਸ ਭਰੀ ਗਰਮੀ ਤੋਂ ਰਾਹਤ ਮਿਲ ਗਈ ਹੈ। ਅੱਜ ਸਵੇਰੇ ਪਏ ਮੀਂਹ ਨੇ ਸ਼ਹਿਰ ਦੀਆਂ ਕੁਝ ਸੜਕਾਂ ਜਲ-ਥਲ ਕਰ ਦਿੱਤੀ, ਜਿਸ ਕਰਕੇ ਲੋਕਾਂ ਨੂੰ ਆਵਾਜਾਈ ਵਿੱਚ ਮੁਸ਼ਕਲਾਂ ਦਾ ਸਾਹਮਣਾ ਕਰਨਾ ਪਿਆ। ਮੌਸਮ ਵਿਭਾਗ ਤੋਂ ਮਿਲੀ ਜਾਣਕਾਰੀ ਅਨੁਸਾਰ ਸ਼ਹਿਰ ਵਿੱਚ 24 ਘੰਟਿਆਂ ਦੌਰਾਨ 30.7 ਐੱਮਐੱਮ ਮੀਂਹ ਪਿਆ ਹੈ। ਇਸ ਦੇ ਨਾਲ ਹੀ ਸ਼ਹਿਰ ਦਾ ਤਾਪਮਾਨ ਵੀ ਆਮ ਨਾਲੋਂ 3.4 ਡਿਗਰੀ ਸੈਲਸੀਅਸ ਤੱਕ ਹੇਠਾਂ ਆ ਗਿਆ ਹੈ। ਅੱਜ ਸ਼ਹਿਰ ਦਾ ਵੱਧ ਤੋਂ ਵੱਧ ਤਾਪਮਾਨ 30.2 ਡਿਗਰੀ ਸੈਲਸੀਅਸ ਅਤੇ ਘੱਟ ਤੋਂ ਘੱਟ ਤਾਪਮਾਨ 24.1 ਡਿਗਰੀ ਸੈਲਸੀਅਸ ਦਰਜ ਕੀਤਾ ਹੈ।
ਜ਼ਿਕਰਯੋਗ ਹੈ ਕਿ ਬੁੱਧਵਾਰ ਰਾਤ ਨੂੰ 12 ਵਜੇ ਦੇ ਕਰੀਬ ਮੀਂਹ ਸ਼ੁਰੂ ਹੋ ਗਿਆ ਸੀ, ਜੋ ਕਿ ਸਾਰੀ ਰਾਤ ਹੀ ਰੁਕ-ਰੁਕ ਕੇ ਪੈਂਦਾ ਰਿਹਾ ਹੈ। ਇਹ ਮੀਂਹ ਵੀਰਵਾਰ ਦੁਪਹਿਰੇ 12 ਵਜੇ ਤੱਕ ਪੈਂਦਾ ਰਿਹਾ ਹੈ। ਮੀਂਹ ਦੇ ਨਾਲ ਚੱਲ ਰਹੀਆਂ ਤੇਜ਼ ਹਵਾਵਾਂ ਕਰਕੇ ਮੌਸਮ ਦਾ ਮਿਜਾਜ਼ ਵੀ ਬਦਲ ਗਿਆ ਸੀ। ਇਸ ਦੌਰਾਨ ਵੱਡੀ ਗਿਣਤੀ ਵਿੱਚ ਸ਼ਹਿਰ ਵਾਸੀਆਂ ਨੇ ਸੁਖਨਾ ਝੀਲ, ਰੌਕ ਗਾਰਡਨ, ਰੋਜ਼ ਗਾਰਡਨ ਸਣੇ ਹੋਰਨਾਂ ਘੁੰਮਣ ਵਾਲੀਆਂ ਥਾਵਾਂ ’ਤੇ ਪਹੁੰਚ ਕੇ ਮੌਸਮ ਦਾ ਆਨੰਦ ਮਾਣਿਆ ਹੈ। ਚੰਡੀਗੜ੍ਹ ਸ਼ਹਿਰ ਵਿੱਚ ਵੀ ਬਾਅਦ ਦੁਪਹਿਰ ਮੀਂਹ ਰੁਕਣ ਤੋਂ ਬਾਅਦ ਸ਼ਹਿਰ ਦੀਆਂ ਮਾਰਕੀਟਾਂ ਵਿੱਚ ਲੋਕਾਂ ਦੀ ਚਹਿਲ-ਪਹਿਲ ਲੱਗੀ ਰਹੀ। ਉੱਧਰ ਸੈਕਟਰ-17 ਵਿਖੇ ਪਲਾਜ਼ਾ ਵਿੱਚ ਵੀ ਲੋਕ ਮੌਸਮ ਦਾ ਆਨੰਦ ਮਾਣ ਰਹੇ ਸਨ।