ਸ਼੍ਰੋਮਣੀ ਕਮੇਟੀ ਵੱਲੋਂ ਭਾਜਪਾ ਆਗੂ ਨੂੰ ਦਰਬਾਰ ਸਾਹਿਬ ਦੇ ਸਾਹਮਣੇ ਭੁੱਖ ਹੜਤਾਲ ਰੱਖਣ ਦੀ ਆਗਿਆ ਦੇਣ ਤੋਂ ਨਾਂਹ
ਟ੍ਰਿਬਿਉੂਨ ਨਿਉੂਜ਼ ਸਰਵਿਸ
ਅੰਮ੍ਰਿਤਸਰ, 29 ਨਵੰਬਰ
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਭਾਜਪਾ ਆਗੂ ਅਤੇ ਘੱਟ ਗਿਣਤੀ ਕਮਿਸ਼ਨ ਦੇ ਸਲਾਹਕਾਰ ਜਗਮੋਹਨ ਸਿੰਘ ਰਾਜੂ ਵੱਲੋਂ ਹਰਿਮੰਦਰ ਸਾਹਿਬ ਦੇ ਪ੍ਰਵੇਸ਼ ਦੁਆਰ ਪਲਾਜ਼ਾ ਵਿਖੇ 30 ਨਵੰਬਰ ਨੂੰ ਭੁੱਖ ਹੜਤਾਲ ਰੱਖਣ ਦੇ ਫੈਸਲੇ ਨਾਲ ਅਸਹਿਮਤੀ ਦਾ ਪ੍ਰਗਟਾਵਾ ਕਰਦਿਆਂ ਉਨ੍ਹਾਂ ਨੂੰ ਅਜਿਹੀ ਆਗਿਆ ਦੇਣ ਤੋਂ ਨਾਂਹ ਕਰ ਦਿੱਤੀ ਹੈ। ਭਾਜਪਾ ਆਗੂ ਵੱਲੋਂ ਇਹ ਭੁੱਖ ਹੜਤਾਲ ਅੰਮ੍ਰਿਤਸਰ ਸ਼ਹਿਰ ਨੂੰ ਪਵਿੱਤਰ ਸ਼ਹਿਰ ਦਾ ਦਰਜਾ ਦਿਵਾਉਣ ਦੀ ਮੰਗ ਨੂੰ ਲੈ ਕੇ ਪੰਜਾਬ ਸਰਕਾਰ ਖ਼ਿਲਾਫ਼ ਕੀਤੀ ਜਾ ਰਹੀ ਹੈ। ਸ਼੍ਰੋਮਣੀ ਕਮੇਟੀ ਦੇ ਸਕੱਤਰ ਪ੍ਰਤਾਪ ਸਿੰਘ ਨੇ ਇਸ ਸਬੰਧ ਵਿੱਚ ਭਾਜਪਾ ਆਗੂ ਰਾਜੂ ਨੂੰ ਸੂਚਿਤ ਕਰਦਿਆਂ ਕਿਹਾ ਕਿ ਉਨ੍ਹਾਂ ਵੱਲੋਂ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਨੂੰ 27 ਨਵੰਬਰ ਨੂੰ ਇਸ ਸਬੰਧੀ ਭੇਜਿਆ ਗਿਆ ਪੱਤਰ ਮਿਲ ਗਿਆ ਹੈ। ਉਨ੍ਹਾਂ ਕਿਹਾ ਕਿ ਪੱਤਰ ਵਿੱਚ ਜੋ ਮੰਗਾਂ ਸਰਕਾਰ ਦੇ ਕੋਲ ਰੱਖੀਆਂ ਗਈਆਂ ਹਨ, ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਉਨ੍ਹਾਂ ਮੰਗਾਂ ਨਾਲ ਪੂਰੀ ਤਰ੍ਹਾਂ ਸਹਿਮਤ ਹਨ ਪਰ ਸਿੱਖ ਰਿਵਾਇਤਾਂ ਤੇ ਸਿੱਖ ਸਿਧਾਂਤਾਂ ਅਨੁਸਾਰ ਵਰਤ ਰੱਖਣਾ ਗੁਰਮਤਿ ਦੇ ਉਲਟ ਹੈ। ਇਸ ਲਈ ਸਿੱਖਾਂ ਦੇ ਕੇਂਦਰੀ ਧਾਰਮਿਕ ਸਥਾਨ ਹਰਿਮੰਦਰ ਸਾਹਿਬ ਦੇ ਬਾਹਰ ਅਜਿਹੀ ਮਨਮਤ ਦੀ ਆਗਿਆ ਨਹੀਂ ਦਿੱਤੀ ਜਾ ਸਕਦੀ। ਗੁਰੂ ਘਰ ਵਿੱਚ ਭਾਜਪਾ ਆਗੂ ਇੱਕ ਸ਼ਰਧਾਲੂ ਸਿੱਖ ਵਜੋਂ ਅਰਦਾਸ ਜੋਦੜੀ ਕਰਨ ਲਈ ਆ ਸਕਦੇ ਹਨ ਅਤੇ ਇਸ ਲਈ ਉਨ੍ਹਾਂ ਦਾ ਸਵਾਗਤ ਹੋਵੇਗਾ। ਪੱਤਰ ਵਿੱਚ ਭਾਜਪਾ ਆਗੂ ਵੱਲੋਂ ਦੱਸਿਆ ਗਿਆ ਸੀ ਕਿ ਉਹ ਅਤੇ ਉਨ੍ਹਾਂ ਦੇ ਹੋਰ ਸਮਰਥਕ 30 ਨਵੰਬਰ ਨੂੰ ਲਗਪਗ 9 ਵਜੇ ਅਕਾਲ ਤਖ਼ਤ ਵਿਖੇ ਅਰਦਾਸ ਕਰਨਗੇ ਅਤੇ ਮਗਰੋਂ ਅਕਾਲ ਤਖ਼ਤ ਦੇ ਜਥੇਦਾਰ ਨੂੰ ਇਸ ਸਬੰਧੀ ਪੱਤਰ ਦੇਣਗੇ। ਉਪਰੰਤ 10. 30 ਵਜੇ ਉਹ ਪ੍ਰਵੇਸ਼ ਦੁਆਰ ਪਲਾਜ਼ਾ ਵਿਖੇ ਭੁੱਖ ਹੜਤਾਲ ’ਤੇ ਬੈਠਣਗੇ।