ਸ਼੍ਰੋਮਣੀ ਕਮੇਟੀ ਵੱਲੋਂ ਅੱਜ ਮੁੱਖ ਮੰਤਰੀ ਖ਼ਿਲਾਫ਼ ਲਿਆ ਜਾ ਸਕਦੈ ਕੋਈ ਫ਼ੈਸਲਾ
ਜਗਤਾਰ ਸਿੰਘ ਲਾਂਬਾ
ਅੰਮ੍ਰਿਤਸਰ, 31 ਜਨਵਰੀ
ਸੁਲਤਾਨਪੁਰ ਲੋਧੀ ਸਥਿਤ ਗੁਰਦੁਆਰੇ ਵਿੱਚ ਗੋਲੀਆਂ ਚਲਾਉਣ ਦੇ ਮਾਮਲੇ ਵਿੱਚ ਸ਼੍ਰੋਮਣੀ ਕਮੇਟੀ ਵੱਲੋਂ ਪਹਿਲੀ ਫਰਵਰੀ ਨੂੰ ਜਨਰਲ ਹਾਊਸ ਦੀ ਵਿਸ਼ੇਸ਼ ਮੀਟਿੰਗ ਵਿੱਚ ਮੁੱਖ ਮੰਤਰੀ ਭਗਵੰਤ ਮਾਨ ਖ਼ਿਲਾਫ਼ ਕਾਰਵਾਈ ਵਜੋਂ ਕੋਈ ਫ਼ੈਸਲਾ ਲਿਆ ਜਾ ਸਕਦਾ ਹੈ। ਜ਼ਿਕਰਯੋਗ ਹੈ ਕਿ ਇਸ ਮਾਮਲੇ ਵਿੱਚ ਸ੍ਰੀ ਅਕਾਲ ਤਖ਼ਤ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਵੱਲੋਂ ਮੁੱਖ ਮੰਤਰੀ ਨੂੰ ਸੂਬੇ ਦੇ ਗ੍ਰਹਿ ਮੰਤਰੀ ਵਜੋਂ ਜ਼ਿੰਮੇਵਾਰ ਠਹਿਰਾਇਆ ਜਾ ਚੁੱਕਾ ਹੈ। ਇਸ ਮਾਮਲੇ ਦੀ ਸ਼੍ਰੋਮਣੀ ਕਮੇਟੀ ਵੱਲੋਂ ਬਣਾਈ ਗਈ ਜਾਂਚ ਕਮੇਟੀ ਨੇ ਜਾਂਚ ਕੀਤੀ ਸੀ। ਮਗਰੋਂ ਰਿਪੋਰਟ ਸ਼੍ਰੋਮਣੀ ਕਮੇਟੀ ਨੂੰ ਸੌਂਪੀ ਗਈ ਸੀ। ਅੱਗੇ ਇਸ ਰਿਪੋਰਟ ਨੂੰ ਸ੍ਰੀ ਅਕਾਲ ਤਖ਼ਤ ਦੇ ਜਥੇਦਾਰ ਨੂੰ ਸੌਂਪ ਦਿੱਤਾ ਗਿਆ ਸੀ। ਜਾਂਚ ਰਿਪੋਰਟ ਦੇ ਆਧਾਰ ’ਤੇ ਹੀ ਜਥੇਦਾਰ ਵੱਲੋਂ ਮੁੱਖ ਮੰਤਰੀ ਨੂੰ ਘਟਨਾ ਲਈ ਜ਼ਿੰਮੇਵਾਰ ਠਹਿਰਾਇਆ ਗਿਆ ਸੀ। ਮਿਲੇ ਵੇਰਵਿਆਂ ਮੁਤਾਬਕ ਮੁੱਖ ਮੰਤਰੀ ਪਤਿਤ ਸਿੱਖ ਹੋਣ ਕਾਰਨ ਸ੍ਰੀ ਅਕਾਲ ਤਖ਼ਤ ਵੱਲੋਂ ਮਰਿਆਦਾ ਮੁਤਾਬਕ ਉਨ੍ਹਾਂ ਖ਼ਿਲਾਫ਼ ਕਾਰਵਾਈ ਨਹੀਂ ਕੀਤੀ ਜਾ ਸਕਦੀ।