For the best experience, open
https://m.punjabitribuneonline.com
on your mobile browser.
Advertisement

ਸ਼੍ਰੋਮਣੀ ਕਮੇਟੀ ਵੱਲੋਂ ਸਿੱਖ ਗੁਰਦੁਆਰਾ ਸੋਧ ਬਿੱਲ ਰੱਦ

08:42 PM Jun 29, 2023 IST
ਸ਼੍ਰੋਮਣੀ ਕਮੇਟੀ ਵੱਲੋਂ ਸਿੱਖ ਗੁਰਦੁਆਰਾ ਸੋਧ ਬਿੱਲ ਰੱਦ
Advertisement

ਜਗਤਾਰ ਸਿੰਘ ਲਾਂਬਾ

Advertisement

ਅੰਮ੍ਰਿਤਸਰ, 26 ਜੂਨ

ਮੁੱਖ ਅੰਸ਼

  • ਮੁੱਖ ਮੰਤਰੀ ਭਗਵੰਤ ਮਾਨ ਤੇ ‘ਆਪ’ ਵਿਧਾਇਕ ਬੁੱਧ ਰਾਮ ਨੂੰ ਸਿੱਖ ਕੌਮ ਤੋਂ ਜਨਤਕ ਮੁਆਫ਼ੀ ਮੰਗਣ ਲਈ ਕਿਹਾ

ਸ੍ਰੀ ਹਰਿਮੰਦਰ ਸਾਹਿਬ ਵਿਚ ਹੁੰਦੇ ਗੁਰਬਾਣੀ ਦੇ ਕੀਰਤਨ ਦੇ ਪ੍ਰਸਾਰਨ ਦੇ ਮਾਮਲੇ ਨੂੰ ਲੈ ਕੇ ਪੰਜਾਬ ਸਰਕਾਰ ਵੱਲੋਂ ਪਾਸ ਕੀਤੇ ਗਏ ਗੁਰਦੁਆਰਾ ਸੋਧ ਬਿਲ 2023 ਨੂੰ ਅੱਜ ਇੱਥੇ ਸ਼੍ਰੋਮਣੀ ਕਮੇਟੀ ਦੇ ਜਨਰਲ ਇਜਲਾਸ ਵਿਚ ਸਮੂਹ ਮੈਂਬਰਾਂ ਨੇ ਸਰਬਸੰਮਤੀ ਨਾਲ ਰੱਦ ਕਰ ਦਿੱਤਾ ਹੈ। ਇਥੇ ਤੇਜਾ ਸਿੰਘ ਸਮੁੰਦਰੀ ਹਾਲ ਵਿੱਚ ਇਕ ਨੁਕਾਤੀ ਏਜੰਡੇ ‘ਤੇ ਸੱਦੇ ਗਏ ਹੰਗਾਮੀ ਜਨਰਲ ਇਜਲਾਸ ਵਿਚ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਇਸ ਸਬੰਧੀ ਮਤਾ ਪੜਿ੍ਹਆ, ਜਿਸ ਨੂੰ ਉਥੇ ਮੌਜੂਦ ਸਮੂਹ ਮੈਂਬਰਾਂ ਨੇ ਇਕਸੁਰ ਨਾਲ ਜੈਕਾਰਿਆਂ ਦੀ ਗੂੰਜ ਵਿੱਚ ਪ੍ਰਵਾਨਗੀ ਦਿੱਤੀ। ਇਜਲਾਸ ਦੌਰਾਨ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਾਂ ਨਾਲ ਸਿੰਘ ਸ਼ਬਦ ਲਾਉਣ ‘ਤੇ ਵੀ ਇਤਰਾਜ਼ ਕੀਤਾ ਗਿਆ। ਇਹ ਇਤਰਾਜ਼ ਬੀਬੀ ਕਿਰਨਜੋਤ ਕੌਰ ਨੇ ਕੀਤਾ, ਜਿਸ ਨੂੰ ਪ੍ਰਵਾਨ ਕਰਦਿਆਂ ਮਤੇ ਵਿਚ ਮੁੱਖ ਮੰਤਰੀ ਦਾ ਨਾਂਅ ਸ੍ਰੀ ਭਗਵੰਤ ਸਿੰਘ ਮਾਨ ਦੀ ਥਾਂ ਸ੍ਰੀ ਭਗਵੰਤ ਮਾਨ ਕਰ ਦਿੱਤਾ ਗਿਆ। ਇਜਲਾਸ ਵਿੱਚ ਪੇਸ਼ ਮਤੇ ਰਾਹੀਂ ਪੰਜਾਬ ਸਰਕਾਰ ਦੀ ਕਾਰਵਾਈ ਨੂੰ ਸਿੱਖ ਧਾਰਮਿਕ ਮਾਮਲਿਆਂ ਵਿੱਚ ਦਖਲਅੰਦਾਜ਼ੀ ਕਰਾਰ ਦਿੰਦਿਆਂ ਇਸ ਦਾ ਸਖਤ ਵਿਰੋਧ ਕੀਤਾ ਗਿਆ। ਬਿਲ ਰੱਦ ਕਰਦਿਆਂ ਸਰਕਾਰ ਨੂੰ ਚਿਤਾਵਨੀ ਦਿੱਤੀ ਕਿ ਉਹ ਪਾਸ ਕੀਤੇ ਬਿਲ ਨੂੰ ਤੁਰੰਤ ਵਾਪਸ ਲਵੇ ਨਹੀਂ ਤਾਂ ਸ਼੍ਰੋਮਣੀ ਕਮੇਟੀ ਵੱਲੋਂ ਅਕਾਲ ਤਖ਼ਤ ਦੀ ਅਗਵਾਈ ਹੇਠ ਮੋਰਚਾ ਸ਼ੁਰੂ ਕੀਤਾ ਜਾਵੇਗਾ। ਸਿੱਖ ਗੁਰਦੁਆਰਾ ਐਕਟ 1925 ਵਿਚ ਕੋਈ ਵੀ ਸੋਧ ਸ਼੍ਰੋਮਣੀ ਕਮੇਟੀ ਦੀ ਸਿਫਾਰਸ਼ ਨਾਲ ਹੀ ਸੰਭਵ ਹੈ। ਉਨ੍ਹਾਂ ਇਸ ਮਾਮਲੇ ਵਿਚ ਮਾਸਟਰ ਤਾਰਾ ਸਿੰਘ ਅਤੇ ਜਵਾਹਰਲਾਲ ਨਹਿਰੂ ਵਿਚਾਲੇ 1959 ਵਿੱਚ ਹੋਏ ਸਮਝੌਤੇ ਦਾ ਹਵਾਲਾ ਦਿੰਦਿਆਂ ਕਿਹਾ ਕਿ ਇਸ ਵਿਚ ਪ੍ਰਵਾਨ ਕੀਤਾ ਗਿਆ ਸੀ ਕਿ ਸਿੱਖ ਗੁਰਦੁਆਰਾ ਐਕਟ ਵਿਚ ਕੋਈ ਵੀ ਸੋਧ ਤੋਂ ਪਹਿਲਾਂ ਸ਼੍ਰੋਮਣੀ ਕਮੇਟੀ ਦੇ ਦੋ ਤਿਹਾਈ ਮੈਂਬਰਾਂ ਦੀ ਸਹਿਮਤੀ ਜ਼ਰੂਰੀ ਹੋਵੇਗੀ। ਧਾਮੀ ਨੇ ਦੋਸ਼ ਲਾਇਆ ਕਿ ਭਗਵੰਤ ਮਾਨ ਸਰਕਾਰ ਨੇ ਆਪਣੇ ਆਕਾ ਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਸਿੱਖ ਵਿਰੋਧੀ ਸੋਚ ਨੂੰ ਲਾਗੂ ਕਰਨ ਅਤੇ ਸ਼੍ਰੋਮਣੀ ਕਮੇਟੀ ਨੂੰ ਹਥਿਆਉਣ ਦੇ ਮੰਤਵ ਨਾਲ ਇਹ ਕਾਰਵਾਈ ਕੀਤੀ ਹੈ। ਉਨ੍ਹਾਂ ਮਤੇ ਵਿਚ ਕਿਹਾ ਕਿ ਕਿਸੇ ਵੀ ਕੀਮਤ ‘ਤੇ ਪੰਜਾਬ ਸਰਕਾਰ ਦੀ ਸਿੱਖ ਵਿਰੋਧੀ ਮਨਸ਼ਾ ਪੂਰੀ ਨਹੀਂ ਹੋਣ ਦਿੱਤੀ ਜਾਵੇਗੀ ਅਤੇ ਇਸ ਵਿਰੁੱਧ ਸੰਘਰਸ਼ ਲੜਿਆ ਜਾਵੇਗਾ।

ਸ਼੍ਰੋਮਣੀ ਕਮੇਟੀ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਤੇਜਾ ਸਿੰਘ ਸਮੁੰਦਰੀ ਹਾਲ ‘ਚ ਆਮ ਇਜਲਾਸ ਨੂੰ ਸੰਬੋਧਨ ਕਰਦੇ ਹੋਏ। -ਫੋਟੋ: ਵਿਸ਼ਾਲ ਕੁਮਾਰ

ਮਤੇ ਵਿਚ ਅੱਗੇ ਕਿਹਾ ਗਿਆ ਕਿ ਗੁਰਦੁਆਰਾ ਪ੍ਰਬੰਧਾਂ ਵਿਚ ਦਖ਼ਲ ਦੇਣ, ਕੇਸਾਂ ਦੀ ਤੌਹੀਨ ਕਰਨ, ਰਾਗੀ ਸਿੰਘਾਂ ਦੇ ਮਾਣ-ਸਨਮਾਨ ਨੂੰ ਠੇਸ ਪਹੁੰਚਾਉਣ ਅਤੇ ਭੱਟ ਸਾਹਿਬਾਨ ਤੇ ਭਗਤ ਸਾਹਿਬਾਨ ਦਾ ਨਾਂ ਸਤਿਕਾਰਹੀਣ ਭਾਸ਼ਾ ਵਿਚ ਲੈਣ ਲਈ ਮੁੱਖ ਮੰਤਰੀ ਭਗਵੰਤ ਮਾਨ ਅਤੇ ਆਮ ਆਦਮੀ ਪਾਰਟੀ ਦੇ ਵਿਧਾਇਕ ਬੁੱਧ ਰਾਮ ਸਿੱਖ ਕੌਮ ਤੋਂ ਜਨਤਕ ਤੌਰ ‘ਤੇ ਮੁਆਫ਼ੀ ਮੰਗਣ। ਚੇਤੇ ਰਹੇ ਕਿ ਸ਼੍ਰੋਮਣੀ ਕਮੇਟੀ ਦੀ ਅੰਤਰਿੰਗ ਕਮੇਟੀ ਵੱਲੋਂ ਵੀ ਪੰਜਾਬ ਸਰਕਾਰ ਦੇ ਇਸ ਬਿਲ ਨੂੰ ਰੱਦ ਕੀਤਾ ਜਾ ਚੁੱਕਾ ਹੈ ਅਤੇ ਹੁਣ ਸ਼੍ਰੋਮਣੀ ਕਮੇਟੀ ਦੇ ਜਨਰਲ ਹਾਊਸ ਵੱਲੋਂ ਸਰਬ ਸੰਮਤੀ ਨਾਲ ਇਸ ਬਿਲ ਨੂੰ ਰੱਦ ਕਰ ਦਿੱਤਾ ਗਿਆ।

ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਧਾਮੀ ਨੇ ਹਵਾਲਾ ਦਿੱਤਾ ਕਿ ਸ਼੍ਰੋਮਣੀ ਕਮੇਟੀ ਦੀ ਸਥਾਪਨਾ ਤੋਂ ਬਾਅਦ ਅੰਗਰੇਜ਼ ਸਰਕਾਰ ਵੱਲੋਂ ਸ਼੍ਰੋਮਣੀ ਕਮੇਟੀ ਦੇ ਮੈਂਬਰ ਨਾਮਜ਼ਦ ਕੀਤੇ ਗਏ ਸਨ, ਪਰ ਸਿੱਖ ਪੰਥ ਵੱਲੋਂ ਸਰਕਾਰ ਦੀ ਸਥਾਪਤ ਕਮੇਟੀ ਨੂੰ ਰੱਦ ਕਰ ਦਿੱਤਾ ਗਿਆ ਸੀ। ਉਨ੍ਹਾਂ ਕਿਹਾ ਕਿ ਸਿੱਖ ਧਾਰਮਿਕ ਮਾਮਲਿਆਂ ਵਿੱਚ ਸਰਕਾਰਾਂ ਦੀ ਦਖ਼ਲਅੰਦਾਜ਼ੀ ਕਦਾਚਿਤ ਬਰਦਾਸ਼ਤ ਨਹੀਂ ਅਤੇ ਇਨ੍ਹਾਂ ਸਿੱਖ ਰਵਾਇਤਾਂ ਨੂੰ ਅੱਗੇ ਵੀ ਜਾਰੀ ਰੱਖਿਆ ਜਾਵੇਗਾ। ਇਜਲਾਸ ਵਿਚ ਸ੍ਰੀ ਅਕਾਲ ਤਖਤ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਗਿਆਨੀ ਸੁਲਤਾਨ ਸਿੰਘ ਤੇ ਹੋਰ ਹਾਜ਼ਰ ਸਨ। ਇਜਲਾਸ ਵਿਚ ਵੱਖ ਵੱਖ ਧਿਰਾਂ ਅਤੇ ਧੜਿਆਂ ਦੇ ਮੈਂਬਰ ਵੀ ਸ਼ਾਮਲ ਸਨ।

ਇਜਲਾਸ ਦੌਰਾਨ ਸ਼੍ਰੋਮਣੀ ਕਮੇਟੀ ਦੇ ਜੂਨੀਅਰ ਮੀਤ ਪ੍ਰਧਾਨ ਅਵਤਾਰ ਸਿੰਘ ਰਿਆ, ਜਨਰਲ ਸਕੱਤਰ ਭਾਈ ਗੁਰਚਰਨ ਸਿੰਘ ਗਰੇਵਾਲ, ਸਾਬਕਾ ਪ੍ਰਧਾਨ ਬੀਬੀ ਜਗੀਰ ਕੌਰ, ਮੈਂਬਰ ਭਾਈ ਰਾਜਿੰਦਰ ਸਿੰਘ ਮਹਿਤਾ, ਭਾਈ ਮਨਜੀਤ ਸਿੰਘ, ਐਡਵੋਕੇਟ ਭਗਵੰਤ ਸਿੰਘ ਸਿਆਲਕਾ, ਭਾਈ ਰਾਮ ਸਿੰਘ, ਜਸਵੰਤ ਸਿੰਘ ਪੁੜੈਣ, ਕੁਲਵੰਤ ਸਿੰਘ ਮੰਨਣ, ਬੀਬੀ ਕਿਰਨਜੋਤ ਕੌਰ ਆਦਿ ਸਣੇ ਲਗਪਗ 23 ਬੁਲਾਰਿਆਂ ਨੇ ਸੰਬੋਧਨ ਕੀਤਾ। ਇਜਲਾਸ ਵਿਚ ਸ਼੍ਰੋਮਣੀ ਕਮੇਟੀ ਦੇ 90 ਤੋਂ ਵੱਧ ਮੈਂਬਰ ਹਾਜ਼ਰ ਸਨ।

ਇਜਲਾਸ ਮਗਰੋਂ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਸਰਕਾਰ ਖਿਲਾਫ ਆਰੰਭੇ ਜਾਣ ਵਾਲੇ ਸੰਘਰਸ਼ ਬਾਰੇ ਸਪੱਸ਼ਟ ਕੀਤਾ ਕਿ ਪੁਰਾਤਨ ਰਵਾਇਤਾਂ ਅਨਸੁਾਰ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਸ਼੍ਰੋਮਣੀ ਕਮੇਟੀ ਦੇ ਹਲਕਾ ਮੈਂਬਰ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਹਲਕਾ ਇੰਚਾਰਜਾਂ ਦੀ ਅਗਵਾਈ ਵਿਚ ਹੋਵੇਗਾ। ਪਰ ਇਸ ਤੋਂ ਪਹਿਲਾਂ ਸੰਵਿਧਾਨਕ ਤੌਰ ‘ਤੇ ਦੇਸ਼ ਦੇ ਰਾਸ਼ਟਰਪਤੀ, ਗ੍ਰਹਿ ਮੰਤਰੀ ਨੂੰ ਮਿਲਿਆ ਜਾਵੇਗਾ, ਜਿਸ ਬਾਰੇ ਦਸਤਾਵੇਜ਼ੀ ਕਾਰਵਾਈ ਆਰੰਭੀ ਜਾ ਚੁੱਕੀ ਹੈ। ਉਨ੍ਹਾਂ ਕਿਹਾ ਕਿ ਸੰਗਤ ਤੱਕ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਗੁਰਬਾਣੀ ਕੀਰਤਨ ਨਿਰਵਿਘਨ ਪਹੁੰਚਾਉਣਾ ਸ਼੍ਰੋਮਣੀ ਕਮੇਟੀ ਦੀ ਜ਼ਿੰਮੇਵਾਰੀ ਹੈ ਅਤੇ ਇਸ ਵਾਸਤੇ ਅਗਲੀ ਕਾਰਵਾਈ ਤੇਜ਼ੀ ਨਾਲ ਕੀਤੀ ਜਾ ਰਹੀ ਹੈ। ਸਬ-ਕਮੇਟੀ ਦੀਆਂ ਕੁਝ ਮੀਟਿੰਗਾਂ ਹੋ ਚੁੱਕੀਆਂ ਹਨ ਅਤੇ ਅਕਾਲ ਤਖ਼ਤ ਦੇ ਜਥੇਦਾਰ ਵੱਲੋਂ ਹੋਏ ਆਦੇਸ਼ ਅਤੇ ਸੰਗਤਾਂ ਦੀਆਂ ਭਾਵਨਾਵਾਂ ਅਨੁਸਾਰ ਫੈਸਲਾ ਕੀਤਾ ਜਾਵੇਗਾ।

ਸਾਰੇ ਮੈਂਬਰ ਸਰਕਾਰ ਦੇ ਫੈਸਲੇ ਖਿਲਾਫ਼ ਇਕਜੁੱਟ ਨਜ਼ਰ ਆਏ

ਜਨਰਲ ਇਜਲਾਸ ਦੌਰਾਨ ਕੁਝ ਬੁਲਾਰਿਆਂ ਵੱਲੋਂ ਸ਼੍ਰੋਮਣੀ ਕਮੇਟੀ ਖਿਲਾਫ ਸੁਰ ਤਿੱਖੀ ਰੱਖਣ ਦੇ ਬਾਵਜੂਦ ਸਾਰੇ ਮੈਂਬਰ ਮਤੇ ਨੂੰ ਲੈ ਕੇ ਇਕਜੁੱਟ ਨਜ਼ਰ ਆਏ। ਬੁਲਾਰਿਆਂ ਨੇ ਕਿਹਾ ਕਿ ਭਗਵੰਤ ਮਾਨ ਸਰਕਾਰ ਦੀ ਗਲਤੀ ਮੁਆਫ਼ੀਯੋਗ ਨਹੀਂ ਹੈ ਅਤੇ ਇਸ ਦਾ ਸਖ਼ਤ ਜਵਾਬ ਦੇਣਾ ਲਾਜ਼ਮੀ ਹੈ। ਇਹ ਵੀ ਮੰਗ ਕੀਤੀ ਗਈ ਕਿ ਮੁੱਖ ਮੰਤਰੀ ਤੇ ਵਿਧਾਇਕਾਂ ਵੱਲੋਂ ਸਿੱਖ ਵਿਰੋਧੀ ਟਿੱਪਣੀਆਂ ਸਪੀਕਰ ਕੁਲਤਾਰ ਸਿੰਘ ਸੰਧਵਾਂ ਦੀ ਹਾਜ਼ਰੀ ਵਿਚ ਹੋਈਆਂ ਹਨ, ਜੋ ਖੁਦ ਅੰਮ੍ਰਿਤਧਾਰੀ ਹਨ। ਉਨ੍ਹਾਂ ਦੀ ਜ਼ਿੰਮੇਵਾਰੀ ਬਣਦੀ ਸੀ ਕਿ ਇਨ੍ਹਾਂ ਇਤਰਾਜ਼ਯੋਗ ਟਿੱਪਣੀਆਂ ਦਾ ਨੋਟਿਸ ਲੈਂਦੇ, ਪਰ ਉਹ ਵੀ ਅਜਿਹਾ ਨਾ ਕਰਕੇ ਦੋਸ਼ੀਆਂ ਦੀ ਕਤਾਰ ਵਿਚ ਸ਼ਾਮਲ ਹੋਏ ਹਨ। ਇਸ ਲਈ ਸਪੀਕਰ ਵੀ ਕੌਮ ਪਾਸੋਂ ਮੁਆਫ਼ੀ ਮੰਗਣ।

ਇਜਲਾਸ ਸਿਰਫ਼ ਮੈਨੂੰ ਭੰਡਣ ਲਈ ਸੱਦਿਆ ਗਿਐ: ਮੁੱਖ ਮੰਤਰੀ

ਚੰਡੀਗੜ੍ਹ (ਟਨਸ): ਮੁੱਖ ਮੰਤਰੀ ਭਗਵੰਤ ਮਾਨ ਨੇ ਸ਼੍ਰੋਮਣੀ ਕਮੇਟੀ ਵੱਲੋਂ ਸੱਦੇ ਗਏ ਜਨਰਲ ਇਜਲਾਸ ‘ਤੇ ਉਜ਼ਰ ਜਤਾਉਂਦਿਆਂ ਸਵਾਲ ਕੀਤਾ ਕਿ ਸ਼੍ਰੋਮਣੀ ਕਮੇਟੀ ਨੇ ਇਸ ਵਿਸ਼ੇਸ਼ ਇਜਲਾਸ ਦੌਰਾਨ ਉਨ੍ਹਾਂ ‘ਤੇ ਦੋਸ਼ ਲਾਉਣ ਤੋਂ ਇਲਾਵਾ ਹੋਰ ਕੀ ਕੀਤਾ ਹੈ। ਮੁੱਖ ਮੰਤਰੀ ਨੇ ਇਕ ਬਿਆਨ ਵਿੱਚ ਕਿਹਾ ਕਿ ਸ਼੍ਰੋਮਣੀ ਕਮੇਟੀ ਵੱਲੋਂ ਸੱਦੇ ਵਿਸ਼ੇਸ਼ ਇਜਲਾਸ ਨੂੰ ਸਿਰਫ ਉਨ੍ਹਾਂ ਨੂੰ ਭੰਡਣ ਲਈ ਇਕ ਮੰਚ ਵਜੋਂ ਵਰਤਿਆ ਗਿਆ। ਉਨ੍ਹਾਂ ਕਿਹਾ ਕਿ ਇਜਲਾਸ ਵਿੱਚੋਂ ਪਵਿੱਤਰ ਗੁਰਬਾਣੀ ਦੇ ਮੁਫ਼ਤ ਪ੍ਰਸਾਰਣ ਦਾ ਮੁੱਦਾ ਕਿੱਥੇ ਗੁਆਚ ਗਿਆ, ਇਸ ਨੂੰ ਉਭਾਰਿਆ ਕਿਉਂ ਨਹੀਂ ਗਿਆ। ਉਨ੍ਹਾਂ ਕਿਹਾ ਕਿ ਇਹ ਇਜਲਾਸ ਸ਼੍ਰੋਮਣੀ ਕਮੇਟੀ ‘ਤੇ ਰਾਜ ਕਰ ਰਹੇ ਪਰਿਵਾਰ ਨੂੰ ਬਚਾਉਣ ਲਈ ਆਗੂਆਂ ਦੇ ਇਕੱਠ ਤੋਂ ਵੱਧ ਕੁਝ ਨਹੀਂ। ਸ੍ਰੀ ਮਾਨ ਨੇ ਕਿਹਾ ਕਿ ਸ਼੍ਰੋਮਣੀ ਕਮੇਟੀ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਸਿਰਫ ਆਪਣੇ ਆਕਾਵਾਂ ਦੇ ਇਸ਼ਾਰੇ ‘ਤੇ ਚੱਲ ਕੇ ਸ਼੍ਰੋਮਣੀ ਅਕਾਲੀ ਦਲ ਦੇ ਮੁੱਖ ਬੁਲਾਰੇ ਵਜੋਂ ਵਿਚਰ ਰਹੇ ਹਨ। ਉਨ੍ਹਾਂ ਕਿਹਾ ਕਿ ਲੋਕਾਂ ਨੂੰ ਸਭ ਪਤਾ ਹੈ ਕਿ ਸ਼੍ਰੋਮਣੀ ਕਮੇਟੀ ਤੇ ਇਸ ਦੇ ਪ੍ਰਧਾਨ ਕਿਵੇਂ ਅਕਾਲੀ ਦਲ ‘ਚ ਇਕ ਪਰਿਵਾਰ ਦੀ ਕਠਪੁਤਲੀ ਬਣ ਕੇ ਕੰਮ ਕਰ ਰਹੇ ਹਨ।

Advertisement
Tags :
Advertisement
Advertisement
×