ਸ਼੍ਰੋਮਣੀ ਕਮੇਟੀ ਵਿਦੇਸ਼ ਮੰਤਰੀ ਤੇ ਪਾਕਿਸਤਾਨ ਨੂੰ ਕਰੇਗੀ ਸ਼ਿਕਾਇਤ
ਟ੍ਰਿਬਿਊਨ ਨਿਊਜ਼ ਸਰਵਿਸ
ਅੰਮ੍ਰਿਤਸਰ, 20 ਨਵੰਬਰ
ਪਾਕਿਸਤਾਨ ਵਿੱਚ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਨੇੜੇ ਕਰਵਾਏ ਪ੍ਰੋਗਰਾਮ ਦੌਰਾਨ ਮਰਿਆਦਾ ਦੀ ਉਲੰਘਣਾ ਦੀ ਵਾਪਰੀ ਘਟਨਾ ਦੇ ਮਾਮਲੇ ਵਿੱਚ ਸ਼੍ਰੋਮਣੀ ਕਮੇਟੀ ਵੱਲੋਂ ਭਾਰਤ ਦੇ ਵਿਦੇਸ਼ ਮੰਤਰੀ, ਪਾਕਿਸਤਾਨ ਸਰਕਾਰ ਦੇ ਸਬੰਧਤ ਮੰਤਰਾਲੇ ਅਤੇ ਔਕਾਫ਼ ਬੋਰਡ ਨੂੰ ਸ਼ਿਕਾਇਤ ਕੀਤੀ ਜਾਵੇਗੀ। ਇਸ ਦੌਰਾਨ ਸਿੱਖ ਜਥੇਬੰਦੀਆਂ ਵਿੱਚ ਇਸ ਮਾਮਲੇ ਨੂੰ ਲੈ ਕੇ ਰੋਸ ਹੈ।
ਅੱਜ ਇੱਥੇ ਅੰਤ੍ਰਿੰਗ ਕਮੇਟੀ ਦੀ ਮੀਟਿੰਗ ਦੌਰਾਨ ਵੀ ਇਸ ਮਾਮਲੇ ਦੀ ਨਿੰਦਾ ਕੀਤੀ ਗਈ। ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਇਹ ਵਰਤਾਰਾ ਠੀਕ ਨਹੀਂ ਹੈ ਕਿ ਗੁਰੂਘਰ ਨੇੜੇ ਸਿੱਖ ਭਾਵਨਾਵਾਂ ਵਿਰੁੱਧ ਕਾਰਵਾਈ ਕੀਤੀ ਜਾਵੇ। ਉਨ੍ਹਾਂ ਕਿਹਾ ਕਿ ਇਸ ਮਾਮਲੇ ਨੂੰ ਲੈ ਕੇ ਸ਼੍ਰੋਮਣੀ ਕਮੇਟੀ ਵੱਲੋਂ ਭਾਰਤ ਦੇ ਵਿਦੇਸ਼ ਮੰਤਰੀ ਅਤੇ ਪਾਕਿਸਤਾਨ ਸਰਕਾਰ ਦੇ ਸਬੰਧਤ ਮੰਤਰਾਲੇ ਅਤੇ ਔਕਾਫ਼ ਬੋਰਡ ਨੂੰ ਪੱਤਰ ਲਿਖਿਆ ਜਾ ਰਿਹਾ ਹੈ। ਇਸ ਦੌਰਾਨ ਸ੍ਰੀ ਅਕਾਲ ਤਖਤ ਦੇ ਸਾਬਕਾ ਕਾਰਜਕਾਰੀ ਜਥੇਦਾਰ ਅਤੇ ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ
\(ਪਹਿਲੇ ਸਫ਼ੇ ਤੋਂ) ਸਿੰਘ ਨੇ ਅੱਜ ਇੱਥੇ ਇਸ ਘਟਨਾ ਦੀ ਨਿੰਦਾ ਕਰਦਿਆਂ ਕਿਹਾ ਕਿ ਪਾਕਿਸਤਾਨੀ ਅਧਿਕਾਰੀਆਂ ਨੂੰ ਸਿੱਖ ਭਾਵਨਾਵਾਂ ਦਾ ਧਿਆਨ ਰੱਖਣਾ ਚਾਹੀਦਾ ਹੈ। ਉਨ੍ਹਾਂ ਗੁਰਦੁਆਰਾ ਕਰਤਾਰਪੁਰ ਲਾਂਘੇ ’ਤੇ ਲਾਈ ਫੀਸ ਦਾ ਵੀ ਵਿਰੋਧ ਕੀਤਾ ਹੈ ਅਤੇ ਸਿੱਖਾਂ ’ਤੇ ਹੋ ਰਹੇ ਨਸਲੀ ਹਮਲਿਆਂ ਦੀ ਵੀ ਨਿੰਦਾ ਕੀਤੀ। ਸ਼੍ਰੋਮਣੀ ਅਕਾਲੀ ਦਲ ਦੇ ਜਨਰਲ ਸਕੱਤਰ ਅਤੇ ਬੁਲਾਰੇ ਕਰਨੈਲ ਸਿੰਘ ਪੀਰਮੁਹੰਮਦ ਨੇ ਕਿਹਾ ਕਿ ਪਾਕਿਸਤਾਨ ਸਰਕਾਰ ਨੂੰ ਇਸ ਮਾਮਲੇ ਵਿੱਚ ਜ਼ਿੰਮੇਵਾਰ ਲੋਕਾਂ ਖ਼ਿਲਾਫ਼ ਸਖਤ ਕਾਰਵਾਈ ਕਰਨੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਜ਼ਿੰਮੇਵਾਰ ਲੋਕਾਂ ਨੂੰ ਸਿੱਖ ਪੰਥ ਤੋਂ ਤੁਰੰਤ ਮੁਆਫ਼ੀ ਮੰਗਣੀ ਚਾਹੀਦੀ ਹੈ।
ਦਿੱਲੀ ਕਮੇਟੀ ਵੱਲੋਂ ਪਾਕਿਸਤਾਨ ਹਾਈ ਕਮਿਸ਼ਨ ਨੂੰ ਪੱਤਰ
ਨਵੀਂ ਦਿੱਲੀ (ਪੱਤਰ ਪ੍ਰੇਰਕ): ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਪਾਕਿਸਤਾਨ ਵਿੱਚ ਇਤਿਹਾਸਕ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਨੇੜੇ ਵਾਪਰੀ ਬੇਅਦਬੀ ਦੀ ਘਟਨਾ ਖ਼ਿਲਾਫ਼ ਪਾਕਿਸਤਾਨ ਹਾਈ ਕਮਿਸ਼ਨ ਕੋਲ ਰੋਸ ਪ੍ਰਗਟ ਕਰਦਿਆਂ ਹਾਈ ਕਮਿਸ਼ਨ ਨੂੰ ਇਹ ਮਾਮਲਾ ਤੁਰੰਤ ਪਾਕਿਸਤਾਨ ਸਰਕਾਰ ਕੋਲ ਚੁੱਕਣ ਲਈ ਆਖਿਆ ਹੈ ਤਾਂ ਜੋ ਮੁਲਜ਼ਮਾਂ ਨੂੰ ਸਜ਼ਾ ਦਿੱਤੀ ਜਾ ਸਕੇ। ਪਾਕਿਸਤਾਨ ਹਾਈ ਕਮਿਸ਼ਨ ਵਿਚਲੇ ਚਾਰਜ ਡੀ ਅਫੇਅਰਜ਼ ਅਜ਼ੀਜ਼ ਖਾਨ ਨੂੰ ਲਿਖੇ ਪੱਤਰ ਵਿੱਚ ਦਿੱਲੀ ਗੁਰਦੁਆਰਾ ਕਮੇਟੀ ਦੇ ਪ੍ਰਧਾਨ ਹਰਮੀਤ ਸਿੰਘ ਕਾਲਕਾ ਤੇ ਜਨਰਲ ਸਕੱਤਰ ਜਗਦੀਪ ਸਿੰਘ ਕਾਹਲੋਂ ਨੇ 18 ਨਵੰਬਰ ਨੂੰ ਇਤਿਹਾਸਕ ਗੁਰਦੁਆਰਾ ਕੰਪਲੈਕਸ ਵਿੱਚ ਹੋਈ ਪਾਰਟੀ ਖ਼ਿਲਾਫ਼ ਰੋਸ ਪ੍ਰਗਟਾਇਆ ਹੈ। ਪੱਤਰ ਵਿੱਚ ਦੱਸਿਆ ਗਿਆ ਕਿ ਇਤਿਹਾਸਕ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਪਾਕਿਸਤਾਨ ਵਿੱਚ ਬੇਅਦਬੀ ਹੋਈ ਹੈ। ਉਨ੍ਹਾਂ ਕਿਹਾ ਕਿ ਦੇਸ਼ ਦੇ ਕਈ ਅਖ਼ਬਾਰਾਂ ਵਿੱਚ ਆਈਆਂ ਖ਼ਬਰਾਂ ਮੁਤਾਬਕ ਇਹ ਪਾਰਟੀ ਪੀਐੱਮਯੂ ਕਰਤਾਰਪੁਰ ਸਾਹਿਬ ਦੇ ਸੀਈਓ ਸਈਦ ਅਬੂ ਬਕਰ ਕੁਰੈਸ਼ੀ ਨੇ 18 ਨਵੰਬਰ ਨੂੰ ਦਿੱਤੀ ਸੀ। ਇਸ ਵਿੱਚ ਡਿਪਟੀ ਕਮਿਸ਼ਨਰ ਨਾਰੋਵਾਲ, ਜ਼ਿਲ੍ਹਾ ਪੁਲੀਸ ਅਫ਼ਸਰ ਨਾਰੋਵਾਲ ਸਣੇ 80 ਦੇ ਕਰੀਬ ਵਿਅਕਤੀ ਹਾਜ਼ਰ ਸਨ। ਉਨ੍ਹਾਂ ਕਿਹਾ ਕਿ ਇਹ ਪਹਿਲੀ ਵਾਰ ਨਹੀਂ ਹੈ ਜਦੋਂ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਵਿੱਚ ਬੇਅਦਬੀ ਹੋਈ ਹੋਵੇ। ਉਨ੍ਹਾਂ ਕਿਹਾ ਕਿ ਪਾਕਿਸਤਾਨ ਸਰਕਾਰ ਨੇ ਅਨੇਕਾਂ ਵਾਰ ਬੇਨਤੀਆਂ ਕਰਨ ਦੇ ਬਾਵਜੂਦ ਕਥਿਤ ਦੋਸ਼ੀਆਂ ਖ਼ਿਲਾਫ਼ ਕੋਈ ਕਾਰਵਾਈ ਨਹੀਂ ਕੀਤੀ। ਉਨ੍ਹਾਂ ਦੋਸ਼ ਲਾਇਆ ਕਿ ਬੇਅਦਬੀ ਦੀਆਂ ਘਟਨਾਵਾਂ ਲਈ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਦੀ ਮੌਜੂਦਾ ਮੈਨੇਜਮੈਂਟ ਜ਼ਿੰਮੇਵਾਰ ਹੈ। ਉਨ੍ਹਾਂ ਮੰਗ ਕੀਤੀ ਕਿ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਦਾ ਪ੍ਰਬੰਧ ਤੁਰੰਤ ਪਾਕਿਸਤਾਨ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਹਵਾਲੇ ਕੀਤਾ ਜਾਵੇ।