ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਸ਼੍ਰੋਮਣੀ ਕਮੇਟੀ ਵੱਲੋਂ ਗਿਆਨੀ ਹਰਪ੍ਰੀਤ ਸਿੰਘ ਦਾ ਅਸਤੀਫ਼ਾ ਨਾਮਨਜ਼ੂਰ

06:48 AM Oct 18, 2024 IST
ਸ਼੍ਰੋਮਣੀ ਕਮੇਟੀ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਅੰਮ੍ਰਿਤਸਰ ’ਚ ਪੱਤਰਕਾਰਾਂ ਨੂੰ ਸੰਬੋਧਨ ਕਰਦੇ ਹੋਏ। -ਫੋਟੋ: ਸੁਨੀਲ ਕੁਮਾਰ

ਜਗਤਾਰ ਸਿੰਘ ਲਾਂਬਾ
ਅੰਮ੍ਰਿਤਸਰ, 17 ਅਕਤੂਬਰ
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਤਖ਼ਤ ਦਮਦਮਾ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਵੱਲੋਂ ਦਿੱਤੇ ਅਸਤੀਫ਼ੇ ਨੂੰ ਅਪ੍ਰਵਾਨ ਕਰ ਦਿੱਤਾ ਹੈ ਅਤੇ ਉਨ੍ਹਾਂ ਨੂੰ ਪਹਿਲਾਂ ਵਾਂਗ ਹੀ ਸੇਵਾਵਾਂ ਜਾਰੀ ਰੱਖਣ ਦੀ ਅਪੀਲ ਕੀਤੀ ਹੈ। ਧਾਮੀ ਨੇ ਕਾਹਲੀ ਨਾਲ ਸੱਦੇ ਗਏ ਪੱਤਰਕਾਰ ਸੰਮੇਲਨ ਵਿੱਚ ਖ਼ੁਲਾਸਾ ਕੀਤਾ ਕਿ ਸ਼੍ਰੋਮਣੀ ਕਮੇਟੀ ਨੇ ਗਿਆਨੀ ਹਰਪ੍ਰੀਤ ਸਿੰਘ ਦਾ ਅਸਤੀਫ਼ਾ ਨਾਮਨਜ਼ੂਰ ਕਰ ਦਿੱਤਾ ਹੈ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਤਖ਼ਤਾਂ ਦੇ ਜਥੇਦਾਰਾਂ ਨਾਲ ਹੈ ਅਤੇ ਉਨ੍ਹਾਂ ਦਾ ਪੂਰਾ ਮਾਣ-ਸਤਿਕਾਰ ਤੇ ਹਰ ਆਦੇਸ਼ ਦੀ ਪਾਲਣਾ ਹੁੰਦੀ ਹੈ। ਧਾਮੀ ਨੇ ਕਿਹਾ ਕਿ ਸ਼੍ਰੋਮਣੀ ਕਮੇਟੀ ਨੂੰ ਗਿਆਨੀ ਹਰਪ੍ਰੀਤ ਸਿੰਘ ਦੀਆਂ ਸੇਵਾਵਾਂ ਦੀ ਬਹੁਤ ਲੋੜ ਹੈ। ਗਿਆਨੀ ਹਰਪ੍ਰੀਤ ਸਿੰਘ ਨੂੰ ਸੇਵਾਵਾਂ ਨਿਰੰਤਰ ਨਿਭਾਉਂਦੇ ਰਹਿਣ ਦੀ ਅਪੀਲ ਕਰਦਿਆਂ ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਕਿਹਾ, ‘‘ਮੌਜੂਦਾ ਸਮੇਂ ’ਚ ਕੌਮ ਸੰਕਟਮਈ ਦੌਰ ਵਿੱਚੋਂ ਲੰਘ ਰਹੀ ਹੈ ਅਤੇ ਪੰਥ ਵਿਰੋਧੀ ਸ਼ਕਤੀਆਂ ਸਿੱਖ ਸੰਸਥਾਵਾਂ ਨੂੰ ਲਗਾਤਾਰ ਨਿਸ਼ਾਨੇ ’ਤੇ ਲੈ ਰਹੀਆਂ ਹਨ। ਅਜਿਹੇ ਸਮੇਂ ਵਿਚ ਸਭ ਦੀ ਸਾਂਝੀ ਜ਼ਿੰਮੇਵਾਰੀ ਹੈ ਕਿ ਕਿਸੇ ਵੀ ਵਿਵਾਦ ਤੋਂ ਬਚਿਆ ਜਾਵੇ ਅਤੇ ਕੌਮ ਦੇ ਵਡੇਰੇ ਹਿੱਤਾਂ ਲਈ ਕਾਰਜ ਕੀਤੇ ਜਾਣ।’’ ਉਨ੍ਹਾਂ ਦੋਸ਼ ਲਾਇਆ ਕਿ ਆਰਐੱਸਐੱਸ, ਭਾਜਪਾ ਅਤੇ ਪੰਥ ਵਿਰੋਧੀ ਸ਼ਕਤੀਆਂ ਸਿੱਖ ਸੰਸਥਾਵਾਂ ਨੂੰ ਤੋੜਨ ਦੀ ਮਨਸ਼ਾ ਨਾਲ ਪਹਿਲਾਂ ਤੋਂ ਹੀ ਕੰਮ ਕਰ ਰਹੀਆਂ ਹਨ, ਜਿਸ ਦੀਆਂ ਮਿਸਾਲਾਂ ਵੱਖਰੀ ਹਰਿਆਣਾ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ, ਤਖ਼ਤ ਸ੍ਰੀ ਹਜ਼ੂਰ ਸਾਹਿਬ ਤੇ ਤਖ਼ਤ ਸ੍ਰੀ ਪਟਨਾ ਸਾਹਿਬ ਦੇ ਪ੍ਰਬੰਧਾਂ ਵਿਚ ਦਿੱਤਾ ਜਾ ਰਿਹਾ ਦਖ਼ਲ ਹੈ। ਉਨ੍ਹਾਂ ਕਿਹਾ ਕਿ ਕੌਮ ਦੀਆਂ ਸੰਸਥਾਵਾਂ ਦੀ ਮਜ਼ਬੂਤੀ ਲਈ ਕਿਸੇ ਵੀ ਵਿਵਾਦ ਵਿਚ ਪੈਣਾ ਠੀਕ ਨਹੀਂ ਹੈ। ਉਨ੍ਹਾਂ ਸ਼੍ਰੋਮਣੀ ਕਮੇਟੀ ਵੱਲੋਂ ਅਪੀਲ ਕੀਤੀ ਕਿ ਕੋਈ ਵੀ ਆਗੂ ਅਜਿਹੀ ਬਿਆਨਬਾਜ਼ੀ ਨਾ ਕਰੇ ਜਿਸ ਨਾਲ ਸਿੱਖ ਸੰਸਥਾਵਾਂ ਅਤੇ ਕੌਮ ਦੇ ਸਨਮਾਨ ਨੂੰ ਠੇਸ ਪੁੱਜੇ।

Advertisement

ਅਕਾਲੀ ਦਲ ਦੇ ਵਫ਼ਦ ਨੇ ਅਕਾਲ ਤਖ਼ਤ ਦੇ ਜਥੇਦਾਰ ਤੋਂ ਮੁਆਫ਼ੀ ਮੰਗੀ

ਸ਼੍ਰੋਮਣੀ ਅਕਾਲੀ ਦਲ ਦੇ ਵਫ਼ਦ ਨੇ ਅਕਾਲ ਤਖ਼ਤ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਨਾਲ ਅੱਜ ਮੁਲਾਕਾਤ ਕੀਤੀ ਅਤੇ ਪਿਛਲੇ ਇੱਕ ਦੋ ਦਿਨਾਂ ਵਿੱਚ ਵਾਪਰੇ ਸਮੁੱਚੇ ਘਟਨਾਕ੍ਰਮ ਲਈ ਅਕਾਲੀ ਦਲ ਵੱਲੋਂ ਮੁਆਫ਼ੀ ਮੰਗੀ ਗਈ। ਉਨ੍ਹਾਂ ਭਰੋਸਾ ਦਿੱਤਾ ਕਿ ਸ਼੍ਰੋਮਣੀ ਅਕਾਲੀ ਦਲ ਦਾ ਕੋਈ ਵੀ ਆਗੂ ਜਥੇਦਾਰ ਬਾਰੇ ਸੋਸ਼ਲ ਮੀਡੀਆ ਮੰਚ ਜਾਂ ਕਿਸੇ ਵੀ ਹੋਰ ਮੰਚ ਤੋਂ ਕੋਈ ਵੀ ਟਿੱਪਣੀ ਨਹੀਂ ਕਰੇਗਾ। ਜ਼ਿਕਰਯੋਗ ਹੈ ਕਿ ਬੀਤੇ ਕੱਲ੍ਹ ਤਖਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਅਕਾਲੀ ਆਗੂ ਵਿਰਸਾ ਸਿੰਘ ਵਲਟੋਹਾ ’ਤੇ ਗੰਭੀਰ ਦੋਸ਼ ਲਾਉਂਦਿਆਂ ਆਪਣਾ ਅਸਤੀਫ਼ਾ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੂੰ ਭੇਜਿਆ ਸੀ। ਇਸੇ ਘਟਨਾਕ੍ਰਮ ਦੌਰਾਨ ਸ੍ਰੀ ਅਕਾਲ ਤਖ਼ਤ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਨੂੰ ਆਦੇਸ਼ ਦਿੱਤਾ ਸੀ ਕਿ ਉਹ ਗਿਆਨੀ ਹਰਪ੍ਰੀਤ ਸਿੰਘ ਦਾ ਅਸਤੀਫ਼ਾ ਪ੍ਰਵਾਨ ਨਾ ਕਰਨ ਅਤੇ ਜੇ ਉਨ੍ਹਾਂ ਅਜਿਹਾ ਕੀਤਾ ਤਾਂ ਬਾਕੀ ਸਿੰਘ ਸਾਹਿਬਾਨ ਵੀ ਅਸਤੀਫ਼ਾ ਦੇ ਦੇਣਗੇ ।
ਅੱਜ ਇੱਥੇ ਸ਼੍ਰੋਮਣੀ ਅਕਾਲੀ ਦਲ ਦੇ ਕਾਰਜਕਾਰੀ ਪ੍ਰਧਾਨ ਬਲਵਿੰਦਰ ਸਿੰਘ ਭੂੰਦੜ ,ਡਾ. ਦਲਜੀਤ ਸਿੰਘ ਚੀਮਾ ਤੇ ਅਰਸ਼ਦੀਪ ਸਿੰਘ ਕਲੇਰ ਅਕਾਲ ਤਖ਼ਤ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਨੂੰ ਮਿਲਣ ਪੁੱਜੇ ਸਨ। ਮੁਲਾਕਾਤ ਮਗਰੋਂ ਮੀਡੀਆ ਨਾਲ ਗੱਲ ਕਰਦਿਆਂ ਡਾ. ਦਲਜੀਤ ਸਿੰਘ ਚੀਮਾ ਨੇ ਦੱਸਿਆ ਕਿ ਸ਼੍ਰੋਮਣੀ ਅਕਾਲੀ ਦਲ ਵੱਲੋਂ ਸਿੰਘ ਸਾਹਿਬਾਨ ਨੂੰ ਭਰੋਸਾ ਦਿੱਤਾ ਗਿਆ ਹੈ ਕਿ ਸਮੁੱਚਾ ਸ਼੍ਰੋਮਣੀ ਅਕਾਲੀ ਦਲ ਅਕਾਲ ਤਖ਼ਤ ਨੂੰ ਸਮਰਪਿਤ ਹੈ। ਜੇ ਕੋਈ ਵੀ ਅਕਾਲੀ ਆਗੂ ਜਥੇਦਾਰ ਸਾਹਿਬਾਨ ਜਾਂ ਅਕਾਲ ਤਖ਼ਤ ਦੀ ਮਰਿਆਦਾ ਬਾਰੇ ਕੋਈ ਟਿੱਪਣੀ ਕਰਦਾ ਹੈ ਤਾਂ ਉਸ ਖ਼ਿਲਾਫ਼ ਪਾਰਟੀ ਵੱਲੋਂ ਸਖ਼ਤ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਸਮੁੱਚੇ ਅਕਾਲੀ ਦਲ ਵੱਲੋਂ ਅਤੇ ਪਾਰਟੀ ਛੱਡ ਚੁੱਕੇ ਵਿਰਸਾ ਸਿੰਘ ਵਲਟੋਹਾ ਵੱਲੋਂ ਵੀ ਸਿੰਘ ਸਾਹਿਬਾਨ ਕੋਲੋਂ ਮੁਆਫ਼ੀ ਮੰਗੀ। ਉਨ੍ਹਾਂ ਦੋਸ਼ ਲਾਇਆ ਕਿ ਕੁਝ ਪੰਥ ਵਿਰੋਧੀ ਤਾਕਤਾਂ ਸ਼੍ਰੋਮਣੀ ਅਕਾਲੀ ਦਲ ਦੇ ਖ਼ਿਲਾਫ਼ ਸਾਜ਼ਿਸ਼ਾਂ ਰਚ ਰਹੀਆਂ ਹਨ। ਅਜਿਹੀਆਂ ਤਾਕਤਾਂ ਸ਼੍ਰੋਮਣੀ ਅਕਾਲੀ ਦਲ ਨੂੰ ਧਾਰਮਿਕ ਮਾਮਲੇ ਵਿੱਚ ਫਸਾ ਕੇ ਉਸ ਦੀ ਮਾਨਤਾ ਰੱਦ ਕਰਾਉਣਾ ਚਾਹੁੰਦੀਆਂ ਹਨ। ਉਨ੍ਹਾਂ ਦੱਸਿਆ ਕਿ ਜਥੇਦਾਰ ਗਿਆਨੀ ਰਘਬੀਰ ਸਿੰਘ ਨਾਲ ਮੁਲਾਕਾਤ ਦੌਰਾਨ ਅਕਾਲੀ ਦਲ ਦੇ ਨਾਰਾਜ਼ ਧੜੇ ਵੱਲੋਂ ਕੀਤੀ ਗਈ ਸ਼ਿਕਾਇਤ ਦੇ ਮਾਮਲੇ ਬਾਰੇ ਵੀ ਗੱਲਬਾਤ ਕੀਤੀ ਅਤੇ ਉਨ੍ਹਾਂ ਨੂੰ ਇਸ ਸਬੰਧੀ ਜਲਦੀ ਫੈਸਲਾ ਲੈਣ ਦੀ ਅਪੀਲ ਕੀਤੀ ।

Advertisement
Advertisement