For the best experience, open
https://m.punjabitribuneonline.com
on your mobile browser.
Advertisement

ਕੇਂਦਰ ਵੱਲੋਂ ਮੂਸੇਵਾਲਾ ਦੇ ਮਾਪਿਆਂ ਬਾਰੇ ਪੰਜਾਬ ਤੋਂ ਰਿਪੋਰਟ ਤਲਬ

06:43 AM Mar 21, 2024 IST
ਕੇਂਦਰ ਵੱਲੋਂ ਮੂਸੇਵਾਲਾ ਦੇ ਮਾਪਿਆਂ ਬਾਰੇ ਪੰਜਾਬ ਤੋਂ ਰਿਪੋਰਟ ਤਲਬ
Advertisement

* ਬਲਕੌਰ ਸਿੰਘ ਵੱਲੋਂ ਪੰਜਾਬ ਸਰਕਾਰ ਨੂੰ ਘੇਰਨ ਮਗਰੋਂ ਆਇਆ ਸਪੱਸ਼ਟੀਕਰਨ

Advertisement

ਚਰਨਜੀਤ ਭੁੱਲਰ
ਚੰਡੀਗੜ੍ਹ, 20 ਮਾਰਚ
ਕੇਂਦਰੀ ਸਿਹਤ ਅਤੇ ਪਰਿਵਾਰ ਭਲਾਈ ਮੰਤਰਾਲੇ ਨੇ ਮਰਹੂਮ ਗਾਇਕ ਸਿੱਧੂ ਮੂਸੇਵਾਲਾ ਦੀ ਮਾਤਾ ਚਰਨ ਕੌਰ ਵੱਲੋਂ ਆਈਵੀਐੱਫ ਇਲਾਜ ਰਾਹੀਂ ਬੱਚੇ ਨੂੰ ਜਨਮ ਦੇਣ ਬਾਰੇ ਪੰਜਾਬ ਸਰਕਾਰ ਤੋਂ ਰਿਪੋਰਟ ਮੰਗੀ ਹੈ। ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਨੇ ਇਸ ਮਾਮਲੇ ਵਿਚ ਪੰਜਾਬ ਸਰਕਾਰ ਨੂੰ ਕਟਹਿਰੇ ਵਿਚ ਖੜ੍ਹੇ ਕਰਦਿਆਂ ਕਿਹਾ ਸੀ ਕਿ ਸੂਬਾ ਸਰਕਾਰ ਨਵ ਜਨਮੇ ਬੱਚੇ ਨੂੰ ਲੈ ਕੇ ਉਨ੍ਹਾਂ ਨੂੰ ਪ੍ਰੇਸ਼ਾਨ ਕਰ ਰਹੀ ਹੈ। ਚੇਤੇ ਰਹੇ ਕਿ ਸਿੱਧੂ ਮੂਸੇਵਾਲਾ ਦੇ ਮਾਪਿਆਂ ਦੇ ਘਰ ਦੂਜੇ ਪੁੱਤਰ ਦੀ ਬਖਸ਼ਿਸ਼ ਹੋਈ ਹੈ। ਮਾਪਿਆਂ ਨੇ ਇਸ ਦਾਤ ਲਈ ਇਨ-ਵਿਟਰੋਲਾਈਜ਼ੇਸ਼ਨ (ਆਈਵੀਐੱਫ) ਤਕਨੀਕ ਦੀ ਚੋਣ ਕੀਤੀ ਸੀ। ਕੁੱਝ ਦਿਨ ਪਹਿਲਾਂ ਹੀ ਬਠਿੰਡਾ ਦੇ ਇੱਕ ਪ੍ਰਾਈਵੇਟ ਹਸਪਤਾਲ ਵਿਚ ਮਾਤਾ ਚਰਨ ਕੌਰ ਨੇ ਦੂਜੇ ਬੱਚੇ ਨੂੰ ਜਨਮ ਦਿੱਤਾ ਹੈ। ਵੱਡੀ ਗਿਣਤੀ ਵਿਚ ਸਿਆਸੀ ਆਗੂ ਅਤੇ ਗਾਇਕ ਮਾਪਿਆਂ ਨੂੰ ਵਧਾਈਆਂ ਦੇਣ ਵਾਸਤੇ ਪੁੱਜ ਰਹੇ ਹਨ। ਕੇਂਦਰੀ ਸਿਹਤ ਮੰਤਰਾਲੇ ਨੇ 14 ਮਾਰਚ ਨੂੰ ਪੱਤਰ ਭੇਜ ਕੇ ਪੰਜਾਬ ਸਰਕਾਰ ਤੋਂ ਚਰਨ ਕੌਰ ਦੇ ਆਈਵੀਐੱਫ ਇਲਾਜ ਬਾਰੇ ਰਿਪੋਰਟ ਮੰਗੀ ਹੈ ਜਿਸ ਨੂੰ ਲੈ ਕੇ ਨਵਾਂ ਵਿਵਾਦ ਛਿੜਿਆ ਹੈ। ਪੱਤਰ ਅਨੁਸਾਰ ਅਸਿਸਟਿਡ ਰੀਪ੍ਰੋਡਕਟਿਵ ਤਕਨਾਲੋਜੀ (ਰੈਗੂਲੇਸ਼ਨ) ਐਕਟ 2021 ਦੀ ਧਾਰਾ 21 (ਜੀ ) ਤਹਿਤ ਆਈਵੀਐੱਫ ਵਿਧੀ ਲਈ ਔਰਤ ਲਈ ਨਿਰਧਾਰਿਤ ਉਮਰ 21 ਤੋਂ 50 ਸਾਲ ਹੈ। ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਦੀ ਉਮਰ 60 ਸਾਲ ਅਤੇ ਮਾਤਾ ਚਰਨ ਕੌਰ ਦੀ ਉਮਰ 58 ਸਾਲ ਹੈ। ਕੇਂਦਰੀ ਸਿਹਤ ਮੰਤਰਾਲੇ ਨੇ ਆਈਵੀਐੱਫ ਟਰੀਟਮੈਂਟ ਲਈ ਸਿੱਧੂ ਮੂਸੇਵਾਲਾ ਦੇ ਮਾਪਿਆਂ ਦੀ ਉਮਰ ਜ਼ਿਆਦਾ ਹੋਣ ਕਰਕੇ ਹੁਣ ਉਂਗਲ ਉਠਾਈ ਹੈ। ਕੇਂਦਰੀ ਸਿਹਤ ਮੰਤਰਾਲੇ ਨੇ ਏਆਰਟੀ ਐਕਟ ਤਹਿਤ ਕਾਰਵਾਈ ਕਰਦਿਆਂ ਇਸ ਮਾਮਲੇ ਵਿਚ ਸੂਬਾ ਸਰਕਾਰ ਤੋਂ ਐਕਸ਼ਨ ਟੇਕਨ ਰਿਪੋਰਟ ਮੰਗੀ ਹੈ। ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਨੇ ਅੱਜ ਇਲਜ਼ਾਮ ਲਾਏ ਹਨ ਕਿ ਪ੍ਰਸ਼ਾਸਨ ਬੱਚੇ ਦੇ ਕਾਨੂੰਨੀ ਪੱਖਾਂ ਨੂੰ ਲੈ ਕੇ ਪਰਿਵਾਰ ਨੂੰ ਪ੍ਰੇਸ਼ਾਨ ਕਰ ਰਿਹਾ ਹੈ। ਉਨ੍ਹਾਂ ਕਿਹਾ ਕਿ ਪ੍ਰਸ਼ਾਸਨ ਸਵੇਰ ਤੋਂ ਹੀ ਪ੍ਰੇਸ਼ਾਨ ਕਰ ਰਿਹਾ ਹੈ ਕਿ ਬੱਚੇ ਦੇ ਦਸਤਾਵੇਜ਼ ਦਿੱਤੇ ਜਾਣ। ਉਨ੍ਹਾਂ ਮੁੱਖ ਮੰਤਰੀ ਨੂੰ ਮੁਖ਼ਾਤਬਿ ਹੁੰਦਿਆਂ ਕਿਹਾ ਸੀ ਕਿ ਹਾਲੇ ਇਲਾਜ ਪੂਰਾ ਹੋਣ ਦਿਓ, ਸਰਕਾਰ ਮਗਰੋਂ ਜਿੱਥੇ ਵੀ ਬੁਲਾਏਗੀ, ਉਹ ਚਲੇ ਜਾਣਗੇ। ਬਲਕੌਰ ਸਿੰਘ ਵੱਲੋਂ ਲਾਏ ਇਲਜ਼ਾਮਾਂ ਨੇ ਵਿਰੋਧੀ ਧਿਰਾਂ ਨੂੰ ਮੌਕਾ ਦੇ ਦਿੱਤਾ ਅਤੇ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਨੇ ਫੌਰੀ ਇਸ ਮਾਮਲੇ ’ਤੇ ਪੰਜਾਬ ਸਰਕਾਰ ਨੂੰ ਨਿਸ਼ਾਨੇ ’ਤੇ ਲਿਆ। ਪੰਜਾਬ ਦੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਨੇ ਇਸ ਬਾਰੇ ਸਪੱਸ਼ਟ ਕੀਤਾ ਹੈ ਕਿ ਸੂਬਾ ਸਰਕਾਰ ਨੇ ਸਿੱਧੂ ਮੂਸੇਵਾਲਾ ਦੇ ਮਾਪਿਆਂ ਨੂੰ ਕੋਈ ਪੱਤਰ ਨਹੀਂ ਲਿਖਿਆ ਹੈ ਬਲਕਿ ਕੇਂਦਰ ਸਰਕਾਰ ਨੇ ਚਾਲਾਂ ਚੱਲਦਿਆਂ ਪਰਿਵਾਰ ਨੂੰ ਪੱਤਰ ਜਾਰੀ ਕੀਤਾ ਹੈ। ਉਨ੍ਹਾਂ ਕਿਹਾ ਕਿ ਸਿੱਧੂ ਮੂਸੇਵਾਲਾ ਦੇ ਪਰਿਵਾਰ ਨੂੰ ਪ੍ਰੇਸ਼ਾਨ ਕਰਨ ਵਾਲੀ ਕੋਈ ਗੱਲ ਨਹੀਂ ਹੈ। ਇਸੇ ਦੌਰਾਨ ਸਿਹਤ ਵਿਭਾਗ ਬਠਿੰਡਾ ਅਤੇ ਮਾਨਸਾ ਨੇ ਕਿਹਾ ਕਿ ਉਨ੍ਹਾਂ ਵੱਲੋਂ ਸਿੱਧੂ ਮੂਸੇਵਾਲਾ ਦੇ ਮਾਪਿਆਂ ਨਾਲ ਕੋਈ ਰਾਬਤਾ ਕਾਇਮ ਨਹੀਂ ਕੀਤਾ ਗਿਆ ਹੈ ਅਤੇ ਨਾ ਹੀ ਕੋਈ ਦਸਤਾਵੇਜ਼ ਮੰਗੇ ਗਏ ਹਨ।

Advertisement

ਕਿਸੇ ਕਾਨੂੰਨ ਦੀ ਉਲੰਘਣਾ ਨਹੀਂ ਕੀਤੀ: ਬਲਕੌਰ ਸਿੰਘ

ਬਠਿੰਡਾ/ਮਾਨਸਾ (ਸ਼ਗਨ ਕਟਾਰੀਆ/ਜੋਗਿੰਦਰ ਸਿੰਘ ਮਾਨ): ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਨੇ ਬੀਤੇ ਦਿਨ ਇੱਕ ਵੀਡੀਓ ਜਾਰੀ ਕਰ ਕੇ ਪੰਜਾਬ ਸਰਕਾਰ ਅਤੇ ਪ੍ਰਸ਼ਾਸਨ ’ਤੇ ਦੋਸ਼ ਲਾਇਆ ਸੀ ਕਿ ਬੱਚੇ ਦੇ ਕਾਨੂੰਨੀ ਦਸਤਾਵੇਜ਼ ਪੇਸ਼ ਕਰਨ ਲਈ ਕਹਿ ਕੇ ਉਨ੍ਹਾਂ ਨੂੰ ਪ੍ਰੇਸ਼ਾਨ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਉਨ੍ਹਾਂ ਨੂੰ ਜੇਲ੍ਹ ਭੇਜ ਕੇ ਜਾਂਚ ਕਰਵਾ ਸਕਦੇ ਹਨ। ਉਨ੍ਹਾਂ ਕਿਹਾ ਕਿ ਜ਼ੱਚਾ-ਬੱਚਾ ਦਾ ਇਲਾਜ ਮੁਕੰਮਲ ਹੋਣ ਦਿੱਤਾ ਜਾਵੇ। ਬਲਕੌਰ ਸਿੰਘ ਨੇ ਕਿਹਾ, ‘‘ਮੈਂ ਸਖ਼ਤ ਸ਼ਬਦਾਂ ਵਿੱਚ ਕਹਿਣਾ ਚਾਹੁੰਦਾ ਹਾਂ ਕਿ ਮੈਂ ਬਹੁਤ ਪ੍ਰੇਸ਼ਾਨ ਹਾਂ। ਤੁਹਾਨੂੰ ਬਾਅਦ ਵਿੱਚ ਹਰ ਚੀਜ਼ ’ਤੇ ਯੂ-ਟਰਨ ਲੈਣ ਦੀ ਆਦਤ ਹੈ। ਮੁੱਖ ਮੰਤਰੀ ਦੇ ਸਲਾਹਕਾਰ ਉਨ੍ਹਾਂ ਨੂੰ ਅਜਿਹੀਆਂ ਸਲਾਹਾਂ ਦਿੰਦੇ ਹਨ ਜਿਸ ’ਤੇ ਮੁੱਖ ਮੰਤਰੀ ਆਪਣੇ ਸਟੈਂਡ ’ਤੇ ਕਾਇਮ ਰਹਿਣ ਤੋਂ ਅਸਮਰੱਥ ਹੁੰਦੇ ਹਨ।’’ ਉਨ੍ਹਾਂ ਕਿਹਾ ਕਿ ਉਹ ਫ਼ੌਜ ਵਿਚ ਨੌਕਰੀ ਕਰਦੇ ਰਹੇ ਹਨ ਅਤੇ ਭਾਰਤੀ ਕਾਨੂੰਨ ਦੀ ਬਹੁਤ ਕਦਰ ਕਰਦੇ ਹਨ। ਉਨ੍ਹਾਂ ਕਿਹਾ ਕਿ ਉਨ੍ਹਾਂ ਨੇ ਕਿਸੇ ਕਾਨੂੰਨ ਦੀ ਉਲੰਘਣਾ ਨਹੀਂ ਕੀਤੀ ਅਤੇ ਸਾਰੇ ਕਾਨੂੰਨੀ ਦਸਤਾਵੇਜ਼ ਸਾਹਮਣੇ ਰੱਖ ਦਿੱਤੇ ਜਾਣਗੇ। ਉਧਰ ਇਸੇ ਦੌਰਾਨ ਬੁੱਧਵਾਰ ਨੂੰ ਮਾਨਸਾ ਦੇ ਐਸਐਸਪੀ ਡਾ. ਨਾਨਕ ਸਿੰਘ ਨੇ ਬਠਿੰਡਾ ਦੇ ਨਿੱਜੀ ਹਸਪਤਾਲ ਵਿਚ ਜਾ ਕੇ ਪਿਤਾ ਬਲਕੌਰ ਸਿੰਘ ਨਾਲ ਬੰਦ ਕਮਰਾ ਗੱਲ ਕੀਤੀ। ਉਨ੍ਹਾਂ ਕਿਹਾ ਕਿ ਉਨ੍ਹਾਂ ਦੀ ਇਸ ਪਰਿਵਾਰ ਨਾਲ ਨੇੜਤਾ ਹੈ, ਜਿਸ ਦੇ ਸਬੰਧ ਵਿਚ ਉਹ ਉਨ੍ਹਾਂ ਨੂੰ ਮਿਲਣ ਗਏ ਸੀ। ਉਂਝ ਉਨ੍ਹਾਂ ਦੀ ਇਸ ਹਸਪਤਾਲ ਫੇਰੀ ਨੂੰ ਲੈ ਕੇ ਕਈ ਤਰ੍ਹਾਂ ਦੇ ਕਿਆਸ ਲਾਏ ਜਾ ਰਹੇ ਹਨ।

Advertisement
Author Image

joginder kumar

View all posts

Advertisement