ਪਿਸ਼ਾਵਰ ਵਿੱਚ ਸਿੱਖ ਦੁਕਾਨਦਾਰ ਦੀ ਹੱਤਿਆ ਦੀ ਸ਼੍ਰੋਮਣੀ ਕਮੇਟੀ ਵੱਲੋਂ ਨਿਖੇਧੀ
ਟ੍ਰਿਬਿਉੂਨ ਨਿਉੂਜ਼ ਸਰਵਿਸ
ਅੰਮ੍ਰਿਤਸਰ, 25 ਜੂਨ
ਪਾਕਿਸਤਾਨ ਦੇ ਸ਼ਹਿਰ ਪਿਸ਼ਾਵਰ ‘ਚ ਸਿੱਖ ਦੁਕਾਨਦਾਰ ਮਨਮੋਹਨ ਸਿੰਘ ਦੀ ਗੋਲੀਆਂ ਮਾਰ ਕੇ ਹੱਤਿਆ ਕੀਤੇ ਜਾਣ ਦੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸਮੇਤ ਹੋਰ ਸਿੱਖ ਜਥੇਬੰਦੀਆਂ ਨੇ ਨਿਖੇਧੀ ਕੀਤੀ ਹੈ। ਸ਼੍ਰੋਮਣੀ ਕਮੇਟੀ ਨੇ ਵਿਦੇਸ਼ ਮੰਤਰਾਲੇ ਨੂੰ ਅਪੀਲ ਕੀਤੀ ਹੈ ਕਿ ਉਹ ਕੂਟਨੀਤਕ ਪੱਧਰ ‘ਤੇ ਪਾਕਿਸਤਾਨ ਸਰਕਾਰ ਕੋਲ ਇਹ ਮਾਮਲਾ ਚੁੱਕੇ। ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਪਾਕਿਸਤਾਨ ਅੰਦਰ ਸਿੱਖਾਂ ਦੀ ਸੁਰੱਖਿਆ ਨੂੰ ਲੈ ਕੇ ਉੱਥੋਂ ਦੀ ਸਰਕਾਰ ਨੂੰ ਸੰਜੀਦਾ ਹੋਣਾ ਚਾਹੀਦਾ ਹੈ। ਉਨ੍ਹਾਂ ਪਾਕਿਸਤਾਨ ਸਰਕਾਰ ਕੋਲੋਂ ਸਿੱਖ ਦੁਕਾਨਦਾਰ ਦੀ ਹੱਤਿਆ ਕਰਨ ਵਾਲਿਆਂ ਖ਼ਿਲਾਫ਼ ਕਾਰਵਾਈ ਕਰਨ ਦੀ ਮੰਗ ਕੀਤੀ ਹੈ। ਇਸੇ ਤਰ੍ਹਾਂ ਕੌਮੀ ਘੱਟ ਗਿਣਤੀ ਕਮਿਸ਼ਨ ਦੇ ਸਲਾਹਕਾਰ ਪ੍ਰੋ. ਸਰਚਾਂਦ ਸਿੰਘ ਖਿਆਲਾ ਨੇ ਕੌਮੀ ਘੱਟ ਗਿਣਤੀ ਕਮਿਸ਼ਨ ਦੇ ਚੇਅਰਮੈਨ ਇਕਬਾਲ ਸਿੰਘ ਲਾਲਪੁਰਾ ਨੂੰ ਅਪੀਲ ਕੀਤੀ ਹੈ ਕਿ ਉਹ ਪਾਕਿਸਤਾਨ ‘ਚ ਸਿੱਖ ਅਤੇ ਹਿੰਦੂਆਂ ਦੀ ਜਾਨ-ਮਾਲ ਦੀ ਰਾਖੀ ਲਈ ਇਹ ਮਾਮਲਾ ਵਿਦੇਸ਼ ਮੰਤਰਾਲੇ ਕੋਲ ਉਠਾਉਣ। ਨਿਹੰਗ ਜਥੇਬੰਦੀ ਬੁਢਾ ਦਲ ਦੇ ਮੁਖੀ ਬਾਬਾ ਬਲਬੀਰ ਸਿੰਘ ਅਨੁਸਾਰ ਪਾਕਿਸਤਾਨ ਸਰਕਾਰ ਉੱਥੇ ਰਹਿ ਰਹੇ ਘੱਟ ਗਿਣਤੀ ਸਿੱਖਾਂ ਦੀ ਜਾਨ-ਮਾਲ ਦੀ ਰਾਖੀ ਕਰਨ ਵਿੱਚ ਅਸਫ਼ਲ ਸਾਬਤ ਹੋਈ ਹੈ। ਇਸ ਦੌਰਾਨ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਧਰਮ ਪ੍ਰਚਾਰ ਕਮੇਟੀ ਪੰਜਾਬ ਦੇ ਚੇਅਰਮੈਨ ਮਨਜੀਤ ਸਿੰਘ ਭੋਮਾ ਨੇ ਕਿਹਾ ਕਿ ਪਾਕਿਸਤਾਨ ਅੰਦਰ ਸਿੱਖਾਂ ਦੀ ਸੁਰੱਖਿਆ ਨੂੰ ਲੈ ਕੇ ਪਾਕਿਸਤਾਨ ਸਰਕਾਰ ਨੂੰ ਨੋਟਿਸ ਲੈਣਾ ਚਾਹੀਦਾ ਹੈ।