ਸ਼੍ਰੋਮਣੀ ਅਕਾਲੀ ਦਲ ਨੇ ਮੁੱਖ ਮੰਤਰੀ ਦਾ ਅਸਤੀਫ਼ਾ ਮੰਗਿਆ
ਟ੍ਰਿਬਿਊਨ ਨਿਊਜ਼ ਸਰਵਿਸ
ਚੰਡੀਗੜ੍ਹ, 9 ਨਵੰਬਰ
ਸ਼੍ਰੋਮਣੀ ਅਕਾਲੀ ਦਲ ਨੇ ਪੰਜਾਬ ਵਿੱਚੋਂ ਢਾਈ ਸਾਲਾਂ ਵਿੱਚ ਨਸ਼ਿਆਂ ਦਾ ਖ਼ਾਤਮਾ ਕਰਨ ’ਚ ਨਾਕਾਮ ਰਹਿਣ ’ਤੇ ਅੱਜ ਆਮ ਆਦਮੀ ਪਾਰਟੀ ’ਤੇ ਨਿਸ਼ਾਨਾ ਸੇਧਿਆ। ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਤੇ ਸਾਬਕਾ ਮੰਤਰੀ ਡਾ. ਦਲਜੀਤ ਸਿੰਘ ਚੀਮਾ ਨੇ ਕਿਹਾ ਕਿ ਪੰਜਾਬ ਵਿੱਚ ਨਸ਼ੇ, ਅਮਨ ਤੇ ਕਾਨੂੰਨ, ਕਿਸਾਨੀ, ਆਰਥਿਕ ਸਥਿਤੀ ਵਰਗੇ ਅਹਿਮ ਮੁੱਦੇ ਜਿਉਂ ਦੇ ਤਿਉਂ ਖੜ੍ਹੇ ਹਨ। ਇਸ ਬਾਰੇ ਸੂਬਾ ਸਰਕਾਰ ਕੁਝ ਵੀ ਨਹੀਂ ਕਰ ਰਹੀ, ਇਸ ਕਰ ਕੇ ਮੁੱਖ ਮੰਤਰੀ ਨੂੰ ਅਸਤੀਫਾ ਦੇਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਸਰਪੰਚਾਂ ਦੇ ਹਲਫ਼ਦਾਰੀ ਸਮਾਗਮ ਵਿੱਚ ‘ਆਪ’ ਦੇ ਕਨਵੀਨਰ ਤੇ ਦਿੱਲੀ ਦੇ ਸਾਬਕਾ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਅਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਖੁਦ ਕਬੂਲ ਕੀਤਾ ਹੈ ਕਿ ਉਹ ਸੂਬੇ ਵਿੱਚੋਂ ਨਸ਼ਾ ਖ਼ਤਮ ਕਰਨ ਵਿੱਚ ਨਾਕਾਮ ਰਹੇ ਹਨ, ਪਰ ਉਨ੍ਹਾਂ ਨੇ ਸਾਰੀ ਜ਼ਿੰੰਮੇਵਾਰੀ ਸਰਪੰਚਾਂ ਤੇ ਪੰਚਾਂ ਦੇ ਮੋਢਿਆਂ ’ਤੇ ਪਾ ਦਿੱਤੀ ਹੈ। ਉਨ੍ਹਾਂ ਕਿਹਾ ਕਿ ‘ਆਪ’ ਸੂਬੇ ਵਿੱਚੋਂ ਇਕ ਮਹੀਨੇ ਵਿੱਚ ਨਸ਼ਿਆਂ ਦਾ ਖਾਤਮ ਕਰਨ ਦੇ ਵਾਅਦੇ ਨਾਲ ਸੱਤਾ ਵਿੱਚ ਆਈ ਸੀ ਪਰ ਉਹ ਢਾਈ ਸਾਲਾਂ ਵਿੱਚ ਅਜਿਹਾ ਕਰਨ ’ਚ ਨਾਕਾਮ ਰਹੀ ਹੈ। ਚੀਮਾ ਨੇ ਕਿਹਾ ਕਿ ‘ਆਪ’ ਆਗੂ ਅਰਵਿੰਦ ਕੇਜਰੀਵਾਲ ਭ੍ਰਿਸ਼ਟਾਚਾਰ ਦੇ ਕੇਸ ਵਿੱਚੋਂ ਇਸ ਸ਼ਰਤ ’ਤੇ ਜ਼ਮਾਨਤ ’ਤੇ ਬਾਹਰ ਆਏ ਹਨ ਕਿ ਉਹ ਮੁੱਖ ਮੰਤਰੀ ਸਕੱਤਰੇਤ ਵਿੱਚ ਦਾਖਲ ਨਹੀਂ ਹੋਣਗੇ ਤੇ ਨਾ ਹੀ ਸਰਕਾਰੀ ਫਾਈਲਾਂ ’ਤੇ ਦਸਤਖ਼ਤ ਕਰਨਗੇ ਪਰ ਪੰਜਾਬ ਸਰਕਾਰ ਨੇ ਅਜਿਹੇ ਵਿਅਕਤੀ ਨੂੰ ਸਰਪੰਚਾਂ ਦੇ ਹਲਫ਼ਦਾਰੀ ਸਮਾਗਮ ਦਾ ਮੁੱਖ ਮਹਿਮਾਨ ਬਣਾ ਦਿੱਤਾ ਜੋ ਕਿ ਗਲਤ ਹੈ।