ਸ਼੍ਰੋਮਣੀ ਕਮੇਟੀ ਨੇ ਹੜ੍ਹ ਪੀੜਤਾਂ ਲਈ ਗੁਰਦੁਆਰਿਆਂ ਦੇ ਦਰ ਖੋਲ੍ਹੇ
07:30 AM Jul 11, 2023 IST
ਅੰਮ੍ਰਿਤਸਰ (ਟਨਸ): ਭਾਰੀ ਮੀਂਹ ਕਾਰਨ ਪੈਦਾ ਹੋਏ ਹਾਲਾਤ ਨੂੰ ਵੇਖਦਿਆਂ ਸ਼੍ਰੋਮਣੀ ਕਮੇਟੀ ਵੱਲੋਂ ਪੀੜਤਾਂ ਲਈ ਰਿਹਾਇਸ਼, ਲੰਗਰ ਅਤੇ ਹੋਰ ਲੋੜੀਂਦੀਆਂ ਵਸਤਾਂ ਮੁਹੱਈਆ ਕਰਨ ਲਈ ਪ੍ਰਬੰਧ ਕੀਤੇ ਜਾ ਰਹੇ ਹਨ। ਇਸ ਸਬੰਧੀ ਵੱਖ-ਵੱਖ ਇਤਿਹਾਸਕ ਗੁਰਦੁਆਰਾ ਸਾਹਿਬਾਨ ਦੀਆਂ ਸਰਾਵਾਂ ਵਿਚ ਪੀੜਤਾਂ ਨੂੰ ਮੁਫ਼ਤ ਕਮਰੇ ਮੁਹੱਈਆ ਕਰਵਾਉਣ ਦੇ ਨਾਲ-ਨਾਲ ਪ੍ਰਭਾਵਿਤ ਇਲਾਕਿਆਂ ਵਿਚ ਲੰਗਰ ਅਤੇ ਹੋਰ ਵਸਤਾਂ ਦਾ ਪ੍ਰਬੰਧ ਵੀ ਕੀਤਾ ਜਾ ਰਿਹਾ ਹੈ। ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਹੈ ਕਿ ਵੱਖ-ਵੱਖ ਜ਼ਿਲ੍ਹਿਆਂ ਵਿਚ 25 ਤੋਂ ਵੱਧ ਗੁਰਦੁਆਰਿਆਂ ਵਿਚ ਰਾਹਤ ਕੇਂਦਰ ਸਥਾਪਤ ਕੀਤੇ ਗਏ ਹਨ। ਸ਼੍ਰੋਮਣੀ ਕਮੇਟੀ ਦੇ ਪ੍ਰਬੰਧ ਵਾਲੇ ਹਰ ਗੁਰਦੁਆਰੇ ਦੀਆਂ ਸਰਾਵਾਂ ’ਚ ਪੀੜਤਾਂ ਨੂੰ ਮੁਫ਼ਤ ਕਮਰੇ ਮੁਹੱਈਆ ਕਰਨ ਦਾ ਫ਼ੈਸਲਾ ਕੀਤਾ ਗਿਆ ਹੈ। ਅਕਾਲ ਤਖਤ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਮੀਂਹ ਕਾਰਨ ਬਣੇ ਹਾਲਾਤ ’ਤੇ ਚਿੰਤਾ ਪ੍ਰਗਟ ਕੀਤੀ ਹੈ।
Advertisement
Advertisement