ਰਾਜ ਸਭਾ ਮੈਂਬਰ ਵੱਲੋਂ ਸਕੂਲ ਦੇ ਬੰਦ ਪਏ ਵਿਕਾਸ ਕਾਰਜਾਂ ਸਬੰਧੀ ਜਾਂਚ ਦੇ ਹੁਕਮ
ਖੇਤਰੀ ਪ੍ਰਤੀਨਿਧ
ਲੁਧਿਆਣਾ, 15 ਜੁਲਾਈ
ਜ਼ਿਲ੍ਹਾ ਲੁਧਿਆਣਾ ਦੇ ਵੱਖ-ਵੱਖ ਸਕੂਲਾਂ ਵਿਚ ਐੱਮਪੀ ਲੈਡ ਸਕੀਮ ਅਧੀਨ ਮੁਕੰਮਲ ਹੋਏ ਅਤੇ ਚੱਲ ਰਹੇ ਵਿਕਾਸ ਕਾਰਜਾਂ ਦਾ ਨਿਰੀਖਣ ਕਰਨ ਲਈ ਰਾਜ ਸਭਾ ਮੈਂਬਰ ਸੰਜੀਵ ਅਰੋੜਾ ਨੇ ਅੱਜ ਅੱਠ ਸਕੂਲਾਂ ਦਾ ਦੌਰਾ ਕੀਤਾ। ਇਸ ਮੌਕੇ ਉਨ੍ਹਾਂ ਨਾਲ ਵਿਧਾਇਕ ਗੁਰਪ੍ਰੀਤ ਬਸੀ ਗੋਗੀ, ਸਹਾਇਕ ਕਮਿਸ਼ਨਰ ਕ੍ਰਿਤਿਕਾ ਗੋਇਲ, ਜ਼ਿਲ੍ਹਾ ਸਿੱਖਿਆ ਅਫ਼ਸਰ (ਸੈਕੰਡਰੀ) ਹਰਜਿੰਦਰ ਸਿੰਘ ਅਤੇ ਜ਼ਿਲ੍ਹਾ ਸਿੱਖਿਆ ਅਫ਼ਸਰ (ਪ੍ਰਾਇਮਰੀ) ਲਲਿਤਾ ਅਰੋੜਾ ਸਣੇ ਵੱਖ-ਵੱਖ ਵਿਭਾਗਾਂ ਦੇ ਉੱਚ ਅਧਿਕਾਰੀ ਹਾਜ਼ਰ ਸਨ। ਸੰਸਦ ਮੈਂਬਰ ਨੇ ਕਿਹਾ ਕਿ ਇਨ੍ਹਾਂ ਸਕੂਲਾਂ ਦੇ ਵੱਖ-ਵੱਖ ਬੁਨਿਆਦੀ ਢਾਂਚੇ ਨੂੰ ਅਪਗ੍ਰੇਡ ਕਰਨ, ਨਵੀਂ ਇਮਾਰਤ ਦੀ ਉਸਾਰੀ ਕਰਨ ਅਤੇ ਹੋਰ ਕਰਵਾਏ ਗਏ ਕੰਮਾਂ ਦਾ ਨਿਰੀਖਣ ਕੀਤਾ ਗਿਆ। ਉਨ੍ਹਾਂ ਦੱਸਿਆ ਕਿ ਇਨ੍ਹਾਂ ਸਕੂਲਾਂ ਨੂੰ ਉਨ੍ਹਾਂ ਨੇ ਐੱਮਪੀ ਲੈਡ ’ਚੋਂ ਗ੍ਰਾਂਟ ਦਿੱਤੀ ਹੈ। ਉਨ੍ਹਾਂ ਨੇ ਸਰਕਾਰੀ ਪ੍ਰਾਇਮਰੀ ਸਕੂਲ ਹੈਬੋਵਾਲ ਕਲਾਂ ਲੁਧਿਆਣਾ ਨੂੰ ਛੱਡ ਕੇ ਬਾਕੀ ਸਾਰੇ ਸਕੂਲਾਂ ਵੱਲੋਂ ਕਰਵਾਏ ਗਏ ਕੰਮਾਂ ’ਤੇ ਤਸੱਲੀ ਦਾ ਪ੍ਰਗਟਾਵਾ ਕੀਤਾ ਹੈ।
ਸ੍ਰੀ ਸੰਜੀਵ ਅਰੋੜਾ ਨੇ ਕਿਹਾ ਕਿ ਉਨ੍ਹਾਂ ਨੇ ਸਰਕਾਰੀ ਪ੍ਰਾਇਮਰੀ ਸਕੂਲ ਹੈਬੋਵਾਲ ਕਲਾਂ ਨੂੰ ਐੱਮਪੀ ਲੈਡ ਫੰਡ ’ਚੋਂ ਨਵੇਂ ਕਮਰਿਆਂ ਦੀ ਉਸਾਰੀ ਲਈ 25 ਲੱਖ ਰੁਪਏ ਦੀ ਗ੍ਰਾਂਟ ਦਿੱਤੀ ਸੀ। ਅੱਜ ਨਿਰੀਖਣ ਦੌਰਾਨ ਸਕੂਲ ਦੇ ਕਮਰਿਆਂ ਦੀ ਉਸਾਰੀ ਦਾ ਕੰਮ ਬੰਦ ਪਾਇਆ ਗਿਆ ਹੈ। ਉਨ੍ਹਾਂ ਨੇ ਇਸ ਬੰਦ ਪਏ ਕੰਮ ਦੀ ਸਹਾਇਕ ਕਮਿਸ਼ਨਰ (ਜਨਰਲ) ਲੁਧਿਆਣਾ ਨੂੰ ਜਾਂਚ ਕਰਨ ਦੇ ਆਦੇਸ਼ ਦਿੱਤੇ ਹਨ। ਉਨ੍ਹਾਂ ਕਿਹਾ ਕਿ ਪੜਤਾਲ ਦੌਰਾਨ ਜੋ ਵੀ ਦੋਸ਼ੀ ਪਾਇਆ ਗਿਆ, ਉਸ ਖ਼ਿਲਾਫ਼ ਬਣਦੀ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ। ਉਨ੍ਹਾਂ ਦੱਸਿਆ ਕਿ ਇਹ ਫੰਡ ਇੱਕ ਸਾਲ ਦੇ ਅੰਦਰ-ਅੰਦਰ ਵਰਤੋਂ ਵਿੱਚ ਲਿਆਉਣਾ ਹੁੰਦਾ ਹੈ। ਸੰਸਦ ਮੈਂਬਰ ਨੇ ਚੰਦਰ ਨਗਰ ਪ੍ਰਾਇਮਰੀ ਸਕੂਲ ਵਿੱਚ ਇੱਕ ਕੂਲਿੰਗ ਸਿਸਟਮ ਦੇਣ ਅਤੇ ਸਕੂਲ ਵਿੱਚੋਂ ਲੰਘਦੀਆਂ ਓਵਰਹੈੱਡ ਹਾਈ ਟੈਂਸ਼ਨ ਤਾਰਾਂ ਦੇ ਮੁੱਦੇ ਨੂੰ ਪੀਐੱਸਪੀਸੀਐੱਲ ਕੋਲ ਉਠਾ ਕੇ ਇਸ ਦਾ ਹੱਲ ਕਰਵਾਉਣ ਦਾ ਭਰੋਸਾ ਦਿੱਤਾ।
ਸੰਸਦ ਮੈਂਬਰ ਤੇ ਵਿਧਾਇਕ ਵੱਲੋਂ ਤਾਜਪੁਰ ਤੇ ਟਿੱਬਾ ਰੋਡ ਦਾ ਦੌਰਾ
ਹਲਕਾ ਪੂਰਬੀ ਵਿੱਚ ਰੋਜ਼ਾਨਾ ਟਰੈਫਿਕ ਦੀ ਸਮੱਸਿਆ ਤੋਂ ਪ੍ਰੇਸ਼ਾਨ ਹੁੰਦੇ ਲੋਕਾਂ ਨੂੰ ਰਾਹਤ ਦੇਣ ਲਈ ਰਾਜ ਸਭਾ ਮੈਂਬਰ ਸੰਜੀਵ ਅਰੋੜਾ ਦੇ ਨਾਲ ਵਿਧਾਇਕ ਦਲਜੀਤ ਸਿੰਘ ਗਰੇਵਾਲ ਭੋਲਾ ਨੇ ਹਲਕਾ ਪੂਰਬੀ ਦੇ ਕਈ ਇਲਾਕਿਆਂ ਦਾ ਦੌਰਾ ਕੀਤਾ। ਇਸ ਦੌਰਾਨ ਉਨ੍ਹਾਂ ਨੇ ਨਗਰ ਨਿਗਮ ਤੇ ਐੱਨਐੱਚਏਆਈ ਦੀ ਟੀਮ ਦੇ ਮੈਂਬਰਾਂ ਦੇ ਨਾਲ ਸੁੰਦਰ ਨਗਰ, ਸ਼ਕਤੀ ਨਗਰ, ਕਾਕੋਵਾਲ ਰੋਡ, ਕਾਲੀ ਸੜਕ ਅਤੇ ਸ਼ਹਿਰ ’ਚੋਂ ਲੰਘਦੇ ਹਾਈਵੇਅ ਦੇ ਨਾਲ ਹੋਰ ਇਲਾਕਿਆਂ ਦਾ ਦੌਰਾ ਵੀ ਕੀਤਾ। ਉਨ੍ਹਾਂ ਨੇ ਦੱਸਿਆ ਕਿ ਇਸ ਦੌਰੇ ਦਾ ਮਕਸਦ ਇਲਾਕਾ ਵਾਸੀਆਂ ਨੂੰ ਆਵਾਜਾਈ ਸਬੰਧੀ ਪੇਸ਼ ਆ ਰਹੀਆਂ ਮੁਸ਼ਕਿਲਾਂ ਬਾਰੇ ਜਾਣਨਾ ਸੀ।