For the best experience, open
https://m.punjabitribuneonline.com
on your mobile browser.
Advertisement

ਬੰਦੀ ਸਿੰਘਾਂ ਦੇ ਮੁੱਦੇ ’ਤੇ ਸ਼੍ਰੋਮਣੀ ਕਮੇਟੀ ਤੇ ਦਿੱਲੀ ਕਮੇਟੀ ਵੱਖੋ-ਵੱਖਰੇ ਰਾਹ ਤੁਰੀਆਂ

07:42 AM Dec 05, 2023 IST
ਬੰਦੀ ਸਿੰਘਾਂ ਦੇ ਮੁੱਦੇ ’ਤੇ ਸ਼੍ਰੋਮਣੀ ਕਮੇਟੀ ਤੇ ਦਿੱਲੀ ਕਮੇਟੀ ਵੱਖੋ ਵੱਖਰੇ ਰਾਹ ਤੁਰੀਆਂ
ਮੀਡੀਆ ਨੂੰ ਸੰਬੋਧਨ ਕਰਦੇ ਹੋਏ ਹਰਮੀਤ ਸਿੰਘ ਕਾਲਕਾ ਅਤੇ ਜਗਦੀਪ ਸਿੰਘ ਕਾਹਲੋਂ।
Advertisement

ਮਨਧੀਰ ਸਿੰਘ ਦਿਓਲ
ਨਵੀਂ ਦਿੱਲੀ, 4 ਦਸੰਬਰ
ਬੰਦੀ ਸਿੰਘਾਂ ਦੀ ਰਿਹਾਈ ਦੇ ਮਾਮਲੇ ਵਿੱਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਖੋ ਵੱਖਰੇ ਰਾਹਾਂ ’ਤੇ ਤੁਰ ਪਈਆਂ ਹਨ।
ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਹਰਮੀਤ ਸਿੰਘ ਕਾਲਕਾ ਅਤੇ ਜਨਰਲ ਸਕੱਤਰ ਜਗਦੀਪ ਸਿੰਘ ਕਾਹਲੋਂ ਨੇ ਕਿਹਾ ਹੈ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਬੰਦੀ ਸਿੰਘਾਂ ਦੇ ਮਾਮਲੇ ਵਿੱਚ ਸੱਦੀ ਮੀਟਿੰਗ ਵਿੱਚ ਦਿੱਲੀ ਗੁਰਦੁਆਰਾ ਕਮੇਟੀ ਨੂੰ ਕੋਈ ਸੱਦਾ ਨਹੀਂ ਭੇਜਿਆ ਸਗੋਂ ਦਿੱਲੀ ਦੀ ਸੰਗਤ ਵੱਲੋਂ ਠੁਕਰਾਏ ਲੋਕਾਂ ਨੂੰ ਕਮੇਟੀ ਵਿੱਚ ਸ਼ਾਮਲ ਕੀਤਾ। ਉਨ੍ਹਾਂ ਨਾਲ ਹੀ ਐਲਾਨ ਕੀਤਾ ਕਿ ਦਿੱਲੀ ਗੁਰਦੁਆਰਾ ਕਮੇਟੀ ਬੰਦੀ ਸਿੰਘਾਂ ਦੇ ਮਾਮਲੇ ਸਬੰਧੀ ਭਵਿੱਖ ਵਿੱਚ ਸ਼੍ਰੋਮਣੀ ਕਮੇਟੀ ਨਾਲ ਰਲ ਕੇ ਕੰਮ ਨਹੀਂ ਕਰੇਗੀ।
ਅੱਜ ਇਥੇ ਪ੍ਰੈੱਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਕਾਲਕਾ ਤੇ ਕਾਹਲੋਂ ਨੇ ਦੱਸਿਆ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਇਸ ਮਾਮਲੇ ਵਿੱਚ ਜੋ ਮੀਟਿੰਗ ਸੱਦੀ ਸੀ, ਉਸ ਵਿੱਚ ਸ਼ਾਮਲ ਹੋਣ ਵਾਲਿਆਂ ਨੂੰ ਸੱਦਾ ਪੱਤਰ ਦੇਣ ਵੇਲੇ ਤਾਂ ਦਿੱਲੀ ਗੁਰਦੁਆਰਾ ਕਮੇਟੀ ਦਾ ਨਾਂ ਐਲਾਨਿਆ ਗਿਆ ਸੀ ਪਰ ਕਮੇਟੀ ਨੂੰ ਕੋਈ ਸੱਦਾ ਪੱਤਰ ਨਹੀਂ ਦਿੱਤਾ ਗਿਆ। ਉਨ੍ਹਾਂ ਕਿਹਾ ਕਿ ਦਿੱਲੀ ਦੀ ਸੰਗਤ ਵੱਲੋਂ ਠੁਕਰਾਏ ਪਰਮਜੀਤ ਸਿੰਘ ਸਰਨਾ ਤੇ ਉਨ੍ਹਾਂ ਦੇ ਨਵੇਂ ਬਣੇ ਸਾਥੀ ਮਨਜੀਤ ਸਿੰਘ ਜੀਕੇ ਨੂੰ ਸੱਦਾ ਦਿੱਤਾ ਗਿਆ ਅਤੇ ਉਹ ਮੀਟਿੰਗ ਵਿੱਚ ਸ਼ਾਮਲ ਵੀ ਹੋਏ। ਉਨ੍ਹਾਂ ਦੱਸਿਆ ਕਿ ਮੀਟਿੰਗ ਵਿਚ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਐਲਾਨ ਕੀਤਾ ਕਿ ਪਹਿਲਾਂ ਬਣਾਈ 11 ਮੈਂਬਰੀ ਕਮੇਟੀ ਵਿੱਚੋਂ ਤਿੰਨ ਵਿਅਕਤੀ (ਸਾਡੇ ਨਾਂ ਬੋਲ ਕੇ) ਬਾਹਰ ਹੋ ਗਏ ਹਨ ਤੇ ਹੁਣ ਸਿਰਫ 8 ਮੈਂਬਰੀ ਕਮੇਟੀ ਕੰਮ ਕਰੇਗੀ। ਉਨ੍ਹਾਂ ਕਿਹਾ ਕਿ ਸਾਨੂੰ ਖੁਸ਼ੀ ਹੈ ਕਿ ਸ੍ਰੀ ਧਾਮੀ ਨੇ ਸਾਨੂੰ ਸੁਰਖਰੂ ਕਰ ਦਿੱਤਾ ਹੈ।
ਉਨ੍ਹਾਂ ਕਿਹਾ ਕਿ ਸਾਨੂੰ ਹੁਣ ਉਨ੍ਹਾਂ ਨਾਲ ਰਲ ਕੇ ਕੰਮ ਨਹੀਂ ਕਰਨਾ ਪਵੇਗਾ, ਜਿਨ੍ਹਾਂ ਦੀ ਸਰਕਾਰ ਸਮੇਂ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਅਤੇ ਡਿਪਟੀ ਮੁੱਖ ਮੰਤਰੀ ਸੁਖਬੀਰ ਬਾਦਲ ਦੇ ਹੁੰਦਿਆਂ ਬੇਅਦਬੀਆਂ ਹੋਈਆਂ। ਇਨ੍ਹਾਂ ਨੇ ਕਦੇ ਵੀ ਬੰਦੀ ਸਿੰਘਾਂ ਦਾ ਮੁੱਦਾ ਸਰਕਾਰਾਂ ਕੋਲ ਨਹੀਂ ਚੁੱਕਿਆ।
ਉਨ੍ਹਾਂ ਕਿਹਾ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਦਿੱਲੀ ਗੁਰਦੁਆਰਾ ਕਮੇਟੀ ਦੀ ਜ਼ਿੰਮੇਵਾਰੀ ਬੰਦੀ ਸਿੰਘਾਂ ਦੇ ਮਾਮਲੇ ’ਤੇ ਜਿਸ ਦਿਨ ਲਗਾਈ ਸੀ, ਅਸੀਂ ਉਸੇ ਦਿਨ ਗ੍ਰਹਿ ਮੰਤਰੀ ਅਤੇ ਰਾਸ਼ਟਰਪਤੀ ਨੂੰ ਮਿਲਣ ਲਈ ਸਮਾਂ ਦੇਣ ਲਈ ਚਿੱਠੀਆਂ ਲਿਖ ਦਿੱਤੀਆਂ ਸਨ ਤੇ ਸਿੰਘ ਸਾਹਿਬ ਨੂੰ ਜਾਣੂ ਵੀ ਕਰਵਾ ਦਿੱਤਾ ਸੀ ਕਿ ਚਾਰ ਰਾਜਾਂ ਦੀਆਂ ਚੋਣਾਂ ਤੋਂ ਬਾਅਦ ਇਨ੍ਹਾਂ ਨਾਲ ਮੁਲਾਕਾਤ ਹੋਵੇਗੀ।
ਉਨ੍ਹਾਂ ਕਿਹਾ ਕਿ ਦਿੱਲੀ ਗੁਰਦੁਆਰਾ ਕਮੇਟੀ ਕੌਮ ਨੂੰ ਸਮਰਪਿਤ ਹੈ ਤੇ ਆਪਣੇ ਪੱਧਰ ’ਤੇ ਬੰਦੀ ਸਿੰਘਾਂ ਦੇ ਮਸਲੇ ਦੇ ਹੱਲ ਲਈ ਕੰਮ ਕਰਦੀ ਰਹੇਗੀ। ਉਨ੍ਹਾਂ ਕਿਹਾ ਕਿ ਅਸੀਂ ਹੁਣ ਇਸ ਮਾਮਲੇ ਵਿੱਚ ਸ਼੍ਰੋਮਣੀ ਕਮੇਟੀ ਦੇ ਨਾਲ ਰਲ ਕੇ ਕਦੇ ਵੀ ਕੰਮ ਨਹੀਂ ਕਰਾਂਗੇ ਪਰ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਸਰਪ੍ਰਸਤੀ ਹੇਠ ਸਿੱਖ ਕੌਮ ਲਈ ਹਮੇਸ਼ਾ ਡਟੇ ਰਹਾਂਗੇ।

Advertisement

Advertisement
Advertisement
Author Image

Advertisement