SAD ਵਰਕਿੰਗ ਕਮੇਟੀ ਨੇ ਸੁਖਬੀਰ ਬਾਦਲ ਦੇ ਅਸਤੀਫ਼ੇ ਬਾਰੇ ਫ਼ੈਸਲਾ ਟਾਲਿਆ
ਆਤਿਸ਼ ਗੁਪਤਾ
ਚੰਡੀਗੜ੍ਹ, 18 ਨਵੰਬਰ
ਸ਼੍ਰੋਮਣੀ ਅਕਾਲੀ ਦਲ (SAD) ਦੀ ਵਰਕਿੰਗ ਕਮੇਟੀ ਨੇ ਸੋਮਵਾਰ ਨੂੰ ਇਥੇ ਹੋਈ ਆਪਣੀ ਮੀਟਿੰਗ ਵਿਚ ਪਾਰਟੀ ਪ੍ਰਧਾਨ ਦੇ ਅਹੁਦੇ ਤੋਂ ਸੁਖਬੀਰ ਸਿੰਘ ਬਾਦਲ ਵੱਲੋਂ ਦਿੱਤੇ ਗਏ ਅਸਤੀਫ਼ੇ ਬਾਰੇ ਫ਼ੈਸਲਾ ਟਾਲ ਦਿੱਤਾ ਹੈ। ਸ਼੍ਰੋਮਣੀ ਅਕਾਲੀ ਦਲ ਦੇ ਕਾਰਜਕਾਰੀ ਪ੍ਰਧਾਨ ਬਲਵਿੰਦਰ ਸਿੰਘ ਭੂੰਦੜ ਨੇ ਕਿਹਾ ਕਿ ਇਸ ਬਾਰੇ ਕੋਈ ਵੀ ਫ਼ੈਸਲਾ ਪਾਰਟੀ ਦੇ ਜ਼ਿਲ੍ਹਾ ਪ੍ਰਧਾਨਾਂ ਅਤੇ ਹਲਕਾ ਇੰਚਾਰਜਾਂ ਸਣੇ ਹੋਰਨਾਂ ਡੈਲੀਗੇਟਾਂ ਨਾਲ ਮੀਟਿੰਗ ਤੋਂ ਬਾਅਦ ਹੀ ਲਿਆ ਜਾਵੇਗਾ।
ਸ਼੍ਰੋਮਣੀ ਅਕਾਲੀ ਦਲ (SAD) ਦੀ ਵਰਕਿੰਗ ਕਮੇਟੀ ਦੀ ਮੀਟਿੰਗ ਵਿਚ ਸੋਮਵਾਰ ਨੂੰ ਇਥੇ ਕਾਰਜਕਾਰੀ ਪ੍ਰਧਾਨ ਸ੍ਰੀ ਭੂੰਦੜ ਦੀ ਅਗਵਾਈ ਹੇਠ ਹੋਈ। ਇਸ ਮੀਟਿੰਗ ਵਿੱਚ ਪਾਰਟੀ ਪ੍ਰਧਾਨ ਦੇ ਅਹੁਦੇ ਤੋਂ ਸੁਖਬੀਰ ਸਿੰਘ ਬਾਦਲ ਵੱਲੋਂ ਦਿੱਤੇ ਗਏ ਅਸਤੀਫ਼ੇ ਬਾਰੇ ਲੰਬੀ ਵਿਚਾਰ ਚਰਚਾ ਕੀਤੀ ਗਈ ਪਰ ਕੋਈ ਵੀ ਫੈਸਲਾ ਨਹੀਂ ਲਿਆ ਗਿਆ। ਸ੍ਰੀ ਭੂੰਦੜ ਨੇ ਕਿਹਾ ਕਿ ਪਾਰਟੀ ਦੇ ਜ਼ਿਲ੍ਹਾ ਪ੍ਰਧਾਨਾਂ ਅਤੇ ਹਲਕਾ ਇੰਚਾਰਜਾਂ ਸਣੇ ਹੋਰਨਾਂ ਡੈਲੀਗੇਟਾਂ ਨਾਲ ਮੀਟਿੰਗ ਤੋਂ ਬਾਅਦ ਹੀ ਸੁਖਬੀਰ ਬਾਦਲ ਦੇ ਅਸਤੀਫ਼ੇ ਬਾਰੇ ਕੋਈ ਫੈਸਲਾ ਲਿਆ ਜਾਵੇਗਾ।
ਇਹ ਵੀ ਪੜ੍ਹੋ:
Punjab Politics: ਐਨਕੇ ਸ਼ਰਮਾ ਦਾ ਅਕਾਲੀ ਦਲ ਤੋਂ ਅਸਤੀਫ਼ਾ
ਜ਼ਿਕਰਯੋਗ ਹੈ ਕਿ 16 ਨਵੰਬਰ ਨੂੰ ਸੁਖਬੀਰ ਸਿੰਘ ਬਾਦਲ ਨੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਦੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਸੀ। ਉਨ੍ਹਾਂ ਆਪਣਾ ਅਸਤੀਫ਼ਾ ਪਾਰਟੀ ਦੀ ਵਰਕਿੰਗ ਕਮੇਟੀ ਨੂੰ ਸੌਂਪ ਦਿੱਤਾ ਸੀ, ਜਿਸ ਬਾਰੇ ਵਿਚਾਰ ਕਰਨ ਲਈ ਅੱਜ ਸ਼੍ਰੋਮਣੀ ਅਕਾਲੀ ਦਲ ਨੇ ਆਪਣੀ ਵਰਕਿੰਗ ਕਮੇਟੀ ਦੀ ਮੀਟਿੰਗ ਸੱਦੀ ਸੀ।
ਵਰਕਿੰਗ ਕਮੇਟੀ ਦੀ ਮੀਟਿੰਗ ਵਿੱਚ ਹਰਿਆਣਾ ਨੂੰ ਚੰਡੀਗੜ੍ਹ ਵਿੱਚ ਵੱਖਰੀ ਵਿਧਾਨ ਸਭਾ ਲਈ ਜ਼ਮੀਨ ਦੇਣ ਦੇ ਫ਼ੈਸਲੇ ਦਾ ਵਿਰੋਧ ਕੀਤਾ ਗਿਆ। ਦਲ ਦੇ ਆਗੂਆਂ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਕਿਸੇ ਸੂਰਤ ਵਿਚ ਚੰਡੀਗੜ੍ਹ ਵਿੱਚ ਇੱਕ ਇੰਚ ਵੀ ਜ਼ਮੀਨ ਹਰਿਆਣਾ ਨੂੰ ਨਹੀਂ ਦੇਣ ਦੇਵੇਗਾ।